
ਬਿਜਲੀ ਸੰਕਟ: ਮੁਹਾਲੀ ਜ਼ਿਲ੍ਹੇ ਵਿੱਚ ਅਣਐਲਾਨੇ ਲੰਮੇ ਪਾਵਰ ਕੱਟਾਂ ਨੇ ਕੱਢੇ ਲੋਕਾਂ ਦੇ ਵੱਟ
ਸੋਕੇ ਵਰਗੇ ਹਾਲਾਤ ਬਣੇ, ਖੇਤਾਂ ਵਿੱਚ ਖੜੀਆਂ ਫ਼ਸਲਾਂ, ਝੋਨੇ ਦੀ ਪਨੀਰੀ ਤੇ ਹਰਾ ਚਾਰਾ ਸੁੱਕਣ ਲੱਗਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਅਪਰੈਲ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਬਿਜਲੀ ਦੇ ਅਣਐਲਾਨੇ ਲੰਮੇ ਕੱਟਾਂ ਨੇ ਲੋਕਾਂ ਦੇ ਵੱਟ ਕੱਢ ਕੇ ਰੱਖ ਦਿੱਤੇ ਹਨ। ਅੱਤ ਦੀ ਗਰਮੀ ਵਿੱਚ ਲੋਕਾਂ ਦਾ ਜਿਊਣਾ ਦੁੱਭਰ ਹੋ ਗਿਆ ਹੈ। ਉਂਜ ਵੀ ਐਤਕੀਂ ਅਗੇਤੀ ਗਰਮੀ ਪੈਣ ਕਰਕੇ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਹੀ ਬਿਜਲੀ ਸੰਕਟ ਦਿਨ ਪ੍ਰਤੀ ਦਿਨ ਡੂੰਘਾ ਹੁੰਦਾ ਜਾ ਰਿਹਾ ਹੈ ਅਤੇ ਕੋਇਲੇ ਦੀ ਘਾਟ ਕਾਰਨ ਆਉਣ ਵਾਲੇ ਦਿਨਾਂ ਹਾਲਾਤ ਹੋਰ ਵੀ ਬਦਤਰ ਹੋਣ ਦਾ ਖ਼ਦਸ਼ਾ ਹੈ। ਕਈ ਥਰਮਲ ਪਲਾਂਟ ਵੀ ਜਵਾਬ ਦੇ ਗਏ ਹਨ।
ਪੈਰੀਫੇਰੀ ਮਿਲਕਮੈਨ ਯੂਨੀਅਨ ਮੁਹਾਲੀ-ਚੰਡੀਗੜ੍ਹ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ, ਕਿਸਾਨ ਆਗੂ ਕਿਰਪਾਲ ਸਿੰਘ ਸਿਆਊ, ਲਖਵਿੰਦਰ ਸਿੰਘ ਕਰਾਲਾ, ਡੇਅਰੀ ਫਾਰਮਰ ਗਿਆਨ ਸਿੰਘ ਧੜਾਕ ਨੇ ਕਿਹਾ ਕਿ ਗਰਮੀ ਦਾ ਮੌਸਮ ਸ਼ੁਰੂ ਹੋਣ ਦੇ ਨਾਲ-ਨਾਲ ਇਲਾਕੇ ਵਿੱਚ ਬਿਜਲੀ ਦੇ ਲੰਮੇ ਲੰਮੇ ਅਣਐਲਾਨੇ ਕੱਟ ਲੱਗਣੇ ਸ਼ੁਰੂ ਹੋ ਗਏ। ਬਿਜਲੀ ਕਦੋਂ ਗੁੱਲ ਹੋ ਜਾਵੇਗੀ, ਕਿਸੇ ਨੂੰ ਕੋਈ ਪਤਾ ਨਹੀਂ। ਖਪਤਕਾਰਾਂ ਦੀਆਂ ਸਮੱਸਿਆਵਾਂ ਸੁਣਨ ਲਈ ਪਾਵਰਕੌਮ ਦੇ ਸ਼ਿਕਾਇਤ ਘਰਾਂ ਵਿੱਚ ਕੋਈ ਨੰਬਰ ਨਹੀਂ ਮਿਲਦਾ, ਜੇਕਰ ਘੰਟੀ ਵੱਜਦੀ ਵੀ ਹੈ ਤਾਂ ਕੋਈ ਕਰਮਚਾਰੀ ਫੋਨ ਚੁੱਕਦਾ ਨਹੀਂ ਹੈ।
ਆਗੂਆਂ ਨੇ ਕਿਹਾ ਕਿ ਬਿਜਲੀ ਕੱਟਾਂ ਕਾਰਨ ਗਰਮੀ ਵਿੱਚ ਲੋਕਾਂ ਦਾ ਹਾਲ ਬੇਹਾਲ ਹੈ। ਇਨਵਰਟਰ ਵੀ ਜਵਾਬ ਦੇ ਗਏ ਹਨ। ਹਾਲਾਂਕਿ ਆਈਟੀ ਸਿਟੀ ਸਮੇਤ ਪੇਂਡੂ ਖੇਤਰ ਦੇ ਲੋਕਾਂ ਨੂੰ ਪਿਛਲੇ ਕਾਫ਼ੀ ਸਮੇਂ ਤੋਂ ਲੋੜ ਅਨੁਸਾਰ ਬਿਜਲੀ ਸਪਲਾਈ ਨਹੀਂ ਮਿਲ ਰਹੀ ਹੈ ਪ੍ਰੰਤੂ ਹਫ਼ਤੇ ਭਰ ਤੋਂ ਜ਼ਿਆਦਾ ਬੂਰਾ ਹਾਲ ਹੈ। ਉਨ੍ਹਾਂ ਦੱਸਿਆ ਕਿ ਖੇਤਾਂ ਵਿੱਚ ਖੜੀਆਂ ਫ਼ਸਲਾਂ, ਸਬਜ਼ੀਆਂ ਅਤੇ ਹਰਾ ਚਾਰਾ ਵੀ ਸੁੱਕਣ ਲੱਗ ਪਿਆ ਹੈ ਅਤੇ ਝੋਨੇ ਦੀ ਪਨੀਰੀ ਵੀ ਨੁਕਸਾਨੀ ਜਾ ਰਹੀ ਹੈ। ਇਸ ਖੇਤਰ ਵਿੱਚ ਨਹਿਰੀ ਪਾਣੀ ਦੀ ਸੁਵਿਧਾ ਨਾ ਹੋਣ ਕਾਰਨ ਪਾਣੀ ਦਾ ਪੱਧਰ ਲਗਾਤਾਰ ਡੂੱਘਾ ਹੁੰਦਾ ਜਾ ਰਿਹਾ ਹੈ ਅਤੇ ਸੋਕੇ ਵਰਗੇ ਹਾਲਾਤ ਬਣਦੇ ਜਾ ਰਹੇ ਹਨ।
ਬਲਜਿੰਦਰ ਸਿੰਘ ਭਾਗੋਮਾਜਰਾ ਅਤੇ ਗਿਆਨ ਸਿੰਘ ਧੜਾਕ ਨੇ ਕਿਹਾ ਕਿ ਹਰਾ ਹਾਰਾ ਸੁੱਕਣ ਪਸ਼ੂ ਪਾਲਕ ਕਾਫ਼ੀ ਅੌਖੇ ਹਨ ਅਤੇ ਪਸ਼ੂਆਂ ਦਾ ਦੁੱਧ ਵੀ ਘੱਟ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਅੱਤ ਦੀ ਗਰਮੀ ਅਤੇ ਝੋਨੇ ਦੇ ਸੀਜ਼ਨ ਨੂੰ ਦੇਖਦੇ ਹੋਏ ਘੱਟੋ-ਘੱਟ 10 ਤੋਂ 12 ਘੰਟੇ ਪਾਵਰ ਬਿਜਲੀ ਸਪਲਾਈ ਮੁਹੱਈਆ ਕਰਵਾਇਆ ਜਾਵੇ ਅਤੇ ਦੁੱਧ ਦਾ ਸਹਾਇਕ ਧੰਦਾ ਕਰਨ ਵਾਲੇ ਡੇਅਰੀ ਫਾਰਮਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ।