
ਪ੍ਰਕਾਸ਼ ਪੁਰਬ: 3 ਰੋਜ਼ਾ ਸਾਲਾਨਾ ਜੋੜ ਮੇਲ ਸ਼ੁਰੂ, ਵਿਸ਼ਾਲ ਨਗਰ ਕੀਰਤਨ ਸਜਾਇਆ
ਅਖੀਰਲੇ ਦਿਨ 25 ਫਰਵਰੀ ਨੂੰ ਐਸਜੀਪੀਸੀ ਪ੍ਰਧਾਨ ਜਗੀਰ ਕੌਰ ਤੇ ਹੋਰ ਪ੍ਰਮੁੱਖ ਆਗੂ ਭਰਨਗੇ ਹਾਜ਼ਰੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਫਰਵਰੀ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿਖੇ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਤਿੰਨ ਰੋਜ਼ਾ ਸਾਲਾਨਾ ਜੋੜ ਮੇਲ ਸ਼ੁਰੂ ਹੋਇਆ। ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਤੋਂ ਬਾਅਦ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਪੰਥਕ ਆਗੂ ਭਾਈ ਹਰਦੀਪ ਸਿੰਘ, ਐਸਜੀਪੀਸੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਅਜਮੇਰ ਸਿੰਘ ਖੇੜਾ, ਚਰਨਜੀਤ ਸਿੰਘ ਕਾਲੇਵਾਲ, ਸਾਬਕਾ ਡਿਪਟੀ ਮੇਅਰ ਮਨਜੀਤ ਸਿੰਘ ਸੇਠੀ, ਆਜ਼ਾਦ ਗਰੁੱਪ ਦੇ ਸੀਨੀਅਰ ਆਗੂ ਪਰਮਜੀਤ ਸਿੰਘ ਕਾਹਲੋਂ, ਸ਼੍ਰੋਮਣੀ ਕਮੇਟੀ ਦੇ ਮੈਨੇਜਰ ਭਾਈ ਰਜਿੰਦਰ ਸਿੰਘ ਟਿਵਾਣਾ, ਸਾਬਕਾ ਮੈਨੇਜਰ ਅਮਰਜੀਤ ਸਿੰਘ ਗਿੱਲ, ਜਗੀਰ ਸਿੰਘ ਮੈਨੇਜਰ ਨਾਡਾ ਸਾਹਿਬ, ਪ੍ਰਚਾਰਕ ਭਾਈ ਰਾਜਪਾਲ ਸਿੰਘ ਸਮੇਤ ਹੋਰ ਉੱਘੀਆਂ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਨਗਰ ਕੀਰਤਨ ਦਾ ਰਸਤੇ ਵਿੱਚ ਥਾਂ-ਥਾਂ ’ਤੇ ਨਿੱਘਾ ਸਵਾਗਤ ਕੀਤਾ ਗਿਆ।
ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ ਵਿੱਚ ਗੁਰਦੁਆਰਾ ਅੰਬ ਸਾਹਿਬ ਤੋਂ ਸ਼ੁਰੂ ਹੋਇਆ ਨਗਰ ਕੀਰਤਨ ਪੁੱਡਾ ਭਵਨ, ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਲੰਬਿਆਂ, ਸੈਂਟਰਲ ਪੁਲੀਸ ਥਾਣਾ ਫੇਜ਼-8, ਫੋਰਟਿਸ ਹਸਪਤਾਲ, ਸਿੱਖਿਆ ਬੋਰਡ, ਆਰਮੀ ਲਾਅ ਇੰਸਟੀਚਿਊਟ, ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ, ਕੁੰਭੜਾ ਚੌਕ, ਗੁਰਦੁਆਰਾ ਸਾਹਿਬ ਸਾਹਿਬਵਾੜਾ ਫੇਜ਼-5, ਗੁਰਦੁਆਰਾ ਕਲਗੀਧਰ ਸਿੰਘ ਸਭਾ ਫੇਜ਼-4, ਪੁਰਾਣਾ ਡੀਸੀ ਕੰਪਲੈਕਸ ਸਮੇਤ ਹੋਰਨਾਂ ਥਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਸ੍ਰੀ ਸਿੰਘ ਸਭਾ ਫੇਜ਼-2 ਵਿੱਚ ਪਹੁੰਚ ਕੇ ਸੰਪੂਰਨ ਹੋਇਆ। ਜਿੱਥੇ ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੌਂਧੀ, ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਮਾਨ, ਜਨਰਲ ਸਕੱਤਰ ਬਲਵਿੰਦਰ ਸਿੰਘ ਟੌਹੜਾ, ਸੀਨੀਅਰ ਮੀਤ ਪ੍ਰਧਾਨ ਕਰਮ ਸਿੰਘ ਬੱਬਰਾ, ਮਨਮੋਹਨ ਸਿੰਘ ਲੰਗ, ਹਰਪਾਲ ਸਿੰਘ ਸੋਢੀ, ਪ੍ਰੀਤਮ ਸਿੰਘ ਪ੍ਰਧਾਨ ਫੇਜ਼-1, ਰਾਜਵਿੰਦਰ ਸਿੰਘ ਪ੍ਰਧਾਨ ਗੁਰਦੁਆਰਾ ਭਾਈ ਜੈਤਾ ਜੀ ਅਤੇ ਰਜਿੰਦਰ ਸਿੰਘ ਸਮੇਤ ਹੋਰਨਾਂ ਆਗੂਆਂ ਨੇ ਨਗਰ ਕੀਰਤਨ ਦਾ ਸ਼ਾਨਦਾਰ ਸਵਾਗਤ ਕੀਤਾ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਐਸਜੀਪੀਸੀ ਦੀ ਮੈਂਬਰ ਪਰਮਜੀਤ ਕੌਰ ਲਾਂਡਰਾਂ ਅਤੇ ਮੈਨੇਜਰ ਭਾਈ ਰਜਿੰਦਰ ਸਿੰਘ ਟਿਵਾਣਾ ਨੇ ਦੱਸਿਆ ਕਿ ਅਖੀਰਲੇ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਵੀ ਸਮਾਗਮ ਵਿੱਚ ਹਾਜ਼ਰੀ ਭਰਨਗੇ। ਉਨ੍ਹਾਂ ਵੱਲੋਂ ਰਿਹਾਇਸ਼ੀ ਬਲਾਕ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ ਜਾਵੇਗਾ ਅਤੇ ਵਾਤਾਵਰਨ ਦੀ ਸ਼ੁੱਧਤਾ ਲਈ ਪੌਦੇ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਭਲਕੇ ਬੁੱਧਵਾਰ ਅਤੇ ਵੀਰਵਾਰ ਨੂੰ ਪੰਥ ਪ੍ਰਸਿੱਧ ਰਾਗੀ, ਢਾਡੀ, ਪ੍ਰਚਾਰਕ ਕਥਾ, ਸ਼ਬਦ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕਰਨਗੇ। ਅਖੀਰਲੇ ਦਿਨ ਸੈਂਕੜੇ ਪ੍ਰਾਣੀਆਂ ਨੂੰ ਖੰਡੇ ਬਾਟੇ ਦਾ ਅੰਮ੍ਰਿਤ ਛਕਾ ਗੁਰੂ ਦੇ ਲੜ ਲਾਇਆ ਜਾਵੇਗਾ।