ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਮੁਹਾਲੀ ਵਿੱਚ ਚੱਲ ਰਹੇ ਵਿਕਾਸ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ

ਸ਼ਹਿਰ ਵਿੱਚ ਮੁਹੱਲਾ ਕਲੀਨਿਕ ਤੇ ਸੇਵਾ ਕੇਂਦਰ ਤੇ ਭਾਸ਼ਾ ਦਫ਼ਤਰ ਦਾ ਵੀ ਕੀਤਾ ਦੌਰਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਨਵੰਬਰ:
ਪੰਜਾਬ ਦੇ ਉਚੇਰੀ ਸਿੱਖਿਆ ਤੇ ਭਾਸ਼ਾ ਵਿਭਾਗ ਦੀ ਪ੍ਰਮੁੱਖ ਸਕੱਤਰ ਤੇ ਜ਼ਿਲ੍ਹਾ ਪ੍ਰਭਾਰੀ ਸ੍ਰੀਮਤੀ ਜਸਪ੍ਰੀਤ ਤਲਵਾੜ ਨੇ ਮੁਹਾਲੀ ਜ਼ਿਲ੍ਹੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪ੍ਰਸ਼ਾਸਨਿਕ ਅਤੇ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਇਸ ਮਗਰੋਂ ਉਨ੍ਹਾਂ ਨੇ ਮੁਹੱਲਾ ਕਲੀਨਿਕਾਂ ਅਤੇ ਸੇਵਾ ਕੇਂਦਰਾਂ ਦਾ ਦੌਰਾ ਕਰਕੇ ਕਾਰਗੁਜ਼ਾਰੀ ਦਾ ਨਿਰੀਖਣ ਕੀਤਾ ਅਤੇ ਪਿੰਡ ਜੰਡਪੁਰ ਵਿੱਚ ਮਰੀਜ਼ਾਂ ਨਾਲ ਗੱਲ ਕਰਕੇ ਉਨ੍ਹਾਂ ਨੂੰ ਮਿਲ ਰਹੀਆਂ ਮੈਡੀਕਲ ਸਹੂਲਤਾਂ ਬਾਰੇ ਜਾਣਿਆ। ਇੰਜ ਹੀ ਸੇਵਾ ਕੇਂਦਰ ਵਿੱਚ ਆਪਣੇ ਕੰਮਾਂ-ਕਾਰਾਂ ਲਈ ਆਏ ਲੋਕਾਂ ਨਾਲ ਗੱਲ ਕੀਤੀ।
ਸ੍ਰੀਮਤੀ ਤਲਵਾੜ ਨੇ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਬਾਰੇ ਕਿਹਾ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਵਿੱਚ ਕਾਫ਼ੀ ਗਿਰਾਵਟ ਆਈ ਹੈ। ਪਰਾਲੀ ਨੂੰ ਨਾ ਸਾੜਨ ਬਾਰੇ ਕਿਸਾਨਾਂ ਨੂੰ ਹੋਰ ਜਾਗਰੂਕ ਕਰਨ ਲਈ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ। ਮੁਹੱਲਾ ਕਲੀਨਿਕਾਂ ਬਾਰੇ ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਮਰੀਜ਼ਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਮੁਹੱਲਾ ਕਲੀਨਿਕਾਂ ਵਿੱਚ ਮੈਡੀਕਲ ਸਟਾਫ਼ ਜਾਂ ਦਵਾਈਆਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸ਼ਹਿਰੀ ਤੇ ਪੇਂਡੂ ਖੇਤਰਾਂ ਵਿੱਚ ਡੇਂਗੂ ਦੀ ਬਿਮਾਰੀ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਪਿੰਡਾਂ ਵਿੱਚ ਵੀ ਪੰਚਾਇਤਾਂ ਨੂੰ ਇੱਕ-ਇੱਕ ਫੌਗਿੰਗ ਮਸ਼ੀਨਾਂ ਮੁਹੱਈਆ ਕਰਵਾਈ ਜਾਵੇਗੀ।
ਇਸ ਦੌਰਾਨ ਸ੍ਰੀਮਤੀ ਤਲਵਾੜ ਨੇ ਜ਼ਿਲ੍ਹਾ ਭਾਸ਼ਾ ਦਫ਼ਤਰ ਦਾ ਵੀ ਦੌਰਾ ਕੀਤਾ ਅਤੇ 14 ਨਵੰਬਰ ਨੂੰ ਰਾਜ ਪੱਧਰ ’ਤੇ ਮਨਾਈ ਜਾ ਰਹੀ ਵਾਰਸ ਸ਼ਾਹ ਦੀ 300 ਸਾਲਾ ਜਨਮ ਸ਼ਤਾਬਦੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।

ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਪ੍ਰਮੁੱਖ ਸਕੱਤਰ ਨੂੰ ਜ਼ਿਲ੍ਹੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੱਤੀ। ਮੀਟਿੰਗ ਦੌਰਾਨ ਏਡੀਸੀ (ਜ) ਅਮਨਿੰਦਰ ਕੌਰ ਬਰਾੜ, ਏਡੀਸੀ (ਸ਼ਹਿਰੀ ਵਿਕਾਸ) ਪੂਜਾ ਐਸ.ਗਰੇਵਾਲ, ਏਡੀਸੀ (ਪੇਂਡੂ ਵਿਕਾਸ) ਅਵਨੀਤ ਕੌਰ, ਐਸਡੀਐਮ ਸਰਬਜੀਤ ਕੌਰ, ਐਸਡੀਐਮ ਖਰੜ ਰਵਿੰਦਰ ਸਿੰਘ, ਐਸਡੀਐਮ ਡੇਰਾਬੱਸੀ ਹਿਮਾਂਸੂ ਗੁਪਤਾ, ਸਿਵਲ ਸਰਜਨ ਡਾ.ਆਦਰਸ਼ਪਾਲ ਕੌਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ ਵੈਟਰਨਰੀ ਇੰਸਪੈਕਟਰਜ਼…