
ਪ੍ਰਧਾਨ ਮੰਤਰੀ ਦੀ ਸੁਰੱਖਿਆ ਦਾ ਮਾਮਲਾ: ਭਾਜਪਾ ਵਰਕਰਾਂ ਵੱਲੋਂ ਡੀਸੀ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ
ਭਾਜਪਾ ਨੇ ਪੰਜਾਬ ਦੇ ਗ੍ਰਹਿ ਮੰਤਰੀ ਤੇ ਡੀਜੀਪੀ ਵਿਰੁੱਧ ਕਾਰਵਾਈ ਮੰਗੀ, ਰਾਸ਼ਟਰਪਤੀ ਨੂੰ ਭੇਜਿਆ ਮੰਗ ਪੱਤਰ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਜਨਵਰੀ:
ਪੰਜਾਬ ਫੇਰੀ ਦੌਰਾਨ ਕਥਿਤ ਤੌਰ ’ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਸਬੰਧੀ ਹੋਈ ਕਥਿਤ ਅਣਗਹਿਲੀ ਦਾ ਮਾਮਲਾ ਕਾਫ਼ੀ ਭਖ ਗਿਆ ਹੈ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਰਾਣਾ ਦੀ ਅਗਵਾਈ ਹੇਠ ਅੱਜ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਮੁਹਾਲੀ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਅਤੇ ਪੰਜਾਬ ਪੁਲੀਸ ਅਤੇ ਸੂਬਾ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਭਾਜਪਾ ਆਗੂਆਂ ਦੇ ਵਫ਼ਦ ਨੇ ਰਾਸ਼ਟਰਪਤੀ ਦੇ ਨਾਮ ਲਿਖਿਆ ਮੰਗ ਪੱਤਰ ਏਡੀਸੀ ਸ੍ਰੀਮਤੀ ਕੋਮਲ ਮਿੱਤਲ ਨੂੰ ਦਿੱਤਾ। ਅਧਿਕਾਰੀ ਨੇ ਭਰੋਸਾ ਦਿੱਤਾ ਕਿ ਜਲਦੀ ਹੀ ਡੀਸੀ ਰਾਹੀਂ ਇਹ ਮੰਗ ਪੱਤਰ ਰਾਸ਼ਟਰਪਤੀ ਨੂੰ ਭੇਜਿਆ ਜਾਵੇਗਾ।
ਭਾਜਪਾ ਦੇ ਸੀਨੀਅਰ ਆਗੂ ਅਰੁਣ ਸ਼ਰਮਾ, ਸਾਬਕਾ ਕੌਂਸਲਰ ਅਸ਼ੋਕ ਝਾਅ ਅਤੇ ਰਮੇਸ਼ ਵਰਮਾ ਨੇ ਮੰਗ ਕੀਤੀ ਕਿ ਪੰਜਾਬ ਦੇ ਗ੍ਰਹਿ ਮੰਤਰੀ ਅਤੇ ਡੀਜੀਪੀ ਨੂੰ ਤੁਰੰਤ ਅਹੁਦੇ ਤੋਂ ਬਰਖ਼ਾਸਤ ਕੀਤਾ ਜਾਵੇ ਅਤੇ ਮੁੱਖ ਮੰਤਰੀ ਚੰਨੀ ਦੀ ਜਵਾਬਤਲਬੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 5 ਜਨਵਰੀ ਦੀ ਪੰਜਾਬ ਫੇਰੀ ਦੌਰਾਨ ਅਚਾਨਕ ਮੌਸਮ ਖ਼ਰਾਬ ਹੋਣ ਕਾਰਨ ਹੈਲੀਕਾਪਟਰ ਦੀ ਉਡਾਣ ਸੰਭਵ ਨਾ ਹੋਣ ’ਤੇ ਪ੍ਰਧਾਨ ਮੰਤਰੀ ਦਾ ਬਠਿੰਡਾ ਹਵਾਈ ਅੱਡੇ ਤੋਂ ਫਿਰੋਜ਼ਪੁਰ ਜਾਣ ਦਾ ਰੂਟ ਬਣਾਇਆ ਗਿਆ ਸੀ ਅਤੇ ਜਦੋਂ ਪ੍ਰਧਾਨ ਮੰਤਰੀ ਦਾ ਕਾਫ਼ਲਾ ਫਿਰੋਜ਼ਪੁਰ ਵੱਲ ਜਾ ਰਿਹਾ ਸੀ ਤਾਂ ਰਸਤੇ ਵਿੱਚ ਇੱਕ ਓਵਰਬ੍ਰਿਜ ਨੇੜੇ ਪ੍ਰਦਰਸ਼ਨਕਾਰੀਆਂ ਨੇ ਸੜਕ ਜਾਮ ਕਰ ਕੇ ਕਰੀਬ 15-20 ਮਿੰਟ ਤੱਕ ਪ੍ਰਧਾਨ ਮੰਤਰੀ ਦਾ ਕਾਫ਼ਲਾ ਰੋਕੀ ਰੱਖਿਆ।
ਭਾਜਪਾ ਆਗੂਆਂ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਪੰਜਾਬ ਵਿੱਚ ਸਰਕਾਰ ਅਤੇ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਦੇਸ਼ ਦੇ ਪ੍ਰਧਾਨ ਮੰਤਰੀ ਨਾਲ ਇਸ ਤਰੀਕੇ ਦੀ ਵਧੀਕੀ ਹੋ ਸਕਦੀ ਹੈ ਤਾਂ ਆਮ ਨਾਗਰਿਕ ਕਿਵੇਂ ਸੁਰੱਖਿਅਤ ਰਹਿ ਸਕਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੂਬਾ ਸਰਕਾਰ ਦੀ ਕਥਿਤ ਸ਼ਹਿ ’ਤੇ ਪ੍ਰਦਰਸ਼ਨਕਾਰੀਆਂ ਨੇ ਸੜਕ ਜਾਮ ਕਰਕੇ ਮਾਹੌਲ ਨੂੰ ਖ਼ਰਾਬ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਸ ਮਾਮਲੇ ਵਿੱਚ ਆਪਣੀ ਨੈਤਿਕ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੀ ਹੈ। ਆਗੂਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਦੌਰੇ ਸਬੰਧੀ ਪ੍ਰੋਗਰਾਮ ਤੇ ਰੂਟ ਸਰਕਾਰ ਨੂੰ ਭੇਜਿਆ ਗਿਆ ਸੀ ਪ੍ਰੰਤੂ ਇਸ ਦੇ ਬਾਵਜੂਦ ਹਾਲਾਤ ਅਜਿਹੇ ਬਦਤਰ ਬਣਾ ਦਿੱਤੇ ਗਏ ਤਾਂ ਜੋ ਭਾਜਪਾ ਰੈਲੀ ਸਫਲ ਨਾ ਹੋ ਸਕੇ। ਇਸ ਮੌਕੇ ਭਾਜਪਾ ਆਗੂ ਮਦਨ ਗੋਇਲ, ਜਸਮਿੰਦਰ ਪਾਲ ਸਿੰਘ, ਸਾਗਰ ਜੈਨ, ਰਮਨ ਸ਼ੈਲੀ, ਅਨਿਲ ਗੁੱਡੂ, ਓਮਾ ਕਾਂਤ ਤਿਵਾੜੀ, ਸੰਜੀਵ ਜੋਸ਼ੀ ਅਤੇ ਹੋਰ ਹਾਜ਼ਰ ਸਨ।