ਮੁਹਾਲੀ ਜ਼ਿਲ੍ਹੇ ਵਿੱਚ ਝੋਨੇ ਦੀ ਨਿਰਵਿਘਨ ਖ਼ਰੀਦ ਲਈ ਅਗਾਊਂ ਪ੍ਰਬੰਧ ਮੁਕੰਮਲ

ਡੀਸੀ ਨੇ ਡੀਐਫਐਸਸੀ ਨੂੰ ਰਾਈਸ ਸ਼ੈਲਰਾਂ ਦਾ ਨਿਰੀਖਣ ਕਰਕੇ ਮੌਜੂਦਾ ਸਟਾਕ ਦੀ ਜਾਂਚ ਕਰਨ ਲਈ ਕਿਹਾ

ਕਿਸਾਨਾਂ ਨੂੰ ਤੈਅ ਨਮੀ ਹੱਦ ਤੋਂ ਹੇਠਾਂ ਵਾਲਾ ਹੀ ਝੋਨਾ ਮੰਡੀਆਂ ਵਿੱਚ ਲਿਆਉਣ ਦੀ ਅਪੀਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਸਤੰਬਰ:
ਅਨਾਜ ਮੰਡੀਆਂ ’ਚੋਂ ਝੋਨੇ ਦਾ ਇੱਕ-ਇੱਕ ਦਾਣਾ ਚੁੱਕਣ ਦੀ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਮੁਹਾਲੀ ਜ਼ਿਲ੍ਹੇ ਦੀਆਂ ਖ਼ਰੀਦ ਏਜੰਸੀਆਂ ਦੇ ਮੁਖੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਹਨ ਕਿ ਸਰਕਾਰੀ ਖ਼ਰੀਦ ਪ੍ਰਕਿਰਿਆ ਨੂੰ ਨਿਰਵਿਘਨ ਅਤੇ ਸੁਚਾਰੂ ਤਰੀਕੇ ਨਾਲ ਨੇਪਰੇ ਚਾੜ੍ਹਨਾ ਯਕੀਨੀ ਬਣਾਇਆ ਜਾਵੇ।
ਮੁਹਾਲੀ ਜ਼ਿਲ੍ਹੇ ਵਿੱਚ ਸਾਉਣੀ ਸੀਜ਼ਨ 2021-22 ਲਈ ਝੋਨੇ ਦੀ ਖ਼ਰੀਦ ਦੇ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਡੀਸੀ ਨੇ ਰਾਜ ਦੀਆਂ ਖ਼ਰੀਦ ਏਜੰਸੀਆਂ ਦੇ ਸਾਰੇ ਜ਼ਿਲ੍ਹਾ ਮੁਖੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਪਹਿਲੀ ਅਕਤੂਬਰ ਤੋਂ ਸ਼ੁਰੂ ਹੋ ਰਹੀ ਖ਼ਰੀਦ ਦੇ ਕੰਮਾਂ ਦੀ ਨਿਗਰਾਨੀ ਖ਼ੁਦ ਕਰਨ ਤਾਂ ਜੋ ਉਹ ਆਪਣੇ ਨਿਰਧਾਰਿਤ ਹਿੱਸੇ ਅਨੁਸਾਰ ਝੋਨੇ ਦੀ ਖ਼ਰੀਦ ਤੇ ਲਿਫ਼ਟਿੰਗ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਇੱਕ ਪਾਸੇ ਝੋਨੇ ਦੀ ਨਿਰਵਿਘਨ, ਮੁਸ਼ਕਲ ਰਹਿਤ ਅਤੇ ਤੇਜ਼ੀ ਨਾਲ ਖ਼ਰੀਦ ਨੂੰ ਯਕੀਨੀ ਬਣਾਉਣ ਅਤੇ ਦੂਜੇ ਪਾਸੇ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਸਮੇਂ ਸਿਰ ਭੁਗਤਾਨ ਕਰਨ ਲਈ ਸਾਰੇ ਲੋੜੀਂਦੇ ਯਤਨ ਕੀਤੇ ਜਾਣੇ ਚਾਹੀਦੇ ਹਨ।
ਸ੍ਰੀਮਤੀ ਕਾਲੀਆ ਨੇ ਨਿਰਦੇਸ਼ ਦਿੱਤਾ ਕਿ ਜ਼ਿਲ੍ਹੇ ਦੇ ਕਿਸਾਨਾਂ ਨੂੰ ਮੰਡੀਆਂ ਵਿੱਚ ਉਨ੍ਹਾਂ ਦੀ ਉਪਜ ਦੀ ਵਿਕਰੀ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣੀ ਚਾਹੀਦੀ। ਡੀਸੀ ਨੇ ਕਿਹਾ ਕਿ ਉਪ ਮੰਡਲ ਮੈਜਿਸਟਰੇਟ ਆਪਣੇ ਅਧਿਕਾਰ ਖੇਤਰ ਅਧੀਨ ਅਨਾਜ ਮੰਡੀਆਂ ਵਿੱਚ ਨਿਰਵਿਘਨ ਖ਼ਰੀਦ ਕਾਰਜਾਂ ਲਈ ਜਵਾਬਦੇਹ ਹੋਣਗੇ ਤਾਂ ਜੋ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਮੰਡੀਆਂ ਵਿੱਚ ਫੇਸ ਮਾਸਕ, ਹੈਂਡ ਸੈਨੇਟਾਈਜ਼ਰ, ਪੈਰ ਨਾਲ ਚੱਲਣ ਵਾਲੀਆਂ ਟੂਟੀਆਂ ਆਦਿ ਦੀ ਵਿਵਸਥਾ ਨੂੰ ਯਕੀਨੀ ਬਣਾਉਣ।
