ਮਜੀਠੀਆ ਦੇ ਕਰੀਬੀਆਂ ਦੀ ਸੂਚੀ ਤਿਆਰ ਕਰਨ ’ਚ ਜੁੱਟੀ ਪੁਲੀਸ, ਅਕਾਲੀਆਂ ਵਿੱਚ ਘਬਰਾਹਟ

ਪੰਜਾਬ ਪੁਲੀਸ ਵੱਲੋਂ ਨਸ਼ਾ ਤਸਕਰੀ ਮਾਮਲੇ ਵਿੱਚ ਮਜੀਠੀਆ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ

ਸਿੱਟ ਦੀਆਂ ਵੱਖ-ਵੱਖ ਟੀਮਾਂ ਵੱਲੋਂ ਪੰਜਾਬ ਤੇ ਹੋਰਨਾਂ ਥਾਵਾਂ ’ਤੇ 16 ਤੋਂ ਵੱਧ ਥਾਵਾਂ ’ਤੇ ਛਾਪੇਮਾਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਦਸੰਬਰ:
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਪੰਜਾਬ ਪੁਲੀਸ ਵੱਲੋਂ ਨਸ਼ਾ ਤਸਕਰੀ ਮਾਮਲੇ ਵਿੱਚ ਮਜੀਠੀਆ ਦੇ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ ਕੀਤਾ ਗਿਆ ਹੈ। ਬੀਤੇ ਦਿਨੀਂ ਪੰਜਾਬ ਸਰਕਾਰ ਵੱਲੋਂ ਉਸ ਦੇ ਖ਼ਿਲਾਫ਼ ਇੱਥੋਂ ਦੇ ਫੇਜ਼-4 ਸਥਿਤ ਪੰਜਾਬ ਪੁਲੀਸ ਦੇ ਸਟੇਟ ਕਰਾਈਮ ਬਿਊਰੋ ਦੇ ਥਾਣੇ ਵਿੱਚ ਅਪਰਾਧਿਕ ਕੇਸ ਦਰਜ ਕੀਤਾ ਗਿਆ ਹੈ। ਕੇਸ ਦਰਜ ਹੋਣ ਤੋਂ ਬਾਅਦ ਅਕਾਲੀ ਆਗੂ ਰੂਪੋਸ਼ ਹੋ ਗਿਆ ਹੈ ਅਤੇ ਉਸ ਦਾ ਮੋਬਾਈਲ ਫੋਨ ਵੀ ਬੰਦ ਹੈ। ਸੂਬਾ ਸਰਕਾਰ ਅਤੇ ਪੁਲੀਸ ਨੂੰ ਉਨ੍ਹਾਂ ਦੇ ਵਿਦੇਸ਼ ਭੱਜਣ ਦਾ ਖ਼ਦਸ਼ਾ ਹੈ। ਇਸ ਸਬੰਧੀ ਪੰਜਾਬ ਸਮੇਤ ਦੇਸ਼ ਦੇ ਸਮੂਹ ਹਵਾਈ ਅੱਡਿਆਂ, ਬੰਦਰਗਾਹਾਂ, ਰੇਲਵੇ ਸਟੇਸ਼ਨਾਂ ਅਤੇ ਹੋਰ ਪ੍ਰਮੁੱਖ ਥਾਵਾਂ ’ਤੇ ਮਜੀਠੀਆ ਦੀ ਫੋਟ ਨਾਲ ਅਲਰਟ ਜਾਰੀ ਕੀਤਾ ਗਿਆ ਹੈ।
ਸੂਤਰ ਦੱਸਦੇ ਹਨ ਕਿ ਮਜੀਠੀਆ ਖ਼ਿਲਾਫ਼ ਪਰਚਾ ਦਰਜ ਹੋਣ ਤੋਂ ਤੁਰੰਤ ਬਾਅਦ ਹੀ ਉਹ ਪੰਜਾਬ ’ਚੋਂ ਬਾਹਰ ਕਿਸੇ ਸੁਰੱਖਿਅਤ ਥਾਂ ’ਤੇ ਪਹੁੰਚ ਗਏ ਹਨ। ਪੁਲੀਸ ਅਤੇ ਖ਼ੁਫ਼ੀਆ ਏਜੰਸੀਆਂ ਨੇ ਮਜੀਠੀਆ ਦੀ ਪੈੜ ਨੱਪਣ ਲਈ ਯਤਨ ਤੇਜ਼ ਕਰ ਦਿੱਤੇ ਹਨ। ਪੁਲੀਸ ਵੱਲੋਂ ਅਕਾਲੀ ਦਲ ਦੇ ਸੀਨੀਅਰ ਆਗੂਆਂ, ਮਜੀਠੀਆ ਦੇ ਪਰਿਵਾਰਕ ਮੈਂਬਰਾਂ ਅਤੇ ਸਮਰਥਕਾਂ ’ਤੇ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਮਜੀਠੀਆ ਦੇ ਛੁਪਣ ਟਿਕਾਣੇ ਬਾਰੇ ਸੂਹ ਮਿਲ ਸਕੇ। ਅਕਾਲੀ ਆਗੂ ਦੇ ਨਜ਼ਦੀਕੀ ਵੀ ਕਾਫ਼ੀ ਘਬਰਾਏ ਹੋਏ ਹਨ। ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (ਜਿਨ੍ਹਾਂ ਕੋਲ ਗ੍ਰਹਿ ਵਿਭਾਗ ਦੀ ਜ਼ਿੰਮੇਵਾਰੀ ਹੈ) ਨੇ ਦਾਅਵਾ ਕੀਤਾ ਹੈ ਕਿ ਅਕਾਲੀ ਆਗੂ ਮਜੀਠੀਆ ਬਹੁਤ ਜਲਦੀ ਹਵਾਲਾਤ ਵਿੱਚ ਬੰਦ ਨਜ਼ਰ ਆਉਣਗੇ।
ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਏਆਈਜੀ ਬਲਰਾਜ ਸਿੰਘ, ਡੀਐਸਪੀ ਰਾਜੇਸ਼ ਕੁਮਾਰ ਅਤੇ ਕੁਲਵੰਤ ਸਿੰਘ ਦੇ ਆਧਾਰਿਤ ਵਿਸ਼ੇਸ਼ ਜਾਂਚ ਟੀਮ (ਸਿੱਟ) ਦਾ ਗਠਨ ਕੀਤਾ ਗਿਆ ਹੈ। ਸਿੱਟ ਦੀਆਂ ਵੱਖ-ਵੱਖ ਟੀਮਾਂ ਵੱਲੋਂ ਮਜੀਠੀਆ ਦੀ ਗ੍ਰਿਫ਼ਤਾਰੀ ਕਰਨ ਲਈ ਬੀਤੇ ਕੱਲ੍ਹ ਦੇਰ ਰਾਤ ਤੱਕ ਅਤੇ ਅੱਜ ਦਿਨ ਭਰ 16 ਤੋਂ ਵੱਧ ਥਾਵਾਂ ’ਤੇ ਛਾਪੇਮਾਰੀ ਕੀਤੀ ਗਈ ਹੈ ਲੇਕਿਨ ਪੁਲੀਸ ਨੂੰ ਮਜੀਠੀਆ ਕਿਸੇ ਥਾਂ ’ਤੇ ਨਹੀਂ ਮਿਲਿਆ। ਖ਼ਬਰ ਲਿਖੇ ਜਾਣ ਤੱਕ ਮਜੀਠੀਆ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ ਸੀ। ਹਾਲੇ ਤੱਕ ਪੁਲੀਸ ਦੇ ਲੰਮੇ ਹੱਥ ਮਜੀਠੀਆ ਤੱਕ ਨਹੀਂ ਪਹੁੰਚ ਸਕੇ ਹਨ। ਪੁਲੀਸ ਨੇ ਮਜੀਠੀਆ ਦੀ ਪੈੜ ਨੱਪਣ ਲਈ ਹੁਣ ਉਸ ਦੇ ਕਰੀਬੀਆਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ। ਤਾਂ ਜੋ ਸਬੰਧਤ ਵਿਅਕਤੀਆਂ ਤੋਂ ਪੁੱਛਗਿੱਛ ਕਰਕੇ ਮਜੀਠੀਆ ਦੇ ਟਿਕਾਣੇ ’ਤੇ ਅੱਪੜ ਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਜਾ ਸਕੇ। ਇਸ ਤੋਂ ਇਲਾਵਾ ਨਸ਼ਿਆਂ ਦੀ ਤਸਕਰੀ ਮਾਮਲੇ ਵਿੱਚ ਐਸਟੀਐਫ਼ ਦੀ ਰਿਪੋਰਟ ਵਿੱਚ ਦਰਜ ਰਾਜਸੀ ਆਗੂਆਂ ਤੋਂ ਵੀ ਸਿੱਟ ਪੁੱਛਗਿੱਛ ਕਰਨ ਬਾਰੇ ਵਿਚਾਰ ਕਰ ਰਹੀ ਹੈ।
ਸਰਕਾਰੀ ਅੱਤਿਆਚਾਰ ਤੇ ਭ੍ਰਿਸ਼ਟਾਚਾਰੀ ਵਿਰੋਧੀ ਫਰੰਟ ਦੇ ਸੂਬਾ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਮਜੀਠੀਆ ਦੀ ਪਿੱਠ ਥਾਪੜ ਅਤੇ ਪੁਲੀਸ ਵੱਲੋਂ ਉਸ ਦੇ ਖ਼ਿਲਾਫ਼ ਝੂਠਾ ਪਰਚਾ ਦਰਜ ਕਰਨ ਬਾਰੇ ਕੀਤੀ ਜਾ ਰਹੀ ਬਿਆਨਬਾਜ਼ੀ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਇਨ੍ਹਾਂ ਆਗੂਆਂ ਅੱਜ ਇਹ ਲੱਗਾ ਹੈ ਕਿ ਸਰਕਾਰ ਝੂਠੇ ਪਰਚੇ ਵੀ ਦਰਜ ਕਰਵਾ ਸਕਦੀ ਹੈ ਜਦੋਂਕਿ ਇਨ੍ਹਾਂ ਆਗੂਆਂ ਨੇ ਆਪਣੇ ਕਾਰਜਕਾਲ ਦੌਰਾਨ ਸਮਾਜ ਸੇਵਕਾਂ ਸਮੇਤ ਲੋਕਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਨ ਵਾਲੇ ਅਨੇਕਾਂ ਹੀ ਵਿਅਕਤੀਆਂ ਦੇ ਖ਼ਿਲਾਫ਼ ਝੂਠੇ ਪਰਚੇ ਦਰਜ ਕੀਤੇ ਜਾਂਦੇ ਰਹੇ ਹਨ। ਜਿਨ੍ਹਾਂ ’ਚੋਂ ਕਈ ਮਾਮਲੇ ਅੱਜ ਵੀ ਅਦਾਲਤਾਂ ਵਿੱਚ ਵਿਚਾਰ ਅਧੀਨ ਹਨ। ਉਂਜ ਉਨ੍ਹਾਂ ਇਹ ਵੀ ਕਿਹਾ ਕਿ ਮਜੀਠੀਆ ਨਾਲ ਕੇਸ ਦਰਜ ਹੋਣ ਤੋਂ ਬਾਅਦ ਆਮ ਲੋਕਾਂ ਨੂੰ ਇੰਜ ਮਹਿਸੂਸ ਹੋ ਰਿਹਾ ਹੈ ਕਿ ਕਾਨੂੰਨ ਸਾਰਿਆਂ ਲਈ ਇਕ ਬਰਾਬਰ ਹੈ। ਬਸ਼ਰਤੇ ਸਰਕਾਰ ਇਸ ਮਾਮਲੇ ਵਿੱਚ ਪੂਰੀ ਇਮਾਨਦਾਰੀ ਨਾਲ ਕੰਮ ਕਰੇ।
ਬਲਵਿੰਦਰ ਕੁੰਭੜਾ ਨੇ ਕੈਪਟਨ ਵੱਲੋਂ ਮਜੀਠੀਆ ਦਾ ਪੱਖ ਪੂਰਨ ’ਤੇ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਹੁਣ ਇਹ ਗੱਲ ਜੱਗ ਜਾਹਰ ਹੋ ਗਈ ਹੈ ਕਿ ਕੈਪਟਨ ਅਤੇ ਬਾਦਲ ਪਰਿਵਾਰ ਆਪਸ ਵਿੱਚ ਰਲੇ ਹੋਏ ਹਨ ਅਤੇ ਸਿਆਸੀ ਮੈਦਾਨ ’ਤੇ ਦੋਸਤਾਨਾ ਮੇਚ ਖੇਡਦੇ ਆ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਮਜੀਠੀਆ ਨੂੰ ਜਲਦੀ ਫੜ ਕੇ ਜੇਲ੍ਹ ਭੇਜਿਆ ਜਾਵੇ ਅਤੇ ਇਨ੍ਹਾਂ ਆਗੂਆਂ ਨੂੰ ਪੁੱਛਗਿੱਛ ਲਈ ਤਲਬ ਕੀਤਾ ਜਾਵੇ।

Load More Related Articles

Check Also

ਵਿਜੀਲੈਂਸ ਬਿਊਰੋ ਵੱਲੋਂ ਚੌਂਕੀ ਇੰਚਾਰਜ 80 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਚੌਂਕੀ ਇੰਚਾਰਜ 80 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ ਨਬਜ਼-ਏ-ਪੰਜਾਬ…