ਪਾਵਰਕੌਮ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਨਿੱਜੀਕਰਨ ਮੁੱਦੇ ’ਤੇ ਪੰਜਾਬ ਸਰਕਾਰ ਵਿਰੁੱਧ ਅਰਥੀ ਫੂਕ ਮੁਜ਼ਾਹਰਾ

ਨਬਜ਼-ਏ-ਪੰਜਾਬ, ਮੁਹਾਲੀ, 21 ਅਪਰੈਲ:
ਪੰਜਾਬ ਰਾਜ ਪਾਵਰਕੌਮ ਟੈਕਨੀਕਲ ਸਰਵਿਸ ਯੂਨੀਅਨ (ਟੀਐਸਯੂ) ਸਰਕਲ ਮੁਹਾਲੀ, ਪੈਨਸ਼ਨਰਜ਼ ਐਸੋਸੀਏਸ਼ਨ ਸਰਕਲ ਮੁਹਾਲੀ ਅਤੇ ਸੀ.ਐਚ.ਬੀ. ਠੇਕਾ ਕਾਮਿਆਂ ਨੇ ਅੱਜ ਪੰਜਾਬ ਸਰਕਾਰ ਵਿਰੁੱਧ ਅਰਥੀ ਫੂਕ ਮੁਜ਼ਾਹਰਾ ਕੀਤਾ ਅਤੇ ਹੁਕਮਰਾਨਾਂ ਅਤੇ ਪਾਵਰਕੌਮ ਮੈਨੇਜਮੈਂਟ ਵਿਰੁੱਧ ਨਾਅਰੇਬਾਜ਼ੀ ਕੀਤੀ। ਟੀਐਸਯੂ ਦੇ ਸਰਕਲ ਪ੍ਰਧਾਨ ਗੁਰਬਖ਼ਸ਼ ਸਿੰਘ, ਮੁੱਖ ਸਲਾਹਕਾਰ ਲੱਖਾ ਸਿੰਘ, ਠੇਕਾ ਮੁਲਾਜ਼ਮ ਜਥੇਬੰਦੀ ਦੇ ਪ੍ਰਧਾਨ ਗੁਰਮੀਤ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਖਰੜ ਅਤੇ ਲਾਲੜੂ ਸਬ ਡਵੀਜ਼ਨਾਂ ਦੀ ਵਾਗਡੋਰ ਨਿੱਜੀ ਕੰਪਨੀ ਦੇ ਹੱਥਾਂ ਵਿੱਚ ਸੌਂਪਣ ਦੀ ਤਿਆਰੀ ਕੀਤੀ ਜਾ ਰਹੀ ਹੈ।
ਬੁਲਾਰਿਆਂ ਨੇ ਕਿਹਾ ਕਿ ਪੀਡੀਸੀ (ਪੰਜਾਬ ਵਿਕਾਸ ਕਮਿਸ਼ਨ) ਦੀ ਸਿਫ਼ਾਰਸ਼ ’ਤੇ ਖਰੜ ਅਤੇ ਲਾਲੜੂ ਡਵੀਜ਼ਨਾਂ ਦਾ ਨਿੱਜੀਕਰਨ ਕਰਨ ਲਈ ਅਧਿਕਾਰੀਆਂ ਵੱਲੋਂ ਦੋਵੇਂ ਡਵੀਜ਼ਨਾਂ ਦੇ ਅੰਕੜੇ ਪੇਸ਼ ਕੀਤੇ ਜਾਣੇ ਹਨ। ਉਨ੍ਹਾਂ ਕਿਹਾ ਕਿ ਨਿੱਜੀਕਰਨ ਦੀ ਨੀਤੀ ਨੂੰ ਰੱਦ ਕਰਵਾਉਣ ਲਈ ਇੱਕਜੱੁਟਤਾ ਅਤੇ ਵੱਡੇ ਪੱਧਰ ’ਤੇ ਸੰਘਰਸ਼ ਵਿੱਢਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨਿੱਜੀਕਰਨ ਨੀਤੀ ਰੱਦ ਕਰਾਉਣ ਲਈ ਪੂਰਾ ਤਾਣ ਲਾਇਆ ਜਾਵੇਗਾ ਅਤੇ ਇਸ ਸਬੰਧੀ 23 ਅਪਰੈਲ ਨੂੰ ਮੁਹਾਲੀ ਵਿੱਚ ਸੂਬਾ ਪੱਧਰੀ ਕਨਵੈੱਨਸ਼ਨ ਕੀਤੀ ਜਾਵੇਗੀ। ਜਿਸ ਵਿੱਚ ਪਾਵਰਕੌਮ ਮੁਲਾਜ਼ਮ, ਪੈਨਸ਼ਨਰ ਅਤੇ ਠੇਕਾ ਮੁਲਾਜ਼ਮ ਵੱਧ ਚੜ੍ਹ ਕੇ ਸ਼ਮੂਲੀਅਤ ਕਰਨਗੇ।
ਆਗੂਆਂ ਨੇ ਕਿਹਾ ਕਿ ਚੰਡੀਗੜ੍ਹ ਬਿਜਲੀ ਬੋਰਡ ਨਿੱਜੀਕਰਨ ਤੋਂ ਬਾਅਦ ਅੱਜ ਉੱਥੇ ਰੈਗੂਲਰ ਮੁਲਾਜ਼ਮ, ਪੈਨਸ਼ਨਰ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਕੰਪਨੀ ਵੱਲੋਂ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ, ਉਨ੍ਹਾਂ ਦੀ ਪਿਛਲੀਆਂ ਸਰਵਿਸਾਂ ਭੰਗ ਕਰਕੇ ਉਨ੍ਹਾਂ ਨੂੰ ਇੱਕ ਸਾਲ ਦੇ ਪ੍ਰੋਬੇਸ਼ਨ ਪੀਰੀਅਡ ’ਤੇ ਬਹੁਤ ਹੀ ਸਖ਼ਤ ਸ਼ਰਤਾਂ ’ਤੇ ਰੱਖਿਆ ਗਿਆ ਹੈ। ਆਊਟਸੋਰਸ ਮੁਲਾਜ਼ਮਾਂ ਨੂੰ ਕੱਢਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਜਿਸ ਸੇਵਾਮੁਕਤ ਮੁਲਾਜ਼ਮਾਂ ਨੂੰ ਪੈਨਸ਼ਨਾਂ ਮਿਲਣ ਦਾ ਰਾਹ ਬੰਦ ਹੋਣ ਦਾ ਖ਼ਦਸ਼ਾ ਹੈ। ਉਨ੍ਹਾਂ ਕਿਹਾ ਕਿ ਨਿੱਜੀਕਰਨ ਨਾਲ ਸਾਰੇ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਖਪਤਕਾਰਾਂ ਉੱਤੇ ਵੱਡਾ ਹਮਲਾ ਕੀਤਾ ਜਾ ਰਿਹਾ ਹੈ। ਜਿਸ ਦਾ ਸਾਨੂੰ ਸਾਰਿਆਂ ਨੂੰ ਡਟਕੇ ਵਿਰੋਧ ਕਰਨਾ ਚਾਹੀਦਾ ਹੈ।
ਇਸ ਮੌਕੇ ਪੈਨਸ਼ਨਰ ਐਸੋਸੀਏਸ਼ਨ ਦੇ ਪ੍ਰਧਾਨ ਵਿਜੈ ਕੁਮਾਰ, ਰਜਿੰਦਰ ਸਿੰਘ, ਜਤਿੰਦਰ ਸਿੰਘ ਐਸਡੀਓ, ਸਤਵੰਤ ਸਿੰਘ, ਜਸਪਾਲ ਸਿੰਘ, ਗੁਰਮੀਤ ਸਿੰਘ, ਹਰਜੀਤ ਸਿੰਘ, ਮਨਜੀਤ ਸਿੰਘ, ਸਰਬਜੀਤ ਸਿੰਘ, ਪਰਮਜੀਤ ਸਿੰਘ, ਕਪਿਲ ਦੇਵ, ਬਲਵੀਰ ਸਿੰਘ, ਸੁਰਿੰਦਰ ਮੱਲੀ, ਐਸਡੀਓ ਸੰਦੀਪ ਨਾਗਪਾਲ, ਸੋਹਨ ਸਿੰਘ, ਜ਼ੋਰਾਵਰ ਸਿੰਘ ਪ੍ਰਧਾਨ ਸੀ ਐਚ ਬੀ ਠੇਕਾ, ਅਜੀਤ ਸਿੰਘ, ਹਰਬੰਸ ਸਿੰਘ, ਏਕਮ ਸਿੱਧੂ ਸਰਕਲ ਸਕੱਤਰ, ਅਤੇ ਮੁਲਾਜ਼ਮ ਯੂਨੀਅਨ ਨੇ ਖਪਤਕਾਰਾਂ ਨੂੰ ਨਿੱਜੀਕਰਨ ਨੀਤੀ ਰੱਦ ਕਰਾਉਣ ਲਈ ਸ਼ਹੀਦਾਂ ਦੇ ਰਾਹ ’ਤੇ ਚੱਲ ਕੇ ਕੁਰਬਾਨੀਆਂ ਦੇਣ ਲਈ ਪ੍ਰੇਰਿਆ।

Load More Related Articles

Check Also

ਮੁਹਾਲੀ ਨੇ ਜਿੱਤਿਆ ਅੰਡਰ-16 ਅੰਤਰ-ਜ਼ਿਲ੍ਹਾ ਪੰਜਾਬ ਕ੍ਰਿਕਟ ਐਸੋਸੀਏਸ਼ਨ ਟੂਰਨਾਮੈਂਟ 2025 ਦਾ ਖਿਤਾਬ

ਮੁਹਾਲੀ ਨੇ ਜਿੱਤਿਆ ਅੰਡਰ-16 ਅੰਤਰ-ਜ਼ਿਲ੍ਹਾ ਪੰਜਾਬ ਕ੍ਰਿਕਟ ਐਸੋਸੀਏਸ਼ਨ ਟੂਰਨਾਮੈਂਟ 2025 ਦਾ ਖਿਤਾਬ ਫਾਈਨਲ…