ਟੋਭੇ ਦੀ ਸਾਂਭ-ਸੰਭਾਲ: ਹਾਈ ਕੋਰਟ ਵੱਲੋਂ ਕਮਿਸ਼ਨਰ ਤਲਬ, 6 ਸਤੰਬਰ ਨੂੰ ਪੇਸ਼ ਹੋਣ ਦੇ ਹੁਕਮ

ਅਕਾਲੀ ਆਗੂ ਸੋਹਾਣਾ ਨੇ ਕਮਿਸ਼ਨਰ ’ਤੇ ਲਾਇਆ ਹਾਈ ਕੋਰਟ ਵਿੱਚ ਝੂਠਾ ਹਲਫ਼ਨਾਮਾ ਦੇਣ ਦਾ ਦੋਸ਼

ਨਗਰ ਨਿਗਮ ਦੇ ਕਮਿਸ਼ਨਰ ਨੇ ਦੋਸ਼ ਨਕਾਰੇ, ਟੋਭੇ ਦੀ ਸੰਭਾਲ ਦੇ ਟੈਂਡਰ ਜਾਰੀ ਕਰਨ ਦੀ ਗੱਲ ਕਹੀ

ਨਬਜ਼-ਏ-ਪੰਜਾਬ, ਮੁਹਾਲੀ, 25 ਅਗਸਤ:
ਇੱਥੋਂ ਦੇ ਇਤਿਹਾਸਕ ਨਗਰ ਸੋਹਾਣਾ ਵਿੱਚ ਗੰਦੇ ਪਾਣੀ ਦੇ ਟੋਭੇ ਦੀ ਸਾਂਭ-ਸੰਭਾਲ ਸਹੀ ਤਰੀਕੇ ਨਾਲ ਨਾ ਕਰਨ ਦਾ ਮਾਮਲਾ ਕਾਫ਼ੀ ਭਖ ਗਿਆ ਹੈ। ਚਾਰ-ਚੁਫੇਰੇ ਫੈਲੀ ਗੰਦਗੀ ਕਾਰਨ ਇੱਥੇ ਬਿਮਾਰੀ ਫੈਲਣ ਦਾ ਖ਼ਦਸ਼ਾ ਹੈ। ਇਸ ਸਬੰਧੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਮੁਹਾਲੀ ਨਗਰ ਨਿਗਮ ਦੇ ਕਮਿਸ਼ਨਰ ਨੂੰ ਤਲਬ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ, ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੇ ਦੋਸ਼ ਲਾਇਆ ਕਿ ਕਮਿਸ਼ਨਰ ਨੇ ਹਾਈ ਕੋਰਟ ਵਿੱਚ ਟੋਭੇ ਦੀ ਸਾਂਭ-ਸੰਭਾਲ ਬਾਰੇ ਝੂਠਾ ਹਲਫ਼ਨਾਮਾ ਦਾਇਰ ਕੀਤਾ ਹੈ ਅਤੇ ਇਸ ਮਾਮਲੇ ਵਿੱਚ ਉੱਚ ਅਦਾਲਤ ਨੇ ਕਮਿਸ਼ਨਰ ਦੀ ਜਵਾਬਤਲਬੀ ਕਰਦਿਆਂ ਅਧਿਕਾਰੀ ਨੂੰ ਕੇਸ ਦੀ ਸੁਣਵਾਈ ਵਾਲੇ ਦਿਨ 6 ਸਤੰਬਰ ਨੂੰ ਨਿੱਜੀ ਤੌਰ ’ਤੇ ਪੇਸ਼ ਹੋਣ ਲਈ ਕਿਹਾ ਹੈ।
ਅਕਾਲੀ ਆਗੂ ਨੇ ਕਿਹਾ ਕਿ ਸੋਹਾਣਾ ਦੇ ਟੋਭੇ ਦੀ ਹਾਲਤ ਤਰਸਯੋਗ ਬਣੀ ਹੋਈ ਹੈ। ਸਾਲ 2017 ਤੋਂ ਲਗਾਤਾਰ ਪਿੰਡ ਵਾਸੀ ਟੋਭੇ ਦੀ ਸਫ਼ਾਈ ਅਤੇ ਸਾਂਭ-ਸੰਭਾਲ ਲਈ ਅਫ਼ਸਰਾਂ ਅਤੇ ਸਿਆਸਤਦਾਨਾਂ ਦੇ ਹਾੜੇ ਕੱਢਦੇ ਆ ਰਹੇ ਹਨ ਲੇਕਿਨ ਕਿਸੇ ਨੇ ਉਨ੍ਹਾਂ ਦੀ ਬਾਂਹ ਨਹੀਂ ਫੜੀ। ਪਿੰਡ ਵਾਸੀ ਦਵਿੰਦਰ ਸਿੰਘ ਅਤੇ ਹੋਰਨਾਂ ਵੱਲੋਂ ਇਨਸਾਫ਼ ਲਈ ਸਾਲ 2020 ਵਿੱਚ ਹਾਈ ਕੋਰਟ ਦਾ ਬੂਹਾ ਖੜਕਾਇਆ ਗਿਆ। ਪਿਛਲੇ ਤਿੰਨ ਸਾਲ ਤੋਂ ਇਸ ਕੇਸ ਦੀ ਸੁਣਵਾਈ ਚੱਲ ਰਹੀ ਹੈ। ਇਸ ਦੌਰਾਨ ਹਾਈ ਕੋਰਟ ਨੇ ਅਧਿਕਾਰੀਆਂ ਖ਼ਿਲਾਫ਼ ਕਈ ਵਾਰ ਟਿੱਪਣੀਆਂ ਵੀ ਕੀਤੀਆਂ।
ਉਨ੍ਹਾਂ ਕਿਹਾ ਕਿ ਬੀਤੀ 23 ਅਗਸਤ ਨੂੰ ਸੁਣਵਾਈ ਦੌਰਾਨ ਨਿਗਮ ਕਮਿਸ਼ਨਰ ਵੱਲੋਂ ਟੋਭੇ ਦੀ ਸੰਭਾਲ ਨੂੰ ਲੈ ਕੇ ਝੂਠਾ ਹਲਫ਼ਨਾਮਾ ਦਾਇਰ ਕੀਤਾ ਗਿਆ। ਉਨ੍ਹਾਂ ਕਿਹਾ ਨਿਗਮ ਅਧਿਕਾਰੀਆਂ ਵੱਲੋਂ ਅਦਾਲਤ ਵਿੱਚ ਲਿਖਤੀ ਤੌਰ ’ਤੇ ਕਿਹਾ ਗਿਆ ਹੈ ਕਿ ਇਸ ਟੇਭੇ ਲਈ ਅੰਮ੍ਰਿਤ ਸਕੀਮ ਦੇ ਤਹਿਤ ਪੌਣੇ ਦੋ ਕਰੋੜ ਰੁਪਏ ਤੋਂ ਵੱਧ ਮਨਜ਼ੂਰ ਹੋਏ ਹਨ ਅਤੇ ਇਸ ਦੀ ਟੈਂਡਰ ਪ੍ਰਕਿਰਿਆ ਵੀ ਆਰੰਭ ਹੋ ਚੁੱਕੀ ਹੈ।
ਪਰਵਿੰਦਰ ਸੋਹਾਣਾ ਨੇ ਕਿਹਾ ਕੇ ਹਲਫ਼ਨਾਮੇ ਵਿੱਚ ਟੋਭੇ ਦੀ ਸਫ਼ਾਈ ਕਰਵਾਉਣ ਦਾ ਵੇਰਵਾ ਦਿੱਤਾ ਗਿਆ ਹੈ ਜਦੋਂਕਿ ਇੱਥੇ ਕੋਈ ਸਫ਼ਾਈ ਦਾ ਕੰਮ ਨਹੀਂ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਜੇਕਰ ਗੰਦਗੀ ਕਾਰਨ ਕੋਈ ਬਿਮਾਰੀ ਫੈਲਦੀ ਹੈ ਤਾਂ ਨਗਰ ਨਿਗਮ ਅਤੇ ਜ਼ਿਲ੍ਹਾ ਪ੍ਰਸ਼ਾਸਨ ਜ਼ਿੰਮੇਵਾਰ ਹੋਣਗੇ।
ਉਨ੍ਹਾਂ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਅਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਤੋਂ ਮੰਗ ਕੀਤੀ ਕਿ ਝੂਠਾ ਹਲਫ਼ਨਾਮਾ ਦੇਣ ਵਾਲੇ ਅਧਿਕਾਰੀ ਖ਼ਿਲਾਫ਼ ਹਾਊਸ ਵਿੱਚ ਨਿਖੇਧੀ ਮਤਾ ਲਿਆਂਦਾ ਜਾਵੇ। ਪਿੰਡ ਸੋਹਾਣਾ ਦੀ ਇਤਿਹਾਸਕ ਮਹੱਤਤਾ ਨੂੰ ਦੇਖਦੇ ਹੋਏ ਸਮੁੱਚੇ ਨਗਰ ਦਾ ਸਰਬਪੱਖੀ ਵਿਕਾਸ ਅਤੇ ਟੋਭੇ ਦੀ ਸਾਂਭ-ਸੰਭਾਲ ਯਕੀਨੀ ਬਣਾਈ ਜਾਵੇ।
ਉਧਰ, ਦੂਜੇ ਪਾਸੇ ਮੁਹਾਲੀ ਨਗਰ ਨਿਗਮ ਦੇ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਅਕਾਲੀ ਆਗੂ ਦੇ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਦੱਸਦੇ ਹੋਏ ਸਪੱਸ਼ਟ ਕੀਤਾ ਕਿ ਉਨ੍ਹਾਂ ਕੋਈ ਝੂਠਾ ਹਲਫ਼ਨਾਮਾ ਦਾਇਰ ਨਹੀਂ ਕੀਤਾ ਹੈ। ਪਿੰਡ ਸੋਹਾਣਾ ਦੇ ਵਿਕਾਸ ਕਾਰਜਾਂ ਅਤੇ ਟੋਭੇ ਦੀ ਸਾਂਭ-ਸੰਭਾਲ ਸਬੰਧੀ ਟੈਂਡਰ ਲਗਾ ਦਿੱਤਾ ਗਿਆ ਹੈ ਅਤੇ 11 ਸਤੰਬਰ ਤੱਕ ਵਰਕ ਆਰਡਰ ਵੀ ਜਾਰੀ ਹੋਣ ਜਾਣਗੇ। ਉਨ੍ਹਾਂ ਦੱਸਿਆ ਕਿ ਇਹ ਕੰਮ ਪਿਛਲੇ ਕਾਫ਼ੀ ਸਮੇਂ ਤੋਂ ਮੁੱਖ ਦਫ਼ਤਰ ਵਿੱਚ ਪ੍ਰੋਸੈੱਸ ਅਧੀਨ ਸਨ ਅਤੇ ਉਨ੍ਹਾਂ ਨੇ ਖ਼ੁਦ ਯੋਗ ਪੈਰਵਾਈ ਕਰਕੇ ਟੈਂਡਰ ਪ੍ਰਕਿਰਿਆ ਨੂੰ ਮੁਕੰਮਲ ਕੀਤਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਸਾਰੇ ਕੰਮ ਸ਼ੁਰੂ ਹੋ ਜਾਣਗੇ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …