nabaz-e-punjab.com

ਵਾਅਦਾਖ਼ਿਲਾਫ਼ੀ: ਸਰਵ ਸਿੱਖਿਆ ਅਭਿਆਨ ਦਫ਼ਤਰੀ ਕਰਮਚਾਰੀ ਯੂਨੀਅਨ ਵੱਲੋਂ ਸੰਘਰਸ਼ ਦਾ ਐਲਾਨ

ਮੁੱਖ ਮੰਤਰੀ, ਵਿੱਤ ਮੰਤਰੀ ਤੇ ਸਿੱਖਿਆ ਮੰਤਰੀ ਨੂੰ ਕਾਲੇ ਝੰਡੇ ਦਿਖਾਉਣਗੇ ਦਫ਼ਤਰੀ ਕਰਮਚਾਰੀ

ਮੁੱਖ ਮੰਤਰੀ ਅਤੇ ਕੈਬਨਿਟ ਸਬ ਕਮੇਟੀ ਦੀ ਸਿਫ਼ਾਰਸ਼ ਦੇ ਬਾਵਜੂਦ ਦਫ਼ਤਰੀ ਕਾਮਿਆਂ ਦੇ ਮਸਲੇ ਹੱਲ ਨਾ ਹੋਏ

ਨਬਜ਼-ਏ-ਪੰਜਾਬ, ਮੁਹਾਲੀ, 21 ਜਨਵਰੀ:
ਸਰਵ ਸਿੱਖਿਆ ਅਭਿਆਨ ਦਫ਼ਤਰੀ ਕਰਮਚਾਰੀ ਯੂਨੀਅਨ ਨੇ ਆਪਣੀ ਹੱਕੀ ਮੰਗਾਂ ਦੀ ਪੂਰਤੀ ਲਈ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ਹੈ। ਸਿੱਖਿਆ ਵਿਭਾਗ ਦੇ ਕੱਚੇ ਦਫ਼ਤਰੀ ਕਰਮਚਾਰੀਆਂ ਵੱਲੋਂ 26 ਜਨਵਰੀ ਨੂੰ ਗਣਤੰਤਰ ਦਿਵਸ ਦੇ ਮੌਕੇ ਤਿਰੰਗਾ ਲਹਿਰਾਉਣ ਸਮੇਂ ਮੁੱਖ ਮੰਤਰੀ ਭਗਵੰਤ ਮਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਕਾਲੇ ਝੰਡੇ ਦਿਖਾ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਮੁਲਾਜ਼ਮਾਂ ਦੀ ਇਸ ਚਿਤਾਵਨੀ ਨੇ ਹੁਕਮਰਾਨਾਂ ਅਤੇ ਸਬੰਧਤ ਜ਼ਿਲ੍ਹਿਆਂ ਦੇ ਸਿਵਲ ਤੇ ਪੁਲੀਸ ਪ੍ਰਸ਼ਾਸਨ ਦੀ ਨੀਂਦ ਉਡਾ ਦਿੱਤੀ ਹੈ।
ਅੱਜ ਇੱਥੇ ਯੂਨੀਅਨ ਦੇ ਆਗੂ ਕੁਲਦੀਪ ਸਿੰਘ, ਰਜਿੰਦਰ ਸਿੰਘ, ਪ੍ਰਵੀਨ ਸ਼ਰਮਾ, ਜਗਮੋਹਨ ਸਿੰਘ ਅਤੇ ਚਮਕੌਰ ਸਿੰਘ ਨੇ ਕਿਹਾ ਕਿ ਸਤਾ ਪਰਿਵਰਤਨ ਤੋਂ ਤੁਰੰਤ ਬਾਅਦ ਮੁੱਖ ਮੰਤਰੀ ਨੇ ਆਪਣੇ ਹਰੇ ਪੈਂਨ ਨਾਲ ਹੁਕਮ ਜਾਰੀ ਕਰਕੇ ਸਿੱਖਿਆ ਵਿਭਾਗ ਦੇ ਦਫ਼ਤਰੀ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫ਼ੈਸਲਾ ਲਿਆ ਸੀ ਅਤੇ ਕੈਬਨਿਟ ਸਬ ਕਮੇਟੀ ਨੇ ਵੀ ਇਸ ਫ਼ੈਸਲੇ ’ਤੇ ਮੋਹਰ ਲਗਾਈ ਗਈ ਸੀ ਪ੍ਰੰਤੂ ਹੁਣ ਤੱਕ ਸਿੱਖਿਆ ਵਿਭਾਗ ਦੇ ਕੱਚੇ ਦਫ਼ਤਰੀ ਕਰਮਚਾਰੀਆਂ ਨੂੰ ਨਾ ਤਾਂ ਰੈਗੂਲਰ ਕਰਨ ਦੇ ਹੁਕਮ ਮਿਲੇ ਅਤੇ ਨਾ ਹੀ ਦਫ਼ਤਰੀ ਸਟਾਫ਼ ਦੀ ਤਨਖ਼ਾਹ ’ਚੋਂ ਕਟੌਤੀ ਕਰਨਾ ਬੰਦ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਦਫ਼ਤਰੀ ਮੁਲਾਜ਼ਮ ਸਰਕਾਰ ਦੀ ਰੀੜ੍ਹ ਦੀ ਹੱਡੀ ਮੰਨੇ ਜਾਂਦੇ ਹਨ ਪ੍ਰੰਤੂ ਸਿੱਖਿਆ ਵਿਭਾਗ ਸ਼ੁਰੂ ਤੋਂ ਹੀ ਦਫ਼ਤਰੀ ਮੁਲਾਜ਼ਮਾਂ ਨਾਲ ਵਿਤਕਰਾ ਕਰਦਾ ਰਿਹਾ ਹੈ। ਦਫ਼ਤਰੀ ਸਟਾਫ਼ ਨੂੰ ਬਣਦੇ ਹੱਕ ਦੇਣ ਦੀ ਥਾਂ ਹਮੇਸ਼ਾ ਝੂਠੇ ਲਾਰੇ ਲਗਾਏ ਗਏ। ਮੁੱਖ ਮੰਤਰੀ ਭਗਵੰਤ ਮਾਨ, ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ ਕੈਬਨਿਟ ਸਬ ਕਮੇਟੀ ਵੱਲੋਂ ਸਿੱਖਿਆ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦ ਸਿਫ਼ਾਰਸ਼ ਕਰਨ ਦੇ ਬਾਵਜੂਦ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਨਹੀਂ ਕੀਤੀਆਂ ਗਈਆਂ। ਜਿਸ ਕਾਰਨ ਮੁਲਾਜ਼ਮ ਵਰਗ ਵਿੱਚ ਭਾਰੀ ਰੋਸ ਹੈ।
ਆਗੂਆਂ ਨੇ ਕਿਹਾ ਕਿ 22 ਨਵੰਬਰ 2023 ਨੂੰ ਕੈਬਨਿਟ ਸਬ ਕਮੇਟੀ ਦੀ ਪੰਜਾਬ ਭਵਨ ਵਿੱਚ ਹੋਈ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਅਮਨ ਅਰੋੜਾ ਤੇ ਕੁਲਦੀਪ ਧਾਲੀਵਾਲ ਨੇ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਦੀ ਸਹਿਮਤੀ ਦਿੱਤੀ ਸੀ ਪਰ ਦੋ ਮਹੀਨੇ ਬੀਤ ਜਾਣ ਦੇ ਬਾਵਜੂਦ ਅਜੇ ਤਾਈਂ ਪੱਕੇ ਕਰਨ ਸਬੰਧੀ ਸਰਕਾਰੀ ਪੱਤਰ ਨਹੀਂ ਮਿਲਿਆ ਅਤੇ ਨਾ ਹੀ ਉਨ੍ਹਾਂ ਨੂੰ ਪੂਰੀ ਤਨਖ਼ਾਹ ਹੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪਹਿਲਾਂ ਅਕਾਲੀ ਦਲ ਅਤੇ ਕਾਂਗਰਸ ਦੀਆਂ ਸਰਕਾਰਾਂ ਨੇ ਕੱਚੇ ਮੁਲਾਜ਼ਮਾਂ ਦੀ ਜਵਾਨੀ ਰੋਲ ਕੇ ਰੱਖ ਦਿੱਤੀ ਅਤੇ ਹੁਣ ਪੰਜਾਬ ਦੀ ਆਪ ਸਰਕਾਰ ਕੱਚੇ ਮੁਲਾਜ਼ਮਾਂ ਦਾ ਭਵਿੱਖ ਅਤੇ ਬੁਢਾਪਾ ਰੋਲਣ ਦੀ ਤਿਆਰੀ ਕਰੀ ਬੈਠੀ ਹੈ। ਜਿਸ ਕਾਰਨ ਆਜ਼ਾਦੀ ਦਿਹਾੜੇ ’ਤੇ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ।

Load More Related Articles
Load More By Nabaz-e-Punjab
Load More In General News

Check Also

India Needs Next Generation Leaders: Jagdeep Dhankhar

India Needs Next Generation Leaders: Jagdeep Dhankhar Nabaz-e-Punjab, Mohali, October 18: …