
ਮਾਨ ਨੇ ਵੀ ਫੋਨ ’ਤੇ ਅਧਿਕਾਰੀਆਂ ਕੋਲੋਂ ਸਮਾਗਮ ਦੀਆਂ ਤਿਆਰੀਆਂ ਅਤੇ ਸੁਰੱਖਿਆ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਿਊ ਚੰਡੀਗੜ੍ਹ ਵਿੱਚ ਭਾਰਤ ਸਰਕਾਰ ਦੇ ਪ੍ਰਮਾਣੂ ਊਰਜਾ ਵਿਭਾਗ ਦੀ ਸਹਾਇਤਾ ਪ੍ਰਾਪਤ ਅਤੇ 660 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਗਏ ਟਾਟਾ ਮੈਮੋਰੀਅਲ ਸੈਂਟਰ (ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ) ਬੁੱਧਵਾਰ ਨੂੰ ਲੋਕਾਂ ਨੂੰ ਸਮਰਪਿਤ ਕਰਨਗੇ। ਇਸ ਹਸਪਤਾਲ ਦੇ ਬਣਨ ਨਾਲ ਰਾਸ਼ਟਰੀ ਰਾਜਧਾਨੀ ਖੇਤਰ ਵਿੱਚ ਜਿੱਥੇ ਆਧੁਨਿਕ ਮੈਡੀਕਲ ਬੁਨਿਆਦੀ ਢਾਂਚੇ ਨੂੰ ਹੁਲਾਰਾ ਮਿਲੇਗਾ, ਉੱਥੇ ਟਰਾਈਸਿਟੀ ਸਮੇਤ ਪੰਜਾਬ ਅਤੇ ਗੁਆਂਢੀ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਕੈਂਸਰ ਕੇਅਰ ਅਤੇ ਇਲਾਜ ਦੀ ਸੁਵਿਧਾ ਮਿਲੇਗੀ। ਇਹ ਕੈਂਸਰ ਹਸਪਤਾਲ ਤੀਜੇ ਪੱਧਰ ਦਾ ਕੈਂਸਰ ਕੇਅਰ ਹਸਪਤਾਲ ਹੈ, ਜਿਸ ਵਿੱਚ 300 ਬੈੱਡਾਂ ਦੀ ਵਿਵਸਥਾ ਕੀਤੀ ਗਈ ਹੈ। ਹਸਪਤਾਲ ਕੈਂਸਰ ਦੇ ਸਾਰੇ ਪ੍ਰਕਾਰਾਂ ਦੇ ਇਲਾਜ ਲਈ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਹੋਵੇਗਾ। ਇੱਥੇ ਸਰਜਰੀ, ਰੇਡੀਓ-ਥੈਰੇਪੀ ਅਤੇ ਮੈਡੀਕਲ ਅੌਨਕੋਲੋਜੀ- ਕੀਮੋਥੈਰੇਪੀ, ਇਮਿਊਨੋਥੈਰੇਪੀ ਅਤੇ ਬੋਨ ਮੈਰੋ ਟਰਾਂਸਪਲਾਂਟ ਦੀ ਸੁਵਿਧਾ ਉਪਲਬਧ ਹੋਵੇਗੀ। ਇਹ ਹਸਪਤਾਲ ਪੂਰੇ ਖੇਤਰ ਵਿਚ ਕੈਂਸਰ ਕੇਅਰ ਅਤੇ ਇਲਾਜ ਲਈ ‘ਕੇਂਦਰ’’ਦੇ ਰੂਪ ਵਿਚ ਅਤੇ ਸੰਗਰੂਰ ਵਿਚ 100 ਬਿਸਤਰਿਆਂ ਵਾਲਾ ਹਸਪਤਾਲ ਇਸ ਦੀ ‘ਸ਼ਾਖਾ’ ਦੇ ਰੂਪ ਵਿਚ ਕਾਰਜ ਕਰੇਗਾ।
