ਪ੍ਰਧਾਨ ਮੰਤਰੀ ਨੇ ਰੁਜ਼ਗਾਰ ਮੇਲੇ ਤਹਿਤ ਵੀਡੀਓ ਕਾਨਫਰੰਸਿੰਗ ਰਾਹੀਂ 71,000 ਨਿਯੁਕਤੀ ਪੱਤਰ ਵੰਡੇ

ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਆਈਐਸਬੀ ਮੁਹਾਲੀ ਵਿੱਚ ਵੰਡੇ ਨਿਯੁਕਤੀ ਪੱਤਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਜਨਵਰੀ:
ਇੱਥੋਂ ਦੇ ਇੰਡੀਅਨ ਸਕੂਲ ਆਫ਼ ਬਿਜਨਸ (ਆਈਐਸਬੀ) ਵਿੱਚ ਆਯੋਜਿਤ ਰੁਜ਼ਗਾਰ ਮੇਲੇ ਦੌਰਾਨ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਸਰਕਾਰੀ ਵਿਭਾਗਾਂ ਅਤੇ ਸੰਸਥਾਵਾਂ ਵਿੱਚ ਨਵੇਂ ਭਰਤੀ ਕੀਤੇ ਗਏ ਲਗਪਗ 71,000 ਮੁਲਾਜ਼ਮਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਨਿਯੁਕਤੀ ਪੱਤਰ ਵੰਡੇ। ਜਦੋਂਕਿ ਕੇਂਦਰੀ ਵਣਜ ਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਨਵ-ਨਿਯੁਕਤਾਂ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਆਉਣ ਵਾਲੇ ਦਹਾਕਿਆਂ ਵਿੱਚ ਭਾਰਤ ਇੱਕ ਵਰਲਡ ਲੀਡਰ ਵਜੋਂ ਉੱਭਰੇਗਾ। ਉਨ੍ਹਾਂ ਕਿਹਾ ਕਿ ਨਵੀਂ ਭਰਤੀ ਦੇਸ਼ ਨੂੰ ਨਵੀਂ ਵਿਸ਼ਵ ਵਿਵਸਥਾ ਵਿੱਚ ਅੱਗੇ ਲਿਜਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ। ਉਨ੍ਹਾਂ ਖ਼ੁਦ ਵੀ ਆਪਣੇ ਹੱਥੀਂ 25 ਨਵੇਂ ਚੁਣੇ ਗਏ ਰੰਗਰੂਟਾਂ ਨੂੰ ਨਿਯੁਕਤੀ ਪੱਤਰ ਸੌਂਪੇ। ਉਨ੍ਹਾਂ ਕਿਹਾ ਕਿ ਰੁਜ਼ਗਾਰ ਮੇਲਾ ਪ੍ਰਧਾਨ ਮੰਤਰੀ ਦੀ ਰੁਜ਼ਗਾਰ ਸਿਰਜਣ ਨੂੰ ਸਭ ਤੋਂ ਵੱਧ ਪ੍ਰਾਥਮਿਕਤਾ ਦੇਣ ਦੀ ਪ੍ਰਤੀਬੱਧਤਾ ਦੀ ਪੂਰਤੀ ਦੀ ਦਿਸ਼ਾ ਵੱਲ ਇੱਕ ਕਦਮ ਹੈ। ਉਮੀਦ ਹੈ ਕਿ ਰੁਜ਼ਗਾਰ ਮੇਲਾ ਹੋਰ ਜ਼ਿਆਦਾ ਰੁਜ਼ਗਾਰ ਸਿਰਜਣ ਵਿੱਚ ਅਹਿਮ ਭੂਮਿਕਾ ਨਿਭਾਏਗਾ ਅਤੇ ਨੌਜਵਾਨਾਂ ਨੂੰ ਉਨ੍ਹਾਂ ਦੇ ਸਸ਼ਕਤੀਕਰਨ ਅਤੇ ਰਾਸ਼ਟਰੀ ਵਿਕਾਸ ਵਿੱਚ ਭਾਗੀਦਾਰੀ ਲਈ ਸਾਰਥਿਕ ਮੌਕੇ ਪ੍ਰਦਾਨ ਕਰੇਗਾ।
ਵੀਡੀਓ ਕਾਨਫਰੰਸਿੰਗ ਰਾਹੀਂ ਸਮਾਰੋਹ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ 2023 ਦਾ ਪਹਿਲਾ ਰੁਜ਼ਗਾਰ ਮੇਲਾ ਹੈ ਜੋ 71,000 ਪਰਿਵਾਰਾਂ ਲਈ ਸਰਕਾਰੀ ਖੇਤਰ ਵਿੱਚ ਰੁਜ਼ਗਾਰ ਦਾ ਅਨਮੋਲ ਤੋਹਫ਼ਾ ਲੈ ਕੇ ਆਇਆ ਹੈ। ਉਨ੍ਹਾਂ ਨੇ ਨਵੇਂ ਭਰਤੀ ਕੀਤੇ ਮੁਲਾਜ਼ਮਾਂ ਨੂੰ ਵਧਾਈਆਂ ਦਿੰਦੇ ਹੋਏ ਕਿਹਾ ਕਿ ਰੁਜ਼ਗਾਰ ਦੇ ਇਹ ਮੌਕੇ ਨਾ ਸਿਰਫ਼ ਨਿਯੁਕਤੀਆਂ ਵਿੱਚ ਬਲਕਿ ਕਰੋੜਾਂ ਪਰਿਵਾਰਾਂ ਵਿੱਚ ਵੀ ਉਮੀਦ ਦੀ ਇੱਕ ਨਵੀਂ ਕਿਰਨ ਪੈਦਾ ਕਰੇਗਾ। ਪ੍ਰਧਾਨ ਮੰਤਰੀ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਲੱਖਾਂ ਨਵੇਂ ਪਰਿਵਾਰਾਂ ਨੂੰ ਸਰਕਾਰੀ ਨੌਕਰੀਆਂ ਮਿਲਣਗੀਆਂ ਕਿਉਂਕਿ ਐੱਨਡੀਏ ਸ਼ਾਸਤ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਰੁਜ਼ਗਾਰ ਮੇਲੇ ਨਿਯਮਿਤ ਤੌਰ ’ਤੇ ਆਯੋਜਿਤ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਅਸਾਮ ਸਰਕਾਰ ਨੇ ਕੱਲ੍ਹ ਹੀ ਰੁਜ਼ਗਾਰ ਮੇਲੇ ਦਾ ਆਯੋਜਨ ਕੀਤਾ ਸੀ ਅਤੇ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਮਹਾਰਾਸ਼ਟਰ ਅਤੇ ਉੱਤਰਾਖੰਡ ਜਿਹੇ ਰਾਜ ਬਹੁਤ ਛੇਤੀ ਇਸ ਦਾ ਆਯੋਜਨ ਕਰਨ ਜਾ ਰਹੇ ਹਨ।
ਪ੍ਰਧਾਨ ਮੰਤਰੀ ਨੇ ਕਿਹਾ ਕਿ ‘ਨਿਯਮਿਤ ਰੁਜ਼ਗਾਰ ਮੇਲੇ ਇਸ ਸਰਕਾਰ ਦੀ ਪਛਾਣ ਬਣ ਗਏ ਹਨ, ਜੋ ਇਹ ਦਰਸਾਉਂਦੇ ਹਨ ਕਿ ਸਰਕਾਰ ਨੇ ਜੋ ਵੀ ਸੰਕਲਪ ਲਿਆ ਹੈ, ਉਹ ਸਾਕਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਉਹ ਨਵੇਂ ਨਿਯੁਕਤ ਕੀਤੇ ਗਏ ਉਮੀਦਵਾਰਾਂ ਦੇ ਚਿਹਰਿਆਂ ’ਤੇ ਖੁਸ਼ੀ ਅਤੇ ਸੰਤੁਸ਼ਟੀ ਸਪੱਸ਼ਟ ਤੌਰ ’ਤੇ ਦੇਖ ਸਕਦੇ ਹਨ ਅਤੇ ਨੋਟ ਕੀਤਾ ਕਿ ਇਨ੍ਹਾਂ ’ਚੋਂ ਜ਼ਿਆਦਾਤਰ ਉਮੀਦਵਾਰ ਪਿਛੋਕੜ ਤੋਂ ਆਏ ਹਨ ਅਤੇ ਬਹੁਤ ਸਾਰੇ ਆਪਣੇ ਪਰਿਵਾਰ ਵਿੱਚ ਪੰਜ ਪੀੜ੍ਹੀਆਂ ਵਿੱਚ ਸਰਕਾਰੀ ਨੌਕਰੀ ਪ੍ਰਾਪਤ ਕਰਨ ਵਾਲੇ ਪਹਿਲੇ ਵਿਅਕਤੀ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਸਰਕਾਰੀ ਨੌਕਰੀ ਪ੍ਰਾਪਤ ਕਰਨ ਤੋਂ ਪਰ੍ਹੇ ਦੀ ਗੱਲ ਹੈ। ਉਮੀਦਵਾਰ ਖੁਸ਼ ਹਨ ਕਿ ਇੱਕ ਪਾਰਦਰਸ਼ੀ ਅਤੇ ਸਪੱਸ਼ਟ ਭਰਤੀ ਪ੍ਰਕਿਰਿਆ ਰਾਹੀਂ ਉਨ੍ਹਾਂ ਦੀ ਪ੍ਰਤਿਭਾ ਨੂੰ ਪਛਾਣਿਆ ਗਿਆ ਹੈ। ਇਸ ਭਰਤੀ ਪ੍ਰਕਿਰਿਆ ਦੀ ਪਾਰਦਰਸ਼ਤਾ ਅਤੇ ਗਤੀ ਅੱਜ ਸਰਕਾਰ ਦੇ ਕੰਮਕਾਜ ਦੇ ਹਰ ਪਹਿਲੂ ਨੂੰ ਦਰਸਾਉਂਦੀ ਹੈ।

ਨਰੇਂਦਰ ਮੋਦੀ ਨੇ ਉਸ ਸਮੇਂ ਨੂੰ ਚੇਤੇ ਕਰਦਿਆਂ ਕਿਹਾ ਕਿ ਜਦੋਂ ਰੁਟੀਨ ਦੀਆਂ ਤਰੱਕੀਆਂ ਵੀ ਦੇਰੀ ਅਤੇ ਵਿਵਾਦਾਂ ਵਿੱਚ ਫਸੀਆਂ ਹੋਈਆਂ ਸਨ ਤਾਂ ਸਰਕਾਰ ਨੇ ਅਜਿਹੇ ਮੁੱਦਿਆਂ ਨੂੰ ਹੱਲ ਕੀਤਾ ਹੈ ਅਤੇ ਪਾਰਦਰਸ਼ੀ ਪ੍ਰਕਿਰਿਆ ਨੂੰ ਯਕੀਨੀ ਬਣਾਇਆ। ਉਨ੍ਹਾਂ ਕਿਹਾ ਕਿ ਪਾਰਦਰਸ਼ੀ ਭਰਤੀ ਅਤੇ ਤਰੱਕੀ ਨੌਜਵਾਨਾਂ ਵਿੱਚ ਵਿਸ਼ਵਾਸ ਪੈਦਾ ਕਰਦੀ ਹੈ। ਪ੍ਰਧਾਨ ਮੰਤਰੀ ਨੇ ਉਮੀਦਵਾਰਾਂ ਨੂੰ ਦੇਸ਼ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਪ੍ਰਾਪਤ ਕਰਨ ਲਈ ਵਧਾਈ ਦਿੰਦੇ ਹੋਏ ਇਹ ਯਾਦ ਰੱਖਣ ਕਿ ਉਨ੍ਹਾਂ ਨੂੰ ਹਮੇਸ਼ਾ ਸਿੱਖਦੇ ਰਹਿਣ ਅਤੇ ਸੇਵਾ ਕਰਦੇ ਰਹਿਣਾ ਚਾਹੀਦਾ ਹੈ। ਪ੍ਰਧਾਨ ਮੰਤਰੀ ਨੇ ਇਹ ਕਹਿ ਕੇ ਸਮਾਪਤੀ ਕੀਤੀ ’’ਤੁਹਾਨੂੰ ਦੇਸ਼ ਨੂੰ ਅੱਗੇ ਲਿਜਾਉਣ ਲਈ ਸਿੱਖਣਾ ਅਤੇ ਖ਼ੁਦ ਨੂੰ ਸਮਰੱਥ ਬਣਾਉਣਾ ਹੋਵੇਗਾ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …