
ਪੁਲੀਸ ਰੋਕਾਂ ਦੇ ਬਾਵਜੂਦ ਪਾਰਵਕੌਮ ਠੇਕਾ ਮੁਲਾਜ਼ਮਾਂ ਨੇ ਕਿਰਤ ਕਮਿਸ਼ਨਰ ਦਾ ਦਫ਼ਤਰ ਘੇਰਿਆ
ਮ੍ਰਿਤਕ ਕਾਮਿਆਂ ਦੇ ਪਰਿਵਾਰਾਂ ਨੇ ਵੀ ਕੀਤੀ ਸ਼ਿਰਕਤ, ਡਿਊਟੀ ਦੌਰਾਨ ਅਪਾਹਜ ਹੋਏ ਮੁਲਜ਼ਮ ਵੀ ਧਰਨੇ ’ਤੇ ਬੈਠੇ
ਬਰਖ਼ਾਸਤ ਕਾਮਿਆਂ ਦੀ ਬਹਾਲੀ ਮੰਗੀ, ਮ੍ਰਿਤਕਾਂ ਦੇ ਪਰਿਵਾਰਾਂ ਨੂੰ ਯੋਗ ਮੁਆਵਜ਼ਾ ਤੇ ਇਕ ਜੀਅ ਨੂੰ ਨੌਕਰੀ ਦੇਣ ਦੀ ਮੰਗ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੁਲਾਈ:
ਪਾਵਰਕੌਮ ਐਂਡ ਟ੍ਰਾਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਛਾਂਟੀ ਦੀ ਨੀਤੀ ਰੱਦ ਕਰਵਾਉਣ ਅਤੇ ਬਰਖ਼ਾਸਤ ਕੀਤੇ ਕਾਮੇ ਬਹਾਲ ਕਰਵਾਉਣ, ਡਿਊਟੀ ਦੌਰਾਨ ਕਰੰਟ ਲੱਗਣ ਕਾਰਨ ਫੌਤ ਹੋਏ ਅਤੇ ਅਪੰਗ ਹੋਏ ਬਿਜਲੀ ਕਾਮਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀ ਅਤੇ ਯੋਗ ਮੁਆਵਜ਼ਾ ਦੇਣ ਦੀ ਮੰਗ ਨੂੰ ਲੈ ਕੇ ਬੁੱਧਵਾਰ ਨੂੰ ਮੁਹਾਲੀ ਵਿੱਚ ਕਿਰਤ ਕਮਿਸ਼ਨਰ ਦਫ਼ਤਰ ਦਾ ਘਿਰਾਓ ਕਰਕੇ ਨਾਅਰੇਬਾਜ਼ੀ ਕੀਤੀ। ਹਾਲਾਂਕਿ ਕਰੋਨਾ ਮਹਾਮਾਰੀ ਦੇ ਲਗਾਤਾਰ ਨਵੇਂ ਮਾਮਲੇ ਵਧਣ ਕਾਰਨ ਪੰਜਾਬ ਸਰਕਾਰ ਵੱਲੋਂ ਸਖ਼ਤ ਕਾਨੂੰਨ ਤਹਿਤ ਵੱਡੇ ਇਕੱਠਾ ’ਤੇ ਪਾਬੰਦੀਆਂ ਲਗਾਈਆਂ ਗਈਆਂ ਹਨ ਪ੍ਰੰਤੂ ਆਪਣੇ ਹੱਕਾਂ ਲਈ ਸੰਘਰਸ਼ਸ਼ੀਲ ਠੇਕਾ ਮੁਲਾਜ਼ਮਾਂ ਨੇ ਇਨ੍ਹਾਂ ਹੁਕਮਾਂ ਦੀ ਪ੍ਰਵਾਹ ਨਾ ਕਰਦਿਆਂ ਅੱਜ ਆਪਣੇ ਪਰਿਵਾਰਾਂ ਨਾਲ ਸੂਬਾ ਪੱਧਰੀ ਵਿਸ਼ਾਲ ਧਰਨਾ ਦਿੱਤਾ। ਮ੍ਰਿਤਕ ਕਾਮਿਆਂ ਦੀਆਂ ਵਿਧਵਾਵਾਂ ਅਤੇ ਮਾਪਿਆਂ ਨੇ ਵੀ ਸ਼ਿਰਕਤ ਕੀਤੀ ਅਤੇ ਪਾਵਰਕੌਮ ਮੈਨੇਜਮੈਂਟ ਅਤੇ ਹੁਕਮਰਾਨਾਂ ਨੂੰ ਰੱਜ ਕੇ ਕੋਸਿਆ। ਧਰਨੇ ਵਾਲੀ ਥਾਂ ’ਤੇ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਵੱਡੀ ਗਿਣਤੀ ਵਿੱਚ ਪੁਲੀਸ ਫੋਰਸ ਤਾਇਨਾਤ ਸੀ। ਇਸ ਦੌਰਾਨ ਰੋਹ ਵਿੱਚ ਆਏ ਪ੍ਰਦਰਸ਼ਨਕਾਰੀਆਂ ਨੇ ਸੜਕ ’ਤੇ ਚੱਕਾ ਜਾਮ ਕਰਕੇ ਰੋਸ ਵਿਖਾਵਾ ਕੀਤਾ।
ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਬਲਿਹਾਰ ਸਿੰਘ, ਜਰਨਲ ਸਕੱਤਰ ਵਰਿੰਦਰ ਸਿੰਘ, ਮੀਤ ਪ੍ਰਧਾਨ ਰਾਜੇਸ਼ ਕੁਮਾਰ ਨੇ ਕਿਹਾ ਕਿ ਕਰੋਨਾ ਸੰਕਟ ਦੌਰਾਨ ਪਾਵਰਕੌਮ ਸੀ.ਐੱਚ.ਬੀ ਠੇਕਾ ਕਾਮੇ ਆਪਣੀ ਜਾਨ ਜ਼ੋਖ਼ਮ ਵਿੱਚ ਪਾ ਕੇ ਲਗਾਤਾਰ ਐਮਰਜੈਂਸੀ ਡਿਊਟੀਆਂ ਨਿਭਾ ਰਹੇ ਹਨ ਅਤੇ ਕਰੋਨਾ ਪੀਰੀਅਡ ਦੌਰਾਨ ਐਮਰਜੈਂਸੀ ਡਿਊਟੀ ਨਿਭਾਉਂਦਿਆਂ ਬਿਜਲੀ ਕਰੰਟ ਲੱਗਣ ਕਾਰਨ 15 ਕਾਮਿਆਂ ਦੀ ਜਾਨ ਚਲੀ ਗਈ ਹੈ ਅਤੇ ਕਈ ਠੇਕਾ ਮੁਲਾਜ਼ਮ ਅਪਾਹਜ਼ ਹੋ ਗਏ। ਜਦੋਂਕਿ ਪਿਛਲੇ ਚਾਰ ਸਾਲਾਂ ਵਿੱਚ ਹੁਣ ਤੱਕ 155 ਕਾਮਿਆਂ ਦੀ ਮੌਤ ਹੋ ਚੁੱਕੀ ਹੈ, ਪ੍ਰੰਤੂ ਰਾਜ ਸਰਕਾਰ ਤੇ ਪਾਵਰਕੌਮ ਮੈਨੇਜਮੈਂਟ ਯੋਗ ਮੁਆਵਜ਼ਾ ਅਤੇ ਪਰਿਵਾਰ ਦੇ ਇਕ ਮੈਂਬਰ ਨੌਕਰੀ ਦੇਣ ਤੋਂ ਭੱਜ ਰਹੀ ਹੈ। ਬੁਲਾਰਿਆਂ ਨੇ ਕਿਹਾ ਕਿ ਸਰਕਾਰ ਫਰੰਟ ਲਾਈਨ ਯੋਧਿਆਂ ਨੂੰ ਸ਼ਾਬਾਸ਼ ਦੇਣ ਦੀ ਬਜਾਏ ਛਾਂਟੀ ਕਰਨ ਦੇ ਰਾਹ ਪੈ ਗਈ ਹੈ। ਸਾਲ ਪਹਿਲਾਂ ਬਰਨਾਲਾ ਅਤੇ ਹੁਣ ਖੰਨਾ ਸਰਕਲ, ਸ੍ਰੀ ਮੁਕਤਸਰ ਸਾਹਿਬ ਵਿੱਚ ਠੇਕਾ ਕਾਮਿਆਂ ਦੀ ਛਾਂਟੀ ਦਾ ਪੱਤਰ ਜਾਰੀ ਕਰ ਦਿੱਤਾ ਹੈ ਜਦੋਂਕਿ ਅਬੋਹਰ ਅਤੇ ਫਾਜ਼ਿਲਕਾ, ਲੰਬੀ ਡਵੀਜ਼ਨ ਵਿੱਚ ਅੱਜ ਤੋਂ ਕਾਮਿਆਂ ਦੀ ਗਿਣਤੀ ਜ਼ੀਰੋ ਕਰ ਦਿੱਤੀ ਹੈ।
ਆਗੂਆਂ ਨੇ ਦੱਸਿਆ ਕਿ ਪਿਛਲੇ ਸਾਲ 22 ਜੁਲਾਈ ਤੋਂ ਲੈ ਕੇ ਹੁਣ ਤੱਕ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਮੌਜੂਦਗੀ ਵਿੱਚ ਪਾਵਰਕੌਮ ਮੈਨੇਜਮੈਂਟ ਅਤੇ ਕਿਰਤ ਵਿਭਾਗ ਦੇ ਅਧਿਕਾਰੀਆਂ ਨਾਲ ਅੱਠ ਮੀਟਿੰਗਾਂ ਹੋ ਚੁੱਕੀਆਂ ਹਨ ਅਤੇ ਇਨ੍ਹਾਂ ਮੀਟਿੰਗਾਂ ਵਿੱਚ ਉੱਚ ਅਧਿਕਾਰੀਆਂ ਨੇ ਠੇਕਾ ਕਾਮਿਆਂ ਦੀ ਛਾਂਟੀ ਨਾ ਕਰਨ ਅਤੇ ਹੋਰ ਜਾਇਜ਼ ਮੰਗਾਂ ਪ੍ਰਤੀ ਸਹਿਮਤੀ ਪ੍ਰਗਟਾਈ ਗਈ ਸੀ ਲੇਕਿਨ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ। ਜਿਸ ਤੋਂ ਇਹ ਜਾਪਦਾ ਹੈ ਕਿ ਅਫ਼ਸਰਸ਼ਾਹੀ ਲਈ ਕਿਰਤ ਮੰਤਰੀ ਦੀ ਸਿਫ਼ਾਰਸ਼ ਕੋਈ ਮਾਇਨੇ ਨਹੀਂ ਰੱਖਦੀ ਹੈ। ਉਨ੍ਹਾਂ ਕਿਹਾ ਕਿ ਕਿਰਤ ਵਿਭਾਗ ਅਤੇ ਪਾਵਰਕੌਮ ਦੇ ਅਧਿਕਾਰੀ ਟਾਲਮਟੋਲ ਵਾਲੀ ਨੀਤੀ ’ਤੇ ਚਲ ਕੇ ਕਾਮਿਆਂ ਦਾ ਸ਼ੋਸ਼ਣ ਕਰ ਰਹੇ ਹਨ। ਉਨ੍ਹਾਂ ਸਰਕਾਰ ਨੂੰ ਮੁਲਾਜ਼ਮ ਵਿਰੋਧੀ ਦੱਸਦਿਆਂ ਕਿਹਾ ਕਿ ਹੁਕਮਰਾਨਾਂ ਨੇ ਕਰੋਨਾ ਦੀ ਆੜ ਵਿੱਚ ਲੋਕ ਰੋਹ ਦਾ ਸਾਹਮਣਾ ਕਰਨ ਤੋਂ ਬਚਨ ਲਈ ਧਰਨੇ, ਮੁਜ਼ਾਹਰੇ ਅਤੇ ਰੈਲੀਆਂ ਕਰਨ ’ਤੇ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਠੇਕਾ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਪ੍ਰਵਾਨ ਕੀਤੀਆਂ ਜਾਣ ਅਤੇ ਪਾਬੰਦੀਆਂ ਹਟਾਈਆਂ ਜਾਣ ਤਾਂ ਜੋ ਸੰਘਰਸ਼ਸ਼ੀਲ ਜਥੇਬੰਦੀਆਂ ਇਨਸਾਫ਼ ਲਈ ਸ਼ਾਂਤਮਈ ਤਰੀਕੇ ਨਾਲ ਰੋਸ ਪ੍ਰਗਟਾ ਸਕਣ। ਬੁਲਾਰਿਆਂ ਨੇ ਦੋਸ਼ ਲਾਇਆ ਕਿ ਪੁਲੀਸ ਨੇ ਧਰਨੇ ਨੂੰ ਤਾਰਪੀਡੋ ਕਰਨ ਲਈ ਵੱਡੀ ਗਿਣਤੀ ਵਿੱਚ ਠੇਕਾ ਕਾਮਿਆਂ ਦੇ ਕਾਫ਼ਲਿਆਂ ਨੂੰ ਰਸਤੇ ਵਿੱਚ ਰੋਕ ਲਿਆ ਗਿਆ ਹੈ।
ਉਧਰ, ਦੇਰ ਸ਼ਾਮ ਧਰਨੇ ’ਤੇ ਬੈਠੇ ਦੋ ਠੇਕਾ ਮੁਲਾਜ਼ਮ ਪੁਲੀਸ ਨੂੰ ਝਕਾਨੀ ਦੇ ਕੇ ਮੋਬਾਈਲ ਟਾਵਰ ’ਤੇ ਚੜ੍ਹ ਗਏ। ਜਿਸ ਕਾਰਨ ਪੁਲੀਸ ਨੂੰ ਹੱਥਾਂ ਪੈਰਾਂ ਦੀ ਪੈ ਗਈ। ਬਾਅਦ ਵਿੱਚ ਐਸਪੀ ਸਿਟੀ ਹਰਵਿੰਦਰ ਸਿੰਘ ਵਿਰਕ ਅਤੇ ਡੀਐਸਪੀ ਦੀਪ ਕੰਵਲ ਨੇ ਯੂਨੀਅਨ ਦੇ ਮੋਹਰੀ ਆਗੂਆਂ ਦੀ ਕਿਰਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਵਾਈ ਗਈ। ਜਿਸ ਵਿੱਚ ਅਧਿਕਾਰੀਆਂ ਨੇ ਭਲਕੇ 16 ਜੁਲਾਈ ਨੂੰ ਬਾਅਦ ਦੁਪਹਿਰ ਸਾਢੇ 3 ਵਜੇ ਪਾਵਰਕੌਮ ਦੇ ਪ੍ਰਬੰਧਕੀ ਡਾਇਰੈਕਟਰ ਨਾਲ ਮੀਟਿੰਗ ਕਰਵਾਉਣ ਅਤੇ ਹਫ਼ਤੇ ਬਾਅਦ ਕਿਰਤ ਮੰਤਰੀ ਨਾਲ ਪੈਨਲ ਮੀਟਿੰਗ ਕਰਵਾਉਣ ਦਾ ਲਿਖਤੀ ਭਰੋਸਾ ਦਿੱਤਾ ਗਿਆ। ਇਸ ਮਗਰੋਂ ਰਾਤੀ 9 ਵਜੇ ਠੇਕਾ ਮੁਲਾਜ਼ਮਾਂ ਨੇ ਆਪਣਾ ਧਰਨਾ ਖ਼ਤਮ ਕਰਨ ਦਾ ਐਲਾਨ ਕੀਤਾ ਅਤੇ ਟਾਵਰ ’ਤੇ ਚੜ੍ਹੇ ਦੋ ਠੇਕਾ ਮੁਲਾਜ਼ਮ ਵੀ ਥੱਲੇ ਆ ਗਏ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਇਨ੍ਹਾਂ ਮੀਟਿੰਗਾਂ ਵਿੱਚ ਸਥਾਈ ਹੱਲ ਨਹੀਂ ਕੱਢਿਆ ਗਿਆ ਤਾਂ ਉਹ ਦੁਬਾਰਾ ਵੱਡੇ ਪੱਧਰ ’ਤੇ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ।