nabaz-e-punjab.com

ਹਰਦੀਪ ਪੁਰੀ ਅਤੇ ਬਾਦਲ ਜੋੜੀ ਗੰਦੀ ਸਿਆਸਤ ਕਰਕੇ ਨਹੀਂ ਕਰ ਸਕਦੇ ਪੰਜਾਬ ਦੀ ਜਨਤਾ ਨੂੰ ਗੁਮਰਾਹ: ਭਗਵੰਤ ਮਾਨ

ਕੈਬਿਨੇਟ ਮੀਟਿੰਗ ਦੀ ਕਾਰਵਾਈ ਵਾਲੇ ਅਹਿਮ ‘ਮਿਨਟਸ’ ਭਾਜਪਾ-ਸ੍ਰੋਮਣੀ ਅਕਾਲੀ ਦਲ ਕਰਨ ਜਨਤਕ, ਅਸਲੀਅਤ ਆ ਜਾਵੇਗੀ ਲੋਕਾਂ ਦੇ ਸਾਹਮਣੇ

ਆਪਣੀ ਆਦਤ ਤੋਂ ਮਜਬੂਰ ਕੈਪਟਨ ਨੇ ਫਿਰ ਕੀਤੀ ਵਾਅਦਾ-ਖ਼ਿਲਾਫ਼ੀ, ਸਪੈਸ਼ਲ ਸੈਸ਼ਨ ਬੁਲਾਉਣ ਤੋਂ ਮੁੱਕਰੇ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 4 ਅਕਤੂਬਰ:
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਬੀਤੇ ਕੁੱਝ ਸਮੇਂ ਪਹਿਲਾਂ ਪਾਸ ਹੋਈ ਖੇਤੀ ਬਿੱਲਾਂ ਨੂੰ ਲੈ ਕੇ ਕਾਂਗਰਸ-ਸ੍ਰੋਮਣੀ ਅਕਾਲੀ ਦਲ (ਬਾਦਲ) ਅਤੇ ਭਾਜਪਾ ਵੱਲੋਂ ਗੰਦੀ ਸਿਆਸਤ ਕਰਕੇ ਪੰਜਾਬ ਦੇ ਸਮੂਹ ਕਿਸਾਨ ਹੱਕਾਂ ਦਾ ਕਾਤਲ ਕਰਾਰ ਦਿੰਦਿਆਂ ਕਿਹਾ ਕਿ, ‘‘ਕੇਂਦਰੀ ਮੰਤਰੀ ਹਰਦੀਪ ਪੁਰੀ ਵੱਲੋਂ ਖੇਤੀ ਆਰਡੀਨੈਂਸ ਬਿੱਲਾਂ ਨੂੰ ਪਾਸ ਕਰਵਾਉਣ ਵਿਚ ਹਰਸਿਮਰਤ ਬਾਦਲ ਵੱਲੋਂ ਨਿਭਾਈ ਗਈ ਅਹਿਮ ਭੂਮਿਕਾ ਬਾਰੇ ਦੱਸਣਾ ਅਤੇ ਨਾਲ ਹੀ ਸੁਖਬੀਰ ਬਾਦਲ ਦਾ ਇਹ ਕਹਿਣਾ ਕਿ ਇਹ ਸਭ ਕੋਰਾ ਝੂਠ ਹੈ’’ ਦਾ ਮਕਸਦ ਸਿਰਫ਼ ਕਿਸਾਨਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਭਟਕਾਉਣਾ ਹੈ।
ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਸੁਖਬੀਰ ਬਾਦਲ ਅਤੇ ਹਰਦੀਪ ਪੁਰੀ ਨੂੰ ਕਿਸਾਨ ਵਿਰੋਧੀ ਦੱਸਦਿਆਂ ਕਿਹਾ ਕਿ ਤੁਸੀਂ ਹੁਣ ਪੰਜਾਬ ਦੀ ਜਨਤਾ ਨੂੰ ਗੁਮਰਾਹ ਕਰਕੇ ਸਿਆਸੀ ਲਾਹਾ ਨਹੀਂ ਲੈ ਸਕਦੇ। ਮਾਨ ਨੇ ਕਿਹਾ ਕਿ ‘ਆਪ’ ਅਤੇ ਪੰਜਾਬ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਚਾਹੁੰਦੀਆਂ ਹਨ ਕਿ ਕੈਬਿਨੇਟ ਮੀਟਿੰਗ ਦੌਰਾਨ ਖੇਤੀ ਆਰਡੀਨੈਂਸਾਂ ਨੂੰ ਲਾਗੂ ਕਰਨ ਸਮੇਂ ਜੋ ਵੀ ਕਾਰਵਾਈ ਹੋਈ ਹੈ ਉਸ ਦੇ ‘ਮਿਨਟਸ’ ਪੰਜਾਬ ਦੇ ਜਨਤਾ ਸਾਹਮਣੇ ਰੱਖੇ ਜਾਣ, ਤਾਂ ਕਿ ਪਤਾ ਲੱਗੇ ਸਕੇ ਕਿ ਕਾਲੇ ਕਾਨੂੰਨਾਂ ਨੂੰ ਪਾਸ ਕਰਵਾਉਣ ਵਿਚ ਕਿਸ ਪਾਰਟੀ ਨੇ ਆਪਣੀ ਅਹਿਮ ਭੂਮਿਕਾ ਨਿਭਾਈ ਹੈ।
ਭਗਵੰਤ ਮਾਨ ਨੇ ਸ੍ਰੋਮਣੀ ਅਕਾਲੀ ਦਲ (ਬਾਦਲ) ਨੂੰ ਭਾਜਪਾ ਦੀ ‘ਬੀ’ ਟੀਮ ਅਤੇ ਕਾਂਗਰਸ ਭਾਜਪਾ ਦੀ ਸਮਰਥਕ ਟੀਮ ਕਹਿੰਦੇ ਕਿਹਾ ਕਿ ਕੈਪਟਨ-ਬਾਦਲ-ਮੋਦੀ ਤਿੰਨੋਂ ਹੀ ਆਪਸ ਵਿਚ ਇਕਜੁੱਟ ਹੋ ਕੇ ਇੱਕ ਯੋਜਨਾ ਦੇ ਤਹਿਤ ਬਿਆਨਬਾਜ਼ੀ ਕਰਕੇ ਕਿਸਾਨਾਂ ਦੇ ਸੰਘਰਸ਼ ਨੂੰ ‘ਤਾਰਪੀਡੋ’ ਕਰਨਾ ਚਾਹੁੰਦੇ ਹਨ। ਮਾਨ ਨੇ ਕਿਹਾ ਕਿ ਕਿਸਾਨ ਵਿਰੋਧੀ ਪਾਰਟੀਆਂ ਨੂੰ ਅਜਿਹੀਆਂ ਬਿਆਨਬਾਜ਼ੀ ਕਰਨ ਦੀ ਬਿਲਕੁਲ ਵੀ ਜ਼ਰੂਰਤ ਨਹੀਂ ਹੈ, ਕਿਉਂਕਿ ਭਾਜਪਾ ਅਤੇ ਸ੍ਰੋਮਣੀ ਅਕਾਲੀ ਦਲ (ਬਾਦਲ) ਦੇ ਮੈਂਬਰ ਕੈਬਿਨਟ ਮੀਟਿੰਗ ਵਿਚ ਸ਼ਾਮਲ ਸਨ, ਜੇਕਰ ਉਹ ਚਾਹੁਣ ਤਾਂ ਇਸ ਮੀਟਿੰਗ ਦੇ ‘ਮਿਨਟਸ’ ਪੰਜਾਬ ਦੀ ਜਨਤਾ ਦੇ ਸਾਹਮਣੇ ਰੱਖ ਸਕਦੇ ਹਨ, ਜਿਸ ਨਾਲ ਹਰਸਿਮਰਤ ਬਾਦਲ ਦੀ ਸਚਾਈ ਜਨਤਕ ਹੋ ਜਾਵੇਗੀ।
