ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਪ੍ਰਭਾਤ ਫੇਰੀ ਕੱਢੀ

ਖੂਨਦਾਨੀਆਂ ਨੂੰ ਦੇਸੀ ਘੀ ਦੀ ਪੰਜੀਰੀ ਦਾ ਡੱਬਾ, ਸਨਮਾਨ ਚਿੰਨ੍ਹ ਤੇ ਸਰਟੀਫਿਕੇਟਾਂ ਨਾਲ ਕੀਤਾ ਜਾਵੇਗਾ ਸਨਮਾਨਿਤ

ਸਮਾਗਮ ਦੌਰਾਨ ਦੇਸੀ ਘੀ ਦੇ ਪਕਵਾਨਾਂ ਦਾ ਅਤੁੱਟ ਵਰਤੇਗਾ ਲੰਗਰ

ਅਮਰਜੀਤ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਦਸੰਬਰ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬੁੱਢਾ ਦਲ ਦੇ ਸੱਤਵੇਂ ਜਥੇਦਾਰ ਧੰਨ ਧੰਨ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ (ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ) ਦਾ ਜਨਮ ਦਿਹਾੜਾ ਭਲਕੇ 3 ਦਸੰਬਰ ਨੂੰ ਬੜੀ ਧੂਮਧਾਮ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਸੰਗਤਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਉਪਰੰਤ ਵੱਖ ਵੱਖ ਪੰਥ ਪ੍ਰਸਿੱਧ ਰਾਗੀ ਜਥਿਆਂ, ਕਥਾ ਵਾਚਕਾਂ ਅਤੇ ਪ੍ਰਚਾਰਕਾਂ ਵੱਲੋਂ ਰੂਹਾਨੀਅਤ ਕੀਰਤਨ ਕੀਤਾ ਜਾਵੇਗਾ।
ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਪ੍ਰਧਾਨ ਭਾਈ ਸੰਤ ਸਿੰਘ ਨੇ ਦੱਸਿਆ ਕਿ ਬਾਬਾ ਜੀ ਦੇ ਜਨਮ ਦਿਨ ਦੀ ਖ਼ੁਸ਼ੀ ਵਿੱਚ ਅੱਜ ਤੜਕੇ ਸਵੇਰੇ ਵਿਸ਼ਾਲ ਪ੍ਰਭਾਤ ਫੇਰੀ ਕੱਢੀ ਗਈ। ਇਹ ਪ੍ਰਭਾਤ ਫੇਰੀ ਨਿੱਤਨੇਮ ਦੀ ਅਰਦਾਸ ਉਪਰੰਤ ਸਵੇਰੇ 5:30 ਵਜੇ ਸ਼ੁਰੂ ਹੋਈ ਜੋ ਪਿੰਡ ਸੋਹਾਣਾ, ਲਖਨੌਰ, ਲਾਂਡਰਾਂ, ਸਵਾੜਾ, ਮਜਾਤ, ਝੰਜੇੜੀ ਅਤੇ ਚੁੰਨੀ ਤੋਂ ਹੁੰਦੀ ਹੋਈ ਬ੍ਰਹਮ ਗਿਆਨੀ ਸੱਚਖੰਡ ਵਾਸੀ ਸੰਤ ਬਾਬਾ ਅਜੀਤ ਸਿੰਘ ਜੀ ਦੇ ਤਪ ਅਸਥਾਨ ਹੰਸਾਲੀ ਖੇੜਾ (ਫਤਹਿਗੜ੍ਹ ਸਾਹਿਬ) ਵਿੱਚ ਪਹੁੰਚ ਕੇ ਸਮਾਪਤ ਹੋਈ। ਜਿੱਥੇ ਸੰਤ ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲਿਆਂ ਦੀ ਅਗਵਾਈ ਹੇਠ ਇਲਾਕੇ ਦੀ ਸੰਗਤ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਪ੍ਰਭਾਤ ਫੇਰੀ ਵਿੱਚ ਇਲਾਕੇ ਦੀਆਂ ਕਈ ਉੱਘੀਆਂ ਸ਼ਖ਼ਸੀਅਤਾਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਪ੍ਰਭਾਤ ਫੇਰੀ ਵਿੱਚ ਸੰਗਤ ਬੱਸਾਂ, ਕਾਰਾਂ, ਟਰੱਕਾਂ, ਟਰੈਕਟਰ-ਟਰਾਲੀਆਂ, ਸਕੂਟਰਾਂ, ਮੋਟਰ ਸਾਈਕਲਾਂ ਦੇ ਕਾਫਲੇ ਸ਼ਾਮਲ ਹੋਏ।
ਭਾਈ ਸੰਤ ਸਿੰਘ ਨੇ ਦੱਸਿਆ ਕਿ ਸਮਾਗਮ ਵਿੱਚ ਸੰਤ ਬਾਬਾ ਹਰੀ ਸਿੰਘ ਰੰਧਾਵਾ ਵਾਲੇ, ਬੀਬੀ ਦਲੇਰ ਕੌਰ ਖਾਲਸਾ ਪੰਡੋਰੀ ਖਾਸ ਦਾ ਇੰਟਰ ਨੈਸ਼ਨਲ ਦਾ ਪੰਥਕ ਢਾਡੀ ਜਥਾ, ਬੀਬੀ ਅਮਨਦੀਪ ਕੌਰ ਖਾਲਸਾ ਜਲੰਧਰ ਵਾਲਿਆਂ ਦਾ ਢਾਡੀ ਜਥਾ, ਭਾਈ ਬੰਤਾ ਸਿੰਘ ਭਾਈ ਬਿਧੀ ਚੰਦ ਜੀ ਸੰਪ੍ਰਦਾਇ ਵਾਲੇ, ਭਾਈ ਓਂਕਾਰ ਸਿੰਘ ਊਨਾ ਵਾਲੇ, ਸ੍ਰੀ ਹਜ਼ੂਰ ਸਾਹਿਬ ਦੇ ਹੈੱਡ ਗੰ੍ਰਥੀ, ਭਾਈ ਸ਼ਵਿੰਦਰ ਸਿੰਘ ਮੁੰਬਈ ਵਾਲੇ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਕਥਾ, ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕਰਨਗੇ। ਇਸ ਦਿਨ ਵਿਸ਼ਾਲ ਖੂਨਦਾਨ ਕੈਂਪ ਸਵੇਰੇ 7:30 ਵਜੇ ਤੋਂ ਸ਼ਾਮ 7 ਵਜੇ ਤੱਕ ਲਗਾਇਆ ਜਾਵੇਗਾ। ਖੂਨਦਾਨੀਆਂ ਨੂੰ ਦੇਸੀ ਘੀ ਦੀ ਪੰਜੀਰੀ ਦਾ ਡੱਬਾ, ਸਨਮਾਨ ਚਿੰਨ ਅਤੇ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਦੇਸੀ ਘੀ ਦੇ ਪਕਵਾਨਾਂ ਦਾ ਅਤੁੱਟ ਲੰਗਰ ਵਰਤੇਗਾ।

Load More Related Articles
Load More By Nabaz-e-Punjab
Load More In Cultural

Check Also

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਾਰਚ: ਪੰਜਾਬ …