
ਮੁੱਖ ਮੰਤਰੀ ਦੇ ਸਰਕਾਰੀ ਸਮਾਰਟ ਸਕੂਲ ਲੋਕ ਅਰਪਣ ਸਮਾਗਮ ਲਈ ਸਾਰੀਆਂ ਤਿਆਰੀਆਂ ਮੁਕੰਮਲ
ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਟੈਬਲੈੱਟ ਵੀ ਕੀਤੇ ਜਾਣਗੇ ਤਕਸੀਮ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਨਵੰਬਰ:
ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਸਿੱਖਿਆ ਵਿਭਾਗ ਵੱਲੋਂ ਸਮੇਂ ਦੇ ਹਾਣ ਦੇ ਬਣਾਉਣ ਲਈ ਚਲਾਈ ਗਈ ਸਿੱਖਿਆ ਸੁਧਾਰ ਲਹਿਰ ਤਹਿਤ ਬਣੇ ਸਮਾਰਟ ਸਕੂਲਾਂ ਨੂੰ ਲੋਕ ਅਰਪਣ ਕਰਨ ਦੀ ਰਸਮ 7 ਨਵੰਬਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਿਭਾਈ ਜਾਵੇਗੀ। ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਅਤੇ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ਵਿੱਚ ਹੋਣ ਵਾਲੇ ਇਸ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਹਿੰਮਤ ਸਿੰਘ ਹੁੰਦਲ ਦੱਸਿਆ ਕਿ ਸਮਾਰਟ ਸਕੂਲ ਲੋਕ ਅਰਪਣ ਸਮਾਗਮ ਦੌਰਾਨ ਮੁੱਖ ਮੰਤਰੀ ਜ਼ਿਲ੍ਹਾ ਮੁਹਾਲੀ ਦੇ ਤਿੰਨ ਸਕੂਲਾਂ ਜਿਨ੍ਹਾਂ ਵਿੱਚ ਸਰਕਾਰੀ ਹਾਈ ਸਕੂਲ ਪਿੰਡ ਮੌਲੀ ਬੈਦਵਾਨ, ਸਰਕਾਰੀ ਹਾਈ ਸਕੂਲ ਬਹਿਲੋਲਪੁਰ, ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਗੌਲੀ ਸ਼ਾਮਲ ਹਨ ਲੋਕਾਂ ਨੂੰ ਸਮਰਪਿਤ ਕਰਨਗੇ। ਇਸ ਤੋਂ ਇਲਾਵਾ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਸਥਾਪਿਤ ਆਨਲਾਈਨ ਕੇਂਦਰਾਂ ਰਾਹੀਂ ਸਕੂਲ ਮੁਖੀਆਂ, ਅਧਿਆਪਕਾਂ, ਵਿਦਿਆਰਥੀਆਂ ਦੇ ਮਾਪਿਆਂ, ਪੰਚਾਇਤੀ ਤੇ ਸਕੂਲ ਪ੍ਰਬੰਧਕ ਕਮੇਟੀਆਂ ਦੇ ਨੁਮਾਇੰਦਿਆਂ ਨੂੰ ਸੰਬੋਧਨ ਕਰਨਗੇ।
ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸ੍ਰੀਮਤੀ ਗੁਰਪ੍ਰੀਤ ਕੌਰ ਧਾਲੀਵਾਲ ਨੇ ਦੱਸਿਆ ਕਿ ਜ਼ਿਲ੍ਹਾ ਹੈੱਡਕੁਆਟਰ ’ਤੇ ਸਮਾਗਮ ਰਾਹੀਂ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਟੈਬਲੈੱਟ ਵੀ ਪ੍ਰਦਾਨ ਕੀਤ ਜਾਣਗੇ। ਪੰਜਾਬ ਦੇ ਸਿੱਖਿਆ ਇਤਿਹਾਸ ਵਿੱਚ ਇਹ ਪਹਿਲਾ ਮੌਕਾ ਹੋਵੇਗਾ ਜਦੋਂ ਮੁੱਖ ਮੰਤਰੀ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਮੂਹਿਕ ਰੂਪ ਵਿੱਚ ਸੰਬੋਧਨ ਕਰਨਗੇ। ਇਸ ਵਰ੍ਹੇ ਬਾਰ੍ਹਵੀਂ ਜਮਾਤ ਦੇ ਸ਼ਾਨਦਾਰ ਨਤੀਜਿਆਂ ਮੌਕੇ ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਰਾਹੀਂ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ, ਅਧਿਆਪਕਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੰਦਿਆਂ ਸਰਕਾਰੀ ਸਕੂਲਾਂ ਦੇ ਸ਼ਾਨਦਾਰ ਨਤੀਜਿਆਂ ਲਈ ਸਿੱਖਿਆ ਵਿਭਾਗ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਸੀ।
ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਸਰਕਾਰੀ ਸਕੂਲਾਂ ਦੇ ਵਿਕਾਸ, ਪੜ੍ਹਾਈ ਵਿੱਚ ਆਈ ਗੁਣਵੱਤਾ ਤੇ ਹੋਰਨਾਂ ਪ੍ਰਾਪਤੀਆਂ ਸਬੰਧੀ ਸਕੂਲ ਮੁਖੀਆਂ, ਪੰਚਾਇਤੀ ਤੇ ਸਕੂਲ ਪ੍ਰਬੰਧਕ ਕਮੇਟੀਆਂ ਦੇ ਨੁਮਾਇੰਦਿਆਂ, ਅਧਿਆਪਕਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨਾਲ ਸੰਵਾਦ ਰਚਾਉਣ ਦੀ ਵੀ ਉਮੀਦ ਹੈ। ਇਸ ਦੇ ਨਾਲ ਹੀ ਅਧਿਕਾਰੀਆਂ ਨੇ ਉਕਤ ਸਮਾਗਮ ਵਿੱਚ ਕੋਵਿਡ-19 ਨਿਯਮਾਂ ਅਤੇ ਡਿਜ਼ੀਟਲ ਕੇਂਦਰਾਂ ਦੀ ਸਮਰਥਾ ਨੂੰ ਧਿਆਨ ਵਿੱਚ ਰੱਖਦੇ ਹੋਏ ਚੋਣਵੇਂ ਪਤਵੰਤਿਆਂ ਦੀ ਸ਼ਮੂਲੀਅਤ ਕਰਵਾਉਣ ਦੀ ਅਪੀਲ ਕੀਤੀ।