ਪੁਲੀਸ ’ਤੇ ਸਿਆਸਤ ਭਾਰੂ: ਇਨਸਾਫ਼ ਲਈ ਦਰ ਦਰ ਭਟਕ ਰਿਹਾ ਤੰਗੋਰੀ ਦਾ ਬਜ਼ੁਰਗ

ਅਦਾਲਤ ਦੇ ਹੁਕਮਾਂ ਦੇ ਬਾਵਜੂਦ ਨਹੀਂ ਹੋਈ ਹਮਲਾਵਰਾਂ ਖ਼ਿਲਾਫ਼ ਢੁਕਵੀਂ ਕਾਰਵਾਈ

ਮੁਹਾਲੀ ਅਦਾਲਤ ਨੇ ਬਣਦੀ ਕਾਰਵਾਈ ਲਈ ਡੀਜੀਪੀ ਨੂੰ ਜਾਰੀ ਕੀਤਾ ਸੀ ਨੋਟਿਸ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਜੂਨ:
ਸੋਹਾਣਾ ਥਾਣਾ ਅਧੀਨ ਆਉਂਦੇ ਪਿੰਡ ਤੰਗੋਰੀ ਦਾ ਵਸਨੀਕ ਗਰੀਬ ਸਿੰਘ ਅਤੇ ਉਸ ਦਾ ਪਰਿਵਾਰ ਪੁਲੀਸ ਦੀ ਕਥਿਤ ਧੱਕੇਸ਼ਾਹੀ ਤੋਂ ਡਾਢਾ ਤੰਗ ਪ੍ਰੇਸ਼ਾਨ ਹੈ। ਪੀੜਤ ਪਰਿਵਾਰ ਸਾਲ ਸਭ ਤੋਂ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ, ਮੁੱਖ ਮੰਤਰੀ, ਰਾਜਪਾਲ, ਮਹਾਰਾਣੀ ਪ੍ਰਨੀਤ ਕੌਰ, ਸੰਸਦ ਮੈਂਬਰ ਮਨੀਸ਼ ਤਿਵਾੜੀ, ਡੀਜੀਪੀ, ਡੀਸੀ, ਐਸਅਸਪੀ ਨੂੰ ਸ਼ਿਕਾਇਤਾਂ ਦੇ ਕੇ ਥੱਕ ਚੁੱਕਾ ਹੈ ਲੇਕਿਨ ਇਨ੍ਹਾਂ ਸਾਰਿਆਂ ਨੇ ਉਸ ਦੀ ਫਰਿਆਦ ਨਹੀਂ ਸੁਣੀ। ਉਨ੍ਹਾਂ ਨੇ ਹੁਣ ਫਿਰ ਨਵੇਂ ਸਿਰਿਓਂ ਯਾਦ ਪੱਤਰ ਭੇਜ ਕੇ ਇਨਸਾਫ਼ ਦੀ ਗੁਹਾਰ ਲਗਾਈ ਹੈ।
ਗਰੀਬ ਸਿੰਘ ਨੇ ਦੱਸਿਆ ਕਿ 23 ਜੂਨ 2019 ਨੂੰ ਉਸ ਦੇ ਪੁੱਤਰ ਜਗਤਾਰ ਸਿੰਘ ਨੂੰ ਦਰਜਨ ਤੋਂ ਵੱਧ ਵਿਅਕਤੀਆਂ ਦੇ ਰਸਤੇ ਵਿੱਚ ਘੇਰ ਕੇ ਕੁੱਟਮਾਰ ਕੀਤੀ ਗਈ। ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਉਸ ਦੇ ਬੇਟੇ ਦੇ ਸੱਜੇ ਗੋਡੇ ਦੀ ਚੱਪਣੀ ਟੁੱਟ ਗਈ ਸੀ। ਉਸ ਨੂੰ ਤੁਰੰਤ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਪ੍ਰੰਤੂ ਹਾਲਤ ਗੰਭੀਰ ਹੋਣ ਕਾਰਨ ਡਾਕਟਰਾਂ ਨੇ ਉਸ ਨੂੰ ਸੈਕਟਰ-32 ਦੇ ਹਸਪਤਾਲ ਵਿੱਚ ਰੈਫਰ ਕਰ ਦਿੱਤਾ। ਲੇਕਿਨ ਉੱਥੇ ਜ਼ਖ਼ਮੀ ਦਾ ਸਹੀ ਇਲਾਜ ਨਾ ਹੋਣ ਕਾਰਨ ਉਹ ਆਪਣੇ ਪੁੱਤ ਨੂੰ ਚੁੱਕ ਕੇ ਰਾਜਪੁਰਾ ਦੇ ਪ੍ਰਾਈਵੇਟ ਹਸਪਤਾਲ ਵਿੱਚ ਲੈ ਗਏ। ਹਸਪਤਾਲ ਦੀ ਰੁਕੇ ’ਤੇ ਛੇ ਦਿਨਾਂ ਬਾਅਦ 28 ਜੂਨ ਨੂੰ ਸੋਹਾਣਾ ਪੁਲੀਸ ਦੇ ਕਰਮਚਾਰੀ ਜ਼ਖ਼ਮੀ ਦੇ ਬਿਆਨ ਲੈਣ ਲਈ ਹਸਪਤਾਲ ਪਹੁੰਚੇ ਲੇਕਿਨ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ। ਪੀੜਤ ਬਜ਼ੁਰਗ ਦੇ ਦੱਸਣ ਅਨੁਸਾਰ ਕਈ ਹਮਲਾਵਰ ਹੁਕਮਰਾਨ ਪਾਰਟੀ ਨਾਲ ਸਬੰਧਤ ਹੋਣ ਕਾਰਨ ਪੁਲੀਸ ਬਣਦੀ ਕਾਰਵਾਈ ਤੋਂ ਭੱਜ ਰਹੀ ਹੈ।
ਉਨ੍ਹਾਂ ਦੱਸਿਆ ਕਿ ਪੁਲੀਸ ਨੇ ਧੱਕੇਸ਼ਾਹੀ ਦੀਆਂ ਉਦੋਂ ਸਾਰੀਆਂ ਹੱਦਾਂ ਪਾਰ ਦਿੱਤੀਆਂ ਜਦੋਂ ਇਕ ਹਮਲਾਵਰ ਦੇ ਆਪਣੇ ਨੌਕਰ ਦੀ ਸ਼ਿਕਾਇਤ ਨੂੰ ਆਧਾਰ ਬਣਾ ਕੇ ਉਸ ਦੇ ਜ਼ਖ਼ਮੀ ਬੇਟੇ ਤੇ ਹੋਰਨਾਂ ਖ਼ਿਲਾਫ਼ 23 ਜੂਨ ਨੂੰ ਰਸਤੇ ਵਿੱਚ ਘੇਰ ਕੇ ਕੁੱਟਮਾਰ ਕਰਨ ਅਤੇ ਐਸਸੀ ਐਕਟ ਦੇ ਤਹਿਤ ਝੂਠਾ ਕੇਸ ਦਰਜ ਕਰਵਾ ਦਿੱਤਾ ਜਦੋਂਕਿ ਉਸ ਸਮੇਂ ਜਗਤਾਰ ਹਸਪਤਾਲ ਵਿੱਚ ਜੇਰੇ ਇਲਾਜ ਸੀ। ਬਜ਼ੁਰਗ ਨੇ ਦੱਸਿਆ ਕਿ ਉਹ ਆਪਣੇ ਪੁੱਤ ਨਾਲ ਹੋਏ ਧੱਕੇ ਖ਼ਿਲਾਫ਼ ਇਨਸਾਫ਼ ਲੈਣ ਲਈ ਹਰ ਦਰਵਾਜੇ ’ਤੇ ਗਿਆ ਪ੍ਰੰਤੂ ਕਿਸੇ ਨੇ ਉਸ ਦੀ ਬਾਂਹ ਨਹੀਂ ਫੜੀ। ਇਸ ਮਗਰੋਂ ਪੀੜਤ ਪਰਿਵਾਰ ਨੇ ਮੁਹਾਲੀ ਅਦਾਲਤ ਦਾ ਬੂਹਾ ਖੜਕਾਇਆ। ਅਦਾਲਤ ਨੇ ਡੀਜੀਪੀ ਨੂੰ ਨੋਟਿਸ ਜਾਰੀ ਕਰਕੇ ਬਣਦੀ ਕਾਰਵਾਈ ਕਰਨ ਲਈ ਕਿਹਾ ਗਿਆ ਪ੍ਰੰਤੂ ਅਦਾਲਤ ਦੇ ਹੁਕਮਾਂ ਦੇ ਬਾਵਜੂਦ ਪੁਲੀਸ ਨੇ ਡੱਕਾ ਨਹੀਂ ਤੋੜਿਆ।
(ਬਾਕਸ ਆਈਟਮ)
ਸੋਹਾਣਾ ਥਾਣਾ ਦੇ ਐਸਐਚਓ ਦਲਜੀਤ ਸਿੰਘ ਗਿੱਲ ਨੇ ਇਹ ਕਹਿ ਗੱਲ ਨੂੰ ਟਾਲ ਦਿੱਤਾ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਨਹੀਂ ਹੈ। ਲੇਕਿਨ ਜੇ ਹੁਣ ਪੀੜਤ ਵਿਅਕਤੀ ਉਨ੍ਹਾਂ ਨੂੰ ਕੋਈ ਸ਼ਿਕਾਇਤ ਦੇਣਗੇ ਜਾਂ ਥਾਣੇ ਆ ਕੇ ਮਿਲਣਗੇ ਤਾਂ ਬਣਦੀ ਕਾਰਵਾਈ ਕੀਤੀ ਜਾਵੇਗੀ। ਡੀਐਸਪੀ (ਸਿਟੀ-2) ਰਮਨਦੀਪ ਸਿੰਘ ਨੇ ਕਿਹਾ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਨਹੀਂ ਹੈ ਲੇਕਿਨ ਹੁਣ ਉਹ ਥਾਣਾ ਮੁਖੀ ਤੋਂ ਰਿਪੋਰਟ ਤਲਬ ਕਰਨਗੇ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇਗਾ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…