Share on Facebook Share on Twitter Share on Google+ Share on Pinterest Share on Linkedin ਪੰਜਾਬ ਤੋਂ ਯੂਕੇ ਵਿੱਚ ਗੈਰਕਾਨੂੰਨੀ ਪ੍ਰਵਾਸ ਨੂੰ ਰੋਕਣ ਲਈ ਉਪਰਾਲੇ ਕਰੇਗੀ ਸੂਬਾ ਸਰਕਾਰ: ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਤੇ ਬਰਤਾਨਵੀ ਸਫ਼ੀਰ ਉਦਯੋਗਿਕ ਆਧੁਨਿਕੀਕਰਨ ਤੇ ਹੁਨਰ ਵਿਕਾਸ ਸਣੇ ਹੋਰਨਾਂ ਖੇਤਰਾਂ ’ਚ ਸਹਿਯੋਗ ਲਈ ਰਾਜ਼ੀ ਸਕਿੱਲ ਯੂਨੀਵਰਸਿਟੀ ਸਥਾਪਿਤ ਕਰਨ ਤੇ ਆਈਟੀਆਈਜ਼ ’ਚ ਸ਼ਾਮ ਨੂੰ ਹੁਨਰ ਵਿਕਾਸ ਕਲਾਸਾਂ ਸ਼ੁਰੂ ਕਰਨ ਬਾਰੇ ਵੀ ਕੀਤੀ ਚਰਚਾ ਪ੍ਰਦੂਸ਼ਣ ਮੁਕਤੀ ਲਈ ਪੈਟਰੋਲ ਤੇ ਡੀਜ਼ਲ ਵਾਹਨਾਂ ਦੀ ਥਾਂ ਬਿਜਲਈ ਵਾਹਨਾਂ ਨੂੰ ਉਤਸ਼ਾਹਿਤ ਕਰਨ ’ਤੇ ਵੀ ਜ਼ੋਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਮਾਰਚ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਗ਼ੈਰਕਾਨੂੰਨੀ ਪ੍ਰਵਾਸ ਰਾਹੀਂ ਭੋਲੇ-ਭਾਲੇ ਲੋਕਾਂ ਦੀ ਲੁੱਟ ਕਰਨ ਵਾਲੇ ਟਰੈਵਲ ਏਜੰਟਾਂ ਨੂੰ ਨੱਥ ਪਾਉਣ ਲਈ ਸਖ਼ਤ ਕਦਮ ਚੁੱਕਣ ਦੀ ਲੋੜ ਹੈ ਅਤੇ ਇਸ ਸਬੰਧੀ ਪੰਜਾਬ ਤੋਂ ਯੂਕੇ ਵਿੱਚ ਹੋ ਰਹੇ ਗੈਰਕਾਨੂੰਨੀ ਪ੍ਰਵਾਸ ਨੂੰ ਰੋਕਣ ਲਈ ਸੂਬਾ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਅਜਿਹੇ ਏਜੰਟਾਂ ਖ਼ਿਲਾਫ਼ ਕਾਰਵਾਈ ਲਈ ਯੂਕੇ ਨਾਲ ਸਹਿਮਤੀ ਬਣ ਗਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇੱਥੋਂ ਦੇ ਇੰਡੀਅਨ ਸਕੂਲ ਆਫ਼ ਬਿਜ਼ਨਸ (ਆਈਐਸਬੀ) ਵਿੱਚ ਬ੍ਰਿਟਿਸ਼ ਹਾਈ ਕਮਿਸ਼ਨਰ ਡੌਮਨਿਕ ਅਸਕਿਊਥ ਨਾਲ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸਰਕਾਰ ਸਕਿੱਲਜ਼ ਯੂਨੀਵਰਸਿਟੀ ਸਥਾਪਿਤ ਕਰਨ ਤੋਂ ਇਲਾਵਾ ਆਈਟੀਆਈਜ਼ ਵਿੱਚ ਸ਼ਾਮ ਨੂੰ ਹੁਨਰ ਵਿਕਾਸ ਕਲਾਸਾਂ ਸ਼ੁਰੂ ਕਰਨ ਬਾਰੇ ਤਜਵੀਜ਼ ਉੱਤੇ ਵੀ ਵਿਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਿੱਖਿਆ ਪ੍ਰਣਾਲੀ ਗਿਣਾਤਮਿਕ ਤੇ ਗੁਣਾਤਮਿਕ ਪੱਖਾਂ ਤੋਂ ਪਛੜੀ ਹੋਈ ਹੈ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਾਉਣ ਲਈ ਹੁਨਰ ਵਿਕਾਸ ਅਹਿਮ ਬਦਲ ਵਜੋਂ ਉੱਭਰਿਆ ਹੈ। ਇਸ ਮੀਟਿੰਗ ਵਿੱਚ ਪੰਜਾਬ ਵਿੱਚ ਸਨਅਤੀ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਰੋਬੋਟਿਕਸ ਅਤੇ ਆਰਟੀਫੀਸ਼ਲ ਇੰਟੈਲੀਜੈਂਸ ਦੀ ਵਰਤੋਂ ਸਬੰਧੀ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਕੋਲਡ ਚੇਨ ਸਹੂਲਤਾਂ ਦੇ ਵਿਕਾਸ ਵਿੱਚ ਪ੍ਰਦੂਸ਼ਣ ਮੁਕਤ ਊਰਜਾ ਤੋਂ ਇਲਾਵਾ ਪੈਟਰੋਲ ਤੇ ਡੀਜ਼ਲ ਵਾਹਨਾਂ ਦੀ ਥਾਂ ਬਿਜਲੀ ਵਾਹਨਾਂ ਨੂੰ ਉਤਸ਼ਾਹਿਤ ਕਰਨ ’ਤੇ ਵੀ ਧਿਆਨ ਕੇਂਦਰਿਤ ਕੀਤਾ ਗਿਆ। ਇਸ ਤੋਂ ਪਹਿਲਾਂ ਮੁੱਖ ਮੰਤਰੀ ਅਤੇ ਬ੍ਰਿਟਿਸ਼ ਹਾਈ ਕਮਿਸ਼ਨਰ ਨੇ ਪੰਜਾਬ ਵਿੱਚ ਸਨਅਤੀ ਆਧੁਨਿਕੀਕਰਨ, ਹੁਨਰ ਵਿਕਾਸ, ਫੂਡ ਪ੍ਰੋਸੈਸਿੰਗ ਅਤੇ ਕੋਲਡ ਚੇਨ ਸਹੂਲਤਾਂ ਵਿੱਚ ਸਹਿਯੋਗ ਬਾਰੇ ਚਰਚਾ ਕੀਤੀ। ਇਸ ਗੱਲਬਾਤ ਦਾ ਏਜੰਡਾ ਸਨਅਤੀ ਆਧੁਨਿਕੀਕਰਨ ਸੀ, ਜਿਸ ਵਿੱਚ ਸੂਬੇ ਵਿੱਚ ਸਨਅਤੀ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਰੋਬੋਟਿਕਸ ਅਤੇ ਆਰਟੀਫੀਸ਼ਲ ਇੰਟੈਲੀਜੈਂਸ ਦੀ ਵਰਤੋਂ ’ਤੇ ਧਿਆਨ ਕੇਂਦਰਿਤ ਕੀਤਾ ਗਿਆ। ਉਨ੍ਹਾਂ ਨੇ ਇਸ ’ਤੇ ਮਿਲ ਕੇ ਕੰਮ ਕਰਨ ਲਈ ਸਹਿਮਤੀ ਪ੍ਰਗਟਾਈ। ਮੁੱਖ ਮੰਤਰੀ ਨੇ ਪੰਜਾਬ ਵਿੱਚ ਨਵੀਂ ਸਨਅਤੀ ਨੀਤੀ ਤੋਂ ਬਾਅਦ ਵੱਡੀਆਂ ਨਿਵੇਸ਼ ਸੰਭਾਵਨਾਵਾਂ ਪੈਦਾ ਹੋਣ ਦਾ ਜ਼ਿਕਰ ਕੀਤਾ। ਹੁਨਰ ਵਿਕਾਸ ਖੇਤਰ ਵਿੱਚ ਸਹਿਯੋਗ ਲਈ ਉਤਸ਼ਾਹਿਤ ਮੁੱਖ ਮੰਤਰੀ ਨੇ ਦੱਸਿਆ ਕਿ ਇਹ ਉਨ੍ਹਾਂ ਦੀ ਸਰਕਾਰ ਦੀ ਅਹਿਮ ਤਰਜੀਹ ਹੈ। ਮੁੱਖ ਮੰਤਰੀ ਤੇ ਹਾਈ ਕਮਿਸ਼ਨਰ ਨੇ ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਖੇਤਰ ਵਿੱਚ ਹੋਰ ਸਹਿਯੋਗ ਲਈ ਸਹਿਮਤੀ ਪ੍ਰਗਟਾਈ। ਮੁੱਖ ਮੰਤਰੀ ਨੇ ਪੰਜਾਬ ਦੇ ਕਿਸਾਨਾਂ ਦੀ ਹਾਲਤ ’ਤੇ ਚਿੰਤਾ ਜ਼ਾਹਰ ਕਰਦਿਆਂ ਯੂ.ਕੇ ਤੋਂ ਨਿਵੇਸ਼ ਲਈ ਸਮਰਥਨ ਮੰਗਿਆ ਤਾਂ ਜੋ ਨਵੀਆਂ ਤਕਨੀਕਾਂ ਅਤੇ ਸਹੂਲਤਾਂ ਨਾਲ ਉਨ੍ਹਾਂ ਦੀ ਆਮਦਨ ਦੇ ਵਸੀਲੇ ਵਧਾਏ ਜਾ ਸਕਣ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