
ਪ੍ਰਧਾਨ ਮੰਤਰੀ ਵੱਲੋਂ ਖੇਤੀ ਕਾਨੂੰਨ ਵਾਪਸ ਲਏ ਜਾਣ ’ਤੇ ਕਿਸਾਨਾਂ ਵਿੱਚ ਖ਼ੁਸ਼ੀ ਦੀ ਲਹਿਰ
ਸਾਬਕਾ ਮੇਅਰ ਕੁਲਵੰਤ ਸਿੰਘ, ਭਾਜਪਾ ਵਰਕਰਾਂ ਤੇ ਕਿਸਾਨਾਂ ਨੇ ਵੱਖ-ਵੱਖ ਥਾਵਾਂ ’ਤੇ ਲੱਡੂ ਵੰਡੇ
ਪ੍ਰਧਾਨ ਮੰਤਰੀ ਨੇ ਬਹੁਤ ਦੇਰ ਨਾਲ ਪਰ ਸਹੀ ਫੈਸਲਾ ਲਿਆ: ਕੁਲਵੰਤ ਸਿੰਘ
ਖੇਤੀ ਕਾਨੂੰਨ ਰੱਦ ਕਰਨ ਸਬੰਧੀ ਲਈ ਛੇਤੀ ਤੋਂ ਛੇਤੀ ਆਰਡੀਨੈਂਸ ਪਾਸ ਕੀਤਾ ਜਾਵੇ: ਪਰਵਿੰਦਰ ਸਿੰਘ ਬੈਦਵਾਨ
ਤਰਕਸ਼ੀਲ ਆਗੂ ਸਤਨਾਮ ਸਿੰਘ ਦਾਊਂ ਅਤੇ ਪੇਂਡੂ ਸੰਘਰਸ਼ ਕਮੇਟੀ ਚੰਡੀਗੜ੍ਹ ਦੇ ਕਾਰਕੁਨ ਭੁੱਖ ਹੜਤਾਲ ’ਤੇ ਬੈਠੇ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਨਵੰਬਰ:
ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ਼ੁੱਕਰਵਾਰ ਨੂੰ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦੇ ਕੀਤੇ ਐਲਾਨ ਦਾ ਵੱਖ-ਵੱਖ ਸਿਆਸੀ ਪਾਰਟੀਆਂ, ਕਿਸਾਨਾਂ ਤੇ ਸਮਾਜ ਸੇਵੀ ਜਥੇਬੰਦੀਆਂ ਨੇ ਭਰਵਾਂ ਸਵਾਗਤ ਕੀਤਾ ਅਤੇ ਲੱਡੂ ਵੰਡੇ। ਭਾਜਪਾ ਵਰਕਰਾਂ ਨੇ ਵੀ ਸ਼ਹਿਰ ਵਿੱਚ ਲੱਡੂ ਵੰਡ ਕੇ ਕਿਸਾਨਾਂ ਨਾਲ ਮਿਲ ਕੇ ਜਸ਼ਨ ਮਨਾਇਆ। ਅੱਜ ਪੂਰਾ ਦਿਨ ਕਿਸਾਨੀ ਸੰਘਰਸ਼ ਦੀ ਜਿੱਤ ਦੇ ਜੈਕਾਰੇ ਗੂੰਜਦੇ ਰਹੇ।
ਇੱਥੋਂ ਦੇ ਸੈਕਟਰ-79 ਸਥਿਤ ਆਜ਼ਾਦ ਗਰੁੱਪ ਦੇ ਮੁੱਖ ਦਫ਼ਤਰ ਵਿਖੇ ਸਾਬਕਾ ਮੇਅਰ ਕੁਲਵੰਤ ਸਿੰਘ ਦੀ ਅਗਵਾਈ ਹੇਠ ਸਮੂਹ ਆਜ਼ਾਦ ਕੌਂਸਲਰਾਂ ਅਤੇ ਸਾਬਕਾ ਕੌਂਸਲਰਾਂ ਨੇ ਲੱਡੂ ਵੰਡੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਬਹੁਤ ਦੇਰ ਨਾਲ ਖੇਤੀ ਕਾਨੂੰਨ ਵਾਪਸ ਲੈਣ ਦਾ ਫੈਸਲਾ ਲਿਆ ਹੈ ਪਰ ਆਜ਼ਾਦ ਗਰੁੱਪ ਇਸ ਦਾ ਸਵਾਗਤ ਕਰਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਕਿਸਾਨੀ ਸੰਘਰਸ਼ ਦੇ ਸ਼ੁਰੂਆਤੀ ਦਿਨਾਂ ਵਿੱਚ ਇਹ ਤਿੰਨੇ ਕਾਲੇ ਕਾਨੂੰਨ ਰੱਦ ਕਰ ਦਿੰਦੀ ਤਾਂ ਕਿਸਾਨੀ ਸੰਘਰਸ਼ ਦੌਰਾਨ ਫੌਤ ਹੋਏ ਕਿਸਾਨਾਂ ਦੀ ਜਾਨ ਬਚਾਈ ਜਾ ਸਕਦੀ ਸੀ।