ਡੀਸੀ ਨੇ ਹਰੇਕ ਖ਼ਰੀਦ ਕੇਂਦਰਾਂ ਵਿੱਚ ਬਿਜਲੀ, ਕਿਸਾਨਾਂ ਲਈ ਸ਼ੈੱਡ, ਪੀਣ ਯੋਗ ਪਾਣੀ ਦੀ ਸਪਲਾਈ ਅਤੇ ਖ਼ਰੀਦ ਕੇਂਦਰਾਂ ਦੇ ਹਰੇਕ ਪ੍ਰਵੇਸ਼ ਦੁਆਰ ਉੱਤੇ ਝੋਨੇ ਦੀ ਗੁਣਵੱਤਾ ਦੀ ਜਾਂਚ ਲਈ ਉਪਕਰਨਾਂ ਦੀ ਲੋੜੀਂਦੀ ਵਿਵਸਥਾ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਖ਼ਰੀਦ, ਨਮੀ ਦੀ ਮਾਤਰਾ ਅਤੇ ਹੋਰ ਮੁੱਦਿਆਂ ’ਤੇ ਅਧਿਕਾਰੀਆਂ ਨਾਲ ਵਿਸਥਾਰ ਗੱਲਬਾਤ ਦੌਰਾਨ ਡੀਸੀ ਨੂੰ ਦੱਸਿਆ ਗਿਆ ਕਿ ਜ਼ਿਲ੍ਹੇ ਵਿੱਚ ਖ਼ਰੀਦ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਨਮੀ ਦੀ ਤੈਅ ਹੱਦ ਮੁਤਾਬਕ ਹੀ ਝੋਨਾ ਲਿਆਉਣ ਤਾਂ ਜੋ ਉਨ੍ਹਾਂ ਨੂੰ ਇਸ ਨੂੰ ਵੇਚਣ ਵਿੱਚ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।
ਡੀਸੀ ਨੇ ਡੀਐਫ਼ਐਸਸੀ ਨੂੰ ਹਦਾਇਤ ਕੀਤੀ ਕਿ ਉਹ ਮਿੱਲਾਂ ਵਿੱਚ ਪਏ ਝੋਨੇ ਦੇ ਮੌਜੂਦਾ ਭੰਡਾਰ ਦੀ ਤਸਦੀਕ ਕਰਨ ਲਈ ਰਾਈਸ ਸ਼ੈਲਰਾਂ ਵਿੱਚ ਚੈਕਿੰਗ ਕਰਨ ਕਿਉਂਕਿ ਰਾਜ ਸਰਕਾਰ ਪਹਿਲਾਂ ਹੀ ਕਸਟਮ ਮਿਲਿੰਗ ਲਈ ਚਾਹਵਾਨ ਮਿੱਲਰਾਂ ਨੂੰ ਜਨਤਕ ਨੋਟਿਸ ਜਾਰੀ ਕਰ ਚੁੱਕੀ ਹੈ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਕੋਲ ਪਏ ਚਾਵਲ ਦਾ ਸਟਾਕ ਐਲਾਨਣ ਲਈ ਕਿਹਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਮਿਆਦ ਦੇ ਬਾਅਦ ਜੇਕਰ ਮਿੱਲਾਂ ਵਿੱਚ ਝੋਨਾ ਜਾਂ ਚਾਵਲ ਭੰਡਾਰ ਕੀਤਾ ਪਾਇਆ ਗਿਆ ਤਾਂ ਇਸ ਨੂੰ ਆਗਾਮੀ ਸੀਜ਼ਨ ਦੌਰਾਨ ਅਣਅਧਿਕਾਰਤ ਵਿਕਰੀ ਲਈ ਗੈਰਕਾਨੂੰਨੀ ਸਟਾਕ ਮੰਨਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ੈਲਰ ਮਿੱਲਰਾਂ ਨੂੰ ਆਪਣੇ ਸਟਾਕ ਦੇ ਵੇਰਵੇ ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਨੂੰ ਦੇਣੇ ਚਾਹੀਦੇ ਹਨ।

Load More Related Articles
Load More By Nabaz-e-Punjab
Load More In Agriculture & Forrest

Check Also

Gian Jyoti announces scholarships for African students

Gian Jyoti announces scholarships for African students Nabaz-e-Punjab, Mohali, March 2, 20…