Share on Facebook Share on Twitter Share on Google+ Share on Pinterest Share on Linkedin ਪਲਾਟ ਘੁਟਾਲਾ: ਸੇਵਾਮੁਕਤ ਆਈਏਐਸ ਐਸਪੀ ਸਿੰਘ ਦਾ ਚਾਰ ਰੋਜ਼ਾ ਪੁਲੀਸ ਰਿਮਾਂਡ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਪੰਜਾਬ ਰਾਜ ਉਦਯੋਗ ਬਰਾਮਦ ਨਿਗਮ (ਪੀਐਸਆਈਈਸੀ) ਦੇ ਕਾਰਜਕਾਰੀ ਡਾਇਰੈਕਟਰ ਰਹੇ ਐਸਪੀ ਸਿੰਘ ਨੂੰ ਅੱਜ ਮੁਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਅਧਿਕਾਰੀ ਨੂੰ ਚਾਰ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਇਸ ਤੋਂ ਪਹਿਲਾਂ ਉਸ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ। ਪੇਸ਼ੀ ਦੌਰਾਨ ਸੀਨੀਅਰ ਪੱਤਰਕਾਰ ਮਰਹੂਮ ਐਨਐਸ ਪਰਵਾਨਾ ਦੀ ਨੂੰਹ ਅਤੇ ਐਸਪੀ ਸਿੰਘ ਦੀ ਪਤਨੀ ਵੀ ਅਦਾਲਤ ਵਿੱਚ ਮੌਜੂਦ ਸਨ। ਐਸਪੀ ਸਿੰਘ ’ਤੇ ਉਦਯੋਗ ਨਿਗਮ ਦੇ ਹੋਰ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲੀਭੁਗਤ ਕਰਕੇ ਰੀਅਲਟਰ ਫਰਮ ‘ਗੁਲਮੋਹਰ ਟਾਊਨਸ਼ਿਪ ਪ੍ਰਾਈਵੇਟ ਲਿਮਟਿਡ’ ਨੂੰ ਇੱਕ ਉਦਯੋਗਿਕ ਪਲਾਟ ਦੇ ਤਬਾਦਲੇ/ਵੰਡ ਕਰਨ ਸਬੰਧੀ ਬੇਲੋੜੇ ਲਾਭ ਪਹੁੰਚਾਉਣ ਅਤੇ ਸਰਕਾਰੀ ਖ਼ਜ਼ਾਨੇ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਪਹੁੰਚਾਉਣ ਦਾ ਦੋਸ਼ ਹੈ। ਮੁਲਜ਼ਮ ਨੂੰ 12 ਜਨਵਰੀ ਨੂੰ ਦੁਬਾਰਾ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਮਾਮਲੇ ਵਿੱਚ ਨਾਮਜ਼ਦ ਪੀਐਸਆਈਈਸੀ ਦੇ ਸੱਤ ਅਧਿਕਾਰੀਆਂ/ਕਰਮਚਾਰੀਆਂ ਅੰਕੁਰ ਚੌਧਰੀ ਅਸਟੇਟ ਅਫ਼ਸਰ, ਦਵਿੰਦਰਪਾਲ ਸਿੰਘ ਜੀਐਮ ਪਰਸੋਨਲ, ਜੇਐਸ ਭਾਟੀਆ ਚੀਫ਼ ਜਨਰਲ ਮੈਨੇਜਰ (ਯੋਜਨਾਬੰਦੀ), ਆਸ਼ਿਮਾ ਅਗਰਵਾਲ ਏਟੀਪੀ (ਯੋਜਨਾਬੰਦੀ), ਪਰਮਿੰਦਰ ਸਿੰਘ ਕਾਰਜਕਾਰੀ ਇੰਜੀਨੀਅਰ, ਰਜਤ ਕੁਮਾਰ ਡੀਏ ਅਤੇ ਸੰਦੀਪ ਸਿੰਘ ਐਸਡੀਈ ਨੂੰ ਵਿਜੀਲੈਂਸ ਪਹਿਲਾਂ ਹੀ ਗ੍ਰਿਫ਼ਤਾਰ ਕਰ ਚੁੱਕੀ ਹੈ। ਇਹ ਸਾਰੇ 9 ਜਨਵਰੀ ਤੱਕ ਪੁਲੀਸ ਰਿਮਾਂਡ ’ਤੇ ਹਨ। ਜਿਨ੍ਹਾਂ ਨੇ ਮਿਲੀਭੁਗਤ ਨਾਲ ਉਪਰੋਕਤ ਫਰਮ ਨੂੰ ਬੇਲੋੜਾ ਲਾਭ ਪਹੁੰਚਾਉਣ ਵਿੱਚ ਸਹਾਇਤਾ ਕੀਤੀ ਹੈ। ਇੱਕ ਮੁਲਜ਼ਮ ਤੇਜਵੀਰ ਸਿੰਘ ਡੀਟੀਪੀ ਦੀ ਪਿਛਲੇ ਸਮੇਂ ਦੌਰਾਨ ਮੌਤ ਹੋ ਚੁੱਕੀ ਹੈ। ਜਦੋਂਕਿ ਭਾਈ ਸੁਖਦੀਪ ਸਿੰਘ ਸਿੱਧੂ ਅਤੇ ਰੀਅਲਟਰ ਫਰਮ ਦੇ ਡਾਇਰੈਕਟਰਾਂ ਜਗਦੀਪ ਸਿੰਘ, ਗੁਰਪ੍ਰੀਤ ਸਿੰਘ ਅਤੇ ਰਾਕੇਸ਼ ਕੁਮਾਰ ਸ਼ਰਮਾ ਫਿਲਹਾਲ ਵਿਜੀਲੈਂਸ ਦੀ ਗ੍ਰਿਫ਼ਤ ਤੋਂ ਬਾਹਰ ਹਨ। ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਜਾਂਚ ਦੌਰਾਨ ਹੋਰ ਵਿਅਕਤੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ। ਇਸ ਮਾਮਲੇ ਵਿੱਚ ਸਾਬਕਾ ਉਦਯੋਗ ਮੰਤਰੀ ਤੇ ਭਾਜਪਾ ਆਗੂ ਸੁੰਦਰ ਸ਼ਾਮ ਅਰੋੜਾ, ਆਈਏਐਸ ਸ੍ਰੀਮਤੀ ਨਿਲਿਮਾ ਅਤੇ ਨਿਗਮ ਦੇ ਹੋਰ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਮੁਹਾਲੀ ਸਥਿਤ ਇੱਕ ਸਨਅਤੀ ਪਲਾਟ ਵਿੱਚ ਟਾਊਨਸ਼ਿਪ ਸਥਾਪਤ ਕਰਨ ਲਈ ਗੁਲਮੋਹਰ ਟਾਊਨਸ਼ਿਪ ਨਾਂ ਦੀ ਫਰਮ ਦੇ ਨਾਂ ਉੱਤੇ ਤਬਦੀਲ ਕਰਨ ਅਤੇ ਪਲਾਟਾਂ ਵਿੱਚ ਵੰਡਣ ਦੀ ਪ੍ਰਵਾਨਗੀ ਦੇਣ ਦੇ ਦੋਸ਼ ਹੇਠ ਵਿਜੀਲੈਂਸ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਇਸ ਕੇਸ ਵਿੱਚ ਉਕਤ ਮੁਲਜ਼ਮਾਂ ਤੋਂ ਇਲਾਵਾ ਗੁਲਮੋਹਰ ਟਾਊਨਸ਼ਿਪ ਦੇ ਤਿੰਨ ਮਾਲਕਾਂ/ਭਾਈਵਾਲਾਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