Nabaz-e-punjab.com

ਹਵਾਈ ਅੱਡੇ ਦੇ ਬਾਹਰ ਤੇ ਆਸਪਾਸ ਸ਼ਹੀਦ ਭਗਤ ਸਿੰਘ ਹਵਾਈ ਅੱਡਾ ਮੁਹਾਲੀ ਦੇ ਪੋਸਟਰ ਲਗਾਏ

ਮੁਹਾਲੀ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਰੱਖਣ ਦਾ ਨੋਟੀਫ਼ਿਕੇਸ਼ਨ ਜਾਰੀ ਕਰੇ ਸਰਕਾਰ

ਨੌਜਵਾਨ ਵਰਗ ਵੱਲੋਂ ਲੜੀਵਾਰ ਸੰਘਰਸ਼ ਵਿੱਢਣ ਦੀ ਚਿਤਾਵਨੀ, ਪੈਦਾ ਹੋਏ ਹਾਲਾਤਾਂ ਲਈ ਸਰਕਾਰਾਂ ਹੋਣਗੀਆਂ ਜ਼ਿੰਮੇਵਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਸਤੰਬਰ:
ਸਮਾਜ ਸੇਵੀ ਸੰਸਥਾ ਯੂਥ ਆਫ਼ ਪੰਜਾਬ ਨੇ ਅੱਜ ਸ਼ਹੀਦ-ਏ-ਆਜ਼ਮ ਸ੍ਰ. ਭਗਤ ਸਿੰਘ ਦੇ ਜਨਮ ਦਿਹਾੜੇ ’ਤੇ ਅਜੀਬ ਤਰੀਕੇ ਨਾਲ ਸ਼ਰਧਾ ਦੇ ਫੁੱਲ ਭੇਟ ਕੀਤੇ। ਸੰਸਥਾ ਦੇ ਨੁਮਾਇੰਦਿਆਂ ਨੇ ਚੇਅਰਮੈਨ ਪਰਮਦੀਪ ਸਿੰਘ ਬੈਦਵਾਨ ਦੀ ਅਗਵਾਈ ਹੇਠ ਮੁਹਾਲੀ ਕੌਮਾਂਤਰੀ ਹਵਾਈ ਅੱਡਾ ਦੇ ਬਾਹਰ ਅਤੇ ਆਲੇ ਦੁਆਲੇ ਸ਼ਹੀਦ ਭਗਤ ਸਿੰਘ ਦੀ ਫੋਟੋ ਵਾਲੇ ਪੋਸਟਰ ਲਗਾ ਰੋਸ ਮੁਜ਼ਾਹਰਾ ਕੀਤਾ। ਇਨ੍ਹਾਂ ਪੋਸਟਰਾਂ ’ਤੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਮੁਹਾਲੀ ਲਿਖ ਕੇ ਆਪਣੇ ਪੱਧਰ ’ਤੇ ਕੌਮਾਂਤਰੀ ਹਵਾਈ ਅੱਡੇ ਦਾ ਨਾਮਕਰਨ ਕਰ ਦਿੱਤਾ। ਇਸ ਤਰ੍ਹਾਂ ਆਉਣ ਜਾਣ ਵਾਲੇ ਲੋਕਾਂ ਨੂੰ ਇਹ ਦਰਸਾਇਆ ਗਿਆ ਕਿ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਹੈ। ਉਨ੍ਹਾਂ ਮੰਗ ਕੀਤੀ ਕਿ ਮੁਹਾਲੀ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਹਵਾਈ ਅੱਡਾ ਮੁਹਾਲੀ ਦੇ ਨਾਮ ਦਾ ਨੋਟੀਫ਼ਿਕੇਸ਼ਨ ਜਾਰੀ ਕੀਤਾ ਜਾਵੇ। ਇਹੀ ਦੇਸ਼ ਤੇ ਕੌਮ ਦੇ ਸ਼ਹੀਦ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।
ਇਸ ਮੌਕੇ ਯੂਥ ਆਫ਼ ਪੰਜਾਬ ਦੇ ਚੇਅਰਮੈਨ ਪਰਮਦੀਪ ਸਿੰਘ ਬੈਦਵਾਨ ਨੇ ਕਿਹਾ ਕਿ ਉਨ੍ਹਾਂ ਦੀ ਸੰਸਥਾ ਵੱਲੋਂ ਅੱਜ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ’ਤੇ ਸ਼ਰਧਾਂਜਲੀ ਭੇਟ ਕੀਤੀ ਗਈ। ਉਨ੍ਹਾਂ ਕਿਹਾ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਸਮੇਂ ਦੀਆਂ ਸਰਕਾਰਾਂ ਤੋਂ ਮੰਗ ਕਰਦੇ ਰਹੇ ਹਨ ਕਿ ਮੁਹਾਲੀ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਮ ’ਤੇ ਰੱਖਿਆ ਜਾਵੇ, ਪ੍ਰੰਤੂ ਸਮੇਂ ਦੀਆਂ ਸਰਕਾਰਾਂ ਨੇ ਹੁਣ ਤੱਕ ਕੋਈ ਕਾਰਵਾਈ ਨਹੀਂ ਕੀਤੀ। ਜਿਸ ਕਾਰਨ ਨੌਜਵਾਨ ਵਰਗ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਕੌਮਾਂਤਰੀ ਹਵਾਈ ਅੱਡਾ ਮੁਹਾਲੀ ਨੇੜੇ ਪਿੰਡ ਝਿਊਰਹੇੜੀ ਦੀ ਜ਼ਮੀਨ ਵਿੱਚ ਬਣਾਇਆ ਗਿਆ ਹੈ ਅਤੇ ਰੈਵੀਨਿਊ ਰਿਕਾਰਡ ਵਿੱਚ ਵੀ ਹਵਾਈ ਅੱਡੇ ਵਾਲੀ ਜ਼ਮੀਨ ਦਾ ਨਾਂ ਮੁਹਾਲੀ ਬੋਲਦਾ ਹੈ। ਇਸ ਲਈ ਯੂਟੀ ਜਾਂ ਹਰਿਆਣਾ ਅਤੇ ਕੇਂਦਰ ਸਰਕਾਰ ਨੂੰ ਇਸ ਕਾਰਜ ਦੇ ਰਾਹ ਵਿੱਚ ਦਿੱਕਤਾਂ ਖੜੀਆਂ ਨਹੀਂ ਕਰਨੀਆਂ ਚਾਹੀਦੀਆਂ ਹਨ।
ਸ੍ਰੀ ਬੈਦਵਾਨ ਨੇ ਕਿਹਾ ਕਿ ਯੂਥ ਆਫ਼ ਪੰਜਾਬ ਵੱਲੋਂ ਪਹਿਲਾਂ ਵੀ ਇਸ ਸਬੰਧੀ ਧਰਨੇ ਵੀ ਦਿੱਤੇ ਜਾ ਚੁੱਕੇ ਹਨ। ਉਨ੍ਹਾਂ ਸਰਕਾਰਾਂ ਨੂੰ ਦਿੱਤੇ ਅਲਟੀਮੇਟਮ ਦੀ ਮਿਆਦ ਪੁੱਗ ਚੁੱਕੀ ਹੈ ਲੇਕਿਨ ਸਰਕਾਰਾਂ ਵੱਲੋਂ ਕੋਈ ਵੀ ਤਸੱਲੀਬਖ਼ਸ਼ ਜਵਾਬ ਨਹੀਂ ਆਇਆ। ਇਸ ਕਾਰਨ ਅੱਜ ਯੂਥ ਆਫ਼ ਪੰਜਾਬ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦਿਆਂ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਐਲਾਨ ਦਿੱਤਾ ਹੈ। ਉਨ੍ਹਾਂ ਮੰਗ ਕੀਤੀ ਮੁਹਾਲੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ’ਤੇ ਰੱਖਣ ਸਬੰਧੀ ਤੁਰੰਤ ਨੋਟੀਫ਼ਿਕੇਸ਼ਨ ਜਾਰੀ ਕੀਤਾ ਜਾਵੇ ਨਹੀਂ ਤਾਂ ਨੌਜਵਾਨ ਵਰਗ ਵੱਲੋਂ ਲੜੀਵਾਰ ਸੰਘਰਸ਼ ਵਿੱਢਿਆ ਜਾਵੇਗਾ ਅਤੇ ਇਸ ਦੌਰਾਨ ਪੈਦਾ ਹੋਣ ਵਾਲੇ ਹਾਲਾਤਾਂ ਲਈ ਸਰਕਾਰਾਂ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੋਣਗੀਆਂ। ਇਸ ਮੌਕੇ ਸੋਸ਼ਲ ਮੀਡੀਆ ਤੇ ਕਾਨੂੰਨੀ ਸੈੱਲ ਦੀ ਇੰਚਾਰਜ ਸਿਮਰਨਜੀਤ ਕੌਰ ਗਿੱਲ, ਵਿੱਕੀ ਮਨੌਲੀ, ਜ਼ਿਲ੍ਹਾ ਪ੍ਰਧਾਨ ਗੁਰਜੀਤ ਮਾਮਾ ਅਤੇ ਹੋਰ ਅਹੁਦੇਦਾਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…