Share on Facebook Share on Twitter Share on Google+ Share on Pinterest Share on Linkedin ਪੁਲੀਸ ਤਸ਼ੱਦਦ: ਸੁਮੇਧ ਸੈਣੀ ਮਾਮਲੇ ਵਿੱਚ ਐਸਪੀ (ਡੀ) ਦੀ ਅਗਵਾਈ ਹੇਠ ਚਾਰ ਮੈਂਬਰੀ ਸਿੱਟ ਦਾ ਗਠਨ ਸਾਬਕਾ ਡੀਜੀਪੀ ਸੁਮੇਧ ਸੈਣੀ ਅਜੇ ਤਾਈਂ ਨਹੀਂ ਹੋਏ ਜਾਂਚ ’ਚ ਸ਼ਾਮਲ, ਦਿੱਲੀ ਵਿੱਚ ਹੋਣ ਬਾਰੇ ਪਤਾ ਲੱਗਾ ਸਾਬਕਾ ਡੀਜੀਪੀ ਸੈਣੀ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਜਲਦੀ ਨੋਟਿਸ ਭੇਜੇਗੀ ਮੁਹਾਲੀ ਪੁਲੀਸ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਮਈ: ਪੰਜਾਬ ਪੁਲੀਸ ਦੇ ਚਰਚਿਤ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੇ ਮਾਮਲੇ ਵਿੱਚ ਮੁਹਾਲੀ ਦੇ ਐਸਐਸਪੀ ਕੁਲਦੀਪ ਸਿੰਘ ਚਾਹਲ ਵੱਲੋਂ ਐਸਪੀ (ਡੀ) ਹਰਮਨਦੀਪ ਸਿੰਘ ਹਾਂਸ ਦੀ ਅਗਵਾਈ ਹੇਠ ਚਾਰ ਮੈਂਬਰੀ ਸਿੱਟ ਦਾ ਗਠਨ ਕੀਤਾ ਗਿਆ ਹੈ। ਸਿੱਟ ਵਿੱਚ ਐਸਪੀ ਸਮੇਤ ਡੀਐਸਪੀ (ਡੀ) ਬਿਕਰਮਜੀਤ ਸਿੰਘ ਬਰਾੜ ਅਤੇ ਡੀਐਸਪੀ (ਕਰਾਈਮ ਅਗੇਂਸਟ ਪ੍ਰਾਪਰਟੀ) ਗੁਰਪ੍ਰੀਤ ਸਿੰਘ ਦੇਵ ਥਾਣਾ ਮਟੌਰ ਦੇ ਐਸਐਚਓ ਰਾਜੀਵ ਕੁਮਾਰ ਸ਼ਾਮਲ ਹਨ। ਸਾਬਕਾ ਡੀਜੀਪੀ ਸੈਣੀ ’ਤੇ 29 ਸਾਲ ਪਹਿਲਾਂ ਸਾਬਕਾ ਆਈਏਐਸ ਅਧਿਕਾਰੀ ਦੇ ਬੇਟੇ ਅਤੇ ਸਿਟਕੋ ਦੇ ਜੇਈ ਬਲਵਿੰਦਰ ਸਿੰਘ ਮੁਲਤਾਨੀ ਨੂੰ 11 ਦਸੰਬਰ 1991 ਨੂੰ ਇੱਥੋਂ ਦੇ ਫੇਜ਼-7 ਸਥਿਤ ਘਰੋਂ ਚੁੱਕ ਕੇ ਤਸ਼ੱਦਦ ਢਾਹੁਣ ਮਗਰੋਂ ਨੌਜਵਾਨ ਨੂੰ ਗਾਇਬ ਕਰਨ ਦਾ ਦੋਸ਼ ਹੈ। ਪੀੜਤ ਨੌਜਵਾਨ ਦੇ ਭਰਾ ਪਲਵਿੰਦਰ ਸਿੰਘ ਮੁਲਤਾਨੀ ਦੀ ਸ਼ਿਕਾਇਤ ’ਤੇ ਮਟੌਰ ਥਾਣੇ ਵਿੱਚ ਧਾਰਾ 364 (ਕਤਲ ਦੇ ਇਰਾਦੇ ਨਾਲ ਅਗਵਾ ਕਰਨਾ), 201 (ਸਬੂਤਾਂ ਨੂੰ ਗਾਇਬ ਕਰਨਾ), 344 (ਗੈਰ ਕਾਨੂੰਨੀ ਹਿਰਾਸਤ ਵਿੱਚ ਰੱਖਣਾ) 330 (ਦਬਾਅ ਬਣਾ ਕੇ ਇਕਬਾਲੀਆ ਬਿਆਨ ਲੈਣਾ) ਅਤੇ 120-ਬੀ (ਅਪਰਾਧਿਕ ਸਾਜ਼ਿਸ਼ ਰਚਨਾ) ਤਹਿਤ ਸੁਮੇਧ ਸੈਣੀ ਤੇ ਹੋਰਨਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਜਿਸ ਵਿੱਚ ਉਸ ਸਮੇਂ ਦੇ ਡੀਐਸਪੀ ਬਲਦੇਵ ਸਿੰਘ ਸੈਣੀ, ਸਤਵੀਰ ਸਿੰਘ, ਹਰ ਸਹਾਏ, ਜਗੀਰ ਸਿੰਘ ਅਤੇ ਅਨੂਪ ਸਿੰਘ (ਸਾਰੇ ਸਬ ਇੰਸਪੈਕਟਰ) ਅਤੇ ਏਐਸਆਈ ਥਾਣੇਦਾਰ ਕੁਲਦੀਪ ਸਿੰਘ ਅਤੇ ਇਕ ਅਣਪਛਾਤੇ ਵਿਅਕਤੀ ਦਾ ਨਾਮ ਸ਼ਾਮਲ ਹੈ। ਇਸ ਮਾਮਲੇ ਵਿੱਚ ਬੀਤੀ 11 ਮਈ ਨੂੰ ਮੁਹਾਲੀ ਦੀ ਵਧੀਕ ਤੇ ਜ਼ਿਲ੍ਹਾ ਸੈਸ਼ਨ ਜੱਜ ਮੋਨਿਕਾ ਗੋਇਲ ਨੇ ਸਾਬਕਾ ਡੀਜੀਪੀ ਦੀ ਪੇਸ਼ਗੀ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰਦਿਆਂ ਸੈਣੀ ਨੂੰ ਸੱਤ ਦਿਨਾਂ ਦੇ ਅੰਦਰ ਅੰਦਰ ਸਬੰਧਤ ਜਾਂਚ ਅਧਿਕਾਰੀ ਕੋਲ ਜਾਂਚ ਵਿੱਚ ਸ਼ਾਮਲ ਹੋਣ ਦੇ ਆਦੇਸ਼ ਦਿੱਤੇ ਗਏ ਸੀ ਲੇਕਿਨ ਦੋ ਦਿਨ ਬੀਤ ਜਾਣ ਦੇ ਹਾਲੇ ਤੱਕ ਸੈਣੀ ਜਾਂਚ ਵਿੱਚ ਸ਼ਾਮਲ ਨਹੀਂ ਹੋਏ ਹਨ। ਸੈਣੀ ਦੇ ਦਿੱਲੀ ਵਿੱਚ ਹੋਣ ਬਾਰੇ ਪਤਾ ਲੱਗਾ ਹੈ। ਪੇਸ਼ਗੀ ਜ਼ਮਾਨਤ ਮਨਜ਼ੂਰ ਹੋਣ ਤੋਂ ਬਾਅਦ ਮੁਹਾਲੀ ਅਦਾਲਤ ਦੇ ਤਾਜ਼ਾ ਆਦੇਸ਼ਾਂ ਦੀ ਕਾਪੀ ਸਾਬਕਾ ਪੁਲੀਸ ਅਧਿਕਾਰੀ ਨੂੰ ਵੱਸਟਐਪ ਭੇਜੀ ਗਈ ਹੈ। ਸੈਣੀ ਨੂੰ ਆਪਣਾ ਪਾਸਪੋਰਟ ਪੁਲੀਸ ਕੋਲ ਜਮ੍ਹਾ ਕਰਵਾਉਣ ਲਈ ਕਿਹਾ ਹੈ। ਅਦਾਲਤ ਨੇ ਕਿਹਾ ਕਿ ਕਰੋਨਾਵਾਇਰਸ ਦੇ ਚੱਲਦਿਆਂ ਜਦੋਂਕਿ ਲਾਕਡਾਊਨ ਖ਼ਤਮ ਨਹੀਂ ਹੋ ਜਾਂਦਾ ਉਹ ਆਪਣੇ ਘਰ ਤੋਂ ਬਾਹਰ ਨਹੀਂ ਜਾਣਗੇ। ਬਸ਼ਰਤੇ ਉਨ੍ਹਾਂ ਨੂੰ ਕੋਈ ਮੈਡੀਕਲ ਐਮਰਜੈਂਸੀ ਹੋਵੇ ਜਾਂ ਫਿਰ ਉਨ੍ਹਾਂ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਸੱਦਿਆ ਗਿਆ ਹੋਵੇ। ਅਦਾਲਤ ਨੇ ਸੈਣੀ ਨੂੰ ਇਹ ਵੀ ਹੁਕਮ ਦਿੱਤੇ ਹਨ ਕਿ ਉਹ ਬਿਨਾਂ ਆਗਿਆ ਦੇਸ਼ ’ਚੋਂ ਬਾਹਰ ਨਹੀਂ ਜਾਣਗੇ ਅਤੇ ਜ਼ਮਾਨਤ ਪੀਰੀਅਡ ਦੌਰਾਨ ਉਹ ਕਿਸੇ ਨੂੰ ਧਮਕਾਉਣ ਜਾਂ ਲਾਲਚ ਦੇਣ ਦੀ ਕੋਸ਼ਿਸ਼ ਨਹੀਂ ਕਰਨਗੇ ਅਤੇ ਉਕਤ ਕੇਸ ਸਬੰਧੀ ਜਾਂਚ ਵਿੱਚ ਪੂਰਾ ਸਹਿਯੋਗ ਦੇਣਗੇ। ਉਧਰ, ਐਸਪੀ (ਡੀ) ਹਰਮਨਦੀਪ ਸਿੰਘ ਹਾਂਸ ਨੇ ਸੈਣੀ ਮਾਮਲੇ ਵਿੱਚ ਸਿੱਟ ਦੇ ਗਠਨ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਪੁਲੀਸ ਮਾਮਲੇ ਦੀ ਵੱਖ-ਵੱਖ ਪਹਿਲੂਆਂ ’ਤੇ ਜਾਂਚ ਕਰ ਰਹੀ ਹੈ। ਫਿਲਹਾਲ ਪੁਲੀਸ ਵੱਲੋਂ ਪੁਰਾਣੇ ਕੇਸ ਦੇ ਤੱਥਾਂ ਨੂੰ ਇਕੱਠੇ ਕੀਤੇ ਜਾ ਰਹੇ ਹਨ। ਜਿਨ੍ਹਾਂ ਦੀ ਬਰੀਕੀ ਨਾਲ ਘੋਖ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਦਾਲਤ ਦੇ ਹੁਕਮਾਂ ਤਹਿਤ ਜੇਕਰ ਸਾਬਕਾ ਪੁਲੀਸ ਮੁਖੀ ਜਾਂਚ ਵਿੱਚ ਸ਼ਾਮਲ ਨਹੀਂ ਹੋਏ ਤਾਂ ਆਉਣ ਵਾਲੇ ਦਿਨਾਂ ਵਿੱਚ ਉਨ੍ਹਾਂ (ਸੈਣੀ) ਨੂੰ ਨੋਟਿਸ ਭੇਜ ਕੇ ਜਾਂਚ ਵਿੱਚ ਸ਼ਾਮਲ ਹੋਣ ਲਈ ਕਿਹਾ ਜਾਵੇਗਾ। ਇਸ ਤੋਂ ਬਾਅਦ ਅਗਲੀ ਕਾਰਵਾਈ ਅਰੰਭੀ ਜਾਵੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