Nabaz-e-punjab.com

ਗੁਰਦੁਆਰਾ ਸਾਹਿਬ ਸ੍ਰੀ ਸਿੰਘ ਸਭਾ ਫੇਜ਼-1 ਦੇ ਪ੍ਰਧਾਨ ਦੀ ਚੋਣ, ਪ੍ਰੀਤਮ ਸਿੰਘ ਨੇ ਜਿੱਤੀ ਪ੍ਰਧਾਨਗੀ ਦੀ ਚੋਣ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਅਪਰੈਲ:
ਇੱਥੋਂ ਦੇ ਫੇਜ਼-1 ਸਥਿਤ ਗੁਰਦੁਆਰਾ ਸਾਹਿਬ ਸ੍ਰੀ ਸਿੰਘ ਸਭਾ ਦੇ ਪ੍ਰਧਾਨ ਦੇ ਅਹੁਦੇ ਲਈ ਸਾਲਾਨਾ ਚੋਣ ਹੋਈ। ਸਾਬਕਾ ਪ੍ਰਧਾਨ ਹਰਦਿਆਲ ਸਿੰਘ ਮਾਨ, ਅਕਾਲੀ ਕੌਂਸਲਰ ਗੁਰਮੀਤ ਕੌਰ ਅਤੇ ਹੋਰਨਾਂ ਪਤਵੰਤਿਆਂ ਦੀ ਮੌਜੂਦਗੀ ਵਿੱਚ ਪ੍ਰਧਾਨਗੀ ਦੀ ਚੋਣ ਨੂੰ ਨੇਪਰੇ ਚਾੜਿਆ ਗਿਆ। ਇਹ ਜਾਣਕਾਰੀ ਦਿੰਦਿਆਂ ਸਮਾਜ ਸੇਵੀ ਆਗੂ ਹਰਬਿੰਦਰ ਸਿੰਘ ਸੈਣੀ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਸਿੰਘ ਸਭਾ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਲਈ ਦੋ ਉਮੀਦਵਾਰ ਪ੍ਰੀਤਮ ਸਿੰਘ ਅਤੇ ਮਨੋਹਰ ਸਿੰਘ ਚੋਣ ਮੈਦਾਨ ਵਿੱਚ ਸਨ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਦੀਆਂ ਕੁੱਲ 1035 ਵੋਟਾਂ ਹਨ। ਜਿਨ੍ਹਾਂ ’ਚੋਂ 579 ਵੋਟਾਂ ਭੁਗਤੀਆਂ ਹਨ।
ਉਨ੍ਹਾਂ ਦੱਸਿਆ ਕਿ ਪ੍ਰੀਤਮ ਸਿੰਘ ਨੂੰ 348 ਅਤੇ ਵਿਰੋਧੀ ਉਮੀਦਵਾਰ ਮਨੋਹਰ ਸਿੰਘ ਨੂੰ 231 ਵੋਟਾਂ ਪਈਆਂ। ਇਸ ਤਰ੍ਹਾਂ 117 ਵੱਧ ਵੋਟਾਂ ਲੈ ਕੇ ਪ੍ਰੀਤਮ ਸਿੰਘ ਨੇ ਪ੍ਰਧਾਨਗੀ ਦੀ ਚੋਣ ਜਿੱਤ ਲਈ। ਇਸ ਉਪਰੰਤ ਗੁਰਦੁਆਰਾ ਸਾਹਿਬ ਵਿੱਚ ਹਾਜ਼ਰ ਸੰਗਤਾਂ ਨੇ ਨਵੇਂ ਬਣੇ ਪ੍ਰਧਾਨ ਪ੍ਰੀਤਮ ਸਿੰਘ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਨਵੇਂ ਬਣੇ ਪ੍ਰਧਾਨ ਪ੍ਰੀਤਮ ਸਿੰਘ ਨੇ ਸਮੁੱਚੀ ਸਾਧ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਦਿੱਤੀ ਗਈ ਹੈ, ਉਹ ਇਸ ਨੂੰ ਪੂਰੀ ਤਨਦੇਹੀ ਅਤੇ ਸੇਵਾ ਭਾਵਨਾ ਨਾਲ ਨਿਭਾਉਣਗੇ ਅਤੇ ਉਹ ਸਾਰਿਆਂ ਨੂੰ ਨਾਲ ਲੈ ਕੇ ਚੱਲਣਗੇ। ਉਨ੍ਹਾਂ ਕਿਹਾ ਕਿ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਸੰਗਤ ਦੇ ਸਹਿਯੋਗ ਨਾਲ ਵੱਖ ਵੱਖ ਪ੍ਰੋਗਰਾਮ ਉਲੀਕੇ ਜਾਣਗੇ। ਇਸ ਮੌਕੇ ਸਾਬਕਾ ਪ੍ਰਧਾਨ ਹਰਦਿਆਲ ਸਿੰਘ ਮਾਨ, ਕੌਂਸਲਰ ਗੁਰਮੀਤ ਕੌਰ, ਸਤਪਾਲ ਸਿੰਘ ਬਾਗੀ, ਸੁਖਵਿੰਦਰ ਸਿੰਘ, ਦਲਬੀਰ ਸਿੰਘ ਸੰਧੂ, ਜਰਨੈਲ ਸਿੰਘ, ਗਿਆਨ ਸਿੰਘ ਅਤੇ ਜੇਪੀ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…