ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਮਈ:
ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸੇਵਾ ਦੇ ਪੁੰਜ ਤੀਜੇ ਪਾਤਿਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਉਤਸਾਹ ਪੁਰਵਕ ਮਨਾਏ ਗਏ। ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਧਾਰਮਿਕ ਸਮਾਗਮ ਵਿੱਚ ਭਾਈ ਅਮਰੀਕ ਸਿੰਘ ਜੀ ਜਨੇਤਪੂਰ ਦੇ ਪੰਥਕ ਢਾਡੀ ਜੱਥੇ ਨੇ ਤੀਜੇ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਅਮਰਦਾਸ ਜੀ ਮਹਾਰਾਜ ਦਾ ਜੀਵਨ ਬ੍ਰਿਤਾਂਤ ਅਤੇ 12 ਸਾਲ ਧੰਨ ਧੰਨ ਸ੍ਰੀ ਗੁਰੂ ਅੰਗਦ ਦੇਵ ਜੀ ਮਹਾਰਾਜ ਦੀ ਸੇਵਾ ਕਰਨ ਅਤੇ ਸ੍ਰੀ ਗੋਇੰਦਵਾਲ ਸਾਹਿਬ ਵਿਖੇ 84 ਪੌੜੀਆਂ ਵਾਲੀ ਬਾਉਲੀ ਸਾਹਿਬ ਬਣਾਉਣ ਦਾ ਪੂਰਾ ਪ੍ਰਸੰਗ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸਰਵਣ ਕਰਾਇਆ। ਭਾਈ ਸੰਦੀਪ ਸਿੰਘ ਜੀ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਧੰਨ ਧੰਨ ਸ੍ਰੀ ਗੁਰੂ ਅਮਰਦਾਸ ਜੀ ਮਹਾਰਾਜ ਦੁਆਰਾ ਉਚਾਰਨ ਕੀਤੀ ਧੁੱਰ ਕੀ ਬਾਣੀ ਦੇ 17 ਰਾਗਾਂ ਵਿੱਚ 907 ਸ਼ਬਦ ਜੋ ਕਿ ਧੰਨ ਧੰਨ ਸ੍ਰੀ ਗੁਰੂ ਗ੍ਰਥ ਸਾਹਿਬ ਜੀ ਮਹਾਰਾਜ ਵਿੱਚ ਬਿਰਾਜਮਾਨ ਹਨ, ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ।
ਭਾਈ ਜਤਿੰਦਰ ਸਿਘ ਜੀ ਦਮਦਮੀ ਟਕਸਾਲ ਵਾਲਿਆਂ ਨੇ ਗੁਰੂ ਸਾਹਿਬ ਵੱਲੋਂ ਹਿੰਦੂ ਧਰਮ ਵਿੱਚ ਚੱਲਦੀ ਸਮਾਜਿਕ ਕੁੱਰੀਤੀ ਸੱਤੀ ਪ੍ਰਥਾ ਨੂੰ ਬੰਦ ਕਰਵਾਉਣ ਬਾਰੇ ਸੰਗਤਾਂ ਨੂੰ ਵਿਸਥਾਰ ਵਿੱਚ ਦੱਸਿਆ। ਭਾਈ ਗੁਰਦੀਪ ਸਿੰਘ ਜੀ ਖੰਨ੍ਹਾ ਨੇ ਆਪਣੇ ਰਸ ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਇਸ ਤੋਂ ਇਲਾਵਾ ਭਾਈ ਓਂਕਾਰ ਸਿੰਘ, ਭਾਈ ਬਹਾਦਰ ਸਿੰਘ, ਭਾਈ ਗੁਰਵਿੰਦਰ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਧਰਮ ਸਿੰਘ, ਭਾਈ ਅਮਰਜੀਤ ਸਿੰਘ, ਭਗੜਾਨੇ ਵਾਲਿਆਂ ਦਾ ਕਵੀਸ਼ਰੀ ਜੱਥਾ, ਸ਼ੇਰੇ ਪੰਜਾਬ ਕਵੀਸ਼ਰੀ ਜੱਥਾ, ਭਾਈ ਕੁਲਤਾਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਸੁਖਵਿੰਦਰ ਸਿੰਘ, ਭਾਈ ਨਿਤਿੰਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ ਅਤੇ ਭਾਈ ਪ੍ਰਤਾਪ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਦਰਬਾਰ ਸਾਹਿਬ ਜੀ ਦੀ ਅੰਦਰੋਂ ਅਤੇ ਬਾਹਰੋਂ ਵਿਸ਼ੇਸ਼ ਸਜਾਵਟ ਕੀਤੀ ਗਈ ਸੀ। ਇਸ ਮੌਕੇ ਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਸ਼ਹੀਦਾਂ ਦੇ ਸਿਰਤਾਜ, ਸ਼ਾਤੀ ਦੇ ਪੰੂਜ, ਪੰਚਮ ਪਾਤਸ਼ਾਹ, ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਇਸ ਅਸਥਾਨ ਤੇ ਸਰਬਤ ਦੇ ਭਲੇ ਲਈ 40 ਦਿਨਾਂ ਦੇ ਨਿਰੰਤਰ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਚੱਲ ਰਹੇ ਹਨ ਜਿਨਾਂ ਦੇ ਭੋਗ ਮਿਤੀ 3 ਜੂਨ ਨੂੰ ਸ਼ਹੀਦੀ ਦਿਹਾੜੇ ਵਾਲੇ ਦਿਨ ਪਾਏ ਜਾਣਗੇ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…