
ਪਾਵਰਕੌਮ ਠੇਕਾ ਕਾਮਿਆਂ ਦੀ ਪਾਵਰਕੌਮ ਚੇਅਰਮੈਨ ਨਾਲ ਮੀਟਿੰਗ ਬੇਸਿੱਟਾ, ਲੜੀਵਾਰ ਧਰਨਾ ਜਾਰੀ
ਮੁਹਾਲੀ ਵਿੱਚ ਬੀਤੀ ਰਾਤ ਸ਼ਹਿਰ ਦੀਆਂ ਸੜਕਾਂ ’ਤੇ ਪ੍ਰਦਰਸ਼ਨਕਾਰੀ ਅੌਰਤਾਂ ਨੇ ਜਾਗੋ ਕੱਢੀ
ਹਰਸ਼ਬਾਬ ਸਿੱਧੂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਅਕਤੂਬਰ:
ਪਾਵਰਕੌਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਛਾਂਟੀ ਦੀ ਨੀਤੀ ਰੱਦ ਕਰਵਾਉਣ, ਬਰਖ਼ਾਸਤ ਕਾਮਿਆਂ ਦੀ ਬਹਾਲੀ, ਹਾਦਸਾ ਪੀੜਤ ਪਰਿਵਾਰਾਂ ਨੂੰ ਯੋਗ ਮੁਆਵਜ਼ਾ, ਮ੍ਰਿਤਕ ਕਾਮਿਆਂ ਦੇ ਵਾਰਸਾਂ ਲਈ ਨੌਕਰੀ ਦੀ ਵਿਵਸਥਾ, ਤਨਖ਼ਾਹ ਕਟੌਤੀ ਵਾਪਸ ਕਰਵਾਉਣ ਸਮੇਤ ਹੋਰ ਜਾਇਜ਼ ਮੰਗਾਂ ਨੂੰ ਲੈ ਕੇ ਠੇਕਾ ਕਾਮਿਆਂ ਦਾ ਧਰਨਾ ਅੱਜ ਦੂਜੇ ਦਿਨ ਵੀ ਜਾਰੀ ਰਿਹਾ ਹੈ। ਲੰਘੀ ਦੇਰ ਰਾਤ ਠੇਕਾ ਕਾਮਿਆਂ ਅਤੇ ਪਰਿਵਾਰ ਦੀਆਂ ਅੌਰਤਾਂ ਨੇ ਸ਼ਹਿਰ ਦੀਆਂ ਸੜਕਾਂ ’ਤੇ ਜਾਗੋ ਕੱਢੀ ਅਤੇ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਵਧੀਕੀਆਂ ਦਾ ਢੰਡੋਰਾ ਪਿੱਟਿਆਂ।
ਅੱਜ ਸਵੇਰੇ ਪਾਵਰਕੌਮ ਦੇ ਚੇਅਰਮੈਨ ਏ.ਵੇਨੂ. ਪ੍ਰਸ਼ਾਦ ਨਾਲ ਠੇਕਾ ਮੁਲਾਜ਼ਮ ਯੂਨੀਅਨ ਦੇ ਮੋਹਰੀ ਆਗੂਆਂ ਦੀ ਪੈਨਲ ਮੀਟਿੰਗ ਸੱਦੀ ਗਈ ਸੀ ਲੇਕਿਨ ਮੀਟਿੰਗ ਵਿੱਚ ਪਾਵਰਕੌਮ ਮੈਨੇਜਮੈਂਟ ਨੇ ਮੁਲਾਜ਼ਮ ਮੰਗਾਂ ਸਬੰਧੀ ਕੋਈ ਹਾਮੀ ਨਹੀਂ ਭਰੀ ਸਗੋਂ ਗੱਲੀਬਾਤੀ ਬੁੱਤਾ ਸਾਰਨ ਦਾ ਯਤਨ ਕੀਤਾ ਗਿਆ। ਜਿਸ ਦਾ ਬੂਰਾ ਮਨਾਉਂਦਿਆਂ ਠੇਕਾ ਕਾਮਿਆਂ ਨੇ ਮੁਹਾਲੀ ਸਥਿਤ ਕਿਰਤ ਕਮਿਸ਼ਨਰ ਪੰਜਾਬ ਦੇ ਦਫ਼ਤਰ ਬਾਹਰ ਲਗਾਤਾਰ ਦਿਨ ਰਾਤ ਧਰਨਾ ਜਾਰੀ ਰੱਖਦਿਆਂ ਪਾਵਰਕੌਮ ਮੈਨੇਜਮੈਂਟ, ਕਿਰਤ ਵਿਭਾਗ ਅਤੇ ਹੁਕਮਰਾਨਾਂ ਨੂੰ ਰੱਜ ਕੇ ਕੋਸਿਆ। ਇੱਥੇ ਇਹ ਦੱਸਣਾ ਬਣਦਾ ਹੈ ਕਿ ਸੋਮਵਾਰ ਨੂੰ ਠੇਕਾ ਕਾਮਿਆਂ ਦੀ ਕਿਰਤ ਵਿਭਾਗ ਦੇ ਪ੍ਰਮੁੱਖ ਸਕੱਤਰ ਵੀਕੇ ਜੰਜੂਆ ਨਾਲ ਹੋਈ ਮੀਟਿੰਗ ਵੀ ਬੇਸਿੱਟਾ ਰਹੀ ਸੀ।
ਯੂਨੀਅਨ ਦੇ ਸੂਬਾ ਪ੍ਰਧਾਨ ਬਲਿਹਾਰ ਸਿੰਘ, ਸੀਨੀਅਰ ਮੀਤ ਪ੍ਰਧਾਨ ਚੌਧਰ ਸਿੰਘ, ਮੀਤ ਪ੍ਰਧਾਨ ਰਾਜੇਸ਼ ਕੁਮਾਰ, ਸੰਯੁਕਤ ਸਕੱਤਰ ਅਜੇ ਕੁਮਾਰ ਅਤੇ ਸ਼ਿਵ ਸੰਕਰ ਨੇ ਦੱਸਿਆ ਕਿ ਹੁਣ ਤੱਕ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਸਮੇਤ ਪਾਵਰਕੌਮ ਮੈਨੇਜਮੈਂਟ ਅਤੇ ਕਿਰਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਹੁਣ ਤੱਕ ਅੱਠ ਮੀਟਿੰਗਾਂ ਹੋ ਚੁੱਕੀਆਂ ਹਨ ਅਤੇ ਕਿਰਤ ਮੰਤਰੀ ਉੱਚ ਅਧਿਕਾਰੀਆਂ ਨੂੰ ਠੇਕਾ ਮੁਲਾਜ਼ਮਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਪ੍ਰਵਾਨ ਕਰਨ ਦੀ ਹਾਮੀ ਭਰ ਚੁੱਕੇ ਹਨ ਪ੍ਰੰਤੂ ਵਿਭਾਗਾਂ ਦੇ ਅਧਿਕਾਰੀ ਜਾਣਬੁੱਝ ਕੇ ਟਾਲ ਮਟੋਲ ਕਰ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ 30 ਸਤੰਬਰ ਨੂੰ ਛਾਂਟੀ ਕੀਤੇ ਕਾਮੇ ਬਹਾਲ ਕੀਤੇ ਜਾਣ, ਛਾਂਟੀ ਨੀਤੀ ਰੱਦ ਕੀਤੀ ਜਾਵੇ, ਬਰਖ਼ਾਸਤ ਕਾਮਿਆਂ ਦੀ ਬਹਾਲੀ, ਹਾਦਸਾ ਪੀੜਤ ਪਰਿਵਾਰਾਂ ਨੂੰ ਯੋਗ ਮੁਆਵਜ਼ਾ, ਮ੍ਰਿਤਕ ਕਾਮਿਆਂ ਦੇ ਵਾਰਸਾਂ ਲਈ ਨੌਕਰੀ ਦੀ ਵਿਵਸਥਾ ਅਤੇ ਹੋਰ ਜਾਇਜ਼ ਮੰਗਾਂ ਹੱਲ ਕੀਤੀਆਂ ਜਾਣ। ਉਨ੍ਹਾਂ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਪਾਵਰਕੌਮ ਮੈਨੇਜਮੈਂਟ ਪ੍ਰਵਾਨਿਤ ਮੰਗਾਂ ਲਾਗੂ ਕਰਨ ਤੋਂ ਭੱਜ ਰਹੀ ਹੈ।
ਉਧਰ, ਡਿਊਟੀ ਦੌਰਾਨ ਬਿਜਲੀ ਦਾ ਕਰੰਟ ਲੱਗਣ ਕਾਰਨ ਅਪਾਹਜ ਹੋਏ ਠੇਕਾ ਕਾਮਿਆਂ ਨੇ ਵੀ ਆਪਣੇ ਪਰਿਵਾਰਾਂ ਅਤੇ ਛੋਟੇ ਬੱਚਿਆਂ ਸਮੇਤ ਸ਼ਮੂਲੀਅਤ ਕਰਕੇ ਮੁਲਾਜ਼ਮਾਂ ਨੂੰ ਸੰਘਰਸ਼ ਜਾਰੀ ਰੱਖਣ ਲਈ ਹੱਲਾਸ਼ੇਰੀ ਦਿੱਤੀ। ਬੁਲਾਰਿਆਂ ਨੇ ਕਿਹਾ ਕਿ ਹੁਣ ਉਹ ਹੁਕਮਰਾਨਾਂ ਅਤੇ ਉੱਚ ਅਧਿਕਾਰੀਆਂ ਦੇ ਝੂਠੇ ਲਾਰਿਆਂ ਵਿੱਚ ਨਹੀਂ ਆਉਣਗੇ ਸਗੋਂ ਹੱਕੀ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ ਅਤੇ ਇਨਸਾਫ਼ ਪ੍ਰਾਪਤੀ ਲਈ ਸਰਕਾਰ ਨਾਲ ਆਰਪਾਰ ਦੀ ਲੜਾਈ ਲੜਨ ਤੋਂ ਪਿੱਛੇ ਨਹੀਂ ਹਟਣਗੇ।
ਉਧਰ, ਦੇਰ ਸ਼ਾਮ ਮੁਹਾਲੀ ਦੇ ਐਸਡੀਐਮ ਜਗਦੀਪ ਸਹਿਗਲ ਨੇ ਧਰਨਾ ਸਥਾਨ ’ਤੇ ਪਹੁੰਚ ਕੇ ਠੇਕਾ ਕਾਮਿਆਂ ਨੂੰ 7 ਅਕਤੂਬਰ ਨੂੰ ਸਵੇਰੇ 9 ਵਜੇ ਪੰਜਾਬ ਸਰਕਾਰ ਦੇ ਉੱਚ ਅਧਿਕਾਰੀਆਂ ਨਾਲ ਪੈਨਲ ਮੀਟਿੰਗ ਕਰਵਾਉਣ ਦਾ ਲਿਖਤੀ ਭਰੋਸਾ ਦਿੰਦਿਆਂ ਧਰਨਾ ਚੁੱਕਣ ਦੀ ਅਪੀਲ ਕੀਤੀ ਪ੍ਰੰਤੂ ਠੇਕਾ ਕਾਮਿਆਂ ਨੇ ਧਰਨਾ ਨਹੀਂ ਚੁੱਕਿਆ। ਇਸ ਸਬੰਧੀ ਸੂਬਾ ਪ੍ਰਧਾਨ ਬਲਿਹਾਰ ਸਿੰਘ ਤੇ ਹੋਰਨਾਂ ਆਗੂਆਂ ਨੇ ਕਿਹਾ ਕਿ ਅੱਜ ਰਾਤ ਨੂੰ ਮਿਲ ਕੇ ਅਗਲੇ ਸੰਘਰਸ਼ ਦੀ ਰੂਪਰੇਖਾ ਉਲੀਕੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਬੁੱਧਵਾਰ ਨੂੰ ਹੋਣ ਵਾਲੀ ਪੈਨਲ ਮੀਟਿੰਗ ਵਿੱਚ ਠੇਕਾ ਕਾਮਿਆਂ ਦੀਆਂ ਜਾਇਜ਼ ਮੰਗਾਂ ਪ੍ਰਵਾਨ ਕਰਕੇ ਤੁਰੰਤ ਲਾਗੂ ਕਰਨ ਦੇ ਲਿਖਤੀ ਹੁਕਮ ਜਾਰੀ ਨਹੀਂ ਕੀਤੇ ਗਏ ਤਾਂ ਉਨ੍ਹਾਂ ਦਾ ਧਰਨਾ ਜਾਰੀ ਰਹੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਗੁਪਤ ਐਕਸ਼ਨ ਕੀਤੇ ਜਾਣਗੇ।