Nabaz-e-punjab.com

ਗੰਦੇ ਪਾਣੀ ਦੀ ਸਪਲਾਈ ਕਾਰਨ ਅਕਾਲ ਆਸ਼ਰਮ ਕਲੋਨੀ ਵਿੱਚ ਬਿਮਾਰੀ ਫੈਲਣ ਦਾ ਖ਼ਦਸ਼ਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਜੁਲਾਈ:
ਇੱਥੋਂ ਦੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ ਬਿਲਕੁਲ ਨੇੜਲੇ ਸੈਕਟਰ-77 ਸਥਿਤ ਅਕਾਲ ਆਸ਼ਰਮ ਕਲੋਨੀ ਸੋਹਾਣਾ ਵਿੱਚ ਪੀਣ ਵਾਲੇ ਗੰਦੇ ਪਾਣੀ ਦੀ ਸਪਲਾਈ ਕਾਰਨ ਕਲੋਨੀ ਵਿੱਚ ਬਿਮਾਰੀ ਫੈਲਣ ਦਾ ਖ਼ਦਸ਼ਾ ਹੈ। ਮੁਹਾਲੀ ਪ੍ਰਸ਼ਾਸਨ ਦੀ ਕਥਿਤ ਅਣਦੇਖੀ ਦੇ ਕਾਰਨ ਕਲੋਨੀ ਵਾਸੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਕਲੋਨੀ ਵਾਸੀਆਂ ਨੇ ਦੱਸਿਆ ਕਿ ਉਹ ਪਿਛਲੇ ਲੰਮੇ ਅਰਸੇ ਤੋਂ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਹਨ ਲੇਕਿਨ ਪਹਿਲਾਂ ਅਕਾਲੀ ਸਰਕਾਰ ਅਤੇ ਹੁਣ ਕੈਪਟਨ ਸਰਕਾਰ ਨੇ ਲੋਕਾਂ ਦੀ ਸਾਰ ਨਹੀਂ ਲਈ।
ਪੰਜਾਬ ਇਸਤਰੀ ਸਭਾ ਦੀ ਜਨਰਲ ਸਕੱਤਰ ਅਤੇ ਰੈਜ਼ੀਡੈਂਟਸ ਵੈੱਲਫੇਅਰ ਐਸੋਸੀਏਸ਼ਨ ਦੀ ਸੰਯੁਕਤ ਸਕੱਤਰ ਸ੍ਰੀਮਤੀ ਸੁਰਜੀਤ ਕੌਰ ਨੇ ਦੱਸਿਆ ਕਿ ਕਈ ਵਾਰ ਕਲੋਨੀ ਵਾਸੀ ਪਾਣੀ ਸਪਲਾਈ ਦੀ ਉਡੀਕ ਵਿੱਚ ਰਾਤ ਭਰ ਜਾਗਦੇ ਹਨ। ਜਿਸ ਦੇ ਬਾਵਜੂਦ ਪਾਣੀ ਨਸੀਬ ਨਹੀਂ ਹੁੰਦਾ ਅਤੇ ਜੇਕਰ ਪਾਣੀ ਆਉਂਦਾ ਵੀ ਹੈ ਤਾਂ ਉਹ ਬਿਲਕੁਲ ਪੀਣ ਯੋਗ ਨਹੀਂ ਹੁੰਦਾ ਹੈ। ਜਿਸ ਕਾਰਨ ਲੋਕਾਂ ਨੂੰ ਨਿੱਜੀ ਤੌਰ ’ਤੇ ਪਾਣੀ ਦੇ ਟੈਂਕਰ ਮੰਗਵਾ ਡੰਗ ਸਾਰਨਾ ਪੈਂਦਾ ਹੈ।
ਉਨ੍ਹਾਂ ਦੱਸਿਆ ਕਿ ਲੋਕਾਂ ਵੱਲੋਂ ਪਾਣੀ ਦੇ ਬਿੱਲਾਂ ਦਾ ਭੁਗਤਾਨ ਕਰਨ ਦੇ ਬਾਵਜੂਦ ਉਨ੍ਹਾਂ ਨੂੰ ਪਾਣੀ ਨਹੀਂ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਗੰਦੇ ਪਾਣੀ ਕਾਰਨ ਕਲੋਨੀ ਵਿੱਚ ਬਿਮਾਰੀ ਫੈਲਣ ਦਾ ਖ਼ਦਸ਼ਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਾਲ 1999 ਵਿੱਚ ਇਸ ਕਲੋਨੀ ਨੂੰ ਰੈਗੂਲਰ ਕਰਨ ਲਈ ਅਖ਼ਬਾਰਾਂ ਵਿੱਚ ਇਸ਼ਤਿਹਾਰ ਦਿੱਤਾ ਗਿਆ ਸੀ ਪ੍ਰੰਤੂ ਹੁਣ ਤੱਕ ਇਸ ਕਲੋਨੀ ਨੂੰ ਰੈਗੂਲਰ ਨਹੀਂ ਕੀਤਾ ਗਿਆ। ਜਿਸ ਕਾਰਨ ਗਮਾਡਾ ਵੱਲੋਂ ਪਾਣੀ ਦੀ ਸਪਲਾਈ ਨਹੀਂ ਦਿੱਤੀ ਜਾਂਦੀ ਹੈ। ਇਸ ਸਮੇਂ ਕਲੋਨੀ ਵਿੱਚ ਜਲ ਸਪਲਾਈ ਵਿਭਾਗ ਵੱਲੋਂ ਪਾਣੀ ਦੀ ਸਪਲਾਈ ਦਿੱਤੀ ਜਾਂਦੀ ਹੈ ਪ੍ਰੰਤੂ ਅੱਤ ਦੀ ਗਰਮੀ ਵਿੱਚ ਲੋਕਾਂ ਨੂੰ ਲੋੜ ਅਨੁਸਾਰ ਪਾਣੀ ਨਹੀਂ ਮਿਲ ਰਿਹਾ ਹੈ। ਇਸ ਤੋਂ ਇਲਾਵਾ ਸੜਕਾਂ ਦਾ ਬਹੁਤ ਬੂਰਾ ਹਾਲ ਹੈ ਅਤੇ ਸਫ਼ਾਈ ਨਾ ਹੋਣ ਕਾਰਨ ਚਾਰ ਚੁਫੇਰੇ ਗੰਦਗੀ ਖਿੱਲਰੀ ਰਹਿੰਦੀ ਹੈ। ਅੌਰਤਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਖ਼ੁਦ ਹੀ ਸਫ਼ਾਈ ਅਤੇ ਘਰਾਂ ਦਾ ਕੂੜਾ ਕਰਕਟ ਬਾਹਰ ਦੂਰ ਲਿਜਾ ਕੇ ਸੁੱਟਣਾ ਪੈਂਦਾ ਹੈ। ਸਟਰੀਟ ਲਾਈਟਾਂ ਵੀ ਨਹੀਂ ਜੱਗਦੀਆਂ ਹਨ ਅਤੇ ਸ਼ਾਮ ਢਲਦੇ ਹੀ ਕਲੋਨੀ ਵਿੱਚ ਹਨੇਰਾ ਪਸਰ ਜਾਂਦਾ ਹੈ। ਘਰਾਂ ਨੇੜੇ ਘਾਹ ਫੂਸ ਅਤੇ ਜੰਗਲੀ ਬੂਟੀ ਖੜੀ ਹੈ।

Load More Related Articles
Load More By Nabaz-e-Punjab
Load More In General News

Check Also

ਸਹਾਇਕ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨ ਨੇ ਡਾਇਰੈਕਟਰ ਉਚੇਰੀ ਸਿੱਖਿਆ ਦਾ ਦਫ਼ਤਰ ਘੇਰਿਆ

ਸਹਾਇਕ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨ ਨੇ ਡਾਇਰੈਕਟਰ ਉਚੇਰੀ ਸਿੱਖਿਆ ਦਾ ਦਫ਼ਤਰ ਘੇਰਿਆ ਮਹਿਲਾ ਪ੍ਰੋਫ਼ੈਸਰਾਂ ਸਮ…