
ਮੁਹਾਲੀ ਵਿੱਚ ਆਵਾਰਾ ਕੁੱਤਿਆਂ ਦੀ ਸਮੱਸਿਆ ਗੰਭੀਰ, ਲੋਕ ਡਾਢੇ ਪ੍ਰੇਸ਼ਾਨ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਅਕਤੂਬਰ:
ਮੁਹਾਲੀ ਵਿੱਚ ਰਿਹਾਇਸ਼ੀ ਖੇਤਰ ਵਿੱਚ ਟੋਲੀਆਂ ਬੰਨ੍ਹ ਕੇ ਘੁੰਮਦੇ ਆਵਾਰਾ ਕੁੱਤਿਆਂ ਦੀ ਸਮੱਸਿਆ ਤੋਂ ਸ਼ਹਿਰ ਵਾਸੀ ਕਾਫੀ ਤੰਗ ਪ੍ਰੇਸ਼ਾਨ ਹਨ। ਹੁਣ ਤੱਕ ਆਵਾਰਾ ਕੁੱਤਿਆਂ ਦੇ ਲੋਕਾਂ ਨੂੰ ਵੱਢਣ ਦੇ ਕਾਫੀ ਮਾਮਲੇ ਸਾਹਮਣੇ ਆ ਚੁੱਕੇ ਹਨ। ਆਵਾਰਾ ਕੁੱਤੇ ਸ਼ਹਿਰ ਦੀ ਹਰ ਗਲੀ, ਮੁਹੱਲੇ ਝੁੰਡ ਬਣਾ ਕੇ ਘੁੰਮਦੇ ਰਹਿੰਦੇ ਹਨ। ਹਾਲਾਂਕਿ ਮੁਹਾਲੀ ਨਗਰ ਨਿਗਮ ਵੱਲੋਂ ਆਵਾਰਾ ਕੁੱਤਿਆਂ ਦੀ ਨਸਬੰਦੀ ਦਾ ਠੇਕਾ ਦਿੱਤਾ ਹੋਇਆ ਹੈ ਪ੍ਰੰਤੂ ਇਸ ਦੇ ਬਾਵਜੂਦ ਸ਼ਹਿਰ ਵਿੱਚ ਲਗਾਤਾਰ ਆਵਾਰਾ ਕੁੱਤਿਆਂ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ।
ਭਾਜਪਾ ਆਗੂ ਅਰੁਣ ਸ਼ਰਮਾ ਨੇ ਕਿਹਾ ਕਿ ਆਵਾਰਾ ਕੁੱਤਿਆਂ ਦੀ ਭਰਮਾਰ ਕਾਰਨ ਅੌਰਤਾਂ ਅਤੇ ਛੋਟੇ ਬੱਚੇ ਘਰਾਂ ਤੋਂ ਬਾਹਰ ਨਿਕਲਣ ਵੇਲੇ ਡਰਦੇ ਹਨ। ਉਨ੍ਹਾਂ ਕਿਹਾ ਕਿ ਉਹ ਪਿਛਲੇ ਪੰਜ ਸਾਲ ਤੋਂ ਹਰੇਕ ਮੀਟਿੰਗ ਵਿੱਚ ਆਵਾਰਾ ਕੁੱਤਿਆਂ ਦੀ ਸਮੱਸਿਆ ਦਾ ਮੁੱਦਾ ਚੁੱਕਦੇ ਆਏ ਹਨ ਲੇਕਿਨ ਨਗਰ ਨਿਗਮ ਅਧਿਕਾਰੀਆਂ ਵੱਲੋਂ ਇਸ ਪਾਸੇ ਬਿਲਕੁਲ ਵੀ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ। ਜਿਸ ਕਾਰਨ ਸ਼ਹਿਰ ਵਾਸੀ ਡਾਢੇ ਤੰਗ ਪ੍ਰੇਸ਼ਾਨ ਹਨ। ਉਨ੍ਹਾਂ ਮੰਗ ਕੀਤੀ ਕਿ ਸ਼ਹਿਰ ਵਿੱਚ ਆਵਾਰਾ ਕੁੱਤਿਆਂ ਦੀ ਸਮੱਸਿਆ ਦਾ ਸਥਾਈ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਮੁਹਾਲੀ ਪ੍ਰਸ਼ਾਸਨ ਨੇ ਇਸ ਪਾਸੇ ਤੁਰੰਤ ਧਿਆਨ ਦੇ ਕੇ ਲੋੜੀਂਦੀ ਕਾਰਵਾਈ ਨੂੰ ਅਮਲ ਵਿੱਚ ਨਹੀਂ ਲਿਆਂਦਾ ਗਿਆ ਤਾਂ ਭਾਜਪਾ ਵੱਲੋਂ ਨਗਰ ਨਿਗਮ ਦਫ਼ਤਰ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ।