nabaz-e-punjab.com

ਪ੍ਰੀ ਪ੍ਰਾਇਮਰੀ ਤੇ ਪ੍ਰਾਇਮਰੀ ਜਮਾਤਾਂ ਲਈ ਸਿੱਖਣ ਸਿਖਾਉਣ ਸਮੱਗਰੀ ਦੀ ਵਰਤੋਂ ਜ਼ਰੂਰੀ: ਕ੍ਰਿਸ਼ਨ ਕੁਮਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਅਗਸਤ:
ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਪ੍ਰਾਜੈਕਟ ਦੇ ਤਹਿਤ ਵਿਦਿਆਰਥੀਆਂ ਦੇ ਸਿੱਖਣ ਪੱਧਰ ਵਿੱਚ ਸੁਧਾਰ ਲਿਆਉਣ ਲਈ ਅਧਿਆਪਕਾਂ ਨੂੰ ਸਿਖਲਾਈ ਵਰਕਸ਼ਾਪਾਂ ਆਯੋਜਿਤ ਕੀਤੀਆਂ ਜਾ ਰਹੀਆਂ ਹਨ। ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ਵਿੱਚ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਅਧਿਆਪਕਾਂ ਨੂੰ ਨਵੇਂ ਢੰਗ ਤਰੀਕਿਆਂ ਨਾਲ ਪੜ੍ਹਾਉਣ ਦੀ ਸਿਖਲਾਈ ਦਿੱਤੀ ਜਾ ਰਹੀ ਹੈ। ਇਸ ਸਬੰਧੀ ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਪੰਜਾਬ ਵੱਲੋਂ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਪੜ੍ਹਾਉਣ ਸਮੇਂ ਵੱਖ-ਵੱਖ ਵੰਨਗੀਆਂ ਦੀ ਸਿੱਖਣ-ਸਿਖਾਉਣ ਸਮੱਗਰੀ (ਟੀਐਲਐਮ) ਦੀ ਵਰਤੋਂ ’ਤੇ ਜੋਰ ਦਿੱਤਾ ਜਾ ਰਿਹਾ ਹੈ।
ਇਸ ਮੌਕੇ ਸਿੱਖਿਆ ਸਕੱਤਰ ਕ੍ਰਿਸਨ ਕੁਮਾਰ ਨੇ ਦੱਸਿਆ ਕਿ ਪਿਛਲੇ ਦਿਨੀਂ ਪੰਜਾਬ ਭਰ ਵਿੱਚ ਵੱਖ ਵੱਖ ਸਰਕਾਰੀ ਸਕੂਲ ਵਿੱਚ ਸਿੱਖਿਆ ਸੁਧਾਰ ਲਈ ਨਿਰੀਖਣਾਂ ਦੇ ਪ੍ਰੇਖਣ ਤੋਂ ਧਿਆਨ ਵਿੱਚ ਆਇਆ ਹੈ ਕਿ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਸਿੱਖਿਆ ਵਿਭਾਗ ਵੱਲੋਂ ਭੇਜੀ ਗਈ ਸਿੱਖਣ-ਸਿਖਾਉਣ ਸਹਾਇਕ ਸਮੱਗਰੀ ਅਤੇ ਅਧਿਆਪਕਾਂ ਵੱਲੋਂ ਸਿਖਲਾਈ ਵਰਕਸ਼ਾਪਾਂ ਦੌਰਾਨ ਤਿਆਰ ਕੀਤੀ ਗਈ ਸਮੱਗਰੀ ਨੂੰ ਪ੍ਰੀ-ਪ੍ਰਾਇਮਰੀ ਖੇਡ ਮਹਿਲ ਅਤੇ ਪ੍ਰਾਇਮਰੀ ਜਮਾਤਾਂ ਵਿੱਚ ਪੜ੍ਹਾਉਣ ਸਮੇਂ ਵਰਤੋਂ ਵਿੱਚ ਘੱਟ ਲਿਆਂਦੀ ਜਾ ਰਹੀ ਹੈ।
ਸਿੱਖਿਆ ਸਕੱਤਰ ਨੇ ਕਿਹਾ ਕਿ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ‘ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ’ ਪ੍ਰਾਜੈਕਟ ਤਹਿਤ ਪਹਿਲੀ ਤੋਂ ਪੰਜਵੀਂ ਤੱਕ ਦੀਆਂ ਕਿਤਾਬਾਂ ਦਾ ਈ-ਕੰਟੈਂਟ ਸਿੱਖਣ ਅਤੇ ਸਹਾਇਕ ਸਮੱਗਰੀ ਤਿਆਰ ਕੀਤਾ ਗਿਆ ਹੈ। ਜਿਸ ਨਾਲ ਵਿਦਿਆਰਥੀਆਂ ਦਾ ਸਿੱਖਣ ਪੱਧਰ ਉੱਚਾ ਹੋਵੇਗਾ। ਉਨ੍ਹਾਂ ਕਿਹਾ ਕਿ ਪ੍ਰੀ-ਪ੍ਰਾਇਮਰੀ ਖੇਡ ਮਹਿਲ ਲਈ ਵੱਖ-ਵੱਖ ਤਰ੍ਹਾਂ ਦੀ ਸਿੱਖਣ ਸਹਾਇਕ ਸਮੱਗਰੀ ਦੀ ਵਰਤੋਂ ਖੇਡ ਵਿਧੀ ਰਾਹੀਂ ਕਰਵਾ ਕੇ ਬੱਚਿਆਂ ਨਾਲ ਕਿਰਿਆਵਾਂ ਕਰਵਾਈਆਂ ਜਾਣ ਤਾਂ ਜੋ ਸਮੱਗਰੀ ਦੀ ਉਚਿੱਤ ਵਰਤੋਂ ਹੋ ਸਕੇ।
ਇਸੇ ਤਰ੍ਹਾਂ ਪ੍ਰਾਇਮਰੀ ਜਮਾਤਾਂ ਵਿੱਚ ਸਿੱਖਣ-ਸਿਖਾਉਣ ਪ੍ਰਕਿਰਿਆ ਦੌਰਾਨ ਪਾਠ-ਪੁਸਤਕਾਂ ਦੀ ਵਰਤੋਂ ਦੇ ਨਾਲ-ਨਾਲ ਟੀਐਲਐਮ ਦੀ ਉਚਿੱਤ ਵਰਤੋਂ ਹੋਣ ਦੀ ਸੂਰਤ ਵਿੱਚ ਬੱਚਿਆਂ ਦੇ ਸਿੱਖਣ ਪੱਧਰ ਵਿੱਚ ਸੁਧਾਰ ਆਵੇਗਾ। ਉਨ੍ਹਾਂ ਕਿਹਾ ਕਿ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ), ਪ੍ਰਿੰਸੀਪਲ ਡਾਇਟ, ਸਕੂਲ ਸਿੱਖਿਆ ਸੁਧਾਰ ਟੀਮਾਂ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਅਤੇ ‘ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ’ ਟੀਮ ਇਸ ਗੱਲ ’ਤੇ ਵਿਸ਼ੇਸ਼ ਜ਼ੋਰ ਦੇਵੇ ਕਿ ਅਧਿਆਪਕਾਂ ਨੂੰ ਸਿੱਖਣ-ਸਿਖਾਉਣ ਸਹਾਇਕ ਸਮੱਗਰੀ ਦੀ ਯੋਗ ਵਰਤੋਂ ਲਈ ਪ੍ਰੇਰਿਤ ਕੀਤਾ ਜਾਵੇ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…