
ਅਰਦਾਸ ਸਮਾਗਮ: ਮੁਹਾਲੀ ਵਿੱਚ ਅਕਾਲੀ ਦਲ ਦੇ ਆਗੂਆਂ ਦੀ ਧੜੇਬੰਦੀ ਜੱਗ ਜਾਹਰ
ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿਖੇ ਵੱਖੋ-ਵੱਖਰੇ ਅਰਦਾਸ ਸਮਾਗਮ ਆਯੋਜਿਤ
ਦੇਸ਼ ਦੀ ਵੰਡ ਵੇਲੇ ਸ਼ਹੀਦ ਹੋਏ ਸੂਰਬੀਰ ਯੋਧਿਆਂ ਨੂੰ ਸ਼ਰਧਾਂਜਲੀ ਦੇਣ ਲਈ ਜਥੇਦਾਰ ਨੇ ਦਿੱਤੇ ਸੀ ਆਦੇਸ਼
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਅਗਸਤ:
ਦੇਸ਼ ਦੀ ਵੰਡ ਵੇਲੇ ਸ਼ਹੀਦ ਹੋਏ ਲੱਖਾਂ ਸੂਰਬੀਰ ਯੋਧਿਆਂ ਨੂੰ ਸ਼ਰਧਾਂਜਲੀ ਦੇਣ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦੀ ਧੜੇਬੰਦੀ ਜੱਗ ਜਾਹਰ ਹੋਈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਅਰਦਾਸ ਸਮਾਗਮ ਕਰਵਾਉਣ ਦੇ ਆਦੇਸ਼ ਦਿੱਤੇ ਸਨ। ਜਿਸ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਵੱਲੋਂ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿਖੇ ਵੱਖ-ਵੱਖਰੇ ਸਮਾਗਮ ਕਰਵਾਏ ਗਏ।
ਜਥੇਦਾਰ ਦੇ ਹੁਕਮ ਅਨੁਸਾਰ 15 ਅਗਸਤ 1947 ਨੂੰ ਦੇਸ਼ ਅਤੇ ਪੰਜਾਬ ਦੀ ਵੰਡ ਦੌਰਾਨ ਹੋਈ ਹਿੰਸਾ ਵਿੱਚ ਜਾਨਾਂ ਗਵਾਉਣ ਵਾਲੇ 10 ਲੱਖ ਮਾਸੂਮ ਬੱਚੇ-ਬੱਚੀਆਂ, ਬੀਬੀਆਂ, ਨੌਜਵਾਨਾਂ ਅਤੇ ਬਜ਼ੁਰਗਾਂ ਦੀ ਯਾਦ ਵਿੱਚ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਗਈ ਅਤੇ ਸਮੂਹ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਐਸਜੀਪੀਸੀ ਮੈਂਬਰ ਪਰਮਜੀਤ ਕੌਰ ਲਾਂਡਰਾਂ ਤੇ ਅਜਮੇਰ ਸਿੰਘ ਖੇੜਾ, ਅਕਾਲੀ ਦਲ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਬੈਦਵਾਨ, ਅਕਾਲੀ ਦਲ ਚੰਡੀਗੜ੍ਹ ਦੇ ਪ੍ਰਧਾਨ ਹਰਦੀਪ ਸਿੰਘ, ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਕੁਲਦੀਪ ਕੌਰ ਕੰਗ, ਐਸਜੀਪੀਸੀ ਦੇ ਮੈਨੇਜਰ ਰਜਿੰਦਰ ਸਿੰਘ ਟੌਹੜਾ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਕਰਮ ਸਿੰਘ ਬਬਰਾ, ਮਨਜੀਤ ਸਿੰਘ ਮਾਨ ਸਮੇਤ ਹੋਰ ਪਾਰਟੀ ਵਰਕਰਾਂ ਨੇ ਸ਼ਿਰਕਤ ਕੀਤੀ।
ਇਸ ਮੌਕੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ 1947 ਦੀ ਵੰਡ ਦਾ ਬਹੁਤ ਵੱਡਾ ਦੁਖਾਂਤ ਹੈ ਅਤੇ ਅਸੀਂ ਹਰ ਸਾਲ ਆਜ਼ਾਦੀ ਦਿਹਾੜਾ ਤਾਂ ਪੂਰੀ ਧੂਮਧਾਮ ਨਾਲ ਮਨਾਉਂਦੇ ਹਾਂ ਪਰ 1947 ਦੀ ਵੰਡ ਦੌਰਾਨ ਲੱਖਾਂ ਪੰਜਾਬੀਆਂ, ਜਿਨ੍ਹਾਂ ਵਿੱਚ ਹਿੰਦੂ, ਸਿੱਖਾਂ ਅਤੇ ਮੁਸਲਮਾਨਾਂ ਦਾ ਬੇਰਹਿਮੀ ਨਾਲ ਕਤਲ ਹੋਇਆ, ਉਨ੍ਹਾਂ ਨੂੰ ਕੋਈ ਯਾਦ ਨਹੀਂ ਕਰਦਾ। ਪ੍ਰੰਤੂ ਜਥੇਦਾਰ ਨੇ 75ਵੇਂ ਆਜ਼ਾਦੀ ਦਿਹਾੜੇ ’ਤੇ ਸਮੁੱਚੀ ਕੌਮ ਨੂੰ ਜੋ ਜ਼ਿੰਮੇਵਾਰੀ ਸੌਂਪੀ ਹੈ, ਉਸ ’ਤੇ ਅਕਾਲੀ ਦਲ ਨੇ ਡਟ ਕੇ ਪਹਿਰਾ ਦਿੱਤਾ ਅਤੇ ਆਪਣੀ ਇਸ ਜ਼ਿੰਮੇਵਾਰੀ ਨੂੰ ਨਿਭਾਉਂਦੇ ਹੋਏ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿੱਚ ਅਰਦਾਸ ਸਮਾਗਮ ਕੀਤੇ ਗਏ।
ਇਸ ਤੋਂ ਪਹਿਲਾਂ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਦੀ ਅਗਵਾਈ ਹੇਠ ਅਕਾਲੀ ਦਲ ਦੇ ਵੱਖਰੇ ਧੜੇ ਨੇ ਅਰਦਾਸ ਸਮਾਗਮ ਕੀਤਾ। ਜਿਸ ਵਿੱਚ ਸਿਮਰਨਜੀਤ ਸਿੰਘ ਚੰਦੂਮਾਜਰਾ, ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਕਾਲੇਵਾਲ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਕਮਲਜੀਤ ਸਿੰਘ ਰੂਬੀ, ਸਰਬਜੀਤ ਸਿੰਘ ਪਾਰਸ, ਗੁਰਪ੍ਰਤਾਪ ਸਿੰਘ ਬੜੀ, ਕਮਲਜੀਤ ਸਿੰਘ ਬੈਦਵਾਨ, ਗੁਰਮੀਤ ਸਿੰਘ ਸ਼ਾਮਪੁਰ, ਬਲਜਿੰਦਰ ਸਿੰਘ ਗੋਬਿੰਦਗੜ੍ਹ, ਹਰਵਿੰਦਰ ਸਿੰਘ ਪੱਤੋ, ਜਸਵੀਰ ਸਿੰਘ, ਹਰਪਾਲ ਸਿੰਘ ਬਠਲਾਣਾ, ਪਰਮਜੀਤ ਸਿੰਘ ਬਲੌਂਗੀ, ਕੇਸਰ ਸਿੰਘ ਬਲੌਂਗੀ, ਰਜਿੰਦਰ ਕੌਰ ਬਲੌਂਗੀ, ਮੱਖਣ ਸਿੰਘ ਅਤੇ ਹੋਰ ਆਗੂ ਮੌਜੂਦ ਸਨ।

ਇਸ ਮੌਕੇ ਚੰਦੂਮਾਜਰਾ ਨੇ ਕਿਹਾ ਕਿ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਸਭ ਤੋਂ ਵੱਧ ਖੂਨ ਪੰਜਾਬੀਆਂ ਦਾ ਡੁੱਲਿਆ ਸੀ। ਉਨ੍ਹਾਂ ਕਿਹਾ ਕਿ ਸਾਡੇ ਲਈ ਇਹ ਹੋਰ ਵੀ ਮਾਣ ਦੀ ਗੱਲ ਹੈ ਕਿ ਪ੍ਰਧਾਨ ਮੰਤਰੀ ਨੇ 75ਵੇਂ ਆਜ਼ਾਦੀ ਦਿਵਸ ਮੌਕੇ ਲਾਲ ਕਿਲੇ੍ਹ ਦੀ ਫ਼ਸੀਲ ਤੋਂ 75 ਸਾਲ ਪਹਿਲਾਂ ਸ਼ਹੀਦ ਹੋਏ ਦੇਸ਼ ਭਗਤਾਂ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਆਜ਼ਾਦੀ ਅੰਦੋਲਨ ਵਿੱਚ ਸਭ ਤੋਂ ਵੱਧ ਯੋਗਦਾਨ ਪੰਜਾਬੀਆਂ ਖਾਸ ਕਰਕੇ ਸਿੱਖਾਂ ਨੇ ਪਾਇਆ ਅਤੇ ਸਭ ਤੋਂ ਵੱਧ ਕੁਰਬਾਨੀਆਂ ਵੀ ਸਿੱਖਾਂ ਨੇ ਦਿੱਤੀਆਂ।