Nabaz-e-punjab.com

ਪ੍ਰਾਈਵੇਟ ਵਿੱਦਿਅਕ ਅਦਾਰੇ ਫੀਸਾਂ ਦੇਣ ਲਈ ਮਾਪਿਆਂ ’ਤੇ ਦਬਾਓ ਨਹੀਂ ਪਾ ਸਕਦੇ: ਗਿਰੀਸ਼ ਦਿਆਲਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਅਪਰੈਲ:
ਵਿੱਦਿਅਕ ਵਰ੍ਹੇ 2020-21 ਲਈ ਵਿਦਿਆਰਥੀਆਂ ਤੋਂ ਫੀਸਾਂ ਅਤੇ ਫੰਡ ਇਕੱਤਰ ਕਰਨ ਖ਼ਿਲਾਫ਼ ਮਾਪਿਆਂ ਦੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੇ ਸਮੂਹ ਪ੍ਰਾਈਵੇਟ ਵਿੱਦਿਅਕ ਅਦਾਰਿਆਂ ਨੂੰ ਇਕ ਐਡਵਾਈਜ਼ਰੀ ਜਾਰੀ ਕੀਤੀ ਹੈ ਕਿ ਕੋਵਿਡ-19 ਸੰਕਟ ਦੇ ਮੱਦੇਨਜ਼ਰ ਮੌਜੂਦਾ ਸਕੂਲ ਵਿੱਚ ਪੜ੍ਹਾਈ ਜਾਰੀ ਰੱਖਣ ਵਾਲੇ ਵਿਦਿਆਰਥੀਆਂ ਲਈ ਸਾਲ 2020-21 ਦੀ ਦਾਖ਼ਲਾ ਪ੍ਰਕਿਰਿਆ ਅਤੇ ਫੀਸ ਦੀ ਵਸੂਲੀ ਨੂੰ ਅਗਲੇ ਦਿਸ਼ਾ-ਨਿਰਦੇਸ਼ਾਂ ਤੱਕ ਮੁਲਤਵੀ ਕੀਤਾ ਜਾ ਸਕਦਾ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਆਇਆ ਹੈ ਕਿ ਜ਼ਿਲ੍ਹਾ ਮੁਹਾਲੀ ਅਧੀਨ ਆਉਂਦੇ ਕੁਝ ਪ੍ਰਾਈਵੇਟ ਸਕੂਲਾਂ ਨੇ ਅਪਰੈਲ ਦੇ ਪਹਿਲੇ ਹਫ਼ਤੇ ਸਕੂਲ ਫੀਸ ਜਮ੍ਹਾ ਕਰਨ ਦੀ ਆਖ਼ਰੀ ਤਰੀਕ ਨਿਰਧਾਰਿਤ ਕੀਤੀ ਹੈ। ਕੁਝ ਦੂਜੇ ਸਕੂਲ ਅਪਰੈਲ ਅਤੇ ਮਈ ਵਿੱਚ ਫੀਸਾਂ ਦਾ ਭੁਗਤਾਨ ਕਰਨ ਲਈ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ’ਤੇ ਜ਼ੋਰ ਦੇ ਰਹੇ ਹਨ ਅਤੇ ਮਾਪਿਆਂ ਨੂੰ ਐਸਐਮਐਸ ਭੇਜ ਕੇ ਯਾਦ ਕਰਵਾ ਕੇ ਦੇਰੀ ਨਾਲ ਭੁਗਤਾਨ ਕਰਨ ’ਤੇ ਜੁਰਮਾਨੇ ਦੀ ਚਿਤਾਵਨੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸੰਕਟ ਦੀ ਇਸ ਘੜੀ ਵਿੱਚ ਸਕੂਲ ਪ੍ਰਬੰਧਨ ਨੂੰ ਉਨ੍ਹਾਂ ਮੁਸ਼ਕਲਾਂ ਦਾ ਚੇਤਾ ਰੱਖਣਾ ਚਾਹੀਦਾ ਹੈ ਜਿਨ੍ਹਾਂ ਦਾ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਮੌਜੂਦਾ ਅਕਾਦਮਿਕ ਸਾਲ (2019-20) ਜਾਂ ਅਗਲੇ ਅਕਾਦਮਿਕ ਸਾਲ (2020-2021) ਲਈ ਲਾਕਡਾਊਨ ਅਵਧੀ ਦੌਰਾਨ ਫੀਸ ਦਾ ਭੁਗਤਾਨ ਕਰਨ ਲਈ ਨਹੀਂ ਕਹਿਣਾ ਚਾਹੀਦਾ। ਮਹਾਂਮਾਰੀ ਦੀ ਸਥਿਤੀ ਕਾਰਨ, ਬੱਚਿਆਂ ਦੇ ਮਾਪਿਆਂ ਲਈ ਪ੍ਰਾਈਵੇਟ ਸਕੂਲਾਂ ਦੁਆਰਾ ਨਿਰਧਾਰਿਤ ਸ਼ਡਿਊਲ ਅਨੁਸਾਰ ਸਕੂਲ ਫੀਸ ਜਮ੍ਹਾ ਕਰਨਾ ਸੰਭਵ ਨਹੀਂ ਹੈ। ਇਸ ਸਬੰਧੀ ਸੂਬੇ ਦੇ ਸਿੱਖਿਆ ਵਿਭਾਗ ਵੱਲੋਂ ਪ੍ਰਾਈਵੇਟ ਵਿੱਦਿਅਕ ਅਦਾਰਿਆਂ ਦੁਆਰਾ ਫੀਸਾਂ ਰੀ-ਸ਼ਡਿਊਲ ਕਰਨ ਦੇ ਨਿਰਦੇਸ਼ ਪਹਿਲਾਂ ਹੀ ਜਾਰੀ ਕੀਤੇ ਗਏ ਹਨ। ਉਪਰੋਕਤ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ, ਸਾਰੀਆਂ ਮਾਨਤਾ ਪ੍ਰਾਪਤ ਪ੍ਰਾਈਵੇਟ ਵਿੱਦਿਅਕ ਸੰਸਥਾਵਾਂ ਨੂੰ ਦਾਖ਼ਲਾ ਫੀਸ ਦੀ ਅਦਾਇਗੀ ਲਈ ਤਰੀਕ ਦਾ ਸਮਾਂ ਤਹਿ ਕਰਨ ਦਾ ਨਿਰਦੇਸ਼ ਦਿੱਤਾ ਗਿਆ ਹੈ ਅਤੇ ਹਾਲਾਤ ਸਾਧਾਰਨ ਹੋਣ ਤੋਂ ਬਾਅਦ ਭੁਗਤਾਨ ਲਈ ਘੱਟੋ-ਘੱਟ ਇਕ ਮਹੀਨੇ ਬਾਅਦ ਦਿੱਤਾ ਜਾਵੇ ਅਤੇ ਕੋਈ ਜੁਰਮਾਨਾ ਵਸੂਲਿਆ ਨਹੀਂ ਜਾਵੇਗਾ। ਜੇਕਰ ਇਸ ਸਬੰਧੀ ਕੋਈ ਸ਼ਿਕਾਇਤ ਮਿਲਦੀ ਹੈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹ ਸਪੱਸ਼ਟ ਕੀਤਾ ਗਿਆ ਹੈ ਕਿ ਜੇਕਰ ਕਿਸੇ ਮਾਪੇ ਨੇ ਪਹਿਲਾਂ ਹੀ ਫੀਸ ਜਮ੍ਹਾ ਕਰ ਦਿੱਤੀ ਹੈ, ਸਕੂਲ ਵੱਲੋਂ ਕੋਈ ਰਿਫੰਡ ਨਹੀਂ ਦਿੱਤਾ ਜਾਵੇਗਾ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…