ਭਗਵੰਤ ਮਾਨ ਨੇ ਕਿਹਾ ਕਿ ਜੇਕਰ ਹਰਸਿਮਰਤ ਕੌਰ ਬਾਦਲ ਨੇ ਖੇਤੀ ਬਿੱਲਾਂ ਦਾ ਵਿਰੋਧ ਕੀਤਾ ਸੀ ਤਾਂ ਜਦੋਂ ਤੋਂ ਇਹ ਬਿੱਲ ਕੈਬਿਨਟ ਵਿਚ ਟੇਬਲ ਹੋਇਆ ਉਦੋਂ ਤੋਂ ਲੈ ਕੇ ਹੁਣ ਤਕ ਹਰਸਿਮਰਤ ਬਾਦਲ ਅਤੇ ਸੁਖਬੀਰ ਬਾਦਲ ਅਪਣਾ ਇੱਕ ਵੀ ਬਿਆਨ ਜਾਂ ਇੰਟਰਵਿਊ ਜਨਤਕ ਕਰ ਦੇਣ, ਜਿਸ ਵਿਚ ਉਨਾਂ ਨੇ ਖੇਤੀ ਬਿੱਲਾਂ ਦਾ ਵਿਰੋਧ ਕੀਤਾ ਹੈ। ਮਾਨ ਨੇ ਕਿਹਾ ਕਿ ਵਿਰੋਧ ਤੋਂ ਦੂਰ ਇਨਾਂ ਨੇ ਪੂਰੇ ਪੰਜਾਬ ਵਿਚ ਭਾਜਪਾ ਦੇ ਆਗੂਆਂ ਨੂੰ ਨਾਲ ਲੈ ਕੇ ਖੇਤੀ ਬਿੱਲਾਂ ਦੇ ਸਮਰਥਨ ਵਿਚ ਬੈਠਕਾਂ ਕੀਤੀਆਂ ਅਤੇ ਇਸ ਬਿੱਲ ਦਾ ਵਿਰੋਧ ਕਰਨ ਦੀ ਬਜਾਏ, ਇਨਾਂ ਕਿਸਾਨ ਜਥੇਬੰਦੀਆਂ ਨੂੰ ਇਹ ਕਿਹਾ ਕਿ ਉਹ ਸਮੂਹ ਕਿਸਾਨ ਜਥੇਬੰਦੀਆਂ ਨੂੰ ਕੇਂਦਰ ਸਰਕਾਰ ਕੋਲ ਲੈ ਕੇ ਜਾਣਗੇ ਅਤੇ ਉਨਾਂ ਦੇ ਸਵਾਲਾਂ ਦੇ ਜਵਾਬ ਦੇਣਗੇ।
ਭਗਵੰਤ ਮਾਨ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ (ਬਾਦਲ) ਹੁਣ ਕਿਸਾਨਾਂ ਦੇ ਸੰਘਰਸ਼ ਤੋਂ ਡਰ ਕੇ ਬਿਆਨਬਾਜ਼ੀ ਕਰਕੇ ਪੰਜਾਬ ਦੀ ਜਨਤਾ ਨੂੰ ਭਰੋਸਾ ਦਿਵਾਉਣਾ ਚਾਹੁੰਦੀ ਹੈ ਕਿ ਅਸੀਂ ਪਹਿਲੇ ਦਿਨ ਤੋਂ ਹੀ ਇਸ ਕਾਨੂੰਨ ਦੇ ਖ਼ਿਲਾਫ਼ ਸੀ, ਪਰੰਤੂ ਅਫ਼ਸੋਸ ਬਾਦਲ ਜੋੜੀ ਇਹ ਨਹੀਂ ਜਾਣਦੀ ਕਿ ਹੁਣ ਪੰਜਾਬ ਦੀ ਜਨਤਾ ਚੰਗੀ ਤਰਾਂ ਜਾਣ ਚੁੱਕੀ ਹੈ ਕਿ ਇਹ ਕਦੇ ਵੀ ਕਾਨੂੰਨ ਦੇ ਹੱਕ ਵਿਚ ਨਹੀਂ ਸਨ ਅਤੇ ਇਹ ਬਿਆਨਬਾਜ਼ੀ ਕਰਕੇ ਸਿਰਫ਼ ਡਰਾਮਾ ਕਰ ਰਹੇ ਹਨ। ਇਸ ਲਈ ਕਿਸਾਨ ਹੁਣ ਇਨਾਂ ਦੀਆਂ ਝੂਠੀਆਂ ਗੱਲਾਂ ਵਿਚ ਨਹੀਂ ਆਉਣਗੇ।
ਭਗਵੰਤ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਸਰਬ ਪਾਰਟੀ ਮੀਟਿੰਗ ਵਿਚ ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਕਿਸਾਨ ਜਥੇਬੰਦੀਆਂ ਨਾਲ ਵਾਅਦਾ ਕੀਤਾ ਸੀ ਕਿ ਉਹ ਖੇਤੀ ਬਿੱਲਾਂ ਨੂੰ ਵਾਪਸ ਕਰਵਾਉਣ ਲਈ ਸਪੈਸ਼ਲ ਸੈਸ਼ਨ ਬੁਲਾਉਣਗੇ ਪਰੰਤੂ ਕੈਪਟਨ ਅਮਰਿੰਦਰ ਸਿੰਘ ਆਪਣੀ ਆਦਤ ਤੋਂ ਮਜਬੂਰ ਹਮੇਸ਼ਾ ਦੀ ਤਰਾਂ ਇਸ ਵਾਰ ਵੀ ਆਪਣੇ ਵਾਅਦੇ ਤੋਂ ਪਲਟਦੇ ਹੋਏ ਇਹ ਕਹਿ ਰਹੇ ਹਨ ਕਿ ਹੁਣ ਸਪੈਸ਼ਲ ਸੈਸ਼ਨ ਬੁਲਾਉਣ ਦੀ ਕੋਈ ਜ਼ਰੂਰਤ ਨਹੀਂ ਹੈ, ਕਿਉਂਕਿ ਹੁਣ ਤਾਂ ਖੇਤੀ ਬਿੱਲ ਪਾਸ ਹੋ ਗਿਆ ਹੈ। ਮਾਨ ਨੇ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਕਿਸਾਨ ਹਿਤੈਸ਼ੀ ਹਨ ਤਾਂ ਉਹ ਤੁਰੰਤ ਸਪੈਸ਼ਲ ਸੈਸ਼ਨ ਬੁਲਾਉਣ ਅਤੇ ਪੂਰੇ ਪੰਜਾਬ ਨੂੰ ਖੁੱਲੀ ਮੰਡੀ ਬਣਾਉਣ ਦਾ ਕਾਨੂੰਨ ਪਾਸ ਕਰਨ ਤਾਂ ਕਿ ਪੰਜਾਬ ਦੇ ਕਿਸਾਨਾਂ ਅਤੇ ਆੜਤੀਆਂ ਨੂੰ ਉਨਾਂ ਦੇ ਹੱਕ ਮਿਲ ਸਕਣ।
ਅੰਤ ਵਿਚ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਇੱਕ ਹੀ ਮਕਸਦ ਹੈ ਕਿ ਪੰਜਾਬ ਦੇ ਸਮੂਹ ਕਿਸਾਨ ਜਥੇਬੰਦੀਆਂ ਦੇ ਸੰਘਰਸ਼ ਨੂੰ ਮਜ਼ਬੂਤ ਬਣਾਇਆ ਜਾਵੇ ਅਤੇ ਇਸ ਕਿਸਾਨ ਵਿਰੋਧੀ ਕਾਲੇ ਕਾਨੂੰਨ ਨੂੰ ਕਿਸੇ ਵੀ ਕੀਮਤ ‘ਤੇ ਵਾਪਸ ਕਰਵਾਇਆ ਜਾਵੇ ਤਾਂ ਕਿ ਪੰਜਾਬ ਨੂੰ ਬਰਬਾਦ ਹੋਣ ਤੋਂ ਬਚਾਇਆ ਜਾ ਸਕੇ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …