ਪਾਵਰਕੌਮ ਠੇਕਾ ਮੁਲਾਜ਼ਮਾਂ ਦੇ ਸੰਘਰਸ਼ ਅੱਗੇ ਝੁਕੀ ਸਰਕਾਰ, ਪਾਵਰਕੌਮ ਮੈਨੇਜਮੈਂਟ ਨੇ ਸਾਰੀਆਂ ਮੰਗਾਂ ਮੰਨੀਆਂ

ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨਾਲ ਡੀਸੀ ਦਫ਼ਤਰ ਮੁਹਾਲੀ ਵਿੱਚ ਹੋਵੇਗੀ 2 ਸਤੰਬਰ ਨੂੰ ਪੈਨਲ ਮੀਟਿੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਅਗਸਤ:
ਆਖਰਕਾਰ ਪੰਜਾਬ ਸਰਕਾਰ ਨੂੰ ਪਾਵਰਕੌਮ ਠੇਕਾ ਮੁਲਾਜ਼ਮਾਂ ਦੇ ਸੰਘਰਸ਼ ਅੱਗੇ ਝੁਕਣਾ ਪੈ ਗਿਆ। ਪਾਵਰਕੌਮ ਮੈਨੇਜਮੈਂਟ ਨੇ ਅੱਜ ਠੇਕਾ ਮੁਲਾਜ਼ਮਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਪ੍ਰਵਾਨ ਕਰ ਲਈਆਂ ਗਈਆਂ ਹਨ। ਯੂਨੀਅਨ ਦੇ ਮੋਹਰੀ ਆਗੂਆਂ ਦੀ ਅੱਜ ਪਾਵਰਕੌਮ ਦੇ ਚੇਅਰਮੈਨ ਏ.ਵੈਨੂੰ ਪ੍ਰਸ਼ਾਦ ਨਾਲ ਹੋਈ ਮੀਟਿੰਗ ਵਿੱਚ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਿਆ ਗਿਆ। ਕਿਰਤ ਕਮਿਸ਼ਨਰ ਪਰਵੀਨ ਕੁਮਾਰ ਥਿੰਦ ਵੀ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਦਾ ਹਿੱਸਾ ਬਣੇ।
ਪਾਵਰਕੌਮ ਐਂਡ ਟ੍ਰਾਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਛਾਂਟੀ ਦੀ ਨੀਤੀ ਰੱਦ ਕਰਵਾਉਣ ਅਤੇ ਬਰਖ਼ਾਸਤ ਕੀਤੇ ਕਾਮੇ ਬਹਾਲ ਕਰਵਾਉਣ, ਡਿਊਟੀ ਦੌਰਾਨ ਕਰੰਟ ਲੱਗਣ ਕਾਰਨ ਫੌਤ ਹੋਏ ਅਤੇ ਅਪਾਹਜ ਹੋਏ ਬਿਜਲੀ ਕਾਮਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀ ਅਤੇ ਯੋਗ ਮੁਆਵਜ਼ਾ ਦੇਣ ਦੀ ਮੰਗ ਨੂੰ ਲੈ ਕੇ ਬੀਤੇ ਦਿਨੀਂ ਮੁਹਾਲੀ ਵਿੱਚ ਕਿਰਤ ਕਮਿਸ਼ਨਰ ਦਫ਼ਤਰ ਦਾ ਘਿਰਾਓ ਕਰਕੇ ਸੂਬਾ ਪੱਧਰੀ ਰੋਸ ਮੁਜ਼ਾਹਰਾ ਕੀਤਾ ਗਿਆ ਸੀ। ਪੁਲੀਸ ਰੋਕਾਂ ਦੇ ਬਾਵਜੂਦ ਠੇਕਾ ਮੁਲਾਜ਼ਮ ਹਜ਼ਾਰਾਂ ਦੀ ਗਿਣਤੀ ਵਿੱਚ ਪਹੁੰਚ ਗਏ ਸੀ ਅਤੇ ਦੇਰ ਰਾਤ ਤੱਕ ਧਰਨੇ ’ਤੇ ਡਟੇ ਰਹੇ। ਐਸਡੀਐਮ ਜਗਦੀਪ ਸਹਿਗਲ ਲੰਘੀ ਰਾਤ 11 ਵਜੇ ਜ਼ਿਲ੍ਹਾ ਮੈਜਿਸਟਰੇਟ ਦਾ ਪੱਤਰ ਲੈ ਕੇ ਧਰਨੇ ਵਾਲੀ ਥਾਂ ’ਤੇ ਪਹੁੰਚੇ ਅਤੇ ਪ੍ਰਦਰਸ਼ਨਕਾਰੀਆਂ ਨੂੰ ਅੱਜ ਪਾਵਰਕੌਮ ਦੇ ਚੇਅਰਮੈਨ ਅਤੇ ਦੋ ਸਤੰਬਰ ਨੂੰ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨਾਲ ਡੀਸੀ ਦਫ਼ਤਰ ਮੁਹਾਲੀ ਵਿੱਚ ਮੀਟਿੰਗ ਕਰਵਾਉਣ ਦਾ ਲਿਖਤੀ ਭਰੋਸਾ ਦਿੱਤਾ। ਇਸ ਮਗਰੋਂ ਠੇਕਾ ਮੁਲਾਜ਼ਮਾਂ ਨੇ ਆਪਣਾ ਧਰਨਾ ਚੁੱਕਿਆ ਸੀ।
ਸੂਬਾ ਪ੍ਰਧਾਨ ਬਲਿਹਾਰ ਸਿੰਘ ਅਤੇ ਮੀਤ ਪ੍ਰਧਾਨ ਰਾਜੇਸ਼ ਕੁਮਾਰ ਨੇ ਦੱਸਿਆ ਕਿ ਅੱਜ ਮੀਟਿੰਗ ਵਿੱਚ ਪਾਵਰਕੌਮ ਚੇਅਰਮੈਨ ਏ.ਵੇਨੂੰ ਪ੍ਰਸ਼ਾਦ, ਪ੍ਰਬੰਧਕੀ ਡਾਇਰੈਕਟਰ ਆਰਪੀ ਪਾਂਡਵ, ਡਾਇਰੈਕਟਰ ਐਡਮਿਨ, ਉਪ ਸਕੱਤਰ ਬਲਵਿੰਦਰ ਸਿੰਘ ਗੁਰਮ, ਸਹਾਇਕ ਕਿਰਤ ਕਮਿਸ਼ਨਰ ਪਟਿਆਲਾ ਜਗਪ੍ਰੀਤ ਸਿੰਘ, ਕਿਰਤ ਇੰਸਪੈਕਟਰ ਪਟਿਆਲਾ ਹਰਮਨਪ੍ਰੀਤ ਕੌਰ ਹਾਜ਼ਰ ਸਨ ਜਦੋਂਕਿ ਕਿਰਤ ਕਮਿਸ਼ਨਰ ਪਰਵੀਨ ਕੁਮਾਰ ਥਿੰਦ ਵੀ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਦਾ ਹਿੱਸਾ ਲਿਆ।
ਕਰੀਬ ਘੰਟਾ ਚੱਲੀ ਇਸ ਮੀਟਿੰਗ ਵਿੱਚ ਨੌਕਰੀ ਤੋਂ ਕੱਢੇ ਠੇਕਾ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਬਹਾਲ ਕਰਨ, ਡਿਊਟੀ ਦੌਰਾਨ ਹਾਦਸੇ ਦਾ ਸ਼ਿਕਾਰ ਹੋਏ ਕਰਮਚਾਰੀਆਂ ਦੇ ਪੀੜਤ ਪਰਿਵਾਰਾਂ ਨੂੰ ਢੁਕਵਾਂ ਮੁਆਵਜ਼ਾ ਦੇਣ ਅਤੇ ਵਿਭਾਗ ਵਿੱਚ ਰੈਗੂਲਰ ਕਰਨ ਆਦਿ ਮੰਗਾਂ ਨੂੰ ਪ੍ਰਵਾਨ ਕੀਤਾ ਗਿਆ। ਚੇਅਰਮੈਨ ਨੇ ਭਰੋਸਾ ਦਿੱਤਾ ਕਿ ਭਵਿੱਖ ਵਿੱਚ ਕਰਮਚਾਰੀਆਂ ਨੂੰ ਵੱਖ-ਵੱਖ ਕੰਮਾਂ ਲਈ ਸਿਖਲਾਈ ਦਿੱਤੀ ਜਾਵੇਗੀ ਅਤੇ ਸੁਰੱਖਿਆ ਕਿੱਟਾਂ ਅਤੇ ਹੋਰ ਆਧੁਨਿਕ ਅੌਜ਼ਾਰ ਮੁਹੱਈਆ ਕਰਵਾਏ ਜਾਣਗੇ। ਇਹ ਸਾਰੀਆਂ ਮੰਗਾਂ ਇਕ ਮਹੀਨੇ ਦੇ ਅੰਦਰ ਅੰਦਰ ਪੂਰੀਆਂ ਕੀਤੀਆਂ ਜਾਣਗੀਆਂ। ਆਗੂਆਂ ਨੇ ਦੱਸਿਆ ਕਿ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨਾਲ 2 ਸਤੰਬਰ ਨੂੰ ਡੀਸੀ ਦਫ਼ਤਰ ਮੁਹਾਲੀ ਵਿੱਚ ਪੈਨਲ ਮੀਟਿੰਗ ਸੱਦੀ ਗਈ ਹੈ। ਇਸ ਮੀਟਿੰਗ ਵਿੱਚ ਉਕਤ ਪ੍ਰਵਾਨਿਤ ਮੰਗਾਂ ਨੂੰ ਹਰੀ ਝੰਡੀ ਦੇਣ ਦੀ ਰਸਮੀ ਕਾਰਵਾਈ ਪੂਰੀ ਕੀਤੀ ਜਾਵੇਗੀ।

Load More Related Articles
Load More By Nabaz-e-Punjab
Load More In Issues

Check Also

ਰਾਖਵਾਂਕਰਨ ਬਾਰੇ ਡਾ. ਅੰਬੇਦਕਰ ਵੈੱਲਫੇਅਰ ਮਿਸ਼ਨ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ

ਰਾਖਵਾਂਕਰਨ ਬਾਰੇ ਡਾ. ਅੰਬੇਦਕਰ ਵੈੱਲਫੇਅਰ ਮਿਸ਼ਨ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਨਬਜ਼-ਏ-ਪੰਜਾਬ …