ਘਰ ਘਰ ਰੁਜ਼ਗਾਰ ਦੇ ਦਾਅਵੇ ਖੋਖਲੇ: ਪਾਵਰਕੌਮ ਨੇ ਨੌਕਰੀ ਲਈ ਚੁਣੇ ਉਮੀਦਵਾਰਾਂ ਦੀ ਭਰਤੀ ਕੀਤੀ ਰੱਦ

ਪੀੜਤ ਉਮੀਦਵਾਰਾਂ ਨੇ ਬਿਜਲੀ ਮੰਤਰੀ ਰਾਣਾ ਗੁਰਜੀਤ ਸਿੰਘ ਨੂੰ ਪੱਤਰ ਲਿਖ ਕੇ ਲਗਾਈ ਇਨਸਾਫ਼ ਦੀ ਗੁਹਾਰ

ਅਮਨਦੀਪ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਨਵੰਬਰ:
ਕੈਪਟਨ ਸਰਕਾਰ ਦੇ ਘਰ ਘਰ ਰੁਜ਼ਗਾਰ ਦੇਣ ਦੇ ਦਾਅਵੇ ਖੋਖਲੇ ਸਾਬਤ ਹੋ ਰਹੇ ਹਨ। ਪੰਜਾਬ ਰਾਜ ਪਾਵਰਕੌਮ ਨੇ ਸੂਬਾ ਸਰਕਾਰ ਦੀ ਰੁਜ਼ਗਾਰ ਯੋਜਨਾ ਨੂੰ ਪੁੱਠਾ ਗੇੜਾ ਦਿੰਦਿਆਂ ਨੌਕਰੀਆਂ ’ਤੇ ਕੱਟ ਲਗਾਉਣਾ ਸ਼ੁਰੂ ਕਰ ਦਿੱਤਾ ਹੈ। ਹਾਲਾਂਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਨੌਕਰੀਆਂ ਸਬੰਧੀ ਭਰਤੀ ਕਰਨ ਲਈ ਅਖ਼ਬਾਰਾਂ ਵਿੱਚ ਇਸ਼ਤਿਹਾਰ ਦੇਣ ਤੋਂ ਬਾਅਦ ਵਿੱਦਿਅਕ ਯੋਗਤਾ ਮੁਤਾਬਕ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਚੁਣਿਆ ਗਿਆ ਸੀ ਅਤੇ ਇਸ ਸਬੰਧੀ ਸਾਰੀ ਮੁੱਢਲੀ ਪ੍ਰਕਿਰਿਆ ਪੁਰੀ ਹੋਣ ਤੋਂ ਬਾਅਦ ਹੁਣ ਸਬੰਧਤ ਉਮੀਦਵਾਰਾਂ ਨੂੰ ਪੱਤਰ ਜਾਰੀ ਕਰਕੇ ਉਨ੍ਹਾਂ ਦੀ ਭਰਤੀ ਰੱਦ ਕਰਨ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਹਾਲਾਂਕਿ ਪਹਿਲਾਂ ਤਾਂ ਜਿਵੇਂ ਹੀ ਸਰਕਾਰੀ ਪੱਤਰ ਘਰ ਪੁੱਜਾ ਤਾਂ ਉਮੀਦਵਾਰਾਂ ਨੂੰ ਚਾਅ ਚੜ੍ਹ ਗਿਆ ਲੇਕਿਨ ਜਦੋਂ ਲਿਫ਼ਾਫ਼ਾ ਖੋਲ੍ਹ ਕੇ ਦੇਖਿਆ ਤਾਂ ਉਨ੍ਹਾਂ ਦੇ ਪੈਰਾਂ ਥੱਲਿਓਂ ਜ਼ਮੀਨ ਖਿਸਕ ਗਈ। ਪੱਤਰ ਵਿੱਚ ਸਬੰਧਤ ਨੌਜਵਾਨ ਦੀ ਭਰਤੀ ਪ੍ਰਕਿਰਿਆ ਰੱਦ ਕਰਨ ਸਬੰਧੀ ਜਾਣਕਾਰੀ ਲਿਖੀ ਹੋਈ ਸੀ।
ਜਾਣਕਾਰੀ ਅਨੁਸਾਰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਅਖ਼ਬਾਰਾਂ ਵਿੱਚ ਦਿੱਤੇ ਪਬਲਿਕ ਨੋਟਿਸ ਵਿੱਚ ਕਿਹਾ ਗਿਆ ਹੈ ਕਿ ਵਿਗਿਆਪਨ ਨੰਬਰ ਸੀਆਰਏ 286/15 ਅਧੀਨ ਟੈਕਨੀਸ਼ੀਅਨ ਗਰੇਡ-1 ਮੈਕਨੀਕਲ ਦੀਆਂ 35 ਨੰਬਰ ਅਤੇ ਟੈਕਨੀਸ਼ੀਅਨ ਗਰੇਡ-1/ਇੰਸਟੂਮੈਨਟੇਸ਼ਨ ਦੀਆਂ 15 ਨੰਬਰ ਅਸਾਮੀਆਂ ਵਿਰੁੱਧ ਕੁਆਲੀਫਾਈ ਉਮੀਦਵਾਰਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਇਨ੍ਹਾਂ ਅਸਾਮੀਆਂ ਸਬੰਧੀ ਭਰਤੀ ਨਾ ਕਰਨ ਦਾ ਫੈਸਲਾ ਲਿਆ ਗਿਆ ਹੈ। ਇਹੀ ਨਹੀਂ ਸਬੰਧਤ ਉਮੀਦਵਾਰਾਂ ਨੂੰ ਘਰੋਂ ਘਰੀ ਚਿੱਠੀਆਂ ਵੀ ਭੇਜੀਆਂ ਗਈਆਂ ਹਨ।
