Nabaz-e-punjab.com

ਤਨਖ਼ਾਹਾਂ ਨਾ ਮਿਲਣ ਕਾਰਨ ਪਾਵਰਕੌਮ ਮੁਲਾਜ਼ਮਾਂ ਦਾ ਧਰਨਾ ਤੀਜੇ ਦਿਨ ’ਚ ਦਾਖ਼ਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਦਸੰਬਰ:
ਪੰਜਾਬ ਰਾਜ ਪਾਵਰਕੌਮ ਕਾਰਪੋਰੇਸ਼ਨ ਦੇ ਮੁਲਾਜ਼ਮਾਂ ਨੂੰ ਤਨਖ਼ਾਹਾਂ ਨਾ ਮਿਲਣ ਕਾਰਨ ਅੱਜ ਤੀਜੇ ਦਿਨ ਵੀ ਧਰਨਾ ਜਾਰੀ ਰਿਹਾ। ਪੀਐਸਈਬੀ ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਬੈਨਰ ਹੇਠ ਸੰਘਰਸ਼ ਦੇ ਤਹਿਤ ਅੱਜ ਮੁਲਾਜ਼ਮਾਂ ਨੇ ਧਰਨਾ ਜਾਰੀ ਰੱਖਦਿਆਂ ਪਾਵਰਕੌਮ ਮੈਨੇਜਮੈਂਟ ਅਤੇ ਸੂਬਾ ਸਰਕਾਰ ਨੂੰ ਰੱਜ ਕੇ ਕੋਸਿਆ ਅਤੇ ਜ਼ਬਰਦਸਤ ਨਾਅਰੇਬਾਜ਼ੀ ਕੀਤੀ। ਮੁਲਾਜ਼ਮਾਂ ਨੇ ਐਲਾਨ ਕੀਤਾ ਜਦੋਂ ਤੱਕ ਤਨਖ਼ਾਹਾਂ ਨਹੀਂ ਮਿਲ ਜਾਂਦੀਆਂ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।
ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਮੰਡਲ ਪ੍ਰਧਾਨ ਓਮ ਕੁਮਾਰ, ਸੀਨੀਅਰ ਮੀਤ ਪ੍ਰਧਾਨ ਮੰਗਲ ਸਿੰਘ, ਮੁਹਾਲੀ ਸਰਕਲ ਦੇ ਪ੍ਰਧਾਨ ਸੁਰਮੁੱਖ ਸਿੰਘ ਅਤੇ ਸਕੱਤਰ ਹਰੀਸ਼ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਅਤੇ ਲੋਕ ਵਿਰੋਧੀ ਨੀਤੀਆਂ ਕਰਕੇ ਅੱਜ ਪੰਜਾਬ ਤਬਾਹੀ ਦੇ ਕੰਢੇ ’ਤੇ ਖੜ੍ਹਾ ਹੈ ਅਤੇ ਪਾਵਰਕੌਮ ਆਪਣੇ ਮੁਲਾਜ਼ਮਾਂ ਨਾਲ ਪਿਛਲੇ ਸਮੇਂ ਦੌਰਾਨ ਹੋਏ ਸਮਝੌਤੇ, ਪੇ ਬੈਡ 1-12-11 ਤੋਂ ਦੇਣ ਅਤੇ ਡੀਏ ਦੀਆਂ 4 ਕਿਸ਼ਤਾਂ ਦਾ ਬਕਾਇਆ ਦੇਣ ਦੀ ਬਜਾਏ ਮੁਲਾਜ਼ਮਾਂ ਦੀਆਂ ਨਵੰਬਰ ਮਹੀਨੇ ਦੀਆਂ ਤਨਖ਼ਾਹਾਂ ਵੀ ਰੋਕ ਦਿੱਤੀਆਂ ਗਈਆਂ ਹਨ। ਜਿਸ ਕਾਰਨ ਮੁਲਾਜ਼ਮਾਂ ਨੂੰ ਆਪਣੇ ਘਰਾਂ ਦਾ ਗੁਜ਼ਾਰਾ ਕਰਨਾ ਅੌਖਾ ਹੋ ਗਿਆ। ਧਰਨੇ ਬੈਠੀ ਅੌਰਤਾਂ ਨੇ ਕਿਹਾ ਕਿ ਤਨਖ਼ਾਹਾਂ ਨਾ ਮਿਲਣ ਕਾਰਨ ਉਨ੍ਹਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਰਦੀ ਦਾ ਮੌਸਮ ਸ਼ੁਰੂ ਹੋਣ ਕਾਰਨ ਸਕੂਲੀ ਬੱਚਿਆਂ ਨੂੰ ਗਰਮ ਵਰਦੀਆਂ ਲੈ ਕੇ ਦੇਣੀਆਂ ਸਨ ਅਤੇ ਆਪਣੇ ਵੀ ਗਰਮ ਕੱਪੜੇ ਲੈਣੇ ਸੀ ਪ੍ਰੰਤੂ ਤਨਖ਼ਾਹ ਰਿਲੀਜ਼ ਕਰਨ ’ਤੇ ਪਾਬੰਦੀ ਲਗਾਉਣ ਕਾਰਨ ਉਨ੍ਹਾਂ ਦੀਆਂ ਮੁਸ਼ਕਲਾਂ ਕਾਫੀ ਵਧ ਗਈਆਂ ਹਨ।
ਐਂਪਲਾਈਜ਼ ਫੈਡਰੇਸ਼ਨ ਐਕਟ ਦੇ ਮੰਡਲ ਮੀਤ ਪ੍ਰਧਾਨ ਸੁਖਦੇਵ ਸਿੰਘ, ਸਕੱਤਰ ਬਲਵਿੰਦਰ ਸਿੰਘ ਅਤੇ ਮੀਤ ਪ੍ਰਧਾਨ ਪੰਜਾਬ ਸੁਰਿੰਦਰ ਪਾਲ ਲਹੋਰੀਆ ਅਤੇ ਟੀਐਸਓ ਸਰਕਲ ਸਕੱਤਰ ਸਵਰਨਜੀਤ ਸਿੰਘ ਨੇ ਵੀ ਧਰਨੇ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਪਾਵਰਕੌਮ ਮੈਨੇਜਮੈਂਟ ਵੱਲੋਂ ਜਲਦੀ ਹੀ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਜਾਰੀ ਨਹੀਂ ਕੀਤੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਸੂਬਾ ਕਮੇਟੀ ਦੇ ਫੈਸਲੇ ਮੁਤਾਬਕ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਇਸ ਦੌਰਾਨ ਪੈਦਾ ਹੋਏ ਹਾਲਾਤਾਂ ਲਈ ਸੂਬਾ ਸਰਕਾਰ ਅਤੇ ਪਾਵਰਕੌਮ ਮੈਨੇਜਮੈਂਟ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੋਣਗੇ।

Load More Related Articles
Load More By Nabaz-e-Punjab
Load More In General News

Check Also

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, 14 ਜਨਵ…