
ਪ੍ਰਕਾਸ਼ ਪੁਰਬ: ਸਾਲਾਨਾ ਜੋੜ ਮੇਲ ਦੇ ਦੂਜੇ ਦਿਨ ਗੁਰਮਤਿ ਸਮਾਗਮ ਮੌਕੇ ਖੂਨਦਾਨ ਕੈਂਪ ਲਾਇਆ
ਅਖੀਰਲੇ ਦਿਨ ਐਸਜੀਪੀਸੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਤੇ ਹੋਰ ਪ੍ਰਮੁੱਖ ਆਗੂ ਭਰਨਗੇ ਹਾਜ਼ਰੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਫਰਵਰੀ:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿਖੇ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਕਰਵਾਏ ਜਾ ਰਹੇ ਤਿੰਨ ਰੋਜ਼ਾ ਸਾਲਾਨਾ ਜੋੜ ਮੇਲ ਅਤੇ ਗੁਰਮਤਿ ਸਮਾਗਮ ਦੇ ਦੂਜੇ ਦਿਨ ਵੱਖ-ਵੱਖ ਕਥਾ ਵਾਚਕਾਂ, ਪ੍ਰਚਾਰਕਾਂ, ਢਾਡੀ ਅਤੇ ਰਾਗੀ ਜਥਿਆਂ ਨੇ ਸੰਗਤ ਨੂੰ ਕਥਾ, ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕੀਤਾ। ਇਸ ਦੌਰਾਨ ਆਜ਼ਾਦ ਗਰੁੱਪ ਦੇ ਸੀਨੀਅਰ ਆਗੂ ਪਰਮਜੀਤ ਸਿੰਘ ਕਾਹਲੋਂ ਦੀ ਅਗਵਾਈ ਹੇਠ ਖੂਨਦਾਨ ਕੈਂਪ ਲਾਇਆ ਗਿਆ। ਜਿਸ ਦਾ ਉਦਘਾਟਨ ਸੰਤ ਬਾਬਾ ਮਹਿੰਦਰ ਸਿੰਘ ਲੰਬਿਆਂ ਵਾਲਿਆਂ ਨੇ ਕੀਤਾ ਅਤੇ ਪ੍ਰਬੰਧਕਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੂਨਦਾਨ ਕਰਨ ਅਤੇ ਅੰਮ੍ਰਿਤ ਛਕ ਕੇ ਗੁਰੂ ਦੇ ਲੜ ਲੱਗਣ ਲਈ ਪ੍ਰੇਰਿਆ। ਸ੍ਰੀ ਕਾਹਲੋਂ ਨੇ ਦੱਸਿਆ ਕਿ ਖੂਨਦਾਨ ਕੈਂਪ ਸ਼ਾਮ ਤੱਕ ਜਾਰੀ ਰਹੇਗਾ। ਸਰਕਾਰੀ ਮੈਡੀਕਲ ਤੇ ਜਨਰਲ ਹਸਪਤਾਲ ਸੈਕਟਰ-16 ਦੇ ਬਲੱਡ ਬੈਂਕ ਦੀ ਟੀਮ ਨੇ ਕੈਂਪ ਵਿੱਚ ਪਹੁੰਚ ਕੇ ਖੂਨ ਦੇ ਯੂਨਿਟ ਇਕੱਤਰ ਕੀਤੇ।
ਇਸ ਮੌਕੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸਾਬਕਾ ਮੁਖੀ ਅਤੇ ਐਸਜੀਪੀਸੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਸ਼੍ਰੋਮਣੀ ਕਮੇਟੀ ਦੇ ਮੈਨੇਜਰ ਭਾਈ ਰਜਿੰਦਰ ਸਿੰਘ ਟਿਵਾਣਾ, ਪ੍ਰਚਾਰਕ ਭਾਈ ਰਾਜਪਾਲ ਸਿੰਘ, ਉੱਘੇ ਸਮਾਜ ਸੇਵੀ ਜਗਮੋਹਨ ਸਿੰਘ ਕਾਹਲੋਂ, ਮੁਲਾਜ਼ਮ ਆਗੂ ਪ੍ਰਭਦੀਪ ਸਿੰਘ ਬੋਪਾਰਾਏ, ਸੁਰਜੀਤ ਸਿੰਘ, ਭਲਿੰਦਰ ਸਿੰਘ ਮਾਨ, ਸ਼ਮਸ਼ੇਰ ਸਿੰਘ, ਗਗਨ ਸੰਧੂ, ਬੀ ਕਰਨ ਅਤੇ ਕੁਲਵੰਤ ਸਿੰਘ ਸਮੇਤ ਹੋਰ ਉੱਘੀਆਂ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਪ੍ਰਬੰਧਕਾਂ ਨੇ ਵਾਤਾਵਰਨ ਦੀ ਸ਼ੁੱਧਤਾ ਲਈ ਖੂਨਦਾਨੀਆਂ ਨੂੰ ਤੋਹਫ਼ੇ ਵਜੋਂ ਫਲਦਾਰ ਅਤੇ ਛਾਂਦਾਰ ਪੌਦੇ ਵੰਡੇ ਗਏ। ਗੁਰੂ ਦੇ ਮੁੱਖ ਗੇਟ ਨੇੜੇ ਸੰਗਤ ਲਈ ਗੰਨੇ ਦੇ ਰੱਸ ਦਾ ਲੰਗਰ ਲਗਾਇਆ ਗਿਆ। ਇੰਝ ਹੀ ਇਕ ਹੋਰ ਸੰਸਥਾ ਵੱਲੋਂ ਵੀ ਵੱਖਰੇ ਤੌਰ ’ਤੇ ਖੂਨਦਾਨ ਕੈਂਪ ਲਗਾਇਆ ਗਿਆ।
ਐਸਜੀਪੀਸੀ ਦੀ ਮੈਂਬਰ ਪਰਮਜੀਤ ਕੌਰ ਲਾਂਡਰਾਂ ਅਤੇ ਮੈਨੇਜਰ ਭਾਈ ਰਜਿੰਦਰ ਸਿੰਘ ਟਿਵਾਣਾ ਨੇ ਦੱਸਿਆ ਕਿ ਭਲਕੇ ਵੀਰਵਾਰ ਨੂੰ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਉਪਰੰਤ ਸਾਰਾ ਦਿਨ ਸ਼ਬਦ ਕੀਰਤਨ ਅਤੇ ਗੁਰਮਤਿ ਵਿਚਾਰਾਂ ਦੀ ਸਾਂਝ ਦਾ ਸਿਲਸਿਲਾ ਦੇਰ ਰਾਤ ਤੱਕ ਚੱਲੇਗਾ। ਦਿਨ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਹੋਰ ਉੱਘੀਆਂ ਸ਼ਖ਼ਸੀਅਤਾਂ ਵੀ ਸਮਾਗਮ ਵਿੱਚ ਹਾਜ਼ਰੀ ਭਰਨਗੇ। ਉਨ੍ਹਾਂ ਦੱਸਿਆ ਕਿ ਬੀਬੀ ਜਗੀਰ ਕੌਰ ਵੱਲੋਂ ਰਿਹਾਇਸ਼ੀ ਬਲਾਕ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ ਜਾਵੇਗਾ ਅਤੇ ਵਾਤਾਵਰਨ ਦੀ ਸ਼ੁੱਧਤਾ ਲਈ ਪੌਦੇ ਲਗਾਏ ਜਾਣਗੇ।