Nabaz-e-punjab.com

ਮੁਹਾਲੀ ਵਿੱਚ ਗਿੱਲੇ ਤੇ ਸੁੱਕੇ ਕੂੜੇ ਨੂੰ ਵੱਖੋ ਵੱਖਰਾ ਕਰਕੇ ਰੱਖਣ ਲਈ ਪਾਇਲਟ ਪ੍ਰਾਜੈਕਟ ਸ਼ੁਰੂ

ਨਗਰ ਨਿਗਮ ਦੇ ਕਰਮਚਾਰੀ ਮੁਹਾਲੀ ਵਿੱਚ ਘਰ ਘਰ ਜਾ ਕੇ ਸ਼ਹਿਰ ਵਾਸੀਆਂ ਨੂੰ ਕਰ ਰਹੇ ਹਨ ਜਾਗਰੂਕ

ਮੁਹਾਲੀ ਨਗਰ ਨਿਗਮ ਵੱਲੋਂ ਗਿੱਲੇ ਕੂੜੇ ਤੋਂ ਜੈਵਿਕ ਖਾਦ ਬਣਾਉਣ ’ਤੇ ਜ਼ੋਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਜੂਨ:
ਸਵੱਛ ਭਾਰਤ ਮਿਸ਼ਨ (ਅਰਬਨ) ਤਹਿਤ ਮੁਹਾਲੀ ਨਗਰ ਨਿਗਮ ਨੇ ਆਮ ਸ਼ਹਿਰੀਆਂ ਨੂੰ ਗਿੱਲਾ ਅਤੇ ਸੁੱਕਾ ਕੂੜਾ ਵੱਖੋ ਵੱਖਰਾ ਕਰਕੇ ਰੱਖਣ ਅਤੇ ਜੈਵਿਕ ਖਾਦ ਤਿਆਰ ਕਰਨ ਲਈ ਜਾਗਰੂਕ ਕਰਨ ਦਾ ਬੀੜਾ ਚੁੱਕਿਆ ਹੈ। ਇਸ ਸਬੰਧੀ ਇੱਥੋਂ ਦੇ ਫੇਜ਼-9 ਅਤੇ ਫੇਜ਼-10 ਵਿੱਚ ਪਾਇਲਟ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ। ਨਗਰ ਨਿਗਮ ਦੇ ਕਮਿਸ਼ਨਰ ਭੁਪਿੰਦਰਪਾਲ ਸਿੰਘ ਨੇ ਦੱਸਿਆ ਕਿ ਫਿਲਹਾਲ ਇਸ ਯੋਜਨਾ ਤਹਿਤ ਵਾਰਡ ਨੰਬਰ-23, 24, 25, 26, 27, 28 ਅਤੇ ਵਾਰਡ ਨੰਬਰ-37 ਨੂੰ ਕਵਰ ਕੀਤਾ ਜਾ ਰਿਹਾ ਹੈ। ਇਨ੍ਹਾਂ ਇਲਾਕਿਆਂ ਵਿੱਚ ਇਹ ਕੰਮ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਤੋਂ ਬਾਅਦ ਇਹ ਯੋਜਨਾ ਸਮੁੱਚੇ ਸ਼ਹਿਰ ਵਿੱਚ ਲਾਗੂ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਰੋਜ਼ਾਨਾ ਸਵੇਰੇ 6 ਵਜੇ ਨਗਰ ਨਿਗਮ ਦੇ ਕਰਮਚਾਰੀਆਂ ਵੱਲੋਂ ਘਰ ਘਰ ਜਾ ਕੇ ਆਮ ਲੋਕਾਂ ਨੂੰ ਗਿੱਲਾ ਅਤੇ ਸੁੱਕਾ ਕੂੜਾ ਵੱਖੋ ਵੱਖਰਾ ਕਰਕੇ ਰੱਖਣ ਲਈ ਪ੍ਰੇਰਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਾਇਲਟ ਪ੍ਰਾਜੈਕਟ ਤਹਿਤ ਗਿੱਲਾ ਅਤੇ ਸੁੱਕਾ ਕੂੜਾ ਵੱਖੋ ਵੱਖਰਾ ਕਰਕੇ ਫੇਜ਼-9 ਅਤੇ ਫੇਜ਼-10 ਵਿੱਚ ਹਵਾਦਾਰ 30 ਖਾਦ ਦੀਆਂ ਖਾਲਾ ਬਣਾਈਆਂ ਗਈਆਂ ਹਨ। ਜਿਨ੍ਹਾਂ ਵਿੱਚ ਲੋਕਾਂ ਦੇ ਘਰਾਂ ’ਚੋਂ ਕੂੜਾ ਚੁੱਕ ਕੇ ਇਨ੍ਹਾਂ ਥਾਵਾਂ ਵਿੱਚ ਸੁੱਟਿਆ ਜਾ ਰਿਹਾ ਹੈ। ਜਿੱਥੇ ਗਿੱਲੇ ਕੂੜੇ ਤੋਂ ਜੈਵਿਕ ਖਾਦ ਤਿਆਰ ਕੀਤੀ ਜਾਵੇਗੀ। ਜਿਸ ਨੂੰ ਸ਼ਹਿਰ ਦੀਆਂ ਵੱਖ ਵੱਖ ਪਾਰਕਾਂ ਵਿੱਚ ਫੁੱਲ ਬੂਟਿਆਂ ਦੇ ਵਿਕਾਸ ਲਈ ਵਰਤਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਕਾਰਜ ਨੂੰ ਸਫਲ ਬਣਾਉਣ ਲਈ ਰੋਜ਼ਾਨਾ ਨਜ਼ਰਸਾਨੀ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਰਸੋਈ ਦੇ ਗਿੱਲੇ ਕੂੜੇ ਲਈ ਹਰਾ ਡੱਬਾ ਅਤੇ ਸੁੱਕੇ ਕੂੜੇ ਲਈ ਨੀਲੇ ਡੱਬੇ ਦਾ ਪ੍ਰਬੰਧ ਕੀਤਾ ਗਿਆ ਹੈ। ਅਜਿਹਾ ਕਰਨ ਨਾਲ ਸ਼ਹਿਰ ਨੂੰ ਸਫ਼ਾਈ ਪੱਖੋਂ ਸੁੰਦਰ ਅਤੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇਗਾ।
ਨਗਰ ਨਿਗਮ ਦੇ ਐਸਡੀਓ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਦਫ਼ਤਰੀ ਟੀਮ ਮੈਡਮ ਵੰਦਨਾ ਸੁਖੀਜਾ ਅਤੇ ਭਵਜੋਤ ਸਿੰਘ ਵੱਲੋਂ ਸ਼ਹਿਰ ਵਾਸੀਆਂ ਨੂੰ ਘਰੇਲੂ ਕੂੜੇ ਤੋਂ ਜੈਵਿਕ ਖਾਦ ਤਿਆਰ ਕਰਨ ਲਈ ਪ੍ਰੈਕਟੀਕਲ ਤਰੀਕੇ ਨਾਲ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਸ਼ਹਿਰ ਵਿੱਚ ਹਰੇ ਅਤੇ ਨੀਲੇ ਰੰਗ ਦੇ ਡਸਟਬੀਨ ਰੱਖੇ ਗਏ ਹਨ ਅਤੇ ਲੋਕਾਂ ਨੂੰ ਘਰਾਂ ਵਿੱਚ ਵੀ ਇਹ ਡੱਬੇ ਰੱਖਣ ਲਈ ਦਿੱਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜੇਕਰ ਸ਼ਹਿਰ ਵਾਸੀਆਂ ਨੇ ਨਗਰ ਨਿਗਮ ਨੂੰ ਪੂਰਾ ਸਹਿਯੋਗ ਦਿੱਤਾ ਤਾਂ ਆਉਣ ਵਾਲੇ ਸਮੇਂ ਵਿੱਚ ਸਵੱਛਤਾ ਸਰਵੇਖਣ ਵਿੱਚ ਮੁਹਾਲੀ ਨੂੰ ਦੇਸ਼ ਭਰ ਵਿੱਚ ਪਹਿਲੇ 10 ਸ਼ਹਿਰਾਂ ਅਤੇ ਪੰਜਾਬ ਵਿੱਚ ਮੋਹਰੀ ਬਣਾਇਆ ਜਾ ਸਕੇਗਾ।
ਇਸ ਮੌਕੇ ਮੈਡਮ ਵੰਦਨਾ ਸੁਖੀਜਾ ਅਤੇ ਭਵਜੋਤ ਸਿੰਘ ਨੇ ਦੱਸਿਆ ਕਿ ਗਿੱਲੇ ਕੂੜੇ ਨੂੰ ਘਰ ਦੇ ਵਿਹੜੇ ਵਿੱਚ ਇਕ ਕਿਆਰੀ ਬਣਾ ਕੇ ਜ਼ਮੀਨ ਵਿੱਚ ਡੂੰਘਾ ਟੋਇਆ ਪੁੱਟ ਕੇ ਦੱਬਿਆ ਜਾਵੇ ਜਾਂ ਪੇਂਟ ਵਾਲੀ ਬਾਲਟੀ ਵੀ ਵਰਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਹ ਤਕਨੀਕ ਅਪਣਾਉਣ ਨਾਲ 20 ਦਿਨਾਂ ਵਿੱਚ ਜੈਵਿਕ ਖਾਦ ਤਿਆਰ ਕੀਤੀ ਜਾ ਸਕਦੀ ਹੈ। ਜੋ ਕਿ ਫੁੱਲ ਬੂਟਿਆਂ ਦੀ ਮਜ਼ਬੂਤੀ ਲਈ ਬਹੁਤ ਹੀ ਲਾਭਦਾਇਕ ਹੈ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …