
ਬਠਿੰਡਾ ਥਰਮਲ ਪਲਾਂਟ ਦੀ ਜ਼ਮੀਨ ਵੇਚਣ ਖ਼ਿਲਾਫ਼ ਪਾਵਰਕੌਮ ਦੇ ਮੁਲਾਜ਼ਮ ਨੇ ਧਰਨਾ ਲਾਇਆ
ਡਿਊਟੀ ਦੌਰਾਨ ਪਾਵਰਕੌਮ ਮੁਲਾਜ਼ਮਾਂ ਦੀ ਜਾਨ ਮਾਲ ਦੀ ਰੱਖਿਆ ਨੂੰ ਯਕੀਨੀ ਬਣਾਉਣ ਦੀ ਮੰਗ
ਜੋਤੀ ਸਿੰਗਲਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਜੂਨ:
ਪੰਜਾਬ ਸਰਕਾਰ ਵੱਲੋਂ ਬਠਿੰਡਾ ਥਰਮਲ ਪਲਾਂਟ ਦੀ ਜ਼ਮੀਨ ਵੇਚਣ ਦੇ ਖ਼ਿਲਾਫ਼ ਵੱਖ-ਵੱਖ ਜਥੇਬੰਦੀਆਂ ਅਤੇ ਪਾਵਰਕੌਮ ਦੇ ਮੁਲਾਜ਼ਮ ਸੜਕਾਂ ’ਤੇ ਉਤਰ ਆਏ ਹਨ। ਪੀਐਸਈਬੀ ਟੈਕਨੀਕਲ ਸਰਵਿਸਿਜ਼ ਯੂਨੀਅਨ ਮੁਹਾਲੀ ਸਰਕਲ ਦੇ ਪ੍ਰਧਾਨ ਲੱਖਾ ਸਿੰਘ ਦੀ ਅਗਵਾਈ ਹੇਠ ਅੱਜ ਸਰਕਲ ਪੱਧਰੀ ਧਰਨਾ ਦਿੱਤਾ ਅਤੇ ਪਾਵਰਕੌਮ ਮੈਨੇਜਮੈਂਟ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਹੁਕਮਰਾਨਾਂ ਨੂੰ ਰੱਜ ਕੇ ਕੋਸਿਆ। ਪ੍ਰਦਰਸ਼ਨਕਾਰੀਆਂ ਨੇ ਕਰਤਾਰਪੁਰ ਵਿੱਚ ਬਿਜਲੀ ਘਰ ਵਿੱਚ ਕਿਸਾਨ ਜਥੇਬੰਦੀ ਵੱਲੋਂ ਹੁੱਲੜਬਾਜ਼ੀ ਕਰਦਿਆਂ ਮੁਲਾਜ਼ਮਾਂ ਨਾਲ ਦੁਰਵਿਵਹਾਰ ਕਰਨ ਅਤੇ ਉਨ੍ਹਾਂ ਧਮਕਾਉਣ ਦਾ ਵੀ ਗੰਭੀਰ ਨੋਟਿਸ ਲੈਂਦਿਆਂ ਡਿਊਟੀ ਦੌਰਾਨ ਮੁਲਾਜ਼ਮਾਂ ਦੀ ਜਾਨ ਮਾਲ ਦੀ ਰੱਖਿਆ ਨੂੰ ਯਕੀਨੀ ਬਣਾਉਣ ਦੀ ਮੰਗ ਕੀਤੀ।
ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਬਠਿੰਡਾ ਬਿਜਲੀ ਘਰ ਦੀ ਥਾਂ ਵੇਚਣ ਦੀ ਨਿਖੇਧੀ ਕੀਤੀ ਅਤੇ ਕਰਤਾਰਪੁਰ ਬਿਜਲੀ ਘਰ ਵਿੱਚ ਕਿਸਾਨ ਜਥੇਬੰਦੀ ਵੱਲੋਂ ਪਾਵਰਕੌਮ ਮੁਲਾਜ਼ਮਾਂ ਨੂੰ ਧਮਕੀਆਂ ਦੇਣ ਅਤੇ ਡੰਡ ਬੈਠਕਾਂ ਕਢਵਾਉਣ ਨੂੰ ਮੰਦਭਾਗਾ ਦੱਸਦਿਆਂ ਇਸ ਕਾਰਵਾਈ ਦੀ ਨਿਖੇਧੀ ਕੀਤੀ। ਇਸ ਮੌਕੇ ਮਤਾ ਪਾਸ ਕਰਕੇ ਮੰਗ ਕੀਤੀ ਕਿ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਨਾਲ ਹੀ ਉਨ੍ਹਾਂ ਕੇਂਦਰ ਸਰਕਾਰ ਵੱਲੋਂ ਲਗਾਤਾਰ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਿੱਚ ਵਾਧਾ ਕਰਨ ਦੀ ਨਿਖੇਧੀ ਕੀਤੀ। ਇਸ ਮੌਕੇ ਮੁਲਾਜ਼ਮ ਜਥੇਬੰਦੀ ਦੇ ਸਕੱਤਰ ਗੁਰਬਖ਼ਸ਼ ਸਿੰਘ, ਜਤਿੰਦਰ ਸਿੰਘ, ਪਰਮਜੀਤ ਸਿੰਘ, ਜਗਦੀਪ ਸਿੰਘ, ਮਹਾਂਵੀਰ ਸਿੰਘ, ਸਤਵੰਤ ਸਿੰਘ, ਜਨਕ ਰਾਜ, ਬਿਕਰਮ ਸਿੰਘ ਸਮੇਤ ਸੂਬਾ ਸਾਬਕਾ ਸੰਗਠਨ ਸਕੱਤਰ ਰਜਿੰਦਰ ਸਿੰਘ ਅਤੇ ਸਾਬਕਾ ਸਰਕਲ ਸਕੱਤਰ ਵਿਜੈ ਕੁਮਾਰ ਨੇ ਵੀ ਧਰਨੇ ਨੂੰ ਸੰਬੋਧਨ ਕੀਤਾ।