ਇਸ ਮੌਕੇ ਕੌਂਸਲਰ ਗੁਰਮੀਤ ਕੌਰ, ਸਰਬਜੀਤ ਸਿੰਘ ਸਮਾਣਾ, ਰਮਨਪ੍ਰੀਤ ਕੌਰ ਕੁੰਭੜਾ, ਰਾਜਵੀਰ ਕੌਰ ਗਿੱਲ ਅਤੇ ਸਾਬਕਾ ਕੌਂਸਲਰ ਪਰਮਜੀਤ ਸਿੰਘ ਕਾਹਲੋਂ, ਆਰਪੀ ਸ਼ਰਮਾ, ਸੁਰਿੰਦਰ ਸਿੰਘ ਰੋਡਾ, ਹਰਪਾਲ ਸਿੰਘ ਚੰਨਾ ਮਟੌਰ, ਫੂਲਰਾਜ ਸਿੰਘ ਸਮੇਤ ਬਲਰਾਜ ਗਿੱਲ, ਹਰਮੇਸ਼ ਸਿੰਘ ਕੁੰਭੜਾ, ਰਾਜੀਵ ਵਿਸ਼ਾਂਤ, ਜਸਪਾਲ ਸਿੰਘ ਮਟੌਰ, ਨੰਬਰਦਾਰ ਹਰਸੰਗਤ ਸਿੰਘ, ਗਿੰਨੀ ਗੋਇਲ, ਹਰਵਿੰਦਰ ਸਿੰਘ, ਅਕਵਿੰਦਰ ਗੋਸਲ, ਕੁਲਦੀਪ ਸਿੰਘ, ਡਾ. ਕੁਲਦੀਪ ਸਿੰਘ ਅਤੇ ਤਰਨਜੀਤ ਸਿੰਘ, ਧੀਰਜ ਕੁਮਾਰ ਹਾਜ਼ਰ ਸਨ।
ਇਸੇ ਤਰ੍ਹਾਂ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਬਾਹਰ ਕੇਂਦਰ ਸਰਕਾਰ ਵਿਰੁੱਧ ਲੜੀਵਾਰ ਭੁੱਖ ਹੜਤਾਲ ਤੇ ਧਰਨਾ ਅੱਜ 168ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਅੱਜ ਤਰਕਸ਼ੀਲ ਆਗੂ ਸਤਨਾਮ ਸਿੰਘ ਦਾਊਂ ਅਤੇ ਪੇਂਡੂ ਸੰਘਰਸ਼ ਕਮੇਟੀ ਚੰਡੀਗੜ੍ਹ ਦੇ ਕਾਰਕੁਨ ਭੁੱਖ ਹੜਤਾਲ ’ਤੇ ਬੈਠੇ। ਧਰਨਾ ਸਥਾਨ ’ਤੇ ਜੈ ਜਵਾਨ ਅਤੇ ਜੈ ਕਿਸਾਨ ਜ਼ਿੰਦਾਬਾਦ ਦੇ ਨਾਅਰੇ ਲਗਾਏ ਅਤੇ ਲੱਡੂ ਵੰਡੇ ਗਏ। ਇਸ ਤੋਂ ਪਹਿਲਾਂ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾ ਦੇ ਫੁਲ ਭੇਟ ਕੀਤੇ ਗਏ। ਇਸ ਮੌਕੇ ਕਿਸਾਨ ਆਗੂ ਪਰਵਿੰਦਰ ਸਿੰਘ ਬੈਦਵਾਨ ਨੇ ਕਿਹਾ ਕਿ ਖੇਤੀ ਕਾਨੂੰਨ ਰੱਦ ਕਰਨ ਸਬੰਧੀ ਲਈ ਛੇਤੀ ਤੋਂ ਛੇਤੀ ਆਰਡੀਨੈਂਸ ਪਾਸ ਕੀਤਾ ਜਾਵੇ ਅਤੇ ਐਮਐਸਪੀ ਲਾਗੂ ਕੀਤੀ ਜਾਵੇ ਤਾਂ ਜੋ ਕਿਸਾਨਾਂ ਨੂੰ ਫਸਲਾਂ ਦਾ ਉਚਿੱਤ ਭਾਅ ਮਿਲ ਸਕੇ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਜਦੋਂ ਵੀ ਕੋਈ ਲੜਾਈ ਵਿੱਢੀ ਤਾਂ ਉਹ ਕੰਢੇ ਜ਼ਰੂਰ ਲੱਗੀ ਹੈ ਅਤੇ ਅੱਜ ਕਿਸਾਨਾਂ ਦੇ ਮਨ ਦੀ ਬਾਤ ਪੂਰੀ ਹੋਈ ਹੈ।
ਨੰਬਰਦਾਰ ਹਰਵਿੰਦਰ ਸਿੰਘ ਅਤੇ ਅਮਨ ਪੂਨੀਆ ਨੇ ਐਲਾਨ ਕੀਤਾ ਕਿ ਜਦੋਂ ਤੱਕ ਪ੍ਰਧਾਨ ਮੰਤਰੀ ਲਿਖਤੀ ਭਰੋਸਾ ਨਹੀਂ ਦਿੰਦੇ ਉਦੋਂ ਤੱਕ ਪੁਆਧ ਇਲਾਕਾ ਮੁਹਾਲੀ ਦੇ ਕਿਸਾਨਾਂ ਦਾ ਸ਼ਾਂਤਮਈ ਧਰਨਾ ਜਾਰੀ ਰਹੇਗਾ। ਸਤਨਾਮ ਸਿੰਘ ਦਾਊਂ ਨੇ ਕਿਹਾ ਕਿ ਅੱਜ ਗੁਰਪੁਰਬ ਦੇ ਮੌਕੇ ਭਾਈ ਲਾਲੋ ਦੀ ਜਿੱਤ ਹੋਈ ਹੈ ਅਤੇ ਪ੍ਰਧਾਨ ਮੰਤਰੀ ਨੂੰ ਸਾਲ ਬਾਅਦ ਹੋਸ ਆਈ ਹੈ। ਉਨ੍ਹਾਂ ਕਿਹਾ ਕਿ ਹੁਕਮਰਾਨਾਂ ਨੂੰ ਇਹ ਭੁਲੇਖੇ ਸੀ ਕਿ ਕਿਸਾਨ ਜ਼ਿਆਦਾ ਦੇਰ ਟਿੱਕ ਨਹੀਂ ਸਕਣਗੇ ਪਰ ਆਖਰਕਾਰ ਦੇਸ਼ ਦੇ ਹੁਕਮਰਾਨਾਂ ਨੂੰ ਕਿਸਾਨਾਂ ਦੇ ਸੰਘਰਸ਼ ਅੱਗੇ ਝੁਕਣ ਲਈ ਮਜਬੂਰ ਹੋਣਾ ਪਿਆ ਹੈ।
ਉਧਰ, ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਸੰਜੀਵ ਵਸ਼ਿਸ਼ਟ, ਸਾਬਕਾ ਕੌਂਸਲਰ ਅਸ਼ੋਕ ਝਾਅ ਅਤੇ ਹੋਰਨਾਂ ਆਗੂਆਂ ਨੇ ਪ੍ਰਧਾਨ ਮੰਤਰੀ ਵੱਲੋਂ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕਰਨ ਦੀ ਅੱਜ ਇੱਥੋਂ ਦੇ ਫੇਜ਼-3\5 ਦੇ ਟਰੈਫ਼ਿਕ ਲਾਈਟ ਪੁਆਇੰਟ ’ਤੇ ਕਿਸਾਨਾਂ ਨਾਲ ਮਿਲ ਕੇ ਖ਼ੁਸ਼ੀ ਸਾਂਝੀ ਕਰਦਿਆਂ ਲੱਡੂ ਵੰਡੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਇਸ ਫੈਸਲੇ ਨਾਲ ਪੂਰੇ ਪੰਜਾਬ ਵਿੱਚ ਖ਼ੁਸ਼ੀ ਦੀ ਲਹਿਰ ਹੈ। ਇਸ ਮੌਕੇ ਭਾਜਪਾ ਆਗੂ ਅਨਿਲ ਕੁਮਾਰ ਗੁੱਡੂ, ਜਸਵਿੰਦਰ ਸਿੰਘ, ਰਾਖੀ ਪਾਠਕ, ਸੰਜੀਵ ਜੋਸ਼ੀ, ਓਮਾ ਕਾਂਤ ਤਿਵਾੜੀ, ਰਮਨ ਸ਼ੈਲੀ, ਨਵਨੀਤ ਸ਼ਰਮਾ, ਦਵਿੰਦਰ ਭਾਰਦਵਾਜ ਵੀ ਮੌਜੂਦ ਸਨ।