ਭਾਸ਼ਾਈ ਤੇ ਸਭਿਆਚਾਰਕ ਵਿਭਿੰਨਤਾ ਨੂੰ ਬਚਾਉਣਾ ਅਜੋਕੇ ਸਮੇਂ ਦੀ ਮੁੱਖ ਲੋੜ: ਡਾ. ਸਿਰਸਾ

ਕੌਮਾਂਤਰੀ ਮਾਂ-ਬੋਲੀ ਦਿਹਾੜੇ ’ਤੇ ਮਾਂ-ਬੋਲੀ ਪੰਜਾਬੀ ਨੂੰ ਪ੍ਰਫੁੱਲਤ ਕਰਨ ਦਾ ਅਹਿਦ ਲਿਆ

ਜ਼ਿਲ੍ਹਾ ਭਾਸ਼ਾ ਵਿਭਾਗ ਦਫ਼ਤਰ ਵੱਲੋਂ ਕੌਮਾਂਤਰੀ ਮਾਂ-ਬੋਲੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਸਮਾਗਮ

ਕੌਮਾਂਤਰੀ ਮਾਂ-ਬੋਲੀ ਦਿਹਾੜੇ ’ਤੇ ਭਾਸ਼ਾ ਵਿਭਾਗ ਪੰਜਾਬ ਵੱਲੋਂ ਪ੍ਰਕਾਸ਼ਿਤ ਮਾਂ-ਬੋਲੀ ਵਿਸ਼ੇਸ਼ ਅੰਕ ਜਾਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਫਰਵਰੀ:
ਜ਼ਿਲ੍ਹਾ ਭਾਸ਼ਾ ਦਫ਼ਤਰ ਐਸ.ਏ.ਐਸ. ਨਗਰ (ਮੁਹਾਲੀ) ਵੱਲੋਂ ਇੱਥੋਂ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੌਮਾਂਤਰੀ ਮਾਤ ਭਾਸ਼ਾ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਭਾਸ਼ਾ ਵਿਭਾਗ ਪੰਜਾਬ ਤੇ ਉਚੇਰੀ ਸਿੱਖਿਆ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਵਿਭਾਗੀ ਕੰਮਾਂ ਦਾ ਜਾਇਜ਼ਾ ਲਿਆ ਅਤੇ ਪੰਜਾਬ ਦਾ ਪਹਿਲਾ ਸਮਾਰਟ ਦਫ਼ਤਰ ਬਣਾਉਣ ’ਤੇ ਸਮੁੱਚੀ ਟੀਮ ਨੂੰ ਹੱਲਾਸ਼ੇਰੀ ਦਿੰਦਿਆਂ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਕੀਤੀ। ਇਸ ਸਮਾਗਮ ਵਿੱਚ ਸਿੱਖਿਆ ਅਤੇ ਸਾਹਿਤਕ ਖੇਤਰ ਦੀਆਂ ਨਾਮਵਰ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ ਅਤੇ ਮਾਂ-ਬੋਲੀ ਪੰਜਾਬੀ ਨੂੰ ਪ੍ਰਫੁੱਲਤ ਕਰਨ ’ਤੇ ਜ਼ੋਰ ਦਿੱਤਾ।
ਸਮਾਗਮ ਦਾ ਆਗਾਜ਼ ਭਾਸ਼ਾ ਵਿਭਾਗ ਪੰਜਾਬ ਦੀ ਵਿਭਾਗੀ ਧੁਨੀ ਨਾਲ ਹੋਇਆ।
ਸਮਾਗਮ ਦੀ ਪ੍ਰਧਾਨਗੀ ਐਸਸੀਈਆਰਟੀ ਦੇ ਡਾਇਰੈਕਟਰ ਡਾ. ਜਰਨੈਲ ਸਿੰਘ ਕਾਲੇਕੇ ਨੇ ਕੀਤੀ। ਉਨ੍ਹਾਂ ਨੇ ਇਹ ਫ਼ਿਕਰ ਜਤਾਇਆ ਕਿ ਮਾਤ ਭਾਸ਼ਾ ਲਈ ਸਭ ਤੋਂ ਵੱਡੀ ਚੁਨੌਤੀ ਪੰਜਾਬੀਆਂ ਵਿੱਚ ਚੇਤਨਤਾ ਦੀ ਵੱਡੀ ਘਾਟ ਹੈ। ਇਸ ਤੋਂ ਪਹਿਲਾਂ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਕੌਮਾਂਤਰੀ ਮਾਤ ਭਾਸ਼ਾ ਦਿਹਾੜੇ ਦੇ ਇਤਿਹਾਸ ’ਤੇ ਸੰਖੇਪ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਦਿਨ ਨੂੰ ਯੂਨਾਈਟਿਡ ਨੈਸ਼ਨਜ਼ ਸੰਸਥਾ ਯੂਨੈਸਕੋ ਨੇ 17 ਨਵੰਬਰ 1999 ਵਿੱਚ ਪਾਸ ਕੀਤੇ ਗਏ ਇੱਕ ਮਤੇ ਰਾਹੀਂ ‘ਕੌਮਾਂਤਰੀ ਮਾਂ-ਬੋਲੀ ਦਿਵਸ’ ਵਜੋਂ ਐਲਾਨਿਆ ਸੀ। ਉਨ੍ਹਾਂ ਨੇ ਭਾਸ਼ਾ ਵਿਭਾਗ ਦੇ ਕੰਮਾਂ ਤੋਂ ਵੀ ਜਾਣੂ ਕਰਵਾਇਆ।

