
ਪੰਜਾਬ ਸਰਕਾਰ ਵੱਲੋਂ ਆਈਏਐਸ/ਪੀਸੀਐਸ ਅਧਿਕਾਰੀਆਂ ਦੀ ਵਿਭਾਗੀ ਪ੍ਰੀਖਿਆ ਮੁਲਤਵੀ
ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 23 ਅਪ੍ਰੈਲ:
ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾਂ ਦੇ ਆਈਏਐਸ/ਪੀਸੀਐਸ ਅਧਿਕਾਰੀਆਂ ਅਤੇ ਹੋਰ ਅਧਿਕਾਰੀਆਂ ਦੀ ਵਿਭਾਗੀ ਪ੍ਰੀਖਿਆ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੋਵਿਡ -19 ਮਹਾਂਮਾਰੀ ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਸਾਰੇ ਅਧਿਕਾਰੀ ਕੋਵਿਡ ਸਬੰਧੀ ਡਿਊਟੀਆਂ ‘ਤੇ ਤਾਇਨਾਤ ਹਨ। ਇਸ ਲਈ ਸੂਬਾ ਸਰਕਾਰ ਨੇ 26 ਤੋਂ 30 ਅਪ੍ਰੈਲ 2021 ਤੱਕ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟ੍ਰੇਸ਼ਨ ਪੰਜਾਬ, ਸੈਕਟਰ -26 ਚੰਡੀਗੜ੍ਹ ਵਿਖੇ ਹੋਣ ਵਾਲੀ ਆਈ.ਏ.ਐਸ/ਪੀ.ਸੀ.ਐਸ ਅਧਿਕਾਰੀਆਂ ਅਤੇ ਹੋਰ ਅਧਿਕਾਰੀਆਂ ਦੀ ਵਿਭਾਗੀ ਪ੍ਰੀਖਿਆ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ। ਉਹਨਾਂ ਅੱਗੇ ਕਿਹਾ ਕਿ ਪ੍ਰੀਖਿਆ ਦੀ ਅਗਲੀ ਤਾਰੀਖ਼ ਬਾਰੇ ਉਮੀਦਵਾਰਾਂ ਨੂੰ ਪ੍ਰੀਖਿਆ ਤੋਂ ਘੱਟੋ-ਘੱਟ ਸੱਤ ਦਿਨ ਪਹਿਲਾਂ ਸੂਚਿਤ ਕਰ ਦਿੱਤਾ ਜਾਵੇਗਾ। ਪ੍ਰੀਖਿਆ ਦੇ ਮੁਲਤਵੀ ਹੋਣ ਸੰਬੰਧੀ ਸਾਰੇ ਸਬੰਧਤ ਵਿਭਾਗਾਂ ਦੇ ਮੁਖੀਆਂ ਨੂੰ ਲਿਖਤੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।