ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਸ਼ੁਰੂ

ਨਵੇਂ ਬਣੇ ਆਲੀਸ਼ਾਨ ਦਰਬਾਰ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਨਵੰਬਰ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਸ਼ੁਰੂ ਹੋ ਗਏ ਹਨ। ਅੱਜ ਨਵੇਂ ਬਣੇ ਆਲੀਸ਼ਾਨ ਦਰਬਾਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਕਰਵਾਏ ਗਏ। ਇਸ ਤੋਂ ਪਹਿਲਾਂ ਪੰਜ ਪਿਆਰਿਆਂ ਦੀ ਅਗਵਾਈ ’ਚ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਅੰਦਰ ਸੰਗਤ ਵੱਲੋਂ ਗੁਰਦੁਆਰਾ ਸਾਹਿਬ ਦੀ ਪ੍ਰਕਰਮਾ ਕੀਤੀ ਗਈ। ਇਸ ਸਵੇਰੇ 10 ਵਜੇ ਨਵੇਂ ਦਰਬਾਰ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਸ੍ਰੀ ਅਖੰਡ ਪਾਠ ਅਰੰਭ ਕੀਤੇ ਗਏ। ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ।
ਇਸ ਮੌਕੇ ਗਿਆਨੀ ਹਰਪਾਲ ਸਿੰਘ (ਮੁੱਖ ਗ੍ਰੰਥੀ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ), ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ (ਸ੍ਰੀ ਅਨੰਦਪੁਰ ਸਾਹਿਬ), ਭਾਈ ਜਤਿੰਦਰ ਸਿੰਘ ਦਮਦਮੀ ਟਕਸਾਲ ਵਾਲੇ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਸੁਖਵਿੰਦਰ ਸਿੰਘ, ਭਾਈ ਜਸਵੰਤ ਸਿੰਘ, ਭਾਈ ਹਰਬਖ਼ਸ਼ ਸਿੰਘ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕਾਂ ਨੇ ਸੰਗਤ ਨੂੰ ਨਿਹਾਲ ਕੀਤਾ। ਪ੍ਰਬੰਧਕਾਂ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰੂ ਕਾ ਲੰਗਰ ਅਤੁੱਟ ਵਰਤਿਆ।
ਪ੍ਰਬੰਧਕਾਂ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ 29 ਨਵੰਬਰ ਨੂੰ ਸਵੇਰੇ 11 ਵਜੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਗੁਰੂ ਗ੍ਰੰਥ ਸਾਹਿਬ ਦੀ ਛੱਤਰ ਛਾਇਆ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ ਅਤੇ 30 ਨਵੰਬਰ ਨੂੰ ਸਵੇਰੇ 10 ਵਜੇ ਅੰਮ੍ਰਿਤ ਸੰਚਾਰ ਹੋਵੇਗਾ। ਇਨ੍ਹਾਂ ਸਾਰੇ ਸਮਾਗਮਾਂ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤੇਗਾ। ਉਨ੍ਹਾਂ ਦੱਸਿਆ ਕਿ ਸਾਲਾਨਾ ਸਮਾਗਮ ਸਬੰਧੀ 30 ਨਵੰਬਰ ਸਵੇਰੇ 9 ਵਜੇ ਅਖੰਡ ਸਾਹਿਬ ਆਰੰਭ ਕੀਤੇ ਜਾਣਗੇ ਅਤੇ 2 ਦਸੰਬਰ ਨੂੰ ਸਵੇਰੇ 9 ਵਜੇ ਭੋਗ ਪਾਏ ਜਾਣਗੇ। ਇਸ ਉਪਰੰਤ ਸਾਰਾ ਦਿਨ ਅਤੇ ਦੇਰ ਰਾਤ ਤੱਕ ਧਾਰਮਿਕ ਸਮਾਗਮ ਹੋਵੇਗਾ। ਇਸ ਦਿਨ (2 ਦਸੰਬਰ ਨੂੰ) ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿੱਚ ਸਵੇਰੇ 8 ਵਜੇ ਤੋਂ ਦੇਰ ਸ਼ਾਮ 6 ਵਜੇ ਤੱਕ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਜਾਵੇਗਾ।

Load More Related Articles

Check Also

ਮੁਹਾਲੀ ਨੇ ਜਿੱਤਿਆ ਅੰਡਰ-16 ਅੰਤਰ-ਜ਼ਿਲ੍ਹਾ ਪੰਜਾਬ ਕ੍ਰਿਕਟ ਐਸੋਸੀਏਸ਼ਨ ਟੂਰਨਾਮੈਂਟ 2025 ਦਾ ਖਿਤਾਬ

ਮੁਹਾਲੀ ਨੇ ਜਿੱਤਿਆ ਅੰਡਰ-16 ਅੰਤਰ-ਜ਼ਿਲ੍ਹਾ ਪੰਜਾਬ ਕ੍ਰਿਕਟ ਐਸੋਸੀਏਸ਼ਨ ਟੂਰਨਾਮੈਂਟ 2025 ਦਾ ਖਿਤਾਬ ਫਾਈਨਲ…