ਸੜਕ ਵਿਚਕਾਰ ਖੜਾ ਖੰਭਾ ਲੋਕਾਂ ਦੀ ਜਾਨ ਲਈ ਖ਼ਤਰਾ ਬਣਿਆ: ਕੁਲਜੀਤ ਬੇਦੀ

ਡਿਪਟੀ ਮੇਅਰ ਨੇ ਸਬੰਧਤ ਅਧਿਕਾਰੀਆਂ ਤੇ ਠੇਕੇਦਾਰ ਖ਼ਿਲਾਫ਼ ਕਾਰਵਾਈ ਮੰਗੀ

ਸ਼ਹਿਰ ਵਿੱਚ ਸੁਚਾਰੂ ਆਵਾਜਾਈ ਲਈ ਸੜਕ ਦੇ ਨਾਲ ਸਲਿਪ ਰੋਡ ਬਣਾਉਣ ਦੀ ਮੰਗ

ਨਬਜ਼-ਏ-ਪੰਜਾਬ, ਮੁਹਾਲੀ, 18 ਅਪਰੈਲ:
ਇੱਥੋਂ ਦੇ ਫੇਜ਼-7 ਤੋਂ 11 ਤੱਕ ਸੜਕ ਦੇ ਚੌੜਾ ਕਰਨ ਦੀ ਪ੍ਰਕਿਰਿਆ ਦੌਰਾਨ ਫੇਜ਼-10 ਅਤੇ ਫੇਜ਼-11 ਦੇ ਲਾਲ ਬੱਤੀ ਪੁਆਇੰਟ ਨੇੜੇ ਸੜਕ ਵਿਚਕਾਰ ਖੜਾ ਖੰਭਾ ਸ਼ਹਿਰ ਵਾਸੀਆਂ ਅਤੇ ਰਾਹਗੀਰਾਂ ਦੀ ਜਾਨ ਲਈ ਖ਼ਤਰਾ ਬਣਿਆ ਹੋਇਆ ਹੈ। ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਇਹ ਮੁੱਦਾ ਚੁੱਕਦਿਆਂ ਜ਼ਿੰਮੇਵਾਰ ਅਧਿਕਾਰੀਆਂ ਅਤੇ ਠੇਕੇਦਾਰ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸੜਕ ਵਿਚਕਾਰ ਖੜੇ ਖੰਭੇ ਨੂੰ ਪੁੱਟਿਆਂ ਜਾਵੇ ਅਤੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਲਿਪ ਰੋਡ ਬਣਾਇਆ ਜਾਵੇ। ਡਿਪਟੀ ਮੇਅਰ ਨੇ ਕਿਹਾ ਕਿ ਇੱਥੇ ਡਿਵਾਈਡਰ ਪਹਿਲਾਂ ਹੀ ਬਣਾ ਦਿੱਤਾ ਗਿਆ ਹੈ ਜਦੋਂਕਿ ਟਰੈਫ਼ਿਕ ਦੀ ਸਮੱਸਿਆ ਨੂੰ ਦੇਖਦਿਆਂ ਇਸ ਨੂੰ ਬਾਅਦ ਵਿੱਚ ਬਣਾਇਆ ਜਾ ਸਕਦਾ ਸੀ। ਇਸ ਮੌਕੇ ਸਮਾਜ ਸੇਵੀ ਬਲਬੀਰ ਸਿੰਘ ਸੋਹਲ ਵੀ ਹਾਜ਼ਰ ਸਨ।
ਕੁਲਜੀਤ ਬੇਦੀ ਨੇ ਦੱਸਿਆ ਕਿ ਪਿਛਲੇ ਦੋ ਸਾਲਾਂ ਤੋਂ ਇਹ ਸੜਕ ਅਧੂਰੀ ਛੱਡੀ ਹੋਈ ਹੈ। ਖੰਭੇ ਕਾਰਨ ਸੜਕ ’ਤੇ ਟਰੈਫ਼ਿਕ ਜਾਮ ਲਗਦਾ ਹੈ ਅਤੇ ਰਾਤ ਸਮੇਂ ਹਾਦਸਾ ਵਾਪਰਨ ਦਾ ਖ਼ਤਰਾ ਵਧ ਗਿਆ ਹੈ। ਉਨ੍ਹਾਂ ਕਿਹਾ ਕਿ ਖੰਭਾ ਲਾਈਟਾਂ ਨਾਲ ਖੜਾ ਹੈ ਅਤੇ ਰਾਹਗੀਰਾਂ ਅਤੇ ਵਾਹਨ ਚਾਲਕਾਂ ਲਈ ਵੱਡੀ ਮੁਸੀਬਤ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਇੱਥੇ ਨੇੜੇ ਹੀ ਮਾਰਕੀਟ ਵਿੱਚ ਕਰੋੜਾਂ ਰੁਪਏ ਦੀਆਂ ਜਾਇਦਾਦਾਂ ਹਨ। ਜਿਸ ਕਾਰਨ ਲੋਕਾਂ ਦਾ ਕਾਰੋਬਾਰ ਵੀ ਪ੍ਰਭਾਵਿਤ ਹੋ ਰਿਹਾ ਹੈ। ਪਾਰਕਿੰਗ ਲਈ ਕੋਈ ਥਾਂ ਨਹੀਂ ਬਚੀ। ਉਨ੍ਹਾਂ ਕਿਹਾ ਕਿ ਪੁਰਾਣੇ ਖੰਭੇ ਪੁੱਟੇ ਬਿਨਾਂ ਹੀ ਨਵੇਂ ਖੰਭੇ ਲਗਾਏ ਜਾ ਰਹੇ ਹਨ।
ਡਿਪਟੀ ਮੇਅਰ ਨੇ ਕਿਹਾ ਕਿ ਮਾਰਕੀਟ ਦੇ ਦੁਕਾਨਦਾਰ ਕਰੋੜਾਂ ਰੁਪਏ ਪ੍ਰਾਪਰਟੀ ਟੈਕਸ ਅਤੇ ਹੋਰ ਕਈ ਤਰ੍ਹਾਂ ਦੇ ਟੈਕਸ ਦਿੰਦੇ ਹਨ ਪਰ ਉਨ੍ਹਾਂ ਲਈ ਸਹੂਲਤ ਦਾ ਧਿਆਨ ਨਹੀਂ ਰੱਖਿਆ ਜਾ ਰਿਹਾ। ਉਨ੍ਹਾਂ ਮੰਗ ਕੀਤੀ ਕਿ ਜਿੱਥੇ ਥਾਂ ਉਪਲਬਧ ਹੈ, ਉੱਥੇ ਸਲਿਪ ਰੋਡ ਬਣਾਈ ਜਾਵੇ ਤਾਂ ਜੋ ਟਰੈਫ਼ਿਕ ਦੇ ਦਬਾਅ ਨੂੰ ਘਟਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਮਾਮਲਾ ਜ਼ਿੰਮੇਵਾਰ ਅਧਿਕਾਰੀਆਂ ਦੀ ਅਣਦੇਖੀ ਦਾ ਨਤੀਜਾ ਹੈ। ਜੇਕਰ ਕੋਈ ਵੱਡਾ ਹਾਦਸਾ ਵਾਪਰਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਸਿੱਧੀ ਉਨ੍ਹਾਂ ’ਤੇ ਆਏਗੀ। ਉਨ੍ਹਾਂ ਮੁਹਾਲੀ ਪ੍ਰਸ਼ਾਸਨ, ਖ਼ਾਸ ਕਰਕੇ ਗਮਾਡਾ ਨੂੰ ਅਪੀਲ ਕੀਤੀ ਕਿ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਤੁਰੰਤ ਕਾਰਵਾਈ ਕੀਤੀ ਜਾਵੇ ਅਤੇ ਇਸ ਮਸਲੇ ਦਾ ਢੁਕਵਾਂ ਹੱਲ ਕੀਤਾ ਜਾਵੇ।

Load More Related Articles

Check Also

ਸਿੱਖ ਕੌਮ ਆਪਣੀ ਤਾਕਤ ਦੀ ਲਾਮਬੰਦੀ ਯਕੀਨੀ ਬਣਾਏ: ਜਥੇਦਾਰ ਕੁਲਦੀਪ ਸਿੰਘ ਗੜਗੱਜ

ਸਿੱਖ ਕੌਮ ਆਪਣੀ ਤਾਕਤ ਦੀ ਲਾਮਬੰਦੀ ਯਕੀਨੀ ਬਣਾਏ: ਜਥੇਦਾਰ ਕੁਲਦੀਪ ਸਿੰਘ ਗੜਗੱਜ ਵਿਸ਼ਵ ਸ਼ਾਂਤੀ ਤੇ ਹਿੰਦ-ਪਾਕਿ…