ਪ੍ਰਿੰਸੀਪਲਾਂ ਦੀ ਅੰਤਰਰਾਸ਼ਟਰੀ ਸਿਖਲਾਈ ਲਈ ਅਪਲਾਈ ਕਰਨ ਲਈ ਪੋਰਟਲ ਖੋਲ੍ਹਿਆ: ਹਰਜੋਤ ਬੈਂਸ

26 ਦਸੰਬਰ ਖੁੱਲ੍ਹਾ ਰਹੇਗਾ ਪੋਰਟਲ, ਇਤਿਹਾਸ ਸਿਰਜੇਗੀ 24 ਦਸੰਬਰ ਦੀ ਮਾਪੇ-ਅਧਿਆਪਕ ਮਿਲਣੀ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਜੂਸੈਟ ਰਾਹੀਂ ਮੁਹਾਲੀ ਤੋਂ ਸਕੂਲ ਮੁਖੀਆਂ ਨੂੰ ਕੀਤਾ ਸੰਬੋਧਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਦਸੰਬਰ:
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ਆਪ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਸਿੱਖਿਆ ਸਿਸਟਮ ਮੁਹੱਈਆ ਕਰਵਾਉਣ ਦੇ ਵਾਅਦੇ ਨੂੰ ਪੂਰਾ ਕਰਦਿਆਂ ਸਿੰਘਾਪੁਰ ਦੀਆਂ ਨਾਮਵਰ ਸੰਸਥਾਵਾਂ ਪ੍ਰਿੰਸੀਪਲਜ਼ ਅਕੈਡਮੀ ਅਤੇ ਨੈਸ਼ਨਲ ਇੰਸਟੀਚਿਊਟ ਆਫ਼ ਐਜੂਕੇਸ਼ਨ ਵਿੱਚ ਟਰੇਨਿੰਗ ਦਿਵਾਉਣ ਦਾ ਅਹਿਮ ਫ਼ੈਸਲਾ ਕੀਤਾ ਗਿਆ ਹੈ।
ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਇਸ ਫ਼ੈਸਲੇ ਅਨੁਸਾਰ ਪਹਿਲੇ ਗੇੜ ਵਿੱਚ ਸਕੂਲ ਪ੍ਰਿੰਸੀਪਲਾਂ ਦੇ ਦੋ ਗਰੁੱਪ ਸਿੰਘਾਪੁਰ ਦੀਆਂ ਨਾਮਵਰ ਸੰਸਥਾਵਾਂ ਪ੍ਰਿੰਸੀਪਲਜ਼ ਅਕੈਡਮੀ ਅਤੇ ਨੈਸ਼ਨਲ ਇੰਸਟੀਚਿਊਟ ਆਫ਼ ਐਜੂਕੇਸ਼ਨ ਵਿੱਚ ਵਿਸ਼ੇਸ਼ ਸਿਖਲਾਈ ਲਈ ਭੇਜੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਟਰੇਨਿੰਗ ਵਿੱਚ ਭੇਜੇ ਜਾਣ ਵਾਲੇ ਪ੍ਰਿੰਸੀਪਲਾਂ ਦੀ ਚੋਣ ਦਾ ਤਰੀਕਾ ਪੂਰੀ ਤਰ੍ਹਾਂ ਪਾਰਦਰਸ਼ੀ ਹੋਵੇਗਾ ਅਤੇ ਟਰੇਨਿੰਗ ਲੈਣ ਦੇ ਇੱਛੁਕ ਪ੍ਰਿੰਸੀਪਲ ਸਿੱਖਿਆ ਵਿਭਾਗ ਦੇ ਪੋਰਟਲ ’ਤੇ ਅੱਜ ਤੋਂ ਆਨਲਾਈਨ ਅਪਲਾਈ ਕਰ ਸਕਦੇ ਹਨ। ਇਹ ਪੋਰਟਲ 26 ਦਸੰਬਰ ਤੱਕ ਖੁੱਲ੍ਹਾ ਰਹੇਗਾ।
ਸਿੱਖਿਆ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ 24 ਦਸੰਬਰ ਨੂੰ ਹੋਣ ਵਾਲੀ ਮਾਪੇ ਅਧਿਆਪਕ ਮਿਲਣੀ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣਾ ਵੀਡੀਓ ਸੰਦੇਸ਼ ਜਾਰੀ ਕਰਕੇ ਸਮੂਹ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਜਾਗਰੂਕ ਕਰਨ ਦਾ ਉਪਰਾਲਾ ਦਰਸਾਉਂਦਾ ਹੈ ਕਿ ਪੰਜਾਬ ਸਰਕਾਰ ਸਕੂਲ ਸਿੱਖਿਆ ਦੀ ਬਿਹਤਰੀ ਲਈ ਸੰਜੀਦਾ ਹੈ। ਸ੍ਰੀ ਬੈਂਸ ਨੇ ਸਮੂਹ ਸਿੱਖਿਆ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਨੂੰ ਪ੍ਰੇਰਦਿਆਂ ਕਿਹਾ ਕਿ 24 ਦਸੰਬਰ ਨੂੰ ਹੋਣ ਵਾਲੀ ਮਾਪੇ-ਅਧਿਆਪਕ ਮਿਲਣੀ ਨਵਾਂ ਕੀਰਤੀਮਾਨ ਸਥਾਪਤ ਕਰੇਗੀ, ਜਿੱਥੇ ਪੰਜਾਬ ਸਰਕਾਰ ਦੇ ਸਕੂਲੀ ਸਿੱਖਿਆ ਨੂੰ ਬਿਹਤਰ ਬਣਾਉਣ ਲਈ ਕੀਤੇ ਜਾਣ ਵਾਲੇ ਉਪਰਾਲਿਆਂ ਦੀ ਚਰਚਾ ਹੋਵੇਗੀ। ਨਾਲ ਹੀ ਇਸ ਦਿਨ ਸਮੂਹ ਵਿਧਾਇਕਾਂ, ਡਿਪਟੀ ਕਮਿਸ਼ਨਰਾਂ, ਐਸਡੀਐਮ, ਮੁੱਖ ਦਫ਼ਤਰ ਤੋਂ ਸਿੱਖਿਆ ਅਧਿਕਾਰੀ ਅਤੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਵੀ ਸਕੂਲਾਂ ਵਿੱਚ ਵੀ ਸਰਕਾਰੀ ਸਕੂਲਾਂ ਦੀ ਮਾਪੇ-ਅਧਿਆਪਕ ਮਿਲਣੀਆਂ ਵਿੱਚ ਸ਼ਿਰਕਤ ਕਰਨ ਦੀ ਅਪੀਲ ਕੀਤੀ ਹੈ।
ਸ੍ਰੀ ਬੈਂਸ ਨੇ ਸਮੂਹ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਪ੍ਰੇਰਦਿਆਂ ਕਿਹਾ ਕਿ ਸਕੂਲਾਂ ਵਿੱਚ ਬਹੁਤ ਵਧੀਆ ਕੰਮ ਕੀਤਾ ਜਾ ਰਿਹਾ ਹੈ ਪਰ ਪਿਛਲੀਆਂ ਸਰਕਾਰਾਂ ਵੱਲੋਂ ਲੋੜੀਂਦਾ ਸਹਿਯੋਗ ਨਹੀਂ ਦਿੱਤਾ ਗਿਆ। ਸਕੂਲ ਮੁਖੀ ਅਤੇ ਅਧਿਆਪਕ ਆਪਣੀ ਯੋਜਨਾਬੰਦੀ ਮਾਪਿਆਂ ਨਾਲ ਸਾਂਝੀਆਂ ਕਰਨ। ਇਸ ਮੌਕੇ ਉਨ੍ਹਾਂ ਨਾਲ ਵਰਿੰਦਰ ਕੁਮਾਰ ਸ਼ਰਮਾ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਅਤੇ ਤੇਜਦੀਪ ਸਿੰਘ ਸੈਣੀ ਡਾਇਰੈਕਟਰ ਸਿੱਖਿਆ ਵਿਭਾਗ ਪੰਜਾਬ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਜ਼ਿਲ੍ਹਾ ਮੁਹਾਲੀ ਪੂਰਨ ਬੰਦ ਰਿਹਾ, 18 ਥਾਵਾਂ ’ਤੇ ਸੜਕਾਂ ਜਾਮ ਕਰਕੇ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ

ਜ਼ਿਲ੍ਹਾ ਮੁਹਾਲੀ ਪੂਰਨ ਬੰਦ ਰਿਹਾ, 18 ਥਾਵਾਂ ’ਤੇ ਸੜਕਾਂ ਜਾਮ ਕਰਕੇ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ ਮੁਹਾਲੀ-ਖਰੜ…