nabaz-e-punjab.com

ਖਰੜ-ਲੁਧਿਆਣਾ ਕੌਮੀ ਮਾਰਗ ਦੇ ਨਿਰਮਾਣ ਵਿੱਚ ਆ ਰਹੀਆਂ ਮੁਸ਼ਕਲਾਂ ਛੇਤੀ ਹੱਲ ਹੋਣਗੀਆਂ: ਡੀਸੀ

ਐਕਵਾਇਰ ਕੀਤੀ ਜ਼ਮੀਨ ਦੇ ਪੈਡਿੰਗ ਐਵਾਰਡ ਜਲਦੀ ਹੋਣਗੇ ਪਾਸ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਦਸੰਬਰ:
ਮੁਹਾਲੀ ਦੀ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਵੱਲੋਂ ਖਰੜ-ਲੁਧਿਆਣਾ ਕੌਮੀ ਮਾਰਗ ਦੇ ਨਿਰਮਾਣ ਸਬੰਧੀ ਦਰਪੇਸ਼ ਮੁਸ਼ਕਲਾਂ ਨੂੰ ਹੱਲ ਕਰਨ ਲਈ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਅੱਜ ਇੱਥੋਂ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਹੋਈ ਇਸ ਮੀਟਿੰਗ ਵਿੱਚ ਮੁਹਾਲੀ ਦੇ ਐਸਡੀਐਮ ਜਗਦੀਪ ਸਹਿਗਲ, ਖਰੜ ਦੇ ਐਸਡੀਐਮ ਵਿਨੋਦ ਬਾਂਸਲ ਅਤੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਦੇ ਪ੍ਰਾਜੈਕਟ ਡਾਇਰੈਕਟਰ ਕੇ.ਐਲ. ਸਚਦੇਵਾ ਅਤੇ ਰੀਜ਼ਨਲ ਦਫ਼ਤਰ ਤੋਂ ਵਿਸ਼ਾਲ ਗੁਪਤਾ ਵੀ ਮੌਜੂਦ ਸਨ।
ਇਸ ਮੌਕੇ ਸ੍ਰੀਮਤੀ ਸਪਰਾ ਨੇ ਨੈਸ਼ਨਲ ਹਾਈਵੇਅ ਅਥਾਰਟੀ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਖਰੜ-ਲੁਧਿਆਣਾ ਨੈਸ਼ਨਲ ਹਾਈਵੇਅ ਦੇ ਮਾਮਲੇ ਵਿੱਚ ਸਬੰਧਤ ਐਸਡੀਐਮਜ਼ ਦਫ਼ਤਰਾਂ ਨਾਲ ਰਾਬਤਾ ਰੱਖਣ ਤਾਂ ਜੋ ਹਾਈਵੇਅ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਨੈਸ਼ਨਲ ਹਾਈਵੇ ਲਈ ਐਕਵਾਇਰ ਕੀਤੀ ਜ਼ਮੀਨ ਅਤੇ ਬੁਨਿਆਦੀ ਢਾਂਚੇ ਸਬੰਧੀ ਦਰਪੇਸ਼ ਮੁਸ਼ਕਲਾਂ ਨੂੰ ਛੇਤੀ ਹੱਲ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨੈਸ਼ਨਲ ਹਾਈਵੇਅ ਅਥਾਰਟੀ ਦੀ ਮੰਗ ਅਨੁਸਾਰ ਖਰੜ ਦੇ ਐਸਡੀਐਮ ਦੋ ਸਪੈਨਜ਼ ਦੇ ਸਟੱਰਕਚਰ ਲਈ ਸਬੰਧਤ ਵਿਅਕਤੀਆਂ ਨਾਲ ਗੱਲ ਕਰਨਗੇ ਤਾਂ ਜੋ ਵੱਖ-ਵੱਖ ਥਾਵਾਂ ’ਤੇ 700-700 ਮੀਟਰ ਦੇ ਸਪੈਨਜ਼ ਨੂੰ ਪਹਿਲਾਂ ਮੁਕੰਮਲ ਕੀਤਾ ਜਾਵੇ। ਉਸ ਉਪਰੰਤ ਸਰਵਿਸ ਲਾਇਨਜ਼ ਬਾਰੇ ਕਾਰਵਾਈ ਕੀਤੀ ਜਾਵੇ। ਡੀਸੀ ਨੇ ਇਹ ਵੀ ਦੱਸਿਆ ਕਿ ਖਰੜ-ਲੁਧਿਆਣਾ ਨੈਸ਼ਨਲ ਹਾਈਵੇਅ ਦੇ ਸਬੰਧ ਵਿੱਚ ਹੁਣ ਤੱਕ ਦੀ ਹੋਈ ਕਾਰਵਾਈ ਦੀ ਪੂਰੀ ਸਥਿਤੀ ਅਤੇ ਧਿਆਨ ਵਿੱਚ ਆਈਆਂ ਨਵੀਂਆਂ ਗੱਲਾਂ ਬਾਰੇ ਸਕੱਤਰ ਲੋਕ ਨਿਰਮਾਣ ਵਿਭਾਗ ਪੰਜਾਬ ਸਰਕਾਰ ਨੂੰ ਵੀ ਲਿਖਤੀ ਰੂਪ ਵਿੱਚ ਸੂਚਿਤ ਕੀਤਾ ਜਾਵੇਗਾ।
ਮੀਟਿੰਗ ਦੌਰਾਨ ਮੁਹਾਲੀ ਦੇ ਐਸਡੀਐਮੇ-ਕਮ-ਕੰਪੀਟੈਂਟ ਅਥਾਰਟੀ ਫਾਰ ਲੈਂਡ ਐਕੂਜ਼ੀਸ਼ਨ ਜਗਦੀਸ਼ ਸਹਿਗਲ ਨੇ ਦੱਸਿਆ ਕਿ ਨੈਸ਼ਨਲ ਹਾਈਵੇਅ ਅਥਾਰਟੀ ਵੱਲੋਂ (ਅਕਤੂਬਰ 2015 ਤੋਂ ਜੂਨ 2018) ਵੱਖ-ਵੱਖ ਸਮੇਂ ’ਤੇ ਕੀਤੇ ਗਏ ਐਵਾਰਡਜ਼ ਦੀ ਰਕਮ ਨੂੰ ਅਦਾ ਕੀਤਾ ਜਾ ਰਿਹਾ ਹੈ। ਇਸ ਵਿੱਚ ਦੇਰੀ ਹੋਣ ਬਾਰੇ ਉਨ੍ਹਾਂ ਦੱਸਿਆ ਕਿ ਐਨਐਚਆਈ ਵੱਲੋਂ ਫੀਲਡ ਬੁੱਕ ਪ੍ਰਾਪਤ ਹੋਣੀਆਂ ਬਾਕੀ ਹਨ ਅਤੇ ਕੁਝ ਥਾਵਾਂ ’ਤੇ ਦੋਹਰੀ ਅਦਾਇਗੀ ਹੋਣ ਦੀਆਂ ਸ਼ਿਕਾਇਤਾਂ ਨੂੰ ਵਾਚਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਚਾਇਤੀ ਚੋਣਾਂ ਤੋਂ ਬਾਅਦ ਤੁਰੰਤ ਪੈਂਡਿੰਗ ਅਦਾਇਗੀਆਂ ਵੀ ਕਰ ਦਿੱਤੀਆਂ ਜਾਣਗੀਆਂ।

Load More Related Articles
Load More By Nabaz-e-Punjab
Load More In General News

Check Also

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, 14 ਜਨਵ…