Nabaz-e-punjab.com

ਸਿਵਲ ਸਰਜਨ ਵੱਲੋਂ ਕਵਿਤਾ ਰਾਹੀਂ ‘ਸਿਹਤਮੰਦ ਪੰਜਾਬ’ ਸਿਰਜਣ ਦਾ ਹੋਕਾ

ਸਿਹਤ ਯੋਜਨਾਵਾਂ, ਬਿਮਾਰੀਆਂ, ਇਲਾਜ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੀ ਵਿਲੱਖਣ ਤੇ ਨਿਵੇਕਲੀ ਕੋਸ਼ਿਸ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਦਸੰਬਰ:
ਮੁਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਨਵੇਂ ਸਾਲ 2020 ਦੀ ਆਮਦ ’ਤੇ ਆਪਣੀ ਕਵਿਤਾ ਰਾਹੀਂ ‘ਸਿਹਤਮੰਦ ਪੰਜਾਬ’ ਦੀ ਸਿਰਜਣਾ ਕਰਨ ਦਾ ਹੋਕਾ ਦਿੱਤਾ ਹੈ। ਅੱਖਾਂ ਦੇ ਮਾਹਰ ਡਾਕਟਰ ਨੇ ਆਪਣੇ ਕਵੀ ਮਨ ਰਾਹੀਂ ਸਿਹਤ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਯੋਜਨਾਵਾਂ ਅਤੇ ਵੱਖ-ਵੱਖ ਬਿਮਾਰੀਆਂ ਦੇ ਇਲਾਜ ਅਤੇ ਬਚਾਅ ਬਾਬਤ ਲੋਕਾਂ ਨੂੰ ਜਾਗਰੂਕ ਕਰਨ ਦੀ ਨਿਵੇਕਲੀ ਕੋਸ਼ਿਸ਼ ਕੀਤੀ ਹੈ।
ਡਾ. ਮਨਜੀਤ ਸਿੰਘ ਨੇ ਕਿਹਾ ਕਿ ‘ਨਵੇਂ ਸਾਲ ਮੌਕੇ ਸਾਨੂੰ ਸਾਰਿਆਂ ਨੂੰ ਆਪਣੀਆਂ ਬਣਦੀਆਂ ਜ਼ਿੰਮੇਵਾਰੀਆਂ ਨੂੰ ਹੋਰ ਪਰਪੱਕਤਾ ਅਤੇ ਊਰਜਾ ਨਾਲ ਨਿਭਾਉਣ ਦਾ ਅਹਿਦ ਲੈਣਾ ਚਾਹੀਦਾ ਹੈ, ਪ੍ਰੰਤੂ ਉਨ੍ਹਾਂ ਨੇ ਆਪਣੀ ਕਵਿਤਾ ਰਾਹੀਂ ਜਿੱਥੇ ਲੋਕਾਂ ਨੂੰ ਸਿਹਤ ਸਕੀਮਾਂ ਦਾ ਲਾਭ ਲੈਣ ਲਈ ਜਾਗਰੂਕ ਕਰਨ ਦੀ ਨਿੱਕੀ ਜਿਹੀ ਕੋਸ਼ਿਸ਼ ਕੀਤੀ ਹੈ, ਉੱਥੇ ਸਿਹਤ ਕਾਮਿਆਂ ਨੂੰ ਵੀ ਨਵੇਂ ਸਾਲ ਵਿੱਚ ਸੇਵਾ ਭਾਵਨਾ ਨਾਲ ਡਿਊਟੀ ਕਰਨ ਲਈ ਨਵੇਂ ਜੋਸ਼ ਅਤੇ ਉਤਸ਼ਾਹ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ ਗਿਆ ਹੈ।’ ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਮੌਜੂਦਾ ਸਮੇਂ ਵਿੱਚ ਮੈਡੀਕਲ ਕੈਂਪਾਂ, ਰੈਲੀਆਂ, ਸੈਮੀਨਾਰਾਂ, ਵਰਕਸ਼ਾਪਾਂ ਅਤੇ ਹੋਰ ਮੀਡੀਆ ਸਰਗਰਮੀਆਂ ਰਾਹੀਂ ਲੋਕਾਂ ਨੂੰ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਪਹੁੰਚਾਉਣ ਦੇ ਢੰਗ ਤਰੀਕਿਆਂ ਨੂੰ ਹੋਰ ਸੌਖਾ ਬਣਾਉਣ ਹਿੱਤ ਲਗਾਤਾਰ ਉਪਰਾਲੇ ਕੀਤੇ ਜਾਂਦੇ ਹਨ। ਲੇਕਿਨ ਐਤਕੀਂ ਉਨ੍ਹਾਂ ਦੀ ਕਵਿਤਾ ਰੂਪੀ ਪਹਿਲਕਦਮੀ ਵੀ ਇਕ ਤਰ੍ਹਾਂ ਨਾਲ ਲੋਕਾਂ ਨੂੰ ਜਾਗਰੂਕਤਾ ਦਾ ਸੁਨੇਹਾ ਦੇਣ ਵਿੱਚ ਬੇਹੱਦ ਸਹਾਈ ਸਾਬਤ ਹੋਵੇਗੀ। ਲੋਕ ਸਿਹਤ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਹਾ ਕਿਵੇਂ ਲੈ ਸਕਦੇ ਹਨ ਅਤੇ ਡੇਂਗੂ, ਸਵਾਈਨ ਫਲੂ, ਤੰਬਾਕੂਨੋਸ਼ੀ, ਕੈਂਸਰ, ਹੈਪੇਟਾਈਟਸ, ਏਡਜ਼ ਜਿਹੀਆਂ ਜਾਨਲੇਵਾ ਬਿਮਾਰੀਆਂ ਤੋਂ ਕਿਵੇਂ ਬਚ ਸਕਦੇ ਹਨ। ਇਸ ਬਾਰੇ ਉਪਰਾਲੇ ਕਰਦੇ ਰਹਿਣਾ ਚਾਹੀਦਾ ਹੈ।
ਸਿਵਲ ਸਰਜਨ ਨੇ ਕਿਹਾ ਕਿ ਉਨ੍ਹਾਂ ਆਪਣੀ ਕਵਿਤਾ ਵਿੱਚ ਸਿਹਤ ਵਿਭਾਗ ਦੇ ਵੱਖ-ਵੱਖ ਪ੍ਰੋਗਰਾਮਾਂ ਦਾ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ ਹੈ ਤਾਂ ਕਿ ਲੋਕਾਂ ਨੂੰ ਇਨ੍ਹਾਂ ਪ੍ਰੋਗਰਾਮਾਂ ਬਾਰੇ ਜਾਣਕਾਰੀ ਮਿਲ ਸਕੇ। ਇਸ ਤੋਂ ਇਲਾਵਾ ਸਮੁੱਚੇ ਸਿਹਤ ਅਮਲੇ ਨੂੰ ਹੋਰ ਤਨਦੇਹੀ, ਇਮਾਨਦਾਰੀ ਅਤੇ ਮਿਹਨਤ ਨਾਲ ਕੰਮ ਕਰਦਿਆਂ ਆਮ ਲੋਕਾਂ ਨੂੰ ਮਿਆਰੀ ਅਤੇ ਚੰਗੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਹੱਲਾਸ਼ੇਰੀ ਦਿੱਤੀ ਗਈ ਹੈ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ ਵੱਡੀ ਗਿਣਤੀ ਵਿੱਚ ਸ਼ਖ਼…