ਪਾਰਵਕੌਮ ਠੇਕਾ ਮੁਲਾਜ਼ਮਾਂ ਵੱਲੋਂ ਕਿਰਤ ਕਮਿਸ਼ਨਰ ਦਫ਼ਤਰ ਦੇ ਬਾਹਰ ਸੂਬਾ ਪੱਧਰੀ ਧਰਨਾ, ਚੱਕਾ ਜਾਮ

ਡਿਊਟੀ ਦੌਰਾਨ ਅਪਾਹਜ ਹੋਏ ਮੁਲਜ਼ਮਾਂ ਨੇ ਆਪਣੇ ਪਰਿਵਾਰਾਂ ਸਮੇਤ ਕੀਤੀ ਸੂਬਾ ਪੱਧਰੀ ਧਰਨੇ ’ਚ ਸ਼ਿਰਕਤ, ਹੁਕਮਰਾਨਾਂ ਨੂੰ ਕੋਸਿਆਂ

ਬਰਖ਼ਾਸਤ ਕਾਮਿਆਂ ਦੀ ਬਹਾਲੀ ਮੰਗੀ, ਮ੍ਰਿਤਕ ਕਾਮਿਆਂ ਦੇ ਪਰਿਵਾਰਾਂ ਨੂੰ ਯੋਗ ਮੁਆਵਜ਼ਾ ਤੇ ਇਕ ਜੀਅ ਨੂੰ ਨੌਕਰੀ ਦੇਣ ਦੀ ਮੰਗ

ਹਰਸ਼ਬਾਬ ਸਿੱਧੂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਅਗਸਤ:
ਪਾਵਰਕੌਮ ਐਂਡ ਟ੍ਰਾਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਛਾਂਟੀ ਦੀ ਨੀਤੀ ਰੱਦ ਕਰਵਾਉਣ ਅਤੇ ਬਰਖ਼ਾਸਤ ਕੀਤੇ ਕਾਮੇ ਬਹਾਲ ਕਰਵਾਉਣ, ਡਿਊਟੀ ਦੌਰਾਨ ਕਰੰਟ ਲੱਗਣ ਕਾਰਨ ਫੌਤ ਹੋਏ ਅਤੇ ਅਪੰਗ ਹੋਏ ਬਿਜਲੀ ਕਾਮਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀ ਅਤੇ ਯੋਗ ਮੁਆਵਜ਼ਾ ਦੇਣ ਦੀ ਮੰਗ ਨੂੰ ਲੈ ਕੇ ਮੰਗਲਵਾਰ ਨੂੰ ਮੁਹਾਲੀ ਵਿੱਚ ਕਿਰਤ ਕਮਿਸ਼ਨਰ ਦਫ਼ਤਰ ਦਾ ਘਿਰਾਓ ਕਰਕੇ ਸੂਬਾ ਪੱਧਰੀ ਰੋਸ ਮੁਜ਼ਾਹਰਾ ਕੀਤਾ। ਪੁਲੀਸ ਰੋਕਾਂ ਦੇ ਬਾਵਜੂਦ ਠੇਕਾ ਮੁਲਾਜ਼ਮ ਸਵੇਰੇ 10 ਵਜੇ ਹੀ ਮੁਹਾਲੀ ਪਹੁੰਚਣੇ ਸ਼ੁਰੂ ਹੋ ਗਏ ਅਤੇ ਦੁਪਹਿਰ ਡੇਢ ਵਜੇ ਤੱਕ ਵੱਡੀ ਭੀੜ ਜਮ੍ਹਾ ਹੋ ਗਈ।
ਹਾਲਾਂਕਿ ਕਰੋਨਾ ਮਹਾਮਾਰੀ ਦੇ ਲਗਾਤਾਰ ਨਵੇਂ ਮਾਮਲੇ ਵਧਣ ਕਾਰਨ ਪੰਜਾਬ ਸਰਕਾਰ ਵੱਲੋਂ ਸਖ਼ਤ ਕਾਨੂੰਨ ਤਹਿਤ ਵੱਡੇ ਇਕੱਠਾ ’ਤੇ ਪਾਬੰਦੀਆਂ ਲਗਾਈਆਂ ਗਈਆਂ ਹਨ ਪ੍ਰੰਤੂ ਆਪਣੇ ਹੱਕਾਂ ਲਈ ਸੰਘਰਸ਼ਸ਼ੀਲ ਠੇਕਾ ਮੁਲਾਜ਼ਮਾਂ ਨੇ ਇਨ੍ਹਾਂ ਹੁਕਮਾਂ ਅਤੇ ਆਪਣੀ ਜਾਨ ਦੀ ਪ੍ਰਵਾਹ ਨਾ ਕਰਦਿਆਂ ਅੱਜ ਆਪਣੇ ਪਰਿਵਾਰਾਂ ਨਾਲ ਸੂਬਾ ਪੱਧਰੀ ਵਿਸ਼ਾਲ ਧਰਨਾ ਦਿੱਤਾ। ਮ੍ਰਿਤਕ ਕਾਮਿਆਂ ਦੀਆਂ ਵਿਧਵਾਵਾਂ ਅਤੇ ਮਾਪਿਆਂ ਨੇ ਵੀ ਸ਼ਿਰਕਤ ਕੀਤੀ ਅਤੇ ਪਾਵਰਕੌਮ ਮੈਨੇਜਮੈਂਟ ਅਤੇ ਹੁਕਮਰਾਨਾਂ ਨੂੰ ਰੱਜ ਕੇ ਕੋਸਿਆ। ਧਰਨੇ ਵਾਲੀ ਥਾਂ ’ਤੇ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਵੱਡੀ ਗਿਣਤੀ ਵਿੱਚ ਪੁਲੀਸ ਫੋਰਸ ਤਾਇਨਾਤ ਸੀ। ਇਸ ਦੌਰਾਨ ਰੋਹ ਵਿੱਚ ਆਏ ਪ੍ਰਦਰਸ਼ਨਕਾਰੀਆਂ ਨੇ ਸੜਕ ’ਤੇ ਚੱਕਾ ਜਾਮ ਕਰਕੇ ਰੋਸ ਵਿਖਾਵਾ ਕੀਤਾ।
ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਬਲਿਹਾਰ ਸਿੰਘ, ਜਰਨਲ ਸਕੱਤਰ ਵਰਿੰਦਰ ਸਿੰਘ, ਮੀਤ ਪ੍ਰਧਾਨ ਰਾਜੇਸ਼ ਕੁਮਾਰ, ਸਰਕਲ ਪ੍ਰਧਾਨ ਚੌਧਰ ਸਿੰਘ, ਚਮਕੌਰ ਸਿੰਘ, ਪਰਮਿੰਦਰ ਅਤੇ ਹਰਮੀਤ ਸਿੰਘ ਨੇ ਕਿਹਾ ਕਿ ਕਰੋਨਾ ਸੰਕਟ ਦੌਰਾਨ ਪਾਵਰਕੌਮ ਸੀ.ਐੱਚ.ਬੀ ਠੇਕਾ ਕਾਮੇ ਆਪਣੀ ਜਾਨ ਜੋਖ਼ਮ ਵਿੱਚ ਪਾ ਕੇ ਲਗਾਤਾਰ ਐਮਰਜੈਂਸੀ ਡਿਊਟੀਆਂ ਨਿਭਾ ਰਹੇ ਹਨ ਅਤੇ ਕਰੋਨਾ ਪੀਰੀਅਡ ਦੌਰਾਨ ਐਮਰਜੈਂਸੀ ਡਿਊਟੀ ਨਿਭਾਉਂਦਿਆਂ ਬਿਜਲੀ ਕਰੰਟ ਲੱਗਣ ਕਾਰਨ 15 ਕਾਮਿਆਂ ਦੀ ਜਾਨ ਚਲੀ ਗਈ ਹੈ ਅਤੇ ਕਈ ਠੇਕਾ ਮੁਲਾਜ਼ਮ ਅਪਾਹਜ ਹੋ ਗਏ। ਜਦੋਂਕਿ ਪਿਛਲੇ ਚਾਰ ਸਾਲਾਂ ਵਿੱਚ ਹੁਣ ਤੱਕ 155 ਕਾਮਿਆਂ ਦੀ ਮੌਤ ਹੋ ਚੁੱਕੀ ਹੈ, ਪ੍ਰੰਤੂ ਰਾਜ ਸਰਕਾਰ ਤੇ ਪਾਵਰਕੌਮ ਮੈਨੇਜਮੈਂਟ ਯੋਗ ਮੁਆਵਜ਼ਾ ਅਤੇ ਪਰਿਵਾਰ ਦੇ ਇਕ ਮੈਂਬਰ ਨੌਕਰੀ ਦੇਣ ਤੋਂ ਭੱਜ ਰਹੀ ਹੈ। ਬੁਲਾਰਿਆਂ ਨੇ ਕਿਹਾ ਕਿ ਸਰਕਾਰ ਫਰੰਟ ਲਾਈਨ ਯੋਧਿਆਂ ਨੂੰ ਸ਼ਾਬਾਸ਼ ਦੇਣ ਦੀ ਬਜਾਏ ਛਾਂਟੀ ਕਰਨ ਦੇ ਰਾਹ ਪੈ ਗਈ ਹੈ। ਹੁਣ ਤੱਕ 600 ਤੋਂ ਵੱਧ ਕਾਮਿਆਂ ਨੂੰ ਛਾਂਟੀ ਦੇ ਪੱਤਰ ਜਾਰੀ ਕੀਤੇ ਜਾ ਚੁੱਕੇ ਹਨ।
ਆਗੂਆਂ ਨੇ ਦੱਸਿਆ ਕਿ ਪਿਛਲੇ ਸਾਲ 22 ਜੁਲਾਈ ਤੋਂ ਲੈ ਕੇ ਹੁਣ ਤੱਕ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਮੌਜੂਦਗੀ ਵਿੱਚ ਪਾਵਰਕੌਮ ਮੈਨੇਜਮੈਂਟ ਅਤੇ ਕਿਰਤ ਵਿਭਾਗ ਦੇ ਅਧਿਕਾਰੀਆਂ ਨਾਲ 10 ਮੀਟਿੰਗਾਂ ਹੋ ਚੁੱਕੀਆਂ ਹਨ ਅਤੇ ਇਨ੍ਹਾਂ ਮੀਟਿੰਗਾਂ ਵਿੱਚ ਉੱਚ ਅਧਿਕਾਰੀਆਂ ਨੇ ਠੇਕਾ ਕਾਮਿਆਂ ਦੀ ਛਾਂਟੀ ਨਾ ਕਰਨ ਅਤੇ ਹੋਰ ਜਾਇਜ਼ ਮੰਗਾਂ ਪ੍ਰਤੀ ਸਹਿਮਤੀ ਪ੍ਰਗਟਾਈ ਗਈ ਸੀ ਲੇਕਿਨ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ। ਜਿਸ ਤੋਂ ਇਹ ਜਾਪਦਾ ਹੈ ਕਿ ਅਫ਼ਸਰਸ਼ਾਹੀ ਲਈ ਕਿਰਤ ਮੰਤਰੀ ਦੀ ਸਿਫ਼ਾਰਸ਼ ਕੋਈ ਮਾਇਨੇ ਨਹੀਂ ਰੱਖਦੀ ਹੈ। ਉਨ੍ਹਾਂ ਕਿਹਾ ਕਿ ਕਿਰਤ ਵਿਭਾਗ ਅਤੇ ਪਾਵਰਕੌਮ ਦੇ ਅਧਿਕਾਰੀ ਟਾਲਮਟੋਲ ਵਾਲੀ ਨੀਤੀ ’ਤੇ ਚਲ ਕੇ ਕਾਮਿਆਂ ਦਾ ਸ਼ੋਸ਼ਣ ਕਰ ਰਹੇ ਹਨ। ਉਨ੍ਹਾਂ ਸਰਕਾਰ ਨੂੰ ਮੁਲਾਜ਼ਮ ਵਿਰੋਧੀ ਦੱਸਦਿਆਂ ਕਿਹਾ ਕਿ ਹੁਕਮਰਾਨਾਂ ਨੇ ਕਰੋਨਾ ਦੀ ਆੜ ਵਿੱਚ ਲੋਕ ਰੋਹ ਦਾ ਸਾਹਮਣਾ ਕਰਨ ਤੋਂ ਬਚਨ ਲਈ ਧਰਨੇ, ਮੁਜ਼ਾਹਰੇ ਅਤੇ ਰੈਲੀਆਂ ਕਰਨ ’ਤੇ ਪਾਬੰਦੀ ਲਗਾਈ ਗਈ ਹੈ। ਬੁਲਾਰਿਆਂ ਨੇ ਦੋਸ਼ ਲਾਇਆ ਕਿ ਪੁਲੀਸ ਨੇ ਧਰਨੇ ਨੂੰ ਤਾਰਪੀਡੋ ਕਰਨ ਲਈ ਵੱਡੀ ਗਿਣਤੀ ਵਿੱਚ ਠੇਕਾ ਕਾਮਿਆਂ ਦੇ ਕਾਫ਼ਲਿਆਂ ਨੂੰ ਰਸਤੇ ਵਿੱਚ ਰੋਕ ਲਿਆ ਗਿਆ ਹੈ।
ਬੁਲਾਰਿਆਂ ਨੇ ਕਿਹਾ ਕਿ ਨਿੱਜੀਕਰਨ ਦੀ ਨੀਤੀ ’ਤੇ ਚੱਲਦਿਆਂ ਸਰਕਾਰਾਂ ਨੇ ਆਹਲੂਵਾਲੀਆ ਕਮੇਟੀ ਰਿਪੋਰਟ ਦੀ ਆੜ ਵਿੱਚ ਪਾਵਰਕੌਮ ਵਿੱਚ ਲਗਭਗ 40 ਹਜ਼ਾਰ ਅਸਾਮੀਆਂ ਖਤਮ ਕਰਨ ਦੀ ਤਜਵੀਜ਼ ਰਚੀ ਜਾ ਰਹੀ ਹੈ, ਜਿਸ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਡਿਊਟੀ ਦੌਰਾਨ ਫੌਤ ਹੋਏ ਕਾਮਿਆਂ ਦੇ ਵਾਰਸਾਂ ਨੂੰ ਨਾ ਤਾਂ ਮੁਆਵਜ਼ਾ ਅਤੇ ਨਾ ਹੀ ਕੋਈ ਨੌਕਰੀ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਜਿਸ ਕਾਰਨ ਸਬੰਧਤ ਪਰਿਵਾਰਾਂ ਦਾ ਗੁਜ਼ਾਰਾ ਮੁਸ਼ਕਲ ਹੋ ਗਿਆ ਹੈ। ਠੇਕਾ ਕਾਮਿਆਂ ਨੂੰ ਸਮੇਂ ਸਿਰ ਤਨਖ਼ਾਹ ਦੀ ਅਦਾਇਗੀ ਨਹੀਂ ਕੀਤੀ ਜਾਂਦੀ ਹੈ ਜਦੋਂਕਿ ਆਪਣੇ ਹੱਕਾਂ ਲਈ ਸੰਘਰਸ਼ ਕਰਨ ਵਾਲੇ ਕਾਮਿਆਂ ’ਤੇ ਝੂਠੇ ਪੁਲੀਸ ਕੇਸ ਦਰਜ ਕਰਕੇ ਪੀੜਤ ਕਾਮਿਆਂ ਦੀ ਆਵਾਜ਼ ਬੰਦ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਐਲਾਨ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਗੁਪਤ ਐਕਸ਼ਨ ਕੀਤੇ ਜਾਣਗੇ। ਠੇਕਾ ਕਾਮਿਆਂ ਦੇ ਸੰਘਰਸ਼ ਨੂੰ ਹੋਰਨਾਂ ਮੁਲਾਜ਼ਮ ਜਥੇਬੰਦੀਆਂ ਨੇ ਵੀ ਸਮਰਥਨ ਦੇਣ ਦਾ ਐਲਾਨ ਕੀਤਾ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…