Share on Facebook Share on Twitter Share on Google+ Share on Pinterest Share on Linkedin ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰੇਗੀ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਟੀਮ ਪਰਾਲੀ ਪ੍ਰਬੰਧਨ ਦੇ ਤਰੀਕੇ ਅਪਣਾਉਣ ਲਈ ਕਿਸਾਨਾਂ ਨੂੰ ਜਾਗਰੂਕ ਕਰਨਾ ਸਮੇਂ ਦੀ ਲੋੜ: ਏਡੀਸੀ ਜੈਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਸਤੰਬਰ: ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਜਾਗਰੂਕ ਕਰਨ ਦੇ ਮੰਤਵ ਨਾਲ ਮੁਹਾਲੀ ਦੀ ਨਵੀਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਆਸ਼ਿਕਾ ਜੈਨ ਨੇ ਅੱਜ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਦੀ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਵੈਨ ਸਮੁੱਚੇ ਜ਼ਿਲ੍ਹੇ ਦੇ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਦੱਸੇਗੀ। ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੈਕਟਰ-76 ਤੋਂ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾਉਣ ਮਗਰੋਂ ਏਡੀਸੀ ਨੇ ਕਿਹਾ ਕਿ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨਾ ਸਮੇਂ ਦੀ ਲੋੜ ਹੈ ਕਿਉਂਕਿ ਇਸ ਨਾਲ ਮਨੁੱਖੀ ਸਿਹਤ ਤੇ ਵਾਤਾਵਰਨ ਲਈ ਗੰਭੀਰ ਖ਼ਤਰਾ ਖੜ੍ਹਾ ਹੋ ਰਿਹਾ ਹੈ। ਸ੍ਰੀਮਤੀ ਜੈਨ ਨੇ ਕਿਹਾ ਕਿ ਇਹ ਆਧੁਨਿਕ ਵੈਨਾਂ ਪੋਸਟਰਾਂ ਅਤੇ ਆਡੀਓ ਸੁਨੇਹਿਆਂ ਨਾਲ ਲੈਸ ਹੋਣਗੀਆਂ, ਜੋ ਕਿਸਾਨਾਂ ਨੂੰ ਪਰਾਲੀ ਦੇ ਨਿਬੇੜੇ ਦੀ ਲੋੜ ਬਾਰੇ ਜਾਗਰੂਕ ਕਰਨਗੀਆਂ। ਉਨ੍ਹਾਂ ਕਿਹਾ ਕਿ ਫਸਲਾਂ ਦੀ ਰਹਿੰਦ-ਖੂੰਹਦ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵੈਨਾਂ ਰਾਹੀਂ ਕਿਸਾਨਾਂ ਨੂੰ ਪੈਂਫਲੈੱਟ ਵੀ ਵੰਡੇ ਜਾਣਗੇ, ਜਿਨ੍ਹਾਂ ਵਿੱਚ ਪਰਾਲੀ ਦੇ ਪ੍ਰਭਾਵਸ਼ਾਲੀ ਤਰੀਕੇ ਨਾਲ ਨਿਬੇੜੇ ਤੋਂ ਇਲਾਵਾ ਪਰਾਲੀ ਸਾੜਨ ਨਾਲ ਪ੍ਰਦੂਸ਼ਣ ਕਾਰਨ ਮਨੁੱਖੀ ਸਿਹਤ ’ਤੇ ਪੈਂਦੇ ਮਾੜੇ ਪ੍ਰਭਾਵਾਂ ਬਾਰੇ ਦੱਸਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦੀ ਬਜਾਏ ਕਿਸਾਨ ਸਬਸਿਡੀ ’ਤੇ ਆਧੁਨਿਕ ਮਸ਼ੀਨਰੀ ਲੈ ਕੇ ਇਸ ਨੂੰ ਜ਼ਮੀਨ ਵਿੱਚ ਹੀ ਵਾਹੁਣ, ਜਿਸ ਨਾਲ ਪ੍ਰਦੂਸ਼ਣ ਦੀ ਰੋਕਥਾਮ ਹੋਵੇਗੀ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਵਧੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਆਧੁਨਿਕ ਖੇਤੀ ਮਸ਼ੀਨਰੀ ਸਬਸਿਡੀ ’ਤੇ ਮੁਹੱਈਆ ਕਰਵਾ ਰਹੀ ਹੈ ਤਾਂ ਕਿ ਪਰਾਲੀ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਈ ਜਾ ਸਕੇ। ਉਨ੍ਹਾਂ ਕਿਹਾ ਕਿ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾ ਕੇ ਸਾੜਨ ਨਾਲ ਜ਼ਮੀਨ ਦੇ ਪੌਸ਼ਟਿਕ ਤੱਤ ਅਤੇ ਮਿੱਤਰ ਕੀੜੇ ਮਰ ਜਾਂਦੇ ਹਨ ਅਤੇ ਦੂਜੀਆਂ ਫਸਲਾਂ ਦਾ ਝਾੜ ਵੀ ਘਟਦਾ ਹੈ। ਇਸ ਮੌਕੇ ਪੀਪੀਸੀਬੀ ਦੇ ਰੀਜ਼ਨਲ ਅਫ਼ਸਰ ਅਸ਼ੋਕ ਕੁਮਾਰ ਅਤੇ ਐਸਡੀਓ ਸੁਸ਼ੀਲ ਕੁਮਾਰ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