
ਪਾਵਰਕੌਮ ਠੇਕਾ ਮੁਲਾਜ਼ਮਾਂ ਦੀ ਕਿਰਤ ਮੰਤਰੀ ਨਾਲ ਬੇਸਿੱਟਾ ਰਹੀ ਮੀਟਿੰਗ, ਸੰਘਰਸ਼ ਦਾ ਐਲਾਨ
ਕਿਰਤ ਮੰਤਰੀ ਤੇ ਪਾਵਰਕੌਮ ਮੈਨੇਜਮੈਂਟ ਦੇ ਖ਼ਿਲਾਫ਼ 5 ਤੋਂ 10 ਅਗਸਤ ਤੱਕ ਭੁੱਖ ਹੜਤਾਲ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਜੁਲਾਈ:
ਪਾਵਰਕੌਮ ਐਂਡ ਟ੍ਰਾਸਕੋ ਠੇਕਾ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਬਲਿਹਾਰ ਸਿੰਘ ਸਮੇਤ ਹੋਰ ਮੋਹਰੀ ਆਗੂਆਂ ਦੀ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨਾਲ ਹੋਈ ਮੀਟਿੰਗ ਵੀ ਬੇਸਿੱਟਾ ਰਹੀ। ਇਸ ਤੋਂ ਪਹਿਲਾਂ ਪਾਵਰਕੌਮ ਦੇ ਪ੍ਰਬੰਧਕੀ ਡਾਇਰੈਕਟਰ ਆਰਪੀ ਪਾਂਡਵ ਨਾਲ ਹੋਈ ਮੀਟਿੰਗ ਵਿੱਚ ਵੀ ਠੇਕਾ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦਾ ਕੋਈ ਹੱਲ ਨਹੀਂ ਨਿਕਲਿਆ ਸੀ। ਜਿਸ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਠੇਕਾ ਮੁਲਾਜ਼ਮਾਂ ਨੇ ਮੁੜ ਤੋਂ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ਹੈ। ਸੂਬਾ ਪ੍ਰਧਾਨ ਬਲਿਹਾਰ ਸਿੰਘ ਨੇ ਦੱਸਿਆ ਕਿ ਠੇਕਾ ਕਾਮਿਆਂ ਵੱਲੋਂ 5 ਤੋਂ 10 ਅਗਸਤ ਤੱਕ ਭੁੱਖ ਹੜਤਾਲ ਕੀਤੀ ਜਾਵੇਗੀ ਅਤੇ 18 ਅਗਸਤ ਨੂੰ ਮੁਹਾਲੀ ਵਿੱਚ ਪਰਿਵਾਰਾਂ ਸਮੇਤ ਕਿਰਤ ਕਮਿਸ਼ਨਰ ਦੇ ਦਫ਼ਤਰ ਦੇ ਬਾਹਰ ਸੂਬਾ ਪੱਧਰੀ ਰੋਸ ਮੁਜ਼ਾਹਰਾ ਕੀਤਾ ਜਾਵੇਗਾ।
ਜਰਨਲ ਸਕੱਤਰ ਵਰਿੰਦਰ ਸਿੰਘ, ਮੀਤ ਪ੍ਰਧਾਨ ਰਾਜੇਸ਼ ਕੁਮਾਰ, ਸਰਕਲ ਪ੍ਰਧਾਨ ਚੌਧਰ ਸਿੰਘ, ਹਰਮੀਤ ਸਿੰਘ, ਚਮਕੌਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਪਾਵਰਕੌਮ ਦੀ ਮੈਨੇਜਮੈਂਟ ਕਰੋਨਾ ਦੀ ਆੜ ਵਿੱਚ ਪਾਵਰਕੌਮ ਸੀਐੱਚਬੀ ਠੇਕਾ ਕਾਮਿਆਂ ਦੀਆਂ ਛਾਂਟੀ ਕਰਨ ’ਤੇ ਤੁਲੀ ਹੋਈ ਹੈ। ਉਨ੍ਹਾਂ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਵਿਧਾਨ ਸਭਾ ਚੋਣਾਂ ਵਿੱਚ ਮੁੱਖ ਮੰਤਰੀ ਸਮੇਤ ਕਾਂਗਰਸ ਲੀਡਰਸ਼ਿਪ ਨੇ ਘਰ-ਘਰ ਰੁਜ਼ਗਾਰ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਭਰੋਸਾ ਦੇ ਕੇ ਵੋਟਾਂ ਹਾਸਲ ਕੀਤੀਆਂ ਸਨ ਪ੍ਰੰਤੂ ਸਰਕਾਰ ਬਣਨ ਤੋਂ ਬਾਅਦ ਹੁਕਮਰਾਨਾਂ ਨੇ ਮੁਲਾਜ਼ਮਾਂ ਦੀ ਬਾਂਹ ਫੜਨ ਦੀ ਬਜਾਏ ਉਨ੍ਹਾਂ ਨੂੰ ਨੌਕਰੀ ਤੋਂ ਹਟਾ ਕੇ ਬੇਰੁਜ਼ਗਾਰੀ ਭੱਠੀ ਵਿੱਚ ਝੋਕਿਆ ਜਾ ਰਿਹਾ ਹੈ।
ਸੂਬਾ ਪ੍ਰਧਾਨ ਬਲਿਹਾਰ ਸਿੰਘ ਨੇ ਦੱਸਿਆ ਕਿ ਕਿਰਤ ਮੰਤਰੀ ਨਾਲ ਪਹਿਲਾਂ ਵੀਡੀਓ ਕਾਨਫਰੰਸਿੰਗ ਰਾਹੀਂ ਯੂਨੀਅਨ ਆਗੂਆਂ, ਕਿਰਤ ਵਿਭਾਗ ਅਤੇ ਪਾਵਰਕੌਮ ਦੇ ਅਧਿਕਾਰੀਆਂ ਨਾਲ ਮੀਟਿੰਗ ਹੋਈ ਪ੍ਰੰਤੂ ਇਸ ਮੀਟਿੰਗ ਵਿੱਚ ਅਧਿਕਾਰੀਆਂ ਵੱਲੋਂ ਤੱਥਾਂ ਨੂੰ ਤੋੜ ਮਰੋੜ ਕੇ ਪੇਸ਼ ਕਰਨ ਨਾਲ ਗੱਲ ਕਿਸੇ ਕੰਢੇ ਨਹੀਂ ਲੱਗੀ। ਇਸ ਮਗਰੋਂ ਉਹ ਸਿੱਧਾ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਕੋਲ ਪਹੁੰਚ ਗਏ। ਕਿਰਤ ਵਿਭਾਗ ਦੇ ਪ੍ਰਮੁੱਖ ਸਕੱਤਰ ਵੀਕੇ ਜੰਜੂਆ, ਕਿਰਤ ਕਮਿਸ਼ਨਰ ਪਰਵੀਨ ਕੁਮਾਰ ਥਿੰਦ, ਵਧੀਕ ਕਿਰਤ ਕਮਿਸ਼ਨਰ ਸ੍ਰੀਮਤੀ ਮੋਨਾ ਪੁਰੀ, ਸਹਾਇਕ ਕਿਰਤ ਕਮਿਸ਼ਨਰ ਮੁਹਾਲੀ ਜੇਪੀ ਸਿੰਘ, ਕਿਰਤ ਸਲਾਹਕਾਰ ਅਫ਼ਸਰ ਵਿਕਾਸ ਕੁਮਾਰ, ਸਹਾਇਕ ਕਿਰਤ ਕਮਿਸ਼ਨਰ ਸੰਗਰੂਰ ਸਰਬਜੋਤ ਸਿੰਘ ਵੀ ਉੱਥੇ ਹੀ ਪਹੁੰਚ ਗਏ ਜਦੋਂਕਿ ਪਾਵਰਕੌਮ ਦੇ ਚੇਅਰਮੈਨ ਵੇਨੂ ਪ੍ਰਸ਼ਾਦ, ਪ੍ਰਬੰਧਕੀ ਡਾਇਰੈਕਟਰ ਆਰਪੀ ਪਾਂਡਵ, ਉਪ ਸਕੱਤਰ ਬਲਵਿੰਦਰ ਸਿੰਘ ਗੁਰਮ ਨੇ ਵੀਡੀਓ ਕਾਨਫਰੰਸ ਰਾਹੀਂ ਆਪਣੇ ਵਿਚਾਰ ਪੇਸ਼ ਕੀਤੇ। ਹਾਲਾਂਕਿ ਕਿਰਤ ਮੰਤਰੀ ਨੇ ਠੇਕਾ ਕਾਮਿਆਂ ਦੀਆਂ ਛਾਂਟੀਆਂ ਬੰਦ ਕਰਨ, ਬਰਖ਼ਾਸਤ ਕਾਮਿਆਂ ਤੁਰੰਤ ਬਹਾਲੀ, ਕਰੰਟ ਲੱਗਣ ਕਾਰਨ ਫੌਤ ਹੋਏ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਯੋਗ ਮੁਆਵਜ਼ਾ ਦੇਣ ਅਤੇ ਤਰਸ ਦੇ ਆਧਾਰ ’ਤੇ ਨੌਕਰੀ ਦਾ ਪ੍ਰਬੰਧ ਕਰਨ ਅਤੇ ਕੱਚੇ ਕਾਮਿਆਂ ਨੂੰ ਪੱਕਾ ਕਰਨ ਦੀ ਸਿਫਾਰਸ਼ ਕੀਤੀ ਗਈ ਪ੍ਰੰਤੂ ਪਾਵਰਕੌਮ ਅਤੇ ਕਿਰਤ ਵਿਭਾਗ ਦੇ ਅਧਿਕਾਰੀਆਂ ਨੇ ਹਾਮੀ ਨਹੀਂ ਭਰੀ। ਜਿਸ ਕਾਰਨ ਉਨ੍ਹਾਂ ਨੂੰ ਦੁਬਾਰਾ ਸੜਕਾਂ ’ਤੇ ਆਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਆਗੂਆਂ ਨੇ ਪ੍ਰਦਰਸ਼ਨਕਾਰੀ ਠੇਕਾ ਮੁਲਾਜ਼ਮਾਂ ’ਤੇ ਦਰਜ ਕੀਤੇ ਪੁਲੀਸ ਕੇਸ ਬਾਰੇ ਐਲਾਨ ਕੀਤਾ ਕਿ ਕੋਈ ਵੀ ਕਰਮਚਾਰੀ ਆਪਣੀ ਜ਼ਮਾਨਤ ਨਹੀਂ ਕਰਵਾਏਗਾ। ਸਗੋਂ ਜੇਲ੍ਹ ਜਾਣ ਨੂੰ ਤਰਜ਼ੀਹ ਦੇਣਗੇ ਅਤੇ ਜੇਲ੍ਹ ਵਿੱਚ ਸੰਘਰਸ਼ ਜਾਰੀ ਰੱਖਿਆ ਜਾਵੇਗਾ।