
ਸੈਕਟਰ-48 ਤੋਂ ਬਾਵਾ ਵਾਈਟ ਹਾਊਸ ਪਹੁੰਚ ਸੜਕ ’ਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ
98 ਲੱਖ ਦੀ ਲਾਗਤ ਨਾਲ ਸੜਕ ’ਤੇ ਪ੍ਰੀਮਿਕਸ ਪਾਉਣ ਦੇ ਨਾਲ-ਨਾਲ ਕਰਬ ਚੈਨਲਾਂ ਨੂੰ ਵੀ ਕੀਤਾ ਜਾਵੇਗਾ ਰੰਗ ਰੋਗਨ
ਮੁਹਾਲੀ ਸ਼ਹਿਰ ਦੀਆਂ ਸੜਕਾਂ ਦੀ ਨੁਹਾਰ ਬਦਲਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ: ਜੀਤੀ ਸਿੱਧੂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਅਕਤੂਬਰ:
ਮੁਹਾਲੀ ਨਗਰ ਨਿਗਮ ਵੱਲੋਂ ਇੱਥੋਂ ਦੇ ਸੈਕਟਰ-48 ਤੋਂ ਬਾਵਾ ਵਾਈਟ ਹਾਊਸ ਫੇਜ਼-11 ਤੱਕ ਦੀ ਮੁੱਖ ਸੜਕ ’ਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਅੱਜ ਖ਼ੁਦ ਇਸ ਕੰਮ ਦਾ ਆਗਾਜ਼ ਕੀਤਾ। ਉਨ੍ਹਾਂ ਦੱਸਿਆ ਕਿ ਸੜਕ ’ਤੇ ਪ੍ਰੀਮਿਕਸ ਪਾਉਣ ਦੇ ਨਾਲ-ਨਾਲ ਕਰਬ ਚੈਨਲਾਂ ਦੀ ਰਿਪੇਅਰ ਅਤੇ ਰੰਗ ਰੋਗਨ ਵੀ ਕੀਤਾ ਜਾਵੇਗਾ। ਇਸ ਨਾਲ ਸ਼ਹਿਰ ਦੀ ਖ਼ੂਬਸੂਰਤੀ ਨੂੰ ਵੀ ਚਾਰ ਚੰਨ ਲੱਗਣਗੇ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵੀ ਹਾਜ਼ਰ ਸਨ।
ਸ੍ਰੀ ਜੀਤੀ ਸਿੱਧੂ ਨੇ ਕਿਹਾ ਕਿ ਇਸ ਸੜਕ ’ਤੇ 98 ਲੱਖ ਰੁਪਏ ਖ਼ਰਚ ਕੀਤੇ ਜਾ ਰਹੇ ਹਨ। ਇਹ ਕੰਮ ਪਹਿਲਾਂ ਹੀ ਸ਼ੁਰੂ ਹੋ ਜਾਣਾ ਸੀ ਪਰ ਬਰਸਾਤਾਂ ਦਾ ਮੌਸਮ ਲੰਮਾ ਚੱਲਣ ਕਾਰਨ ਸੜਕਾਂ ’ਤੇ ਪ੍ਰੀਮਿਕਸ ਨਹੀਂ ਪਾਈ ਜਾ ਸਕਦੀ ਸੀ। ਲੇਕਿਨ ਹੁਣ ਸਰਦੀ ਦਾ ਮੌਸਮ ਸ਼ੁਰੂ ਤੋਂ ਪਹਿਲਾਂ-ਪਹਿਲਾਂ ਸੜਕਾਂ ਦੀ ਮੁਰੰਮਤ ਅਤੇ ਪ੍ਰੀਮਿਕਸ ਪਾਉਣ ਦੇ ਸਾਰੇ ਕੰਮ ਮੁਕੰਮਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਜਲਦੀ ਹੀ ‘ਬੀ’ ਸੜਕਾਂ ਅਤੇ ਅੰਦਰੂਨੀ ਸੜਕਾਂ ਦਾ ਕੰਮ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸਾਰੇ ਵਾਰਡਾਂ ਵਿੱਚ ਬਿਨਾਂ ਕਿਸੇ ਪੱਖਪਾਤ ਤੋਂ ਵਿਕਾਸ ਕੰਮ ਕੀਤੇ ਜਾਣਗੇ।
ਮੇਅਰ ਜੀਤੀ ਸਿੱਧੂ ਨੇ ਮੁਹਾਲੀ ਦੇ ਵਿਕਾਸ ਸਬੰਧੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਅੱਜ ਸ਼ਹਿਰ ਦਾ ਇੱਕ ਵੀ ਹਿੱਸਾ ਅਜਿਹਾ ਨਹੀਂ ਹੈ, ਜੋ ਵਿਕਾਸ ਪੱਖੋਂ ਵਾਂਝਾ ਹੋਵੇ। ਇਸ ਤੋਂ ਇਲਾਵਾ ਸ਼ਹਿਰ ਵਿੱਚ ਸੀਵਰੇਜ ਲਾਈਨ ਨਾਲ ਪੁੱਟੀ ਸੜਕ ਨੂੰ ਨਵੇਂ ਸਿਰਿਓਂ ਬਣਾਉਣ ਦਾ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ ਅਤੇ ਛੇਤੀ ਹੀ ਇਹ ਸੜਕ ਆਵਾਜਾਈ ਲਈ ਲੋਕਾਂ ਨੂੰ ਸਮਰਪਿਤ ਕੀਤੀ ਜਾਵੇਗੀ। ਇਸ ਮੌਕੇ ਕੌਂਸਲਰ ਕੁਲਵੰਤ ਸਿੰਘ ਕਲੇਰ, ਨਗਰ ਨਿਗਮ ਦੀ ਐਕਸੀਅਨ ਅਵਨੀਤ ਕੌਰ ਅਤੇ ਹੋਰ ਪਤਵੰਤੇ ਹਾਜ਼ਰ ਸਨ।