ਇਸ ਸਬੰਧੀ ਯੋਗ ਉਮੀਦਵਾਰ ਅਮਰਜੀਤ ਸਿੰਘ, ਵਿਕਰਮ ਕੁਮਾਰ, ਵਿਕਾਸ ਕੁਮਾਰ, ਰਾਕੇਸ਼ ਕੁਮਾਰ, ਬਲਵਿੰਦਰ ਸਿੰਘ, ਮਿਥਲੇਸ਼ ਸ਼ਰਮਾ, ਪ੍ਰਭਜੋਤ ਸਿੰਘ, ਵਿਕਰਮਪ੍ਰੀਤ ਸਿੰਘ, ਸਚਿਨ ਕੁਮਾਰ ਅਤੇ ਚਮਕੌਰ ਸਿੰਘ ਨੇ ਦੱਸਿਆ ਕਿ ਉਕਤ ਕਾਰਵਾਈ ਸਬੰਧੀ ਉਹ ਕਈ ਵਾਰ ਅਧਿਕਾਰੀਆਂ ਨੂੰ ਜਾ ਕੇ ਮਿਲੇ ਹਨ ਲੇਕਿਨ ਕੋਈ ਵੀ ਅਧਿਕਾਰੀ ਜਾਂ ਸਿਆਸੀ ਆਗੂ ਉਨ੍ਹਾਂ ਨੂੰ ਪੱਲਾ ਨਹੀਂ ਫੜਾ ਰਿਹਾ ਹੈ। ਅਧਿਕਾਰੀ ਇਹ ਕਹਿ ਕੇ ਬਹਾਨੇਬਾਜ਼ੀ ਕਰ ਰਹੇ ਹਨ ਕਿ ਕੁੱਝ ਥਰਮਲ ਪਲਾਟਾਂ ਦੇ ਯੂਨਿਟ ਬੰਦ ਹੋ ਰਹੇ ਹਨ। ਜਿਸ ਦੇ ਕਾਰਨ ਅਸਾਮੀਆਂ ਨਹੀਂ ਬਣਦੀਆਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਿਧਾਨ ਸਭਾ ਚੋਣਾਂ ਵਿੱਚ ਘਰ ਘਰ ਰੁਜ਼ਗਾਰ ਦੇਣ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਹੈ ਲੇਕਿਨ ਹੁਣ ਕੈਪਟਨ ਸਰਕਾਰ ਆਪਣੇ ਵਾਅਦੇ ਤੋਂ ਭੱਜਦੀ ਨਜ਼ਰ ਆ ਰਹੀ ਹੈ। ਉਨ੍ਹਾਂ ਪੰਜਾਬ ਦੇ ਬਿਜਲੀ ਮੰਤਰੀ ਰਾਣਾ ਗੁਰਜੀਤ ਸਿੰਘ ਨੂੰ ਮੰਗ ਪੱਤਰ ਭੇਜ ਕੇ ਇਨਸਾਫ਼ ਦੀ ਗੁਹਾਰ ਲਾਉਂਦੇ ਹੋਏ ਅਸਾਮੀਆਂ ਭਰਨ ਦੀ ਮੰਗ ਕੀਤੀ ਹੈ।
(ਬਾਕਸ ਆਈਟਮ)
ਉਧਰ, ਇਸ ਸਬੰਧੀ ਬਿਜਲੀ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਸਾਫ਼ ਕਿਹਾ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਨਹੀਂ ਹੈ ਅਤੇ ਨਾ ਹੀ ਪੀੜਤ ਉਮੀਦਵਾਰਾਂ ਦਾ ਉਨ੍ਹਾਂ ਨੂੰ ਮੰਗ ਪੱਤਰ ਹੀ ਹਾਸਲ ਹੋਇਆ ਹੈ। ਉਂਜ ਮੰਤਰੀ ਨੇ ਕਿਹਾ ਕਿ ਹੁਣ ਉਹ ਇਸ ਮਾਮਲੇ ਸਬੰਧੀ ਸੀਨੀਅਰ ਅਧਿਕਾਰੀ ਨਾਲ ਗੱਲ ਕਰਨਗੇ ਅਤੇ ਪਹਿਲਾਂ ਭਰਤੀ ਪ੍ਰਕਿਰਿਆ ਦੌਰਾਨ ਕੁਆਲੀਫਾਈ ਹੋਏ ਉਮੀਦਵਾਰਾਂ ਦਾ ਮਾਮਲਾ ਹਮਦਰਦੀ ਨਾਲ ਵਿਚਾਰਿਆ ਜਾਵੇਗਾ। ਉਨ੍ਹਾਂ ਨੇ ਪੀੜਤ ਉਮੀਦਵਾਰਾਂ ਦੀਆਂ ਸੇਵਾਵਾਂ ਹੋਰ ਕਿਧਰੇ ਲੈਣ ਦਾ ਭਰੋਸਾ ਵੀ ਦਿੱਤਾ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…