ਇਸ ਮੌਕੇ ਹਾਜ਼ਰ ਸ਼ਖ਼ਸੀਅਤਾਂ ਨੇ ਪੰਜਾਬੀ ਮਾਂ-ਬੋਲੀ ਨੂੰ ਪ੍ਰਫੁੱਲਤ ਕਰਨ ਦਾ ਪ੍ਰਣ ਲਿਆ। ਉੱਘੇ ਆਲੋਚਕ ਡਾ. ਸੁਖਦੇਵ ਸਿੰਘ ਸਿਰਸਾ ਨੇ ‘ਮਾਤ ਭਾਸ਼ਾ ਦਾ ਮਹੱਤਵ’ ਵਿਸ਼ੇ ’ਤੇ ਵਿਸਥਾਰ ਨਾਲ ਚਰਚਾ ਕਰਦਿਆਂ ਕਈ ਅਹਿਮ ਨੁਕਤੇ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਭਾਸ਼ਾਈ ਅਤੇ ਸਭਿਆਚਾਰਕ ਵਿਭਿੰਨਤਾ ਨੂੰ ਬਚਾਉਣਾ ਅਜੋਕੇ ਸਮੇਂ ਦੀ ਮੁੱਖ ਲੋੜ ਹੈ। ਖੇਤਰੀ ਭਾਸ਼ਾ ਹਰ ਕੌਮ ਦਾ ਸਭਿਆਚਾਰਕ, ਰਾਜਨੀਤਕ ਅਤੇ ਸਮਾਜਿਕ ਸਰਮਾਇਆ ਹੁੰਦੀ ਹੈ। ਇਸ ਲਈ ਕਿਸੇ ਕੌਮ ਦੀ ਪਛਾਣ ਲਈ ਉਸ ਦੀ ਭਾਸ਼ਾ ਦਾ ਜ਼ਿੰਦਾ ਰਹਿਣਾ ਅਤਿ ਜ਼ਰੂਰੀ ਹੈ। ਸ਼੍ਰੋਮਣੀ ਸਾਹਿਤਕਾਰ ਡਾ. ਮਨਮੋਹਨ ਸਿੰਘ ਦਾਊਂ ਨੇ ਪ੍ਰੋਗਰਾਮ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਮਾਤ ਭਾਸ਼ਾ ਸਬੰਧੀ ਕਈ ਨੁਕਤੇ ਉਠਾਏ। ਉਨ੍ਹਾਂ ਕਿਹਾ ਕਿ ਮਾਤ ਭਾਸ਼ਾ ਦੀ ਅਜੋਕੀ ਸਥਿਤੀ ਲਈ ਸਭ ਤੋਂ ਜ਼ਿੰਮੇਵਾਰ ਕਾਰਨ ਪੰਜਾਬੀਆਂ ਅੰਦਰ ਪੰਜਾਬੀ ਪ੍ਰਤੀ ਹੀਣ ਭਾਵਨਾ ਹੈ।

ਪ੍ਰੋਗਰਾਮ ਵਿੱਚ ਪਹੁੰਚੇ ਵਿਦਵਾਨਾਂ, ਲੇਖਕਾਂ ਤੇ ਪਾਠਕਾਂ ਵੱਲੋਂ ਮਾਂ-ਬੋਲੀ ਪੰਜਾਬੀ ਪ੍ਰਚਾਰ-ਪ੍ਰਸਾਰ ਹਿੱਤ ਭਾਸ਼ਾ ਵਿਭਾਗ ਪੰਜਾਬ ਦੇ ਯਤਨਾਂ ਵਿੱਚ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਵਾਇਆ ਗਿਆ ਅਤੇ ਵਿਭਾਗੀ ਮੈਗਜ਼ੀਨਾਂ ਦੀ ਮੈਂਬਰਸ਼ਿਪ ਰਾਹੀਂ ਇਸਦੇ ਪਾਠਕ ਬਣਨ ਦਾ ਮਾਣ ਮਹਿਸੂਸ ਕੀਤਾ। ਕੌਮਾਂਤਰੀ ਮਾਤ ਭਾਸ਼ਾ ਦਿਹਾੜੇ ਦੇ ਇਸ ਸ਼ੱੁਭ ਮੌਕੇ ‘ਤੇ ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ।

ਇਸ ਮੌਕੇ ਡਾ. ਮੇਘਾ ਸਿੰਘ, ਗੁਰਪ੍ਰੀਤ ਸਿੰਘ ਨਿਆਮੀਆਂ, ਨਾਟਕਕਾਰ ਸੰਜੀਵਨ ਸਿੰਘ, ਸਤਵਿੰਦਰ ਸਿੰਘ ਧੜਾਕ, ਪ੍ਰੋ. ਅਵਤਾਰ ਸਿੰਘ ਪਤੰਗ, ਸਰਦਾਰਾ ਸਿੰਘ ਚੀਮਾ, ਜੈਪਾਲ ਸਿੰਘ, ਭਜਨਬੀਰ ਸਿੰਘ, ਭਗਤ ਰਾਮ ਰੰਗਾੜਾ, ਸਿਰੀ ਰਾਮ ਅਰਸ਼, ਪ੍ਰੋ. ਗੁਰਜੋਧ ਕੌਰ, ਪ੍ਰੋ. ਬਲਵਿੰਦਰ ਚਹਿਲ, ਪ੍ਰੋ. ਸੁਨੀਤਾ ਸਮੇਤ ਖੋਜ ਅਫ਼ਸਰ ਦਰਸ਼ਨ ਕੌਰ, ਇੰਸਟ੍ਰਕਟਰ ਜਤਿੰਦਰਪਾਲ ਸਿੰਘ ਅਤੇ ਗੁਰਵਿੰਦਰ ਸਿੰਘ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 5 ਜਨਵਰੀ: ਸਰਬੰ…