ਇਸ ਤੋਂ ਪਹਿਲਾਂ ਪ੍ਰਧਾਨ ਰਸ਼ਤੇ ਵਿੱਚ ਹਰਿਆਣਾ ਦੇ ਫਰੀਦਾਬਾਦ ਵਿਚ ਅੰਮ੍ਰਿਤਾ ਹਸਪਤਾਲ ਦਾ ਉਦਘਾਟਨ ਕਰਨਗੇ। ਇਸ ਹਸਪਤਾਲ ਦਾ ਪ੍ਰਬੰਧਨ ਮਾਤਾ ਅੰਮ੍ਰਿਤਾਨੰਦਮਯੀ ਮੱਠ ਦੁਆਰਾ ਕੀਤਾ ਜਾਵੇਗਾ। ਇਹ ਸੁਪਰ ਸਪੈਸ਼ਲਿਟੀ ਹਸਪਤਾਲ 2600 ਬਿਸਤਰਿਆਂ ਦਾ ਹੈ। ਹਸਪਤਾਲ ਦੇ ਨਿਰਮਾਣ ’ਤੇ ਲਗ-ਪਗ 6 ਹਜ਼ਾਰ ਕਰੋੜ ਰੁਪਏ ਖ਼ਰਚ ਕੀਤੇ ਗਏ ਹਨ। ਇੱਥੇ ਫਰੀਦਾਬਾਦ ਅਤੇ ਪੂਰੇ ਰਾਸ਼ਟਰੀ ਰਾਜਧਾਨੀ ਖੇਤਰ ਦੇ ਲੋਕਾਂ ਨੂੰ ਸਿਹਤ ਸੁਵਿਧਾਵਾਂ ਉਪਲਬਧ ਹੋਣਗੀਆਂ।

ਪ੍ਰਧਾਨ ਮੰਤਰੀ ਦੇ ਦੌਰੇ ਤੋਂ ਪਹਿਲਾਂ ਸਿਸਵਾਂ-ਮੁੱਲਾਂਪੁਰ ਗਰੀਬਦਾਸ ਮਾਰਗ ’ਤੇ ਸਥਿਤ ਏਅਰਫੋਰਸ ਸਟੇਸ਼ਨ ਦੀ ਕੰਧ ਉੱਤੇ ਖ਼ਾਲਿਸਤਾਨ ਦੇ ਨਾਅਰੇ ਲਿਖੇ ਜਾਣ ਦੀ ਸੂਚਨਾ ਨੇ ਪੁਲੀਸ ਨੂੰ ਭਾਜੜਾਂ ਪਾ ਦਿੱਤੀਆਂ। ਇਸ ਸਬੰਧੀ ਸਿੱਖ ਫਾਰ ਜਸਟਿਸ ਦੇ ਆਗੂ ਗੁਰਪਤਵੰਤ ਸਿੰਘ ਪਨੂੰ ਵੱਲੋਂ ਇਹ ਦਾਅਵਾ ਕੀਤਾ ਗਿਆ ਸੀ ਕਿ ਸਿਰਫ਼ ਨਾਅਰੇ ਲਿਖਣ ਤੱਕ ਹੀ ਨਹੀਂ ਬਲਕਿ ਖ਼ਾਲਿਸਤਾਨ ਸਮਰਥਕਾਂ ਵੱਲੋਂ ਪ੍ਰਧਾਨ ਮੰਤਰੀ ਦੇ ਦੌਰੇ ਦੌਰਾਨ ਖ਼ਾਲਿਸਤਾਨ ਦੇ ਝੰਡੇ ਲਹਿਰਾਏ ਜਾਣਗੇ। ਇਸ ਤੋਂ ਬਾਅਦ ਦੇਸ਼ ਦੀਆਂ ਸਾਰੀਆਂ ਸੁਰੱਖਿਆ ਏਜੰਸੀਆਂ ਹਰਕਤ ਵਿਚ ਆ ਗਈਆਂ ਹਨ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਕੰਧ ਤੋਂ ਖ਼ਾਲਿਸਤਾਨ ਪੱਖੀ ਨਾਅਰਿਆਂ ਨੂੰ ਸਾਫ਼ ਕਰ ਦਿੱਤਾ ਗਿਆ ਅਤੇ ਸਮੁੱਚੇ ਇਲਾਕੇ ਵਿਚ ਸੁਰੱਖਿਆ ਪੱਖੋਂ ਵੱਡੀ ਗਿਣਤੀ ਵਿਚ ਪੁਲੀਸ ਜਵਾਨ ਥਾਂ-ਥਾਂ ਤਾਇਨਾਤ ਕੀਤੇ ਗਏ ਹਨ। ਪੁਲੀਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪ੍ਰਧਾਨ ਮੰਤਰੀ ਦੇ ਹੈਲੀਕਾਪਟਰ ਨੂੰ ਉਤਾਰਨ ਲਈ ਸਮਾਗਮ ਨੇੜੇ ਦੋ ਹੈਲੀਪੈਡ ਬਣਾਏ ਗਏ ਹਨ। ਹਸਪਤਾਲ ਦਾ ਉਦਘਾਟਨ ਕਰਨ ਮਗਰੋਂ ਰੈਲੀ ਕਰਨ ਲਈ ਆਲੀਸ਼ਾਨ ਪੰਡਾਲ ਬਣਾਇਆ ਗਿਆ ਹੈ। ਜਿੱਥੇ ਮਹਿਮਾਨਾਂ ਅਤੇ ਦਰਸ਼ਕਾਂ ਦੀ ਹਰ ਸੁੱਖ ਸਹੂਲਤ ਦਾ ਖ਼ਾਸ ਖਿਆਲ ਰੱਖਿਆ ਗਿਆ ਹੈ। ਮੁੱਲਾਂਪੁਰ ਗਰੀਬਦਾਸ-ਮਾਜਰਾ 6 ਮਾਰਗੀ ਸੜਕ ਸਮੇਤ ਓਮੈਕਸ ਰਾਣੀਮਾਜਰਾ ਵੱਲ ਜਾਂਦੀ ਸੜਕ ਨੂੰ ਦੁਲਹਨ ਵਾਂਗ ਸਜਾਇਆ ਗਿਆ ਹੈ। ਸੜਕ ’ਤੇ ਪਏ ਮਿੱਟੀ ਦੇ ਢੇਰਾਂ ਨੂੰ ਟਰੈਕਟਰ-ਟਰਾਲੀਆਂ ਨਾਲ ਚੁੱਕਿਆ ਜਾ ਰਿਹਾ ਹੈ। ਬਿਜਲੀ ਦੇ ਖੰਭਿਆਂ ’ਤੇ ਖ਼ਰਾਬ ਲਾਈਟਾਂ ਠੀਕ ਕਰਨ ਅਤੇ ਸਫ਼ਾਈ ਦਾ ਕੰਮ ਅਤੇ ਜੰਗੀ ਪੱਧਰ ’ਤੇ ਜਾਰੀ ਹੈ।

ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਆਈ ਜੀ ਜਸਕਰਨ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਆਮਦ ਨੂੰ ਦੇਖਦਿਆਂ ਪੁਲੀਸ ਵੱਲੋਂ ਸੁਰੱਖਿਆ ਇੰਤਜ਼ਾਮ ਕੀਤੇ ਗਏ ਹਨ। ਇਲਾਕੇ ਵਿਚ ਤਿੰਨ ਹਜ਼ਾਰ ਤੋਂ ਵੱਧ ਪੁਲੀਸ ਜਵਾਨ ਤਾਇਨਾਤ ਕੀਤੇ ਗਏ ਹਨ ਅਤੇ ਪੁਲੀਸ ਮੁਲਾਜ਼ਮਾਂ ਨੂੰ ਸੁਰੱਖਿਆ ਡਿਊਟੀ ਦੀ ਅਹਿਮੀਅਤ ਬਾਰੇ ਸਮਝਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਲਈ ਵਿਸ਼ੇਸ਼ ਸਿਕਿਉਰਿਟੀ ਸਿਸਟਮ ਬਣਾਇਆ ਗਿਆ ਹੈ ਅਤੇ ਹਰ ਪਾਸੇ ਪੂਰੀ ਮੁਸਤੈਦੀ ਨਾਲ ਸੁਰੱਖਿਆ ਪ੍ਰਬੰਧ ਮਜ਼ਬੂਤ ਕੀਤੇ ਗਏ ਹਨ। ਇਸ ਤੋਂ ਇਲਾਵਾ ਬੁਲੇਟ ਪਰੂਫ਼ ਵਾਹਨ, ਬੰਬ ਨਿਰੋਧਕ ਦਸਤੇ ਅਤੇ ਡਾਗ ਸੈਕੁਅਡ ਨੇ ਪਹਿਲਾਂ ਹੀ ਸਮਾਗਮ ਵਾਲੀ ਥਾਂ ’ਤੇ ਤਲਾਸ਼ੀ ਅਭਿਆਨ ਸ਼ੁਰੂ ਕਰ ਦਿੱਤਾ ਹੈ। ਆਸਪਾਸ ਦੇ ਪਿੰਡਾਂ ਵਿੱਚ ਸੁਰੱਖਿਆ ਦੇ ਮੱਦੇਨਜ਼ਰ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ ਅਤੇ ਪਿੰਡਾਂ ਦੇ ਵਸਨੀਕਾਂ ਤੋਂ ਸਹਿਯੋਗ ਦੀ ਮੰਗ ਕੀਤੀ ਗਈ ਹੈ।