ਸਾਂਝਾ ਮੁਲਾਜ਼ਮ/ਪੈਨਸ਼ਨਰ ਮੰਚ ਦੇ ਸਿਆਸੀ ਵਿੰਗ ਵੱਲੋਂ ਨਗਰ ਨਿਗਮ ਚੋਣਾਂ ਲੜਨ ਦਾ ਐਲਾਨ

ਸਿਆਸੀ ਵਿੰਗ ਨੇ ਨਿਗਮ ਚੋਣਾਂ ਲੜਨ ਲਈ ਫੜਿਆ ਪੰਜਾਬ ਡੈਮੋਕ੍ਰੇਟਿਕ ਪਾਰਟੀ ਦਾ ਪੱਲਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਦਸੰਬਰ:
ਸਾਂਝਾ ਮੁਲਾਜ਼ਮ ਤੇ ਪੈਨਸ਼ਨਰ ਮੰਚ ਦੇ ਰਾਜਨੀਤਕ ਵਿੰਗ ਵੱਲੋਂ ਨਗਰ ਨਿਗਮ ਮੁਹਾਲੀ ਦੀਆਂ ਚੋਣਾਂ ਲੜਨ ਦਾ ਐਲਾਨ ਕਰ ਦਿੱਤਾ ਗਿਆ ਹੈ। ਮੰਚ ਵੱਲੋਂ ਇਹ ਚੋਣਾਂ ਪੰਜਾਬ ਡੈਮੋਕ੍ਰੇਟਿਕ ਪਾਰਟੀ ਦੇ ਬੈਨਰ ਹੇਠ ਲੜੀਆਂ ਜਾਣਗੀਆਂ। ਰਾਜਨੀਤਕ ਵਿੰਗ ਦੇ ਬੁਲਾਰੇ ਅਮਰਜੀਤ ਸਿੰਘ ਵਾਲੀਆ ਨੇ ਇਹ ਐਲਾਨ ਅੱਜ ਇੱਥੇ ਮੁਹਾਲੀ ਪ੍ਰੈੱਸ ਕਲੱਬ ਵਿਖੇ ਪੰਜਾਬ ਡੈਮੋਕ੍ਰੇਟਿਕ ਪਾਰਟੀ ਦੇ ਪ੍ਰਧਾਨ ਗੁਰਕਿਰਪਾਲ ਸਿੰਘ ਮਾਨ ਦੀ ਹਾਜ਼ਰੀ ਵਿੱਚ ਆਯੋਜਿਤ ਇੱਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕੀਤਾ। ਪਾਰਟੀ ਪ੍ਰਧਾਨ ਸ੍ਰੀ ਮਾਨ ਵੱਲੋਂ ਉਕਤ ਵਿੰਗ ਦੇ ਸਰਪ੍ਰਸਤ ਆਗੂਆਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ ਗਿਆ ਅਤੇ ਪਾਰਟੀ ਦੇ ਜ਼ਿਲ੍ਹਾ ਮੁਹਾਲੀ ਵਿੰਗ ਦੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ।
ਪਾਰਟੀ ਪ੍ਰਧਾਨ ਗੁਰਕਿਰਪਾਲ ਸਿੰਘ ਮਾਨ ਨੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪਾਰਟੀ ਵੱਲੋਂ ਜ਼ਿਲ੍ਹਾ ਮੁਹਾਲੀ ਵਿੰਗ ਵਿੱਚ ਅਮਰਜੀਤ ਸਿੰਘ ਵਾਲੀਆ ਨੂੰ ਪ੍ਰਧਾਨ, ਬਲਵਿੰਦਰ ਸਿੰਘ ਬੱਲੀ ਨੂੰ ਸੀਨੀਅਰ ਮੀਤ ਪ੍ਰਧਾਨ, ਸ੍ਰੀਮਤੀ ਰਵਿੰਦਰ ਕੌਰ ਗਿੱਲ ਨੂੰ ਮੀਤ ਪ੍ਰਧਾਨ, ਗੁਰਬਖ਼ਸ਼ ਸਿੰਘ ਨੂੰ ਜਨਰਲ ਸਕੱਤਰ, ਹਰਪਾਲ ਸਿੰਘ ਨੂੰ ਸਕੱਤਰ, ਨਰਿੰਦਰ ਸਿੰਘ ਨੂੰ ਸੰਯੁਕਤ ਜਨਰਲ ਸਕੱਤਰ ਅਤੇ ਮਲਕੀਤ ਸਿੰਘ ਨੂੰ ਕਾਨੂੰਨੀ ਸਲਾਹਕਾਰ ਵਜੋਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਵਾਲੀਆ ਨੇ ਕਿਹਾ ਕਿ ਵੱਖ-ਵੱਖ ਰਾਜਨੀਤਕ ਪਾਰਟੀਆਂ ਦੀ ਇਹ ਆਮ ਰੁਟੀਨ ਹੈ ਕਿ ਆਪਣੇ ਕਾਰਜਕਾਲ ਦੌਰਾਨ ਚਾਰ ਸਾਲ ਤੱਕ ਲੋਕਾਂ ਨੂੰ ਲੁੱਟਦੇ ਅਤੇ ਕੁੱਟਦੇ ਰਹਿੰਦੇ ਹਨ ਅਤੇ ਅਖੀਰਲੇ ਸਾਲ ਵਿੱਚ ਛੋਟੀਆਂ-ਛੋਟੀਆਂ ਮੰਗਾਂ ਮੰਨ ਕੇ ਵੋਟਾਂ ਬਟੋਰ ਲੈਂਦੀਆਂ ਹਨ। ਇਹ ਪਾਰਟੀਆਂ ਕਿਸਾਨ, ਛੋਟੇ ਵਪਾਰੀ, ਨੌਜਵਾਨ ਵਰਗ ਸਮੇਤ ਸਮਾਜ ਦੇ ਹਰ ਵਰਗ ਦਾ ਘਾਣ ਕਰਦੀਆਂ ਹਨ। ਇਨ੍ਹਾਂ ਰਵਾਇਤੀ ਪਾਰਟੀਆਂ ਤੋਂ ਮੁਲਾਜ਼ਮ ਅਤੇ ਪੈਨਸ਼ਨਰ ਵਰਗ ਬਹੁਤ ਜ਼ਿਆਦਾ ਦੁਖੀ ਹੋ ਚੁੱਕਾ ਸੀ ਜਿਸ ਦੇ ਚੱਲਦਿਆਂ ਰਾਜਨੀਤਕ ਵਿੰਗ ਵੱਲੋਂ ਚੋਣਾਂ ਲੜਨ ਦਾ ਐਲਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਚੋਣ ਪਾਇਲਟ ਪ੍ਰੋਜੈਕਟ ਵਜੋਂ ਲੜੀ ਜਾ ਰਹੀ ਹੈ ਅਤੇ ਮੁੱਖ ਨਿਸ਼ਾਨਾ 2022 ਦੀਆਂ ਵਿਧਾਨ ਸਭਾ ਚੋਣਾਂ ਲੜਨ ਦਾ ਹੈ ਤਾਂ ਜੋ ਪੰਜਾਬ ਨੂੰ ਨਵੀਆਂ ਲੀਹਾਂ ਉੱਤੇ ਪਾਇਆ ਜਾ ਸਕੇ।
ਪਾਰਟੀ ਪ੍ਰਧਾਨ ਗੁਰਕਿਰਪਾਲ ਸਿੰਘ ਮਾਨ ਨੇ ਕਿਹਾ ਕਿ ਕੱੁਝ ਰਾਜਨੀਤਕ ਪਾਰਟੀਆਂ ਵੋਟਰਾਂ ਨੂੰ ਬੁੱਧੂ ਬਣਾਉਣ ਲਈ ਆਜ਼ਾਦ ਉਮੀਦਵਾਰ ਖੜ੍ਹੇ ਕਰਦੀਆਂ ਹਨ ਅਤੇ ਫਿਰ ਚੋਣਾਂ ਜਿੱਤਣ ਉਪਰੰਤ ਉਨ੍ਹਾਂ ਨੂੰ ਆਪਣੇ ਵਿੱਚ ਸ਼ਾਮਿਲ ਕਰ ਲੈਂਦੀਆਂ ਹਨ। ਅਜਿਹਾ ਕਰਕੇ ਇਹ ਆਜ਼ਾਦ ਉਮੀਦਵਾਰ ਵੋਟਰਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਦੇ ਹਨ ਜਿਨ੍ਹਾਂ ਦਾ ਬਾਈਕਾਟ ਕੀਤਾ ਜਾਣਾ ਬਣਦਾ ਹੈ। ਉਨ੍ਹਾਂ ਵੱਖ-ਵੱਖ ਰਾਜਨੀਤਕ ਪਾਰਟੀਆਂ ਵੱਲੋਂ ਕੀਤੇ ਜਾਂਦੇ ਗੁੰਡਾਰਾਜ ਅਤੇ ਪਰਿਵਾਰਵਾਦ ਦਾ ਵਿਰੋਧ ਕਰਨ ਦਾ ਵੀ ਸੱਦਾ ਦਿੱਤਾ। ਨਗਰ ਨਿਗਮ ਮੋਹਾਲੀ ਦੀ ਵਾਰਡਬੰਦੀ ਬਾਰੇ ਬੋਲਦਿਆਂ ਸ੍ਰ. ਮਾਨ ਨੇ ਕਿਹਾ ਕਿ ਇਹ ਵਾਰਡਬੰਦੀ ਲੋਕ ਮਰਿਆਦਾ ਤੋਂ ਹਟ ਕੇ ਬਹੁਤ ਹੀ ਗੁੰਡਾਗਰਦੀ ਢੰਗ ਨਾਲ ਕੀਤੀ ਗਈ ਹੈ ਤਾਂ ਕਿ ਸਿਰਫ਼ ਆਪਣੇ ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਨਗਰ ਨਿਗਮ ਮੁਹਾਲੀ ਦੀਆਂ ਚੋਣਾਂ ਲਈ ਫਿਲਹਾਲ ਦਸ ਉਮੀਦਵਾਰ ਤਿਆਰ ਕੀਤੇ ਗਏ ਹਨ ਅਤੇ ਆਉਂਦੇ ਦਿਨਾਂ ਵਿੱਚ ਹੋਰ ਉਮੀਦਵਾਰ ਵੀ ਖੜ੍ਹੇ ਕੀਤੇ ਜਾਣਗੇ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …