
ਡੀਸੀ ਤੇ ਐਸਐਸਪੀ ਦੀ ਅਗਵਾਈ ਹੇਠ ਪੁਲੀਸ ਨੇ ਸ਼ਹਿਰ ਤੇ ਪਿੰਡਾਂ ਵਿੱਚ ਕੀਤਾ ਫਲੈਗ ਮਾਰਚ
ਲੋਕ ਭੈਅ ਮੁਕਤ ਹੋ ਕੇ ਵੱਧ ਤੋਂ ਵੱਧ ਮਤਦਾਨ ਕਰਨ: ਜ਼ਿਲ੍ਹਾ ਚੋਣ ਅਫ਼ਸਰ
ਕਿਸੇ ਵੀ ਕਿਸਮ ਦੀ ਗੜਬੜੀ ਦੀ ਸੂਚਨਾ ਦੇਣ ਲਈ ਟੋਲ ਫ਼ਰੀ ਨੰਬਰ 1950 ’ਤੇ ਕੀਤਾ ਜਾ ਸਕਦੇ ਹੈ ਸੰਪਰਕ:
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਫਰਵਰੀ:
ਪੰਜਾਬ ਵਿੱਚ 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਸਬੰਧੀ ਅੱਜ ਸ਼ਾਮ 6 ਵਜੇ ਚੋਣ ਪ੍ਰਚਾਰ ਸਮਾਪਤ ਹੋਣ ਤੋਂ ਬਾਅਦ ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਈਸ਼ਾ ਕਾਲੀਆ ਅਤੇ ਐਸਐਸਪੀ ਹਰਜੀਤ ਸਿੰਘ ਦੀ ਅਗਵਾਈ ਹੇਠ ਦੇਰ ਸ਼ਾਮ ਸ਼ਹਿਰ ਵਿੱਚ ਫਲੈਗ ਮਾਰਚ ਕੀਤਾ ਗਿਆ ਅਤੇ ਸ਼ਹਿਰੀ ਤੇ ਪੇਂਡੂ ਖੇਤਰਾਂ ਦਾ ਦੌਰਾ ਮੌਜੂਦਾ ਸਥਿਤੀ ਦਾ ਮੁਆਇਨਾ ਕੀਤਾ।
ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਅੱਜ ਸ਼ਾਮ 6 ਵਜੇ ਹਰ ਤਰ੍ਹਾਂ ਦਾ ਚੋਣ ਪ੍ਰਚਾਰ ਸਮਾਪਤ ਹੋ ਗਿਆ ਹੈ। ਜ਼ਿਲ੍ਹਾ ਪੁਲੀਸ ਅਤੇ ਸੀਈਪੀਐੱਫ਼ ਦੀਆਂ ਟੁਕੜੀਆਂ ਸਮੇਤ ਕੱਢੇ ਗਏ ਵਿਸ਼ੇਸ਼ ਫਲੈਗ ਮਾਰਚ ਦਾ ਮੰਤਵ ਲੋਕਾਂ ਵਿੱਚ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖ਼ਤਾ ਇੰਤਜ਼ਾਮ ਪ੍ਰਤੀ ਭਰੋਸਾ ਪੈਦਾ ਕਰਨਾ ਸੀ। ਇਸ ਦੇ ਨਾਲ ਲੋਕਾਂ ਨਾਲ ਸਿੱਧੀ ਗੱਲਬਾਤ ਕਰਕੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਜਾਣਨਾ ਸੀ। ਜ਼ਿਲ੍ਹਾ ਚੋਣ ਅਫ਼ਸਰ ਦੀ ਅਗਵਾਈ ਹੇਠ ਪਿੰਡ ਜਗਤਪੁਰਾ ਦੇ ਵੱਖ-ਵੱਖ ਖੇਤਰਾਂ ਤੋਂ ਹੁੰਦਾ ਇਹ ਫਲੈਗ ਮਾਰਚ ਇੱਥੋਂ ਦੇ ਫੇਜ਼-11, ਫੇਜ਼-10, ਫੇਜ਼-9 ਅਤੇ ਫੇਜ਼-3ਬੀ2 ਤੋਂ ਅੱਗੇ ਕਸਬਾ ਬਲੌਂਗੀ ਵਿੱਚ ਜਾ ਕੇ ਖ਼ਤਮ ਹੋਇਆ।
ਸ੍ਰੀਮਤੀ ਈਸ਼ਾ ਕਾਲੀਆ ਨੇ ਫਲੈਗ ਮਾਰਚ ਦੌਰਾਨ ਥਾਂ-ਥਾਂ ਰੁਕ ਕੇ ਮੁਹਾਲੀ ਵਾਸੀਆਂ ਅਤੇ ਰਾਹਗੀਰਾਂ ਨੂੰ ਸੁਰੱਖਿਆ ਦਾ ਭਰੋਸਾ ਦਿੰਦਿਆਂ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ-ਭੈਅ ਦੇ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਨ ਅਤੇ ਪੁਲੀਸ ਉਨ੍ਹਾਂ ਦੀ ਸੁਰੱਖਿਆ ਲਈ ਹਰ ਸਮੇਂ ਤਿਆਰ-ਬਰ-ਤਿਆਰ ਹੈ। ਫਲੈਗ ਮਾਰਚ ਦੌਰਾਨ ਪ੍ਰਸ਼ਾਸਨ ਨੇ ਸਥਾਨਕ ਲੋਕਾਂ ਨੂੰ ਇਹ ਵੀ ਸੁਨੇਹਾ ਦਿੱਤਾ ਕਿ ਉਹ ਸ਼ਹਿਰ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਹੋਣ ਤੋਂ ਤੁਰੰਤ ਲੋਕਲ ਪੁਲੀਸ ਨੂੰ ਸੂਚਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਕਿਸਮ ਦੀ ਗੜਬੜੀ ਦੀ ਸੂਚਨਾ ਦੇਣ ਲਈ 1950 ਟੋਲ ਫ਼ਰੀ ਨੰਬਰ ’ਤੇ ਸੰਪਰਕ ਕੀਤਾ ਜਾ ਸਕਦੇ ਹੈ ਜਾਂ ਫਿਰ ਸੀ ਵਿਜ਼ਲ ਐਪ ਰਾਹੀਂ ਵੀ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ।