ਬਿਜਲੀ ਬੋਰਡ ਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਪਾਵਰਕੌਮ ਮੈਨੇਜਮੈਂਟ ਖ਼ਿਲਾਫ਼ ਧਰਨਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਸਤੰਬਰ:
ਪੰਜਾਬ ਰਾਜ ਪਾਵਰਕੌਮ ਕਾਰਪੋਰੇਸ਼ਨ ਟੈਕਨੀਕਲ ਸਰਵਿਸਿਜ ਯੂਨੀਅਨ ਪੰਜਾਬ ਦੇ ਸੱਦੇ ’ਤੇ ਬੁੱਧਵਾਰ ਨੂੰ ਮੁਹਾਲੀ ਡਿਵੀਜ਼ਨ ਦੇ ਮੁਲਾਜ਼ਮਾਂ ਨੇ ਪਾਵਰਕੌਮ ਮੈਨੇਜਮੈਂਟ ਖ਼ਿਲਾਫ਼ ਧਰਨਾ ਦਿੱਤਾ ਅਤੇ ਪਾਵਰਕੌਮ ਅਧਿਕਾਰੀਆਂ ’ਤੇ ਮੁਲਾਜ਼ਮਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਅਣਗੌਲਿਆਂ ਕਰਨ ਦਾ ਦੋਸ ਲਗਾਉਂਦਿਆਂ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਡਿਵੀਜ਼ਨ ਪ੍ਰਧਾਨ ਜਨਕ ਰਾਜ ਨੇ ਕਿਹਾ ਕਿ ਪਿਛਲੇ ਕਾਫੀ ਲੰਮੇ ਸਮੇਂ ਤੋਂ ਪਾਵਰਕੌਮ ਮੁਲਾਜ਼ਮਾਂ ਦੀਆਂ ਮੰਗਾਂ ਬਾਰੇ ਮੈਨੇਜਮੈਂਟ ਨੂੰ ਮੰਗ ਪੱਤਰ ਦਿੱਤੇ ਜਾ ਚੁੱਕੇ ਹਨ ਪਰ ਮੈਨੇਜਮੈਂਟ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਹੱਲ ਕਰਨ ਵੱਲ ਧਿਆਨ ਨਹੀਂ ਦੇ ਰਹੀ ਹੈ। ਜਿਸ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਸਰਕਲ ਪ੍ਰਧਾਨ ਲੱਖਾ ਸਿੰਘ ਅਤੇ ਸਕੱਤਰ ਗੁਰਬਖ਼ਸ਼ ਸਿੰਘ ਨੇ ਕਿਹਾ ਕਿ ਪਾਵਰਕੌਮ ਮੈਨੇਜਮੈਂਟ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ’ਤੇ ਕਾਫੀ ਸਮੇਂ ਤੋਂ ਵਿਚਾਰ ਨਾ ਕਰਨ ਅਤੇ ਅੜੀਅਲ ਰਵੱਈਏ ਕਾਰਨ ਅੱਜ ਮੁਕੰਮਲ ਹੜਤਾਲ ਕੀਤੀ ਜਾਣੀ ਸੀ ਪਰ ਐਨ ਮੌਕੇ ਮੈਨੇਜਮੈਂਟ ਪੱਖੀ ਜਥੇਬੰਦੀਆਂ ਦੀ ਬੇਈਮਾਨੀ ਕਾਰਨ ਮੁਲਾਜ਼ਮ ਹਿੱਤਾਂ ਨੂੰ ਪਾਸੇ ਰੱਖ ਕੇ ਹੜਤਾਲ ਵਾਪਸ ਲਈ ਗਈ। ਜਿਸ ਕਾਰਨ ਬਿਜਲੀ ਮੁਲਾਜ਼ਮਾਂ ਵਿੱਚ ਬਹੁਤ ਰੋਸ ਹੈ। ਟੀਐਸਯੂ ਵੱਲੋਂ ਉਲੀਕੇ ਸੰਘਰਸ਼ ਲਗਾਤਾਰ ਜਾਰੀ ਰਹਿਣਗੇ। ਉਨ੍ਹਾਂ ਕਿਹਾ 18 ਸਤੰਬਰ ਨੂੰ ਮੁਲਾਜ਼ਮ ਆਪਣੀਆਂ ਮੰਗਾਂ ਮਨਵਾਉਣ ਲਈ ਮੁੱਖ ਦਫ਼ਤਰ ਪਟਿਆਲਾ ਵਿੱਚ ਆਪਣੇ ਪਰਿਵਾਰਾਂ ਸਮੇਤ ਧਰਨਾ ਦੇਣਗੇ ਅਤੇ ਘਿਰਾਓ ਕੀਤਾ ਜਾਵੇਗਾ।
ਮੁਲਾਜ਼ਮ ਮੰਗਾਂ ਦਾ ਜ਼ਿਕਰ ਕਰਦਿਆਂ ਪ੍ਰਧਾਨ ਲੱਖਾ ਸਿੰਘ ਨੇ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਸੰਘਰਸ਼ ਕਰਨ ਦੇ ਅਧਿਕਾਰ ਖ਼ਤਮ ਕੀਤੇ ਜਾ ਰਹੇ ਹਨ। ਡੀਏ ਦੀਆਂ ਕਿਸ਼ਤਾਂ ਦਾ ਬਕਾਇਆ ਨਹੀਂ ਦਿੱਤਾ ਜਾ ਰਿਹਾ। ਪੰਜਾਬ ਦੇ ਮੁਲਾਜ਼ਮਾਂ ਨੂੰ ਮਿਲ ਚੁੱਕਾ ਪੇ ਬੈਂਡ ਬਿਜਲੀ ਕਾਮਿਆਂ ਨੂੰ ਨਹੀਂ ਦਿੱਤਾ ਜਾ ਰਿਹਾ। ਠੇਕਾ ਪ੍ਰਣਾਲੀ ਤਹਿਤ ਕੰਮ ਕਰਦੇ ਲਾਈਨਮੈਨਾਂ ਨੂੰ ਪੱਕਾ ਨਹੀਂ ਕੀਤਾ ਜਾ ਰਿਹਾ। ਬੋਰਡ ਵਿੱਚ ਖਾਲੀ ਪਈਆਂ ਹਜ਼ਾਰਾਂ ਅਸਾਮੀਆਂ ਦੀ ਪੱਕੀ ਭਰਤੀ ਨਹੀਂ ਕੀਤੀ ਜਾ ਰਹੀ। ਮੁਲਾਜ਼ਮਾਂ ਦੀਆਂ ਤਨਖ਼ਾਹਾਂ ਰੋਕੀਆਂ ਜਾ ਰਹੀਆਂ ਹਨ। ਮੁਲਾਜ਼ਮਾਂ ਦੀ ਤਨਖ਼ਾਹ ’ਚੋਂ 2400 ਰੁਪਏ ਸਾਲਾਨਾ ਵਿਕਾਸ ਟੈਕਸ ਦੇ ਨਾਂ ’ਤੇ ਕੱਟੇ ਜਾ ਰਹੇ ਹਨ ਅਤੇ ਹੁਣ ਹੜ੍ਹ ਪੀੜਤਾਂ ਲਈ ਇਕ ਦਿਨ ਦੀ ਤਨਖ਼ਾਹ ਕੱਟਣ ਦਾ ਫੁਰਮਾਨ (ਧੱਕਾ ਟੈਕਸ) ਬਿਨਾਂ ਕਿਸੇ ਦੀ ਸਹਿਮਤੀ ਤੋਂ ਕੱਟਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਜਥੇਬੰਦੀ ਦੀ ਸਹਿਮਤੀ ਤੋਂ ਬਿਨਾਂ ਹੜ੍ਹ ਪੀੜਤ ਸਹਾਇਤਾ ਲਈ ਪੈਸੇ ਕੱਟਣ ਦੀ ਕੋਸ਼ਿਸ਼ ਕੀਤੀ ਗਈ ਤਾਂ ਮੁਲਾਜ਼ਮ ਜਥੇਬੰਦੀ ਇਸ ਦਾ ਡਟ ਕੇ ਵਿਰੋਧ ਕਰੇਗੀ। ਧਰਨੇ ਨੂੰ ਟੀਐਸਯੂ ਦੇ ਆਗੂ ਸਾਥੀ ਗੁਰਬਖ਼ਸ਼ ਸਿੰਘ, ਜਤਿੰਦਰ ਸਿੰਘ, ਸਤਵੰਤ ਸਿੰਘ, ਜਗਦੀਪ ਸਿੰਘ, ਪਰਮਜੀਤ ਸਿੰਘ, ਰੂਪ ਸਿੰਘ, ਰਾਧੇ ਸ਼ਾਮ, ਮਹਾਂਵੀਰ ਸਿੰਘ, ਅਮਰੀਕ ਸਿੰਘ ਨੇ ਵੀ ਸੰਬੋਧਨ ਕੀਤਾ। ਇਨ੍ਹਾਂ ਤੋ ਇਲਾਵਾ ਪੈਨਸ਼ਨਰ ਐਸੋਸੀਏਸ਼ਨ ਦੇ ਆਗੂ ਸਾਥੀ ਵਿਜੇ ਕੁਮਾਰ ਅਤੇ ਕਪਿਲ ਸ਼ਰਮਾ ਨੇ ਟੀਐਸਯੂ ਸੰਘਰਸ਼ ਦੀ ਪੂਰਨ ਹਮਾਇਤ ਦਿੱਤੀ ਅਤੇ 18 ਸਤੰਬਰ ਦੇ ਪਟਿਆਲਾ ਧਰਨੇ ਵਿੱਚ ਸ਼ਮੂਲੀਅਤ ਲਈ ਭਰੋਸਾ ਦਿੱਤਾ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…