
ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਲਈ ਪ੍ਰਧਾਨ ਮੰਤਰੀ ਨੇ ਕੀ ਭਰੋਸਾ ਦਿੱਤਾ, ਪੜ੍ਹੋ ਪੂਰੀ ਰਿਪੋਰਟ
ਪੰਜਾਬ ਦੇ ਸੀਨੀਅਰ ਭਾਜਪਾ ਆਗੂਆਂ ਦੇ ਉੱਚ ਪੱਧਰੀ ਵਫ਼ਦ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
ਨਬਜ਼-ਏ-ਪੰਜਾਬ ਬਿਊਰੋ, ਨਵੀਂ ਦਿੱਲੀ, 14 ਨਵੰਬਰ:
ਪੰਜਾਬ ਦੇ ਸੀਨੀਅਰ ਭਾਜਪਾ ਆਗੂਆਂ ਦੇ ਇਕ ਉੱਚ ਪੱਧਰੀ ਵਫ਼ਦ ਨੇ ਅੱਜ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੀਟਿੰਗ ਵਿੱਚ ਭਾਜਪਾ ਪੰਜਾਬ ਮਾਮਲਿਆਂ ਦੇ ਇੰਚਾਰਜ ਦੁਸ਼ਯੰਤ ਗੌਤਮ, ਪ੍ਰਦੇਸ਼ ਪ੍ਰਧਾਨ ਅਸ਼ਵਨੀ ਸ਼ਰਮਾ, ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਹਰਜੀਤ ਸਿੰਘ ਗਰੇਵਾਲ, ਆਰਪੀ ਸਿੰਘ ਅਤੇ ਹੋਰ ਆਗੂ ਮੌਜੂਦ ਸਨ। ਇਹ ਸਾਰੇ ਆਗੂ ਪ੍ਰਧਾਨ ਮੰਤਰੀ ਦੀ ਰਿਹਾਇਸ਼ ’ਤੇ ਉਨ੍ਹਾਂ ਨੂੰ ਮਿਲੇ।
ਆਗੂਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਪੰਜਾਬ, ਸਿੱਖਾਂ ਅਤੇ ਸਮਾਜ ਪ੍ਰਤੀ ਹਮੇਸ਼ਾ ਚੰਗੀਆਂ ਭਾਵਨਾਵਾਂ ਰੱਖੀਆਂ ਹਨ, ਜਦੋਂ ਤੋਂ ਕੇਂਦਰ ਵਿੱਚ ਭਾਜਪਾ ਦੀ ਸਰਕਾਰ ਬਣੀ ਹੈ, ਉਦੋਂ ਤੋਂ ਹੀ ਸਰਕਾਰ ਨੇ ਪੰਜਾਬ, ਸਿੱਖ ਸਮਾਜ ਅਤੇ ਸਮਾਜ ਲਈ ਸ਼ਲਾਘਯੋਗ ਕੰਮ ਕੀਤਾ ਹੈ। ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਦੇ ਆਲੇ-ਦੁਆਲੇ ਸੁੰਦਰੀਕਰਨ ਕਰਨ ਸਮੇਤ ਪ੍ਰਧਾਨ ਮੰਤਰੀ ਦੇ ਸੁਹਿਰਦ ਯਤਨਾਂ ਅਤੇ ਉਸਾਰੂ ਸੋਚ ਸਦਕਾ ਹੀ ਪਿਛਲੇ ਸਮੇਂ ਦੌਰਾਨ ਸ੍ਰੀ ਕਰਤਾਰਪੁਰ ਸਾਹਿਬ ਦਾ ਲੰਬਾ ਲਾਂਘਾ ਖੁੱਲ੍ਹਿਆ ਗਿਆ ਸੀ। ਇਸ ਸਬੰਧੀ ਸਮੂਹ ਦੇਸ਼ ਵਾਸੀ ਲੰਮੇ ਅਰਸੇ ਤੋਂ ਲਾਂਘਾ ਖੋਲ੍ਹਣ ਲਈ ਅਰਦਾਸਾਂ ਕਰ ਰਹੇ ਸਨ।
ਆਗੂਆਂ ਨੇ ਕਿਹਾ ਕਿ ਕਰੋਨਾ ਮਹਾਮਾਰੀ ਕਾਰਨ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਆਰਜ਼ੀ ਤੌਰ ’ਤੇ ਬੰਦ ਕੀਤਾ ਗਿਆ ਸੀ, ਹੁਣ ਜਦੋਂ ਦੇਸ਼ ਵਿੱਚ ਮਾਹੌਲ ਸੁਖਾਵਾਂ ਹੋ ਗਿਆ ਹੈ ਅਤੇ ਕਰੋਨਾ ਮਹਾਰੀ ਨੂੰ ਲਗਪਗ ਠੱਲ੍ਹ ਪਾ ਗਈ ਹੈ ਤਾਂ ਹੁਣ ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਇਸ ਲਾਂਘੇ ਨੂੰ ਮੁੜ ਖੋਲ੍ਹਿਆ ਜਾਵੇ। ਉਨ੍ਹਾਂ ਦੱਸਿਆ ਕਿ ਕਰਤਾਰਪੁਰ ਸਾਹਿਬ ਦਾ ਲਾਂਘਾ 19 ਨਵੰਬਰ ਨੂੰ ਖੋਲ੍ਹਿਆ ਜਾ ਸਕਦਾ ਹੈ। ਇਸ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਭਾਜਪਾ ਦੇ ਵਫ਼ਦ ਨੂੰ ਭਰੋਸਾ ਦਿੱਤਾ ਗਿਆ ਹੈ। ਇਸ ਮੁੱਦੇ ’ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇਗਾ।
ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੂਰਬ 19 ਨਵੰਬਰ ਨੂੰ ਹੈ ਅਤੇ ਮੋਦੀ ਸਰਕਾਰ ਵੱਲੋਂ ਗੁਰੂ ਸਾਹਿਬ ਦਾ ਪ੍ਰਕਾਸ਼ ਉਤਸਵ ਬੜੀ ਧੂਮਧਾਮ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਮੁਲਾਕਾਤ ਦੌਰਾਨ ਭਾਜਪਾ ਆਗੂਆਂ ਨੇ ਪ੍ਰਧਾਨ ਮੰਤਰੀ ਨਾਲ ਨਵੰਬਰ 1984 ਦੇ ਸਿੱਖ ਕਤਲੇਆਮ ਬਾਰੇ ਵੀ ਗੱਲ ਕੀਤੀ